
ਚੰਡੀਗੜ੍ਹ, 20 ਅਗਸਤ 2026: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੀ ਸਮਾਜਿਕ ਤੇ ਆਰਥਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਹ ਗੱਲ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਚੰਡੀਗੜ੍ਹ ਵਿਖੇ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਦੇ ਕੰਮਕਾਜ ਦੀ ਸਮੀਖਿਆ ਲਈ ਹੋਈ ਮੀਟਿੰਗ ਦੌਰਾਨ ਕਹੀ।
ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਪੈਸਕੋ ਅਧੀਨ ਸੇਵਾਵਾਂ ਨਿਭਾਅ ਰਹੇ ਸਾਰੇ ਮੁਲਾਜ਼ਮਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ 10 ਲੱਖ ਰੁਪਏ ਦਾ ਬੀਮਾ ਕਵਰ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਮਕਸਦ ਪੈਸਕੋ ਮੁਲਾਜ਼ਮਾਂ ਨੂੰ ਬਿਹਤਰ ਸੁਰੱਖਿਆ ਦੇ ਨਾਲ-ਨਾਲ ਲੋੜੀਂਦੀਆਂ ਭਲਾਈ ਸਹੂਲਤਾਂ ਪ੍ਰਦਾਨ ਕਰਨਾ ਹੈ।
ਇਸ ਮੌਕੇ ਪੈਸਕੋ ਦੇ ਮੈਨੇਜਿੰਗ ਡਾਇਰੈਕਟਰ ਮੇਜਰ ਜਨਰਲ ਹਰਮਨਦੀਪ ਸਿੰਘ ਨੇ ਮੰਤਰੀ ਨੂੰ ਕਾਰਪੋਰੇਸ਼ਨ ਰਾਹੀਂ ਸਾਬਕਾ ਸੈਨਿਕਾਂ ਨੂੰ ਦਿੱਤੇ ਜਾ ਰਹੇ ਰੁਜ਼ਗਾਰ ਦੇ ਮੌਕਿਆਂ ਅਤੇ ਹੋਰ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਸਮੇਂ 23,500 ਤੋਂ ਵੱਧ ਮੁਲਾਜ਼ਮ ਪੈਸਕੋ ਅਧੀਨ ਕੰਮ ਕਰ ਰਹੇ ਹਨ।
ਸ੍ਰੀ ਮੋਹਿੰਦਰ ਭਗਤ ਨੇ ਅਧਿਕਾਰੀਆਂ ਨੂੰ ਪੈਸਕੋ ਦੇ ਕੰਮਕਾਜ ਵਿੱਚ ਹੋਰ ਸੁਧਾਰ ਲਿਆਉਣ ਅਤੇ ਕਾਰਗੁਜ਼ਾਰੀ ਨੂੰ ਵਧੇਰੇ ਪ੍ਰਭਾਵਸ਼ਾਲੀ ਬਣਾਉਣ ਲਈ ਲੋੜੀਂਦੇ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਾਬਕਾ ਸੈਨਿਕਾਂ ਲਈ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੇ ਨਾਲ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕੀਤਾ ਜਾਵੇ।
