
ਚੰਡੀਗੜ੍ਹ, 23 ਅਗਸਤ 2026: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਆਰਥਿਕ ਤੌਰ ’ਤੇ ਕਮਜ਼ੋਰ ਅਤੇ ਲੋੜਵੰਦ ਪਰਿਵਾਰਾਂ ਨੂੰ ਸੁਰੱਖਿਅਤ, ਮਜ਼ਬੂਤ ਅਤੇ ਸਨਮਾਨਜਨਕ ਰਿਹਾਇਸ਼ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੱਚੇ ਘਰਾਂ ਜਾਂ ਅਸੁਰੱਖਿਅਤ ਹਾਲਾਤਾਂ ਵਿੱਚ ਰਹਿ ਰਹੇ ਕਿਸੇ ਵੀ ਯੋਗ ਪਰਿਵਾਰ ਨੂੰ ਸਰਕਾਰੀ ਰਿਹਾਇਸ਼ੀ ਯੋਜਨਾਵਾਂ ਦਾ ਲਾਭ ਮਿਲਣ ਤੋਂ ਵਾਂਝਾ ਨਾ ਰਹਿਣਾ ਪਵੇ।
ਸ੍ਰੀ ਸੌਂਦ ਨੇ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਵੱਡੀ ਗਿਣਤੀ ਵਿੱਚ ਪਰਿਵਾਰ ਅਜੇ ਵੀ ਬੁਨਿਆਦੀ ਰਿਹਾਇਸ਼ੀ ਸਹੂਲਤਾਂ ਦੀ ਘਾਟ ਨਾਲ ਜੂਝ ਰਹੇ ਹਨ। ਅਜਿਹੇ ਪਰਿਵਾਰਾਂ ਲਈ ਪੱਕਾ ਘਰ ਸਿਰਫ਼ ਇਕ ਇਮਾਰਤ ਨਹੀਂ, ਸਗੋਂ ਸੁਰੱਖਿਆ, ਸਨਮਾਨ ਅਤੇ ਬਿਹਤਰ ਜੀਵਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਇਸੇ ਮਕਸਦ ਨਾਲ ਪੰਜਾਬ ਸਰਕਾਰ ਵੱਲੋਂ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਰਿਹਾਇਸ਼ੀ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ।
36,792 ਘਰਾਂ ਨੂੰ ਮਿਲੀ ਸਿੱਧੀ ਵਿੱਤੀ ਸਹਾਇਤਾ ਦੀ ਮਨਜ਼ੂਰੀ
ਪੇਂਡੂ ਵਿਕਾਸ ਮੰਤਰੀ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ-ਗ੍ਰਾਮੀਣ (PMAY-G) ਤਹਿਤ ਪੰਜਾਬ ਨੇ ਪੇਂਡੂ ਪਰਿਵਾਰਾਂ ਨੂੰ ਪੱਕੇ ਘਰ ਮੁਹੱਈਆ ਕਰਵਾਉਣ ਦੇ ਖੇਤਰ ਵਿੱਚ ਮਹੱਤਵਪੂਰਨ ਪ੍ਰਗਤੀ ਕੀਤੀ ਹੈ। ਸਾਲ 2024-25 ਤੋਂ ਹੁਣ ਤੱਕ ਸੂਬੇ ਵਿੱਚ ਕੁੱਲ 36,792 ਘਰਾਂ ਲਈ ਸਿੱਧੀ ਵਿੱਤੀ ਸਹਾਇਤਾ ਮਨਜ਼ੂਰ ਕੀਤੀ ਜਾ ਚੁੱਕੀ ਹੈ।
ਇਨ੍ਹਾਂ ਵਿੱਚੋਂ 17,000 ਘਰਾਂ ਦੀ ਉਸਾਰੀ ਮੁਕੰਮਲ ਹੋ ਚੁੱਕੀ ਹੈ, ਜਿਸ ਲਈ ਲਾਭਪਾਤਰੀਆਂ ਨੂੰ ਕੁੱਲ 478.45 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਗਈ ਹੈ। ਇਸ ਤੋਂ ਇਲਾਵਾ ਬਾਕੀ 19,792 ਘਰਾਂ ਦੀ ਉਸਾਰੀ ਦਾ ਕੰਮ ਵੀ ਤੇਜ਼ੀ ਨਾਲ ਜਾਰੀ ਹੈ ਅਤੇ ਸਰਕਾਰ ਵੱਲੋਂ ਇਨ੍ਹਾਂ ਨੂੰ ਵੀ ਸਮੇਂ ਸਿਰ ਮੁਕੰਮਲ ਕਰਵਾਉਣ ਲਈ ਯਤਨ ਕੀਤੇ ਜਾ ਰਹੇ ਹਨ।
ਸ੍ਰੀ ਸੌਂਦ ਨੇ ਕਿਹਾ ਕਿ ਇਨ੍ਹਾਂ ਅੰਕੜਿਆਂ ਤੋਂ ਸਪੱਸ਼ਟ ਹੁੰਦਾ ਹੈ ਕਿ ਪੰਜਾਬ ਸਰਕਾਰ ਪੇਂਡੂ ਖੇਤਰਾਂ ਦੇ ਗਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਪੱਕੀ ਰਿਹਾਇਸ਼ ਦੇਣ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਯੋਗ ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਮਿਲਣ ਵਿੱਚ ਕਿਸੇ ਕਿਸਮ ਦੀ ਦਿੱਕਤ ਨਾ ਆਵੇ ਅਤੇ ਘਰਾਂ ਦੀ ਉਸਾਰੀ ਵੀ ਨਿਰਧਾਰਤ ਸਮੇਂ ਅੰਦਰ ਪੂਰੀ ਹੋਵੇ।
ਹੜ੍ਹ ਪ੍ਰਭਾਵਿਤ ਪਰਿਵਾਰਾਂ ਲਈ 360 ਕਰੋੜ ਰੁਪਏ ਦਾ ਵਿਸ਼ੇਸ਼ ਪੈਕੇਜ
ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੇ ਦੱਸਿਆ ਕਿ ਨਿਯਮਤ ਰਿਹਾਇਸ਼ੀ ਸਹਾਇਤਾ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਹੜ੍ਹਾਂ ਨਾਲ ਪ੍ਰਭਾਵਿਤ ਪਰਿਵਾਰਾਂ ਲਈ 360 ਕਰੋੜ ਰੁਪਏ ਦਾ ਵਿਸ਼ੇਸ਼ ਰਿਹਾਇਸ਼ੀ ਪੈਕੇਜ ਵੀ ਮਨਜ਼ੂਰ ਕੀਤਾ ਗਿਆ ਹੈ। ਇਸ ਪੈਕੇਜ ਦਾ ਮੁੱਖ ਉਦੇਸ਼ ਹੜ੍ਹਾਂ ਕਾਰਨ ਨੁਕਸਾਨੇ ਗਏ ਘਰਾਂ ਦੀ ਮੁੜ ਉਸਾਰੀ ਅਤੇ ਲੋੜ ਅਨੁਸਾਰ ਮੁਰੰਮਤ ਕਰਵਾਉਣਾ ਹੈ।
ਉਨ੍ਹਾਂ ਦੱਸਿਆ ਕਿ ਇਸ ਵਿਸ਼ੇਸ਼ ਪੈਕੇਜ ਤਹਿਤ 30,000 ਨੁਕਸਾਨੇ ਘਰਾਂ ਦੀ ਮੁੜ ਉਸਾਰੀ ਜਾਂ ਮੁਰੰਮਤ ਦਾ ਟੀਚਾ ਨਿਰਧਾਰਤ ਕੀਤਾ ਗਿਆ ਸੀ। ਹੁਣ ਤੱਕ 28,020 ਘਰਾਂ ਨੂੰ ਮਨਜ਼ੂਰੀ ਦਿੱਤੀ ਜਾ ਚੁੱਕੀ ਹੈ। ਯੋਗ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਵਿੱਤੀ ਸਹਾਇਤਾ ਦੀ ਪਹਿਲੀ ਅਤੇ ਦੂਜੀ ਕਿਸ਼ਤ ਵੀ ਸਿੱਧੇ ਤੌਰ ’ਤੇ ਟ੍ਰਾਂਸਫਰ ਕੀਤੀ ਜਾ ਚੁੱਕੀ ਹੈ।
ਸ੍ਰੀ ਸੌਂਦ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਪਰਿਵਾਰਾਂ ਲਈ ਇਹ ਸਹਾਇਤਾ ਉਨ੍ਹਾਂ ਨੂੰ ਮੁੜ ਸੁਰੱਖਿਅਤ ਰਿਹਾਇਸ਼ੀ ਮਾਹੌਲ ਪ੍ਰਦਾਨ ਕਰਨ ਅਤੇ ਆਮ ਜੀਵਨ ਵੱਲ ਪਰਤਣ ਵਿੱਚ ਸਹਾਇਕ ਸਾਬਤ ਹੋ ਰਹੀ ਹੈ।
ਸਿਰਫ਼ ਮਕਾਨ ਨਹੀਂ, ਸਨਮਾਨਜਨਕ ਜੀਵਨ ਦੇਣ ਦਾ ਟੀਚਾ
ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਰਿਹਾਇਸ਼ੀ ਪਹਿਲਕਦਮੀਆਂ ਦਾ ਮਕਸਦ ਸਿਰਫ਼ ਮਕਾਨਾਂ ਦੀ ਉਸਾਰੀ ਕਰਵਾਉਣਾ ਨਹੀਂ ਹੈ, ਬਲਕਿ ਪੇਂਡੂ ਪਰਿਵਾਰਾਂ ਨੂੰ ਇੱਕ ਸੁਰੱਖਿਅਤ, ਸਥਿਰ ਅਤੇ ਸਨਮਾਨਜਨਕ ਜੀਵਨ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਪੱਕਾ ਘਰ ਪਰਿਵਾਰ ਦੀ ਸੁਰੱਖਿਆ ਦੇ ਨਾਲ-ਨਾਲ ਬੱਚਿਆਂ ਦੀ ਪੜ੍ਹਾਈ, ਸਿਹਤ ਅਤੇ ਸਮੁੱਚੇ ਜੀਵਨ ਪੱਧਰ ’ਤੇ ਵੀ ਸਕਾਰਾਤਮਕ ਪ੍ਰਭਾਵ ਪਾਉਂਦਾ ਹੈ।
ਉਨ੍ਹਾਂ ਦੁਹਰਾਇਆ ਕਿ ਭਗਵੰਤ ਮਾਨ ਸਰਕਾਰ ਵੱਲੋਂ ਇਹ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕਿਆ ਜਾ ਰਿਹਾ ਹੈ ਕਿ ਸਰੋਤਾਂ ਦੀ ਘਾਟ ਕਾਰਨ ਕੋਈ ਵੀ ਯੋਗ ਪਰਿਵਾਰ ਸਰਕਾਰੀ ਸਹਾਇਤਾ ਤੋਂ ਵਾਂਝਾ ਨਾ ਰਹੇ। ਸਰਕਾਰ ਵੱਲੋਂ ਯੋਜਨਾਵਾਂ ਦੀ ਨਿਗਰਾਨੀ ਕਰਕੇ ਲਾਭਪਾਤਰੀਆਂ ਤੱਕ ਸਹਾਇਤਾ ਪਹੁੰਚਾਉਣ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।
ਪੱਕਾ ਘਰ ਮਿਲਣ ਨਾਲ ਪ੍ਰੀਤਮ ਸਿੰਘ ਦੇ ਪਰਿਵਾਰ ਨੂੰ ਮਿਲੀ ਰਾਹਤ
ਪੰਜਾਬ ਸਰਕਾਰ ਦੀਆਂ ਰਿਹਾਇਸ਼ੀ ਯੋਜਨਾਵਾਂ ਦਾ ਅਸਰ ਲਾਭਪਾਤਰੀ ਪਰਿਵਾਰਾਂ ਦੇ ਜੀਵਨ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ। ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਪਿੰਡ ਮਛਰਾਏ ਕਲਾਂ ਦੇ ਵਸਨੀਕ ਅਤੇ ਪੇਂਡੂ ਰਿਹਾਇਸ਼ੀ ਯੋਜਨਾ ਦੇ ਲਾਭਪਾਤਰੀ ਪ੍ਰੀਤਮ ਸਿੰਘ ਨੇ ਆਪਣੇ ਤਜਰਬੇ ਸਾਂਝੇ ਕਰਦਿਆਂ ਦੱਸਿਆ ਕਿ ਸਰਕਾਰੀ ਸਹਾਇਤਾ ਮਿਲਣ ਤੋਂ ਪਹਿਲਾਂ ਉਨ੍ਹਾਂ ਦਾ ਪਰਿਵਾਰ ਇੱਕ ਕੱਚੇ ਘਰ ਵਿੱਚ ਰਹਿੰਦਾ ਸੀ।
ਉਨ੍ਹਾਂ ਦੱਸਿਆ ਕਿ ਬਰਸਾਤ ਦੇ ਮੌਸਮ ਦੌਰਾਨ ਘਰ ਵਿੱਚ ਅਕਸਰ ਪਾਣੀ ਦਾਖਲ ਹੋ ਜਾਂਦਾ ਸੀ। ਮਕਾਨ ਦੀਆਂ ਕੰਧਾਂ ਅਤੇ ਛੱਤਾਂ ਦੀ ਖਸਤਾ ਹਾਲਤ ਕਾਰਨ ਪਰਿਵਾਰ ਦੇ ਮੈਂਬਰਾਂ ਲਈ ਉੱਥੇ ਸੁਰੱਖਿਅਤ ਢੰਗ ਨਾਲ ਰਹਿਣਾ ਮੁਸ਼ਕਲ ਬਣ ਜਾਂਦਾ ਸੀ। ਖ਼ਰਾਬ ਮੌਸਮ ਦੌਰਾਨ ਉਨ੍ਹਾਂ ਨੂੰ ਆਪਣੇ ਘਰ ਅਤੇ ਪਰਿਵਾਰ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਰਹਿੰਦੀ ਸੀ।
ਪ੍ਰੀਤਮ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਿਲੀ ਵਿੱਤੀ ਸਹਾਇਤਾ ਨੇ ਉਨ੍ਹਾਂ ਦੇ ਪਰਿਵਾਰ ਲਈ ਪੱਕਾ ਘਰ ਬਣਾਉਣ ਦਾ ਸੁਪਨਾ ਸਾਕਾਰ ਕਰਨ ਵਿੱਚ ਮਦਦ ਕੀਤੀ। ਹੁਣ ਉਨ੍ਹਾਂ ਦਾ ਪਰਿਵਾਰ ਇੱਕ ਮਜ਼ਬੂਤ ਅਤੇ ਸੁਰੱਖਿਅਤ ਘਰ ਵਿੱਚ ਰਹਿ ਰਿਹਾ ਹੈ, ਜਿਸ ਨਾਲ ਉਨ੍ਹਾਂ ਨੂੰ ਨਾ ਸਿਰਫ਼ ਰਿਹਾਇਸ਼ੀ ਸਹੂਲਤ ਮਿਲੀ ਹੈ, ਸਗੋਂ ਭਵਿੱਖ ਨੂੰ ਲੈ ਕੇ ਵਿਸ਼ਵਾਸ ਅਤੇ ਸੁਰੱਖਿਆ ਦੀ ਭਾਵਨਾ ਵੀ ਪੈਦਾ ਹੋਈ ਹੈ।
ਸ੍ਰੀ ਸੌਂਦ ਨੇ ਕਿਹਾ ਕਿ ਅਜਿਹੇ ਪਰਿਵਾਰਾਂ ਦੀ ਜ਼ਿੰਦਗੀ ਵਿੱਚ ਆ ਰਹੀ ਇਹ ਤਬਦੀਲੀ ਹੀ ਸਰਕਾਰ ਦੀਆਂ ਰਿਹਾਇਸ਼ੀ ਯੋਜਨਾਵਾਂ ਦੀ ਅਸਲ ਸਫਲਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅੱਗੇ ਵੀ ਪੇਂਡੂ ਖੇਤਰਾਂ ਦੇ ਲੋੜਵੰਦ ਪਰਿਵਾਰਾਂ ਨੂੰ ਬਿਹਤਰ ਰਿਹਾਇਸ਼ੀ ਸਹੂਲਤਾਂ ਪ੍ਰਦਾਨ ਕਰਨ ਲਈ ਆਪਣੀਆਂ ਕੋਸ਼ਿਸ਼ਾਂ ਜਾਰੀ ਰੱਖੇਗੀ।
