
ਚੰਡੀਗੜ੍ਹ, 20 ਅਗਸਤ 2026: ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਸਹਿ-ਇੰਚਾਰਜ ਸਤੇਂਦਰ ਜੈਨ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਭਾਜਪਾ ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ‘ਈ.ਡੀ. ਪਾਰਟੀ’ ਕਹੀ ਜਾਣ ਵਾਲੀ ਭਾਜਪਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਲਈ ਕੇਂਦਰੀ ਏਜੰਸੀਆਂ ਦੀ ਕਥਿਤ ਦੁਰਵਰਤੋਂ ਕਰ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿੱਚ ਸਿਆਸੀ ਆਧਾਰ ਨਾ ਹੋਣ ਕਾਰਨ ਭਾਜਪਾ ਆਪਣੇ ਵਿਰੋਧੀਆਂ ਨੂੰ ਬਦਨਾਮ ਕਰਨ, ਡਰਾਉਣ ਅਤੇ ਦਬਾਅ ਬਣਾਉਣ ਲਈ ਈ.ਡੀ. ਅਤੇ ਸੀ.ਬੀ.ਆਈ. ਵਰਗੀਆਂ ਏਜੰਸੀਆਂ ਦਾ ਸਹਾਰਾ ਲੈ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀ ਸਿਆਸੀ ਬਦਲਾਖੋਰੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਲੋਕ ਹਿੱਤ ਵਿੱਚ ਕੰਮ ਕਰਨ ਤੋਂ ਨਹੀਂ ਰੋਕ ਸਕਦੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਸਰਕਾਰ ਦਾ ਕੰਮ ਪਹਿਲਾਂ ਵਾਂਗ ਜਾਰੀ ਰਹੇਗਾ।
ਐਕਸ ’ਤੇ ਸਾਂਝੀ ਕੀਤੀ ਇੱਕ ਪੋਸਟ ਵਿੱਚ ਭਗਵੰਤ ਮਾਨ ਨੇ ਸਤੇਂਦਰ ਜੈਨ ਦੀ ਗ੍ਰਿਫ਼ਤਾਰੀ ਨੂੰ ਸਿਆਸੀ ਬਦਲਾਖੋਰੀ ਦੀ ਮਿਸਾਲ ਦੱਸਿਆ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਵਿਰੋਧੀ ਧਿਰ ਦੇ ਆਗੂਆਂ ਨੂੰ ਡਰਾਉਣ ਅਤੇ ਦਬਾਉਣ ਲਈ ਈ.ਡੀ. ਵਰਗੀਆਂ ਏਜੰਸੀਆਂ ਦੀ ਵਰਤੋਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਕਾਰਵਾਈ ਲੋਕਤੰਤਰ ਲਈ ਠੀਕ ਨਹੀਂ ਹੈ।
ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਵੱਲੋਂ ਆਪਣੇ ਸਿਆਸੀ ਵਿਰੋਧੀਆਂ ਨੂੰ ਨਿਸ਼ਾਨਾ ਬਣਾਉਣ ਲਈ ਈ.ਡੀ., ਸੀ.ਬੀ.ਆਈ. ਅਤੇ ਹੋਰ ਕੇਂਦਰੀ ਜਾਂਚ ਏਜੰਸੀਆਂ ਦੀ ਵਰਤੋਂ ਕਰਨਾ ਕੋਈ ਨਵੀਂ ਗੱਲ ਨਹੀਂ ਹੈ। ਉਨ੍ਹਾਂ ਦਾਅਵਾ ਕੀਤਾ ਕਿ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੀ ‘ਆਪ’ ਦੀ ਸੀਨੀਅਰ ਲੀਡਰਸ਼ਿਪ ਨੂੰ ਜੇਲ੍ਹ ਭੇਜਿਆ ਗਿਆ ਸੀ ਅਤੇ ਸਤੇਂਦਰ ਜੈਨ ਖ਼ਿਲਾਫ਼ ਮੌਜੂਦਾ ਕਾਰਵਾਈ ਨੂੰ ਵੀ ਉਸੇ ਸਿਆਸੀ ਰਣਨੀਤੀ ਦਾ ਹਿੱਸਾ ਦੱਸਿਆ।
ਵਿਰੋਧੀ ਧਿਰ ਵੱਲੋਂ ਕੀਤੇ ਜਾ ਰਹੇ ਹਮਲਿਆਂ ’ਤੇ ਪ੍ਰਤੀਕਿਰਿਆ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਅਜਿਹੇ ਆਗੂਆਂ ਤੋਂ ਇਮਾਨਦਾਰੀ ਦਾ ਕੋਈ ਸਰਟੀਫਿਕੇਟ ਲੈਣ ਦੀ ਲੋੜ ਨਹੀਂ, ਜਿਨ੍ਹਾਂ ’ਤੇ ਉਹ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਲਾਉਂਦੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਈ.ਡੀ. ਅਤੇ ਸੀ.ਬੀ.ਆਈ. ਰਾਹੀਂ ਦਬਾਅ ਬਣਾਉਣ ਦੀਆਂ ਕੋਸ਼ਿਸ਼ਾਂ ਉਨ੍ਹਾਂ ਦੇ ਹੌਸਲੇ ਨੂੰ ਪ੍ਰਭਾਵਿਤ ਨਹੀਂ ਕਰਨਗੀਆਂ ਅਤੇ ਉਹ ਪੰਜਾਬ ਦੇ ਆਮ ਲੋਕਾਂ ਦੀ ਭਲਾਈ ਲਈ ਕੰਮ ਕਰਦੇ ਰਹਿਣਗੇ।
ਦੇਸ਼ ਭਗਤੀ ਅਤੇ ਰਾਸ਼ਟਰਵਾਦ ਦੇ ਮੁੱਦੇ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੂੰ ਆਪਣੀ ਦੇਸ਼ ਭਗਤੀ ਸਾਬਤ ਕਰਨ ਲਈ ਕਿਸੇ ਤੋਂ ਸਰਟੀਫਿਕੇਟ ਲੈਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਦੇਸ਼ ਦੇ ਤਿਰੰਗੇ ਦੀ ਸ਼ਾਨ ਨੂੰ ਕਾਇਮ ਰੱਖਣ ਲਈ ਇਤਿਹਾਸ ਵਿੱਚ ਅਨੇਕਾਂ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਪੰਜਾਬੀਆਂ ਦੀ ਦੇਸ਼ ਭਗਤੀ ’ਤੇ ਸਵਾਲ ਚੁੱਕਣਾ ਬਿਲਕੁਲ ਗਲਤ ਹੈ।
ਹੜ੍ਹਾਂ ਦੀ ਸਥਿਤੀ ’ਤੇ ਸਰਕਾਰ ਦੀ ਨਜ਼ਰ
ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਰਿਆਵਾਂ ਅਤੇ ਡੈਮਾਂ ਵਿੱਚ ਪਾਣੀ ਦੇ ਪੱਧਰ ਦੀ ਲਗਾਤਾਰ ਨਿਗਰਾਨੀ ਕਰ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਘਬਰਾਉਣ ਦੀ ਬਜਾਏ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ।
ਜਗਤਾਰ ਸਿੰਘ ਹਵਾਰਾ ਦੀ ਪੈਰੋਲ ’ਤੇ ਮਾਨ ਦਾ ਬਿਆਨ
ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੇ ਮਾਮਲੇ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਮਾਨਵਤਾ ਦੇ ਆਧਾਰ ’ਤੇ ਉਸ ਨੂੰ ਆਪਣੀ ਬਿਮਾਰ ਮਾਂ ਨਾਲ ਮਿਲਣ ਲਈ ਪੈਰੋਲ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਇਹ ਮਾਮਲਾ ਉਹ ਪਹਿਲਾਂ ਹੀ ਪੰਜਾਬ ਦੇ ਰਾਜਪਾਲ ਕੋਲ ਉਠਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹੁਣ ਇਸ ਸਬੰਧੀ ਅੰਤਿਮ ਫ਼ੈਸਲਾ ਭਾਰਤ ਸਰਕਾਰ ਵੱਲੋਂ ਲਿਆ ਜਾਣਾ ਹੈ।
