Saturday, September 12Punjabi People

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਤੇ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸ਼ਰਧਾਂਜਲੀ

ਈਸੜੂ/ਖੰਨਾ (ਲੁਧਿਆਣਾ), 15 ਅਗਸਤ: ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਦੇ ਜੱਦੀ ਪਿੰਡ ਈਸੜੂ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਉਨ੍ਹਾਂ ਦੀ ਦੇਸ਼ਭਗਤੀ, ਬਹਾਦਰੀ ਅਤੇ ਕੁਰਬਾਨੀ ਨੂੰ ਯਾਦ ਕੀਤਾ। ਸ਼ਹੀਦ ਕਰਨੈਲ ਸਿੰਘ ਈਸੜੂ ਨੇ ਗੋਆ ਨੂੰ ਪੁਰਤਗਾਲੀ ਸ਼ਾਸਨ ਤੋਂ ਮੁਕਤ ਕਰਵਾਉਣ ਲਈ ਚੱਲੇ ਸੰਘਰਸ਼ ਦੌਰਾਨ ਆਪਣੀ ਜਾਨ ਨਿਛਾਵਰ ਕੀਤੀ ਸੀ।

ਕੈਬਨਿਟ ਮੰਤਰੀਆਂ ਨੇ ਸ਼ਹੀਦ ਦੇ ਬੁੱਤ ’ਤੇ ਫੁੱਲ ਮਾਲਾਵਾਂ ਭੇਟ ਕਰਕੇ ਉਨ੍ਹਾਂ ਨੂੰ ਨਮਨ ਕੀਤਾ। ਇਸ ਦੌਰਾਨ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੀਆਂ ਭਤੀਜੀਆਂ ਜਸਵਿੰਦਰ ਕੌਰ ਅਤੇ ਨਰਿੰਦਰ ਕੌਰ ਨੂੰ ਵੀ ਸਨਮਾਨਿਤ ਕੀਤਾ ਗਿਆ।

ਪੰਜਾਬੀਆਂ ਦੀ ਕੁਰਬਾਨੀ ਦੀ ਵਿਰਾਸਤ ਨੂੰ ਕੀਤਾ ਯਾਦ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬੀਆਂ ਨੇ ਦੇਸ਼ ਦੀ ਏਕਤਾ, ਅਖੰਡਤਾ, ਆਜ਼ਾਦੀ ਅਤੇ ਅਮਨ-ਸ਼ਾਂਤੀ ਲਈ ਹਮੇਸ਼ਾ ਮੋਹਰੀ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਕਰਨੈਲ ਸਿੰਘ ਈਸੜੂ ਨੇ ਗੋਆ ਦੀ ਆਜ਼ਾਦੀ ਲਈ ਆਪਣੀ ਜਾਨ ਕੁਰਬਾਨ ਕਰਕੇ ਪੰਜਾਬ ਦੀ ਬਹਾਦਰੀ ਅਤੇ ਦੇਸ਼ਭਗਤੀ ਦੀ ਸ਼ਾਨਦਾਰ ਮਿਸਾਲ ਕਾਇਮ ਕੀਤੀ।

ਚੀਮਾ ਨੇ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਨਾ ਸਿਰਫ਼ ਉਨ੍ਹਾਂ ਨੂੰ ਸ਼ਰਧਾਂਜਲੀ ਦੇਣਾ ਨਹੀਂ, ਸਗੋਂ ਨਵੀਂ ਪੀੜ੍ਹੀ ਨੂੰ ਦੇਸ਼ ਅਤੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕਰਨਾ ਵੀ ਹੈ।

ਉਨ੍ਹਾਂ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਾਲ 2022 ਵਿੱਚ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਇਤਿਹਾਸਕ ਫਤਵਾ ਦਿੱਤਾ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਰਕਾਰ ਬਣੀ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਵੱਲੋਂ ਲੋਕਾਂ ਨਾਲ ਕੀਤੀਆਂ ਗਈਆਂ ਗਾਰੰਟੀਆਂ ਨੂੰ ਲਾਗੂ ਕਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ 300 ਯੂਨਿਟ ਤੱਕ ਮੁਫ਼ਤ ਬਿਜਲੀ ਦੀ ਸਹੂਲਤ ਕਾਰਨ ਸੂਬੇ ਦੇ ਲਗਭਗ 90 ਫੀਸਦੀ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ। ਇਸ ਤੋਂ ਇਲਾਵਾ ਸਕੂਲ ਆਫ਼ ਐਮੀਨੈਂਸ, ਅਧਿਆਪਕਾਂ ਦੀ ਅੰਤਰਰਾਸ਼ਟਰੀ ਪੱਧਰ ’ਤੇ ਟ੍ਰੇਨਿੰਗ ਅਤੇ ਸਰਕਾਰੀ ਸਕੂਲਾਂ ਦੇ ਬਿਹਤਰ ਨਤੀਜਿਆਂ ਨੂੰ ਸਿੱਖਿਆ ਖੇਤਰ ਵਿੱਚ ਆ ਰਹੀ ਤਬਦੀਲੀ ਦਾ ਹਿੱਸਾ ਦੱਸਿਆ।

ਸ਼ਹੀਦ ਪਰਿਵਾਰਾਂ ਲਈ ਸਨਮਾਨ ਰਾਸ਼ੀ ਅਤੇ ਨੌਜਵਾਨਾਂ ਲਈ ਰੁਜ਼ਗਾਰ ’ਤੇ ਜ਼ੋਰ

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦਾਂ ਦੇ ਪਰਿਵਾਰਾਂ ਲਈ ਇੱਕ ਕਰੋੜ ਰੁਪਏ ਦੀ ਸਨਮਾਨ ਰਾਸ਼ੀ, ਸਿਹਤ ਬੀਮਾ ਯੋਜਨਾ ਤਹਿਤ ਮੁਫ਼ਤ ਇਲਾਜ, ਸੜਕਾਂ ਅਤੇ ਖੇਡ ਬੁਨਿਆਦੀ ਢਾਂਚੇ ਦੇ ਵਿਕਾਸ ਸਮੇਤ ਕਈ ਉਪਰਾਲੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਸਰਕਾਰ ਵੱਲੋਂ ਵੱਡੇ ਪੱਧਰ ’ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨਸ਼ਿਆਂ ਅਤੇ ਗੈਂਗਸਟਰਵਾਦ ਵਿਰੁੱਧ ਸਖ਼ਤ ਕਾਰਵਾਈ ਕਰ ਰਹੀ ਹੈ ਅਤੇ ਨੌਜਵਾਨਾਂ ਨੂੰ ਖੇਡਾਂ, ਸਿੱਖਿਆ ਅਤੇ ਰੁਜ਼ਗਾਰ ਨਾਲ ਜੋੜਨ ਲਈ ਉਪਰਾਲੇ ਕੀਤੇ ਜਾ ਰਹੇ ਹਨ।

ਗੁਰੂ ਸਾਹਿਬਾਨ ਦੀ ਕੁਰਬਾਨੀ ਦੀ ਵਿਰਾਸਤ ਨੇ ਪੰਜਾਬੀਆਂ ਨੂੰ ਹਮੇਸ਼ਾ ਪ੍ਰੇਰਿਤ ਕੀਤਾ: ਸੌਂਦ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸਿੱਖ ਗੁਰੂ ਸਾਹਿਬਾਨ, ਵਿਸ਼ੇਸ਼ ਤੌਰ ’ਤੇ ਸ੍ਰੀ ਗੁਰੂ ਅਰਜੁਨ ਦੇਵ ਜੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਮਹਾਨ ਕੁਰਬਾਨੀਆਂ ਨੇ ਪੰਜਾਬੀਆਂ ਦੇ ਮਨਾਂ ਵਿੱਚ ਮਨੁੱਖਤਾ, ਸੱਚ ਅਤੇ ਇਨਸਾਫ਼ ਲਈ ਖੜ੍ਹੇ ਹੋਣ ਦੀ ਭਾਵਨਾ ਮਜ਼ਬੂਤ ਕੀਤੀ। ਉਨ੍ਹਾਂ ਕਿਹਾ ਕਿ ਇਸੇ ਕੁਰਬਾਨੀ ਦੀ ਪਰੰਪਰਾ ਨੇ ਭਾਰਤ ਦੇ ਆਜ਼ਾਦੀ ਸੰਗਰਾਮ ਵਿੱਚ ਪੰਜਾਬ ਦੇ ਯੋਗਦਾਨ ਨੂੰ ਹੋਰ ਮਜ਼ਬੂਤ ਕੀਤਾ।

ਸੌਂਦ ਨੇ ਸ਼ਹੀਦ ਭਗਤ ਸਿੰਘ, ਸ਼ਹੀਦ ਊਧਮ ਸਿੰਘ, ਕਰਤਾਰ ਸਿੰਘ ਸਰਾਭਾ, ਲਾਲਾ ਲਾਜਪਤ ਰਾਏ ਅਤੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਸਮੇਤ ਅਨੇਕਾਂ ਮਹਾਨ ਸ਼ਹੀਦਾਂ ਨੂੰ ਯਾਦ ਕਰਦਿਆਂ ਨੌਜਵਾਨਾਂ ਨੂੰ ਉਨ੍ਹਾਂ ਦੇ ਜੀਵਨ ਅਤੇ ਸੰਘਰਸ਼ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸਿਹਤ, ਸਿੱਖਿਆ ਅਤੇ ਖੇਤੀਬਾੜੀ ਖੇਤਰ ਵਿੱਚ ਕਈ ਮਹੱਤਵਪੂਰਨ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਆਮ ਆਦਮੀ ਕਲੀਨਿਕ, ਸਕੂਲ ਆਫ਼ ਐਮੀਨੈਂਸ, 10 ਲੱਖ ਰੁਪਏ ਤੱਕ ਦੀ ਨਕਦੀ ਰਹਿਤ ਸਿਹਤ ਸਹੂਲਤ ਅਤੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਦੇ ਉਪਰਾਲਿਆਂ ਨੂੰ ਉਨ੍ਹਾਂ ਸਰਕਾਰ ਦੀਆਂ ਪ੍ਰਮੁੱਖ ਪਹਿਲਕਦਮੀਆਂ ਦੱਸਿਆ।

ਈਸੜੂ ਦੇ ਵਿਕਾਸ ਲਈ 2.17 ਕਰੋੜ ਰੁਪਏ ਦੀ ਗ੍ਰਾਂਟ

ਕੈਬਨਿਟ ਮੰਤਰੀ ਸੌਂਦ ਨੇ ਦੱਸਿਆ ਕਿ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੇ ਜੱਦੀ ਪਿੰਡ ਦੇ ਸਰਬਪੱਖੀ ਵਿਕਾਸ ਲਈ ਹੁਣ ਤੱਕ 2 ਕਰੋੜ 17 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਜਾ ਚੁੱਕੀ ਹੈ। ਇਸ ਰਾਸ਼ੀ ਨਾਲ ਖੇਡ ਮੈਦਾਨ, ਆਂਗਣਵਾੜੀ ਸੈਂਟਰ, ਪੇਂਡੂ ਲਾਇਬਰੇਰੀ, ਛੱਪੜਾਂ ਦੀ ਸਫ਼ਾਈ, ਪੰਚਾਇਤ ਘਰ ਅਤੇ ਐਸ.ਸੀ. ਧਰਮਸ਼ਾਲਾ ਸਮੇਤ ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।

ਉਨ੍ਹਾਂ ਭਰੋਸਾ ਦਿੱਤਾ ਕਿ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਜੱਦੀ ਪਿੰਡ ਦੇ ਵਿਕਾਸ ਵਿੱਚ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਲੋੜ ਅਨੁਸਾਰ ਹੋਰ ਵਿਕਾਸ ਕਾਰਜ ਵੀ ਕਰਵਾਏ ਜਾਣਗੇ।

ਸਮਾਗਮ ਦੌਰਾਨ ਪੰਜਾਬ ਜੈਨਕੋ ਲਿਮਟਿਡ ਦੇ ਚੇਅਰਮੈਨ ਨਵਜੋਤ ਸਿੰਘ ਜਰਗ, ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਜਗਰੂਪ ਸਿੰਘ ਸੇਹ, ਮਾਰਕੀਟ ਕਮੇਟੀ ਦੋਰਾਹਾ ਦੇ ਚੇਅਰਮੈਨ ਅਤੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਗੁਰਦਰਸ਼ਨ ਸਿੰਘ ਕੂਹਲੀ, ਬਲਾਕ ਸੰਮਤੀ ਖੰਨਾ ਦੇ ਚੇਅਰਮੈਨ ਲਖਵੀਰ ਸਿੰਘ ਗਿੱਲ, ਨਗਰ ਕੌਂਸਲ ਖੰਨਾ ਦੇ ਪ੍ਰਧਾਨ ਜਤਿੰਦਰ ਪਾਠਕ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਾਸਟਰ ਅਵਤਾਰ ਸਿੰਘ ਦੈਹਿੜੂ ਸਮੇਤ ਵੱਖ-ਵੱਖ ਅਧਿਕਾਰੀ, ਆਗੂ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਹਾਜ਼ਰ ਸਨ।

Leave a Reply

Your email address will not be published. Required fields are marked *