
ਫਿਰੋਜ਼ਪੁਰ, 15 ਅਗਸਤ 2026: ਦੇਸ਼ ਦੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਫਿਰੋਜ਼ਪੁਰ ਕੈਂਟ ਬੋਰਡ ਸਟੇਡੀਅਮ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੌਮੀ ਝੰਡਾ ਲਹਿਰਾਇਆ ਅਤੇ ਪਰੇਡ ਤੋਂ ਸਲਾਮੀ ਲਈ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਲ 2026 ਪੰਜਾਬ ਦੀਆਂ ਔਰਤਾਂ ਲਈ ‘ਆਰਥਿਕ ਆਜ਼ਾਦੀ ਅਤੇ ਸਸ਼ਕਤੀਕਰਨ’ ਦਾ ਸਾਲ ਬਣ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਮਾਵਾਂ-ਧੀਆਂ ਨੂੰ ਆਪਣੀ ਮਰਜ਼ੀ ਨਾਲ ਪੈਸੇ ਖਰਚਣ ਦੀ ਆਜ਼ਾਦੀ ਮਿਲ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 74.59 ਲੱਖ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਚੁੱਕੀ ਹੈ, ਜਦਕਿ 65.62 ਲੱਖ ਔਰਤਾਂ ਦੇ ਬੈਂਕ ਖਾਤਿਆਂ ਵਿੱਚ 2,274.42 ਕਰੋੜ ਰੁਪਏ ਦੀ ਸਤਿਕਾਰ ਰਾਸ਼ੀ ਟਰਾਂਸਫਰ ਕੀਤੀ ਜਾ ਚੁੱਕੀ ਹੈ।
ਸ਼ਹੀਦਾਂ ਦੀ ਧਰਤੀ ਨੂੰ ਕੀਤਾ ਨਮਨ
ਸਮਾਗਮ ਨੂੰ ਸੰਬੋਧਨ ਕਰਦਿਆਂ ਭਗਵੰਤ ਸਿੰਘ ਮਾਨ ਨੇ ਆਜ਼ਾਦੀ ਦਿਹਾੜੇ ਦੀਆਂ ਦੇਸ਼ ਵਾਸੀਆਂ ਅਤੇ ਖ਼ਾਸ ਕਰਕੇ ਪੰਜਾਬੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਫਿਰੋਜ਼ਪੁਰ ਅਤੇ ਹੁਸੈਨੀਵਾਲਾ ਦੀ ਧਰਤੀ ਨੂੰ ਨਮਨ ਕਰਦਿਆਂ ਕਿਹਾ ਕਿ ਇਸ ਖੇਤਰ ਦਾ ਭਾਰਤ ਦੀ ਆਜ਼ਾਦੀ ਦੀ ਲੜਾਈ ਵਿੱਚ ਬੇਮਿਸਾਲ ਯੋਗਦਾਨ ਰਿਹਾ ਹੈ।
ਉਨ੍ਹਾਂ ਹੁਸੈਨੀਵਾਲਾ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਇਹ ਪਵਿੱਤਰ ਧਰਤੀ ਸ਼ਹੀਦਾਂ ਦੀ ਮਹਾਨ ਵਿਰਾਸਤ ਦੀ ਯਾਦ ਦਿਵਾਉਂਦੀ ਹੈ। ਹੁਸੈਨੀਵਾਲਾ ਵਿਖੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਲਗਭਗ 25 ਕਰੋੜ ਰੁਪਏ ਦੀ ਲਾਗਤ ਨਾਲ ਵਿਰਾਸਤੀ ਕੰਪਲੈਕਸ ਵੀ ਵਿਕਸਤ ਕੀਤਾ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਸਰਹੱਦੀ ਜ਼ਿਲ੍ਹੇ ਦੇ ਲੋਕਾਂ ਦੀ ਹਿੰਮਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਸਰਹੱਦ ਪਾਰੋਂ ਆਉਂਦੀਆਂ ਚੁਣੌਤੀਆਂ, ਕੁਦਰਤੀ ਆਫ਼ਤਾਂ ਅਤੇ ਹੋਰ ਮੁਸ਼ਕਲਾਂ ਦਾ ਹਮੇਸ਼ਾ ਡਟ ਕੇ ਸਾਹਮਣਾ ਕਰਦੇ ਹਨ।
ਪੰਜਾਬ ਨੇ ਆਜ਼ਾਦੀ ਦੀ ਲੜਾਈ ਵਿੱਚ ਦਿੱਤੀਆਂ ਵੱਡੀਆਂ ਕੁਰਬਾਨੀਆਂ
ਮੁੱਖ ਮੰਤਰੀ ਨੇ ਕਿਹਾ ਕਿ 1947 ਦੀ ਵੰਡ ਦਾ ਸਭ ਤੋਂ ਵੱਡਾ ਦਰਦ ਪੰਜਾਬ ਨੇ ਝੱਲਿਆ। ਲੱਖਾਂ ਪਰਿਵਾਰਾਂ ਨੂੰ ਆਪਣੇ ਘਰ-ਬਾਰ ਛੱਡਣੇ ਪਏ ਅਤੇ ਪਰਿਵਾਰਾਂ, ਰਿਸ਼ਤਿਆਂ ਤੇ ਭਾਵਨਾਵਾਂ ਦੀ ਵੰਡ ਦਾ ਦਰਦ ਪੰਜਾਬੀਆਂ ਦੇ ਮਨਾਂ ਵਿੱਚ ਅੱਜ ਵੀ ਵੱਸਦਾ ਹੈ।
ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਜ਼ੁਲਮ ਵਿਰੁੱਧ ਡਟਣ ਦੀ ਪ੍ਰੇਰਣਾ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਤੋਂ ਮਿਲੀ ਹੈ। ਕੂਕਾ ਲਹਿਰ, ਪਗੜੀ ਸੰਭਾਲ ਜੱਟਾ ਲਹਿਰ, ਗ਼ਦਰ ਲਹਿਰ ਅਤੇ ਬੱਬਰ ਅਕਾਲੀ ਲਹਿਰ ਸਮੇਤ ਵੱਖ-ਵੱਖ ਅੰਦੋਲਨਾਂ ਵਿੱਚ ਪੰਜਾਬੀਆਂ ਨੇ ਅਹਿਮ ਭੂਮਿਕਾ ਨਿਭਾਈ।
ਉਨ੍ਹਾਂ ਸ਼ਹੀਦ ਭਗਤ ਸਿੰਘ, ਸ਼ਹੀਦ ਊਧਮ ਸਿੰਘ, ਕਰਤਾਰ ਸਿੰਘ ਸਰਾਭਾ, ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲੇਪਾਣੀ, ਬਾਬਾ ਰਾਮ ਸਿੰਘ ਅਤੇ ਮਦਨ ਲਾਲ ਢੀਂਗਰਾ ਸਮੇਤ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ।
ਪੰਜਾਬ ਦੀ ਸ਼ਾਂਤੀ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਸਖ਼ਤ ਚੇਤਾਵਨੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੀਆਂ ਤਾਕਤਾਂ ਨੂੰ ਸਖ਼ਤ ਚੇਤਾਵਨੀ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਹਮੇਸ਼ਾ ਇਕਜੁੱਟਤਾ ਅਤੇ ਸਾਂਝੀਵਾਲਤਾ ਦਾ ਸੰਦੇਸ਼ ਦਿੰਦੀ ਰਹੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਫ਼ਰਤ ਲਈ ਨਾ ਪਹਿਲਾਂ ਕੋਈ ਥਾਂ ਸੀ, ਨਾ ਅੱਜ ਹੈ ਅਤੇ ਨਾ ਹੀ ਭਵਿੱਖ ਵਿੱਚ ਹੋਵੇਗੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਸਮੇਂ ਉਨ੍ਹਾਂ ਨੇ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਨੂੰ ਚੁਣਿਆ ਅਤੇ ਸਰਕਾਰੀ ਦਫ਼ਤਰਾਂ ਵਿੱਚ ਸ਼ਹੀਦ ਭਗਤ ਸਿੰਘ ਅਤੇ ਡਾ. ਬੀ.ਆਰ. ਅੰਬੇਡਕਰ ਦੀਆਂ ਤਸਵੀਰਾਂ ਲਗਾਈਆਂ।
ਉਨ੍ਹਾਂ ਕਿਹਾ ਕਿ ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਵੀ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਨਾਮ ’ਤੇ ਰੱਖਿਆ ਗਿਆ ਹੈ ਅਤੇ ਉੱਥੇ ਉਨ੍ਹਾਂ ਦਾ ਬੁੱਤ ਸਥਾਪਤ ਕੀਤਾ ਗਿਆ ਹੈ।
ਸਿਹਤ ਖੇਤਰ ਵਿੱਚ ਵੱਡੇ ਸੁਧਾਰਾਂ ਦਾ ਦਾਅਵਾ
ਮੁੱਖ ਮੰਤਰੀ ਨੇ ਕਿਹਾ ਕਿ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਕੈਸ਼ਲੈਸ ਇਲਾਜ ਮਿਲ ਰਿਹਾ ਹੈ। ਉਨ੍ਹਾਂ ਮੁਤਾਬਕ ਹੁਣ ਤੱਕ 3 ਲੱਖ ਤੋਂ ਵੱਧ ਮਰੀਜ਼ਾਂ ਨੂੰ ਕਰੀਬ 1,100 ਕਰੋੜ ਰੁਪਏ ਦਾ ਕੈਸ਼ਲੈਸ ਇਲਾਜ ਮਿਲ ਚੁੱਕਾ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ 1,090 ਆਮ ਆਦਮੀ ਕਲੀਨਿਕ ਚੱਲ ਰਹੇ ਹਨ, ਜਿੱਥੇ ਰੋਜ਼ਾਨਾ ਕਰੀਬ 92,000 ਲੋਕ ਇਲਾਜ ਲਈ ਪਹੁੰਚਦੇ ਹਨ। ਇਨ੍ਹਾਂ ਕਲੀਨਿਕਾਂ ਦੀ ਓਪੀਡੀ ਵਿੱਚ ਹੁਣ ਤੱਕ ਲਗਭਗ 6 ਕਰੋੜ ਮਰੀਜ਼ਾਂ ਦੇ ਆਉਣ ਦਾ ਵੀ ਉਨ੍ਹਾਂ ਦਾਅਵਾ ਕੀਤਾ।
ਸਿੱਖਿਆ ਵਿੱਚ ਸੁਧਾਰ, NEET ਤੇ JEE ਦੇ ਨਤੀਜਿਆਂ ਦਾ ਜ਼ਿਕਰ
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਵੀ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ NEET, 361 ਨੇ JEE Mains ਅਤੇ 64 ਵਿਦਿਆਰਥੀਆਂ ਨੇ JEE Advanced ਪਾਸ ਕੀਤਾ ਹੈ।
ਉਨ੍ਹਾਂ ਕਿਹਾ ਕਿ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਨੂੰ ਸਿੰਗਾਪੁਰ, ਫਿਨਲੈਂਡ ਅਤੇ ਅਹਿਮਦਾਬਾਦ ਵਿੱਚ ਸਿਖਲਾਈ ਲਈ ਭੇਜਿਆ ਜਾ ਰਿਹਾ ਹੈ, ਜਦਕਿ ‘ਸਕੂਲਜ਼ ਆਫ਼ ਐਮੀਨੈਂਸ’ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਦੇ ਮੌਕੇ ਪ੍ਰਦਾਨ ਕਰ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ 15,000 ਕੁੜੀਆਂ ਨੂੰ ਸਕੂਲ ਆਉਣ-ਜਾਣ ਲਈ ਬੱਸ ਸੇਵਾ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਪ੍ਰਾਈਵੇਟ ਸਕੂਲਾਂ ਵੱਲੋਂ ਫੀਸਾਂ ਵਿੱਚ ਮਨਮਾਨੇ ਵਾਧੇ ’ਤੇ ਰੋਕ ਲਗਾਉਂਦਿਆਂ 5 ਫੀਸਦੀ ਤੋਂ ਵੱਧ ਫੀਸ ਵਧਾਉਣ ਦੀ ਇਜਾਜ਼ਤ ਨਾ ਦੇਣ ਦਾ ਫੈਸਲਾ ਕੀਤਾ ਗਿਆ ਹੈ।
ਨਹਿਰੀ ਸਿੰਚਾਈ ਹੇਠ ਰਕਬਾ ਵਧਣ ਦਾ ਦਾਅਵਾ
ਮੁੱਖ ਮੰਤਰੀ ਨੇ ਕਿਹਾ ਕਿ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਸਰਕਾਰ ਵੱਲੋਂ 7,200 ਕਰੋੜ ਰੁਪਏ ਖਰਚ ਕੀਤੇ ਗਏ ਹਨ। ਉਨ੍ਹਾਂ ਮੁਤਾਬਕ ਨਹਿਰੀ ਸਿੰਚਾਈ ਹੇਠ ਰਕਬਾ 2022 ਦੇ 26 ਫੀਸਦੀ ਤੋਂ ਵਧ ਕੇ 80 ਫੀਸਦੀ ਹੋ ਗਿਆ ਹੈ।
ਉਨ੍ਹਾਂ ਕਿਹਾ ਕਿ 2022 ਵਿੱਚ 20.89 ਲੱਖ ਏਕੜ ਰਕਬੇ ਨੂੰ ਨਹਿਰੀ ਪਾਣੀ ਮਿਲਦਾ ਸੀ, ਜੋ ਹੁਣ ਵਧ ਕੇ 60.30 ਲੱਖ ਏਕੜ ਹੋ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਹਿਲੀ ਵਾਰ 1,587 ਅਜਿਹੇ ਪਿੰਡਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਿਆ ਹੈ, ਜਿੱਥੇ ਪਹਿਲਾਂ ਨਹਿਰੀ ਪਾਣੀ ਨਹੀਂ ਪਹੁੰਚਦਾ ਸੀ।
‘ਯੁੱਧ ਨਸ਼ਿਆਂ ਵਿਰੁੱਧ’ ਦੇ 500 ਦਿਨ ਪੂਰੇ
ਨਸ਼ਿਆਂ ਖ਼ਿਲਾਫ਼ ਮੁਹਿੰਮ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੇ 500 ਦਿਨ ਪੂਰੇ ਕਰ ਲਏ ਹਨ। ਉਨ੍ਹਾਂ ਮੁਤਾਬਕ ਨਸ਼ਾ ਤਸਕਰਾਂ ਖ਼ਿਲਾਫ਼ 56,394 ਮਾਮਲੇ ਦਰਜ ਕੀਤੇ ਗਏ ਹਨ ਅਤੇ 75,000 ਤੋਂ ਵੱਧ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹਾਂ ਵਿੱਚ ਭੇਜਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਪਿੰਡ ਅਤੇ ਵਾਰਡ ਪੱਧਰ ’ਤੇ ਡਿਫੈਂਸ ਕਮੇਟੀਆਂ ਬਣਾਈਆਂ ਗਈਆਂ ਹਨ ਅਤੇ ਕਰੀਬ 1.25 ਲੱਖ ਵਲੰਟੀਅਰ ਨਸ਼ਾ ਮੁਕਤ ਪੰਜਾਬ ਲਈ ਕੰਮ ਕਰ ਰਹੇ ਹਨ। ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਰੋਕਣ ਲਈ ਐਂਟੀ-ਡਰੋਨ ਸਿਸਟਮ ਤਾਇਨਾਤ ਕਰਨ ਦਾ ਵੀ ਉਨ੍ਹਾਂ ਜ਼ਿਕਰ ਕੀਤਾ।
69 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ
ਰੋਜ਼ਗਾਰ ਦੇ ਮੁੱਦੇ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਨੌਜਵਾਨਾਂ ਨੂੰ 69,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਭਰਤੀਆਂ ਮੈਰਿਟ ਅਤੇ ਪਾਰਦਰਸ਼ਤਾ ਦੇ ਆਧਾਰ ’ਤੇ ਕੀਤੀਆਂ ਗਈਆਂ ਹਨ ਅਤੇ ‘ਨੋ ਕੈਸ਼, ਨੋ ਫਰਮਾਇਸ਼’ ਦੇ ਸਿਧਾਂਤ ਨੂੰ ਅਪਣਾਇਆ ਗਿਆ ਹੈ।
ਖੇਡਾਂ ਲਈ 1,744 ਕਰੋੜ ਰੁਪਏ ਦਾ ਬਜਟ
ਮੁੱਖ ਮੰਤਰੀ ਨੇ ਪੰਜਾਬ ਦੇ ਖਿਡਾਰੀਆਂ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਦੇ ਖਿਡਾਰੀ ਦੇਸ਼ ਦਾ ਨਾਮ ਰੌਸ਼ਨ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਪਹਿਲੀ ਵਾਰ ਖੇਡਾਂ ਲਈ 1,744 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਪਹਿਲੀ ਵਾਰ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਰਿਹਾ ਹੈ, ਜਿਸ ਦੇ ਮੁਕਾਬਲੇ ਅਕਤੂਬਰ ਅਤੇ ਨਵੰਬਰ ਦੌਰਾਨ ਜਲੰਧਰ ਅਤੇ ਮੋਹਾਲੀ ਵਿੱਚ ਹੋਣਗੇ। ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਚੌਥਾ ਸੀਜ਼ਨ 5 ਸਤੰਬਰ ਨੂੰ ਬਠਿੰਡਾ ਤੋਂ ਸ਼ੁਰੂ ਹੋਣ ਦੀ ਵੀ ਜਾਣਕਾਰੀ ਦਿੱਤੀ ਗਈ।
ਪੰਜਾਬ ਵਿੱਚ 1.83 ਲੱਖ ਕਰੋੜ ਰੁਪਏ ਦਾ ਨਿਵੇਸ਼ ਆਉਣ ਦਾ ਦਾਅਵਾ
ਉਦਯੋਗਿਕ ਵਿਕਾਸ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਮਾਰਚ 2022 ਤੋਂ ਹੁਣ ਤੱਕ ਪੰਜਾਬ ਵਿੱਚ 1.83 ਲੱਖ ਕਰੋੜ ਰੁਪਏ ਦਾ ਨਿਵੇਸ਼ ਆਇਆ ਹੈ, ਜਿਸ ਨਾਲ ਕਰੀਬ 6 ਲੱਖ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣ ਦੀ ਉਮੀਦ ਹੈ।
ਉਨ੍ਹਾਂ ਜਾਪਾਨ ਦੀ ਆਈਚੀ ਸਟੀਲ, ਟਾਟਾ ਸਟੀਲ ਸਮੇਤ ਹੋਰ ਕੰਪਨੀਆਂ ਵੱਲੋਂ ਪੰਜਾਬ ਵਿੱਚ ਨਿਵੇਸ਼ ਕੀਤੇ ਜਾਣ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਨਾਲ ਸੂਬੇ ਦੇ ਉਦਯੋਗਿਕ ਅਤੇ ਆਰਥਿਕ ਵਿਕਾਸ ਨੂੰ ਹੁਲਾਰਾ ਮਿਲ ਰਿਹਾ ਹੈ।
ਸੜਕ ਸੁਰੱਖਿਆ ਫੋਰਸ ਨਾਲ ਹਾਦਸਿਆਂ ਵਿੱਚ ਮੌਤਾਂ ਘਟਣ ਦਾ ਦਾਅਵਾ
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਸੜਕ ਹਾਦਸਿਆਂ ਦੌਰਾਨ ਲੋਕਾਂ ਦੀ ਮਦਦ ਕਰ ਰਹੀ ਹੈ। ਉਨ੍ਹਾਂ ਮੁਤਾਬਕ ਫੋਰਸ ਨੇ 25,000 ਤੋਂ ਵੱਧ ਲੋਕਾਂ ਨੂੰ ਮੁੱਢਲੀ ਸਹਾਇਤਾ ਦਿੱਤੀ ਅਤੇ 35,000 ਤੋਂ ਵੱਧ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਹੈ।
ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਵਿੱਚ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 50 ਫੀਸਦੀ ਤੋਂ ਵੱਧ ਕਮੀ ਆਈ ਹੈ।
ਮੁਫ਼ਤ ਬਿਜਲੀ ਅਤੇ ਸੜਕਾਂ ਦੇ ਨਵੀਨੀਕਰਨ ਦਾ ਜ਼ਿਕਰ
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲਗਭਗ 45,000 ਕਿਲੋਮੀਟਰ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਮੁਤਾਬਕ ਜੁਲਾਈ 2022 ਤੋਂ ਕਰੀਬ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਉਨ੍ਹਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ।
ਉਨ੍ਹਾਂ ਤਹਿਸੀਲ ਪੱਧਰ ’ਤੇ ਭ੍ਰਿਸ਼ਟਾਚਾਰ ਘਟਾਉਣ ਲਈ ‘ਈਜ਼ੀ ਰਜਿਸਟਰੀ’ ਅਤੇ ‘ਈਜ਼ੀ ਜਮ੍ਹਾਬੰਦੀ’ ਵਰਗੀਆਂ ਸੇਵਾਵਾਂ ਸ਼ੁਰੂ ਕਰਨ ਦੀ ਵੀ ਗੱਲ ਕੀਤੀ।
ਸ਼ਾਨਦਾਰ ਪਰੇਡ ਤੇ ਸੱਭਿਆਚਾਰਕ ਪ੍ਰੋਗਰਾਮ ਰਹੇ ਖਿੱਚ ਦਾ ਕੇਂਦਰ
ਸਮਾਗਮ ਦੌਰਾਨ ਪੰਜਾਬ ਪੁਲਿਸ, ਮਹਿਲਾ ਪੁਲਿਸ, ਬੀਐਸਐਫ, ਪੀਏਪੀ, ਹਿਮਾਚਲ ਪੁਲਿਸ, ਪੰਜਾਬ ਹੋਮ ਗਾਰਡਜ਼, ਐਨਸੀਸੀ, ਸਕਾਊਟਸ ਐਂਡ ਗਾਈਡਜ਼ ਅਤੇ ਪੰਜਾਬ ਪੁਲਿਸ ਬੈਂਡ ਦੀਆਂ ਟੁਕੜੀਆਂ ਨੇ ਸ਼ਾਨਦਾਰ ਮਾਰਚ ਪਾਸਟ ਪੇਸ਼ ਕੀਤਾ। ਪਰੇਡ ਦੀ ਅਗਵਾਈ ਪਰੇਡ ਕਮਾਂਡਰ ਧੀਰੇਂਦਰ ਵਰਮਾ ਅਤੇ ਸਹਾਇਕ ਪਰੇਡ ਕਮਾਂਡਰ ਪ੍ਰੀਤ ਕਮਲ ਸਿੰਘ ਨੇ ਕੀਤੀ।
ਸਕੂਲੀ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਪੀਟੀ ਸ਼ੋਅ, ਗਿੱਧਾ, ਭੰਗੜਾ ਅਤੇ ਹੋਰ ਲੋਕ ਨਾਚਾਂ ਨੇ ਸਮਾਗਮ ਵਿੱਚ ਰੰਗ ਭਰ ਦਿੱਤੇ। ਇਸ ਦੌਰਾਨ ‘ਯੁੱਧ ਨਸ਼ਿਆਂ ਵਿਰੁੱਧ’, ‘ਮਾਵਾਂ ਧੀਆਂ ਸਤਿਕਾਰ ਯੋਜਨਾ’, ‘ਮੁੱਖ ਮੰਤਰੀ ਸਿਹਤ ਯੋਜਨਾ’, ਖੇਤੀਬਾੜੀ ਅਤੇ ਜੰਗਲਾਤ ਸਮੇਤ ਵੱਖ-ਵੱਖ ਖੇਤਰਾਂ ਦੀਆਂ ਪ੍ਰਾਪਤੀਆਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਦਰਸ਼ਕਾਂ ਲਈ ਖਿੱਚ ਦਾ ਕੇਂਦਰ ਰਹੀਆਂ।
ਮੁੱਖ ਮੰਤਰੀ ਨੇ ਅੰਤ ਵਿੱਚ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਇਕਜੁੱਟ ਹੋ ਕੇ ਕੰਮ ਕਰਨ ਅਤੇ ਪੰਜਾਬ ਨੂੰ ਮੁੜ ‘ਰੰਗਲਾ, ਖੁਸ਼ਹਾਲ ਤੇ ਪ੍ਰਫੁੱਲਤ ਪੰਜਾਬ’ ਬਣਾਉਣ ਦਾ ਸੰਕਲਪ ਲੈਣ।
