
ਚੰਡੀਗੜ੍ਹ, 24 ਅਗਸਤ 2026: ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਰਵਾਇਤੀ ਫਸਲਾਂ ਦੇ ਨਾਲ-ਨਾਲ ਬਾਗਬਾਨੀ ਅਤੇ ਵੱਧ ਮੁੱਲ ਵਾਲੀਆਂ ਫਸਲਾਂ ਦੀ ਕਾਸ਼ਤ ਵੱਲ ਪ੍ਰੇਰਿਤ ਕੀਤਾ ਜਾ ਰਿਹਾ ਹੈ, ਤਾਂ ਜੋ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ। ਇਸੇ ਤਹਿਤ ਸੂਬੇ ਵਿੱਚ ਮਸ਼ਰੂਮ ਉਤਪਾਦਨ ਨੂੰ ਵੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਸਾਂਝੀ ਕੀਤੀ।
ਮੰਤਰੀ ਨੇ ਦੱਸਿਆ ਕਿ ਕਿਸਾਨ ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਦਿੱਤੀ ਜਾ ਰਹੀ 40 ਫੀਸਦੀ ਤੱਕ ਦੀ ਸਬਸਿਡੀ, ਜੋ ਵੱਧ ਤੋਂ ਵੱਧ 80 ਹਜ਼ਾਰ ਰੁਪਏ ਹੈ, ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਵਿੱਤੀ ਸਹਾਇਤਾ ਕਿਸਾਨਾਂ ਨੂੰ ਮਸ਼ਰੂਮ ਦੀ ਕਾਸ਼ਤ ਸ਼ੁਰੂ ਕਰਨ ਦੇ ਨਾਲ-ਨਾਲ ਆਮਦਨ ਦਾ ਇੱਕ ਹੋਰ ਸਰੋਤ ਪੈਦਾ ਕਰਨ ਵਿੱਚ ਸਹਾਇਕ ਹੈ।
ਉਨ੍ਹਾਂ ਕਿਹਾ ਕਿ ਮਸ਼ਰੂਮ ਉਤਪਾਦਨ ਲਈ ਵੱਡੀ ਮਾਤਰਾ ਵਿੱਚ ਜ਼ਮੀਨ ਦੀ ਲੋੜ ਨਹੀਂ ਪੈਂਦੀ, ਇਸ ਲਈ ਇਹ ਛੋਟੇ ਅਤੇ ਸੀਮਾਂਤ ਕਿਸਾਨਾਂ ਲਈ ਵੀ ਵਧੀਆ ਆਮਦਨ ਵਾਲਾ ਵਿਕਲਪ ਬਣ ਸਕਦਾ ਹੈ। ਇਸ ਨਾਲ ਕਿਸਾਨ ਘੱਟ ਜ਼ਮੀਨ ਵਿੱਚ ਵੀ ਆਪਣੀ ਖੇਤੀ ਆਮਦਨ ਵਧਾਉਣ ਦੇ ਮੌਕੇ ਪੈਦਾ ਕਰ ਸਕਦੇ ਹਨ।
ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਕਿਸਾਨਾਂ ਨੂੰ ਆਧੁਨਿਕ ਖੇਤੀ ਤਕਨੀਕਾਂ, ਸਰਕਾਰੀ ਸਕੀਮਾਂ ਅਤੇ ਲੋੜੀਂਦੀ ਵਿੱਤੀ ਸਹਾਇਤਾ ਉਪਲਬਧ ਕਰਵਾ ਕੇ ਵਧੇਰੇ ਲਾਹੇਵੰਦ ਅਤੇ ਟਿਕਾਊ ਖੇਤੀ ਵੱਲ ਲਿਜਾਣਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਬਾਗਬਾਨੀ ਵਿਭਾਗ ਦੀਆਂ ਵੱਖ-ਵੱਖ ਯੋਜਨਾਵਾਂ ਦਾ ਲਾਭ ਲੈ ਕੇ ਫਸਲੀ ਵਿਭਿੰਨਤਾ ਨੂੰ ਅਪਣਾ ਸਕਦੇ ਹਨ ਅਤੇ ਆਪਣੀ ਆਮਦਨ ਵਿੱਚ ਹੋਰ ਵਾਧਾ ਕਰ ਸਕਦੇ ਹਨ।
