
ਚੰਡੀਗੜ੍ਹ, 24 ਅਗਸਤ 2026: ਪੰਜਾਬ ਦੇ ਵਿੱਤ ਮੰਤਰੀ ਅਤੇ ਮੁਲਾਜ਼ਮਾਂ ਨਾਲ ਜੁੜੇ ਮਸਲਿਆਂ ਦੇ ਹੱਲ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਅਧਿਆਪਕਾਂ ਅਤੇ ਸਿੱਖਿਆ ਮੁਲਾਜ਼ਮਾਂ ਦੀਆਂ ਯੂਨੀਅਨਾਂ ਦੇ ਨੁਮਾਇੰਦਿਆਂ ਸਮੇਤ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਨਾਲ ਲੜੀਵਾਰ ਮੀਟਿੰਗਾਂ ਕੀਤੀਆਂ। ਇਨ੍ਹਾਂ ਮੀਟਿੰਗਾਂ ਦੌਰਾਨ ਉਨ੍ਹਾਂ ਵੱਲੋਂ ਯੂਨੀਅਨਾਂ ਦੀਆਂ ਮੰਗਾਂ ਅਤੇ ਸ਼ਿਕਾਇਤਾਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਮੀਟਿੰਗਾਂ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਵਿਭਾਗੀ ਪੱਧਰ ’ਤੇ ਹੱਲ ਕੀਤੇ ਜਾ ਸਕਣ ਵਾਲੇ ਮਸਲਿਆਂ ਦਾ ਤੁਰੰਤ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ। ਵਿੱਤੀ ਮਾਮਲਿਆਂ ਨਾਲ ਸਬੰਧਤ ਮੰਗਾਂ ਦੇ ਢੁਕਵੇਂ ਅਤੇ ਛੇਤੀ ਹੱਲ ਲਈ ਉਨ੍ਹਾਂ ਅਧਿਕਾਰੀਆਂ ਨੂੰ ਵਿੱਤ ਵਿਭਾਗ ਅਤੇ ਸਿੱਖਿਆ ਵਿਭਾਗ ਦੇ ਨੁਮਾਇੰਦਿਆਂ ਦੀ ਸਾਂਝੀ ਮੀਟਿੰਗ ਕਰਵਾਉਣ ਦੀ ਹਦਾਇਤ ਵੀ ਕੀਤੀ।
ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਨਾਲ ਹੋਈ ਬੈਠਕ ਵਿੱਚ ਵਿੱਤ ਮੰਤਰੀ ਨੇ ਯੂਨੀਅਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਵੱਲੋਂ ਪੇਸ਼ ਕੀਤੇ ਮੰਗ ਪੱਤਰ ਵਿੱਚ ਦਰਜ ਮੁੱਦੇ ਸਰਕਾਰ ਦੇ ਵਿਚਾਰ ਅਧੀਨ ਹਨ ਅਤੇ ਇਨ੍ਹਾਂ ਦਾ ਯੋਗ ਹੱਲ ਕੱਢਣ ਲਈ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਦੇ ਨਿਪਟਾਰੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਇਸ ਦੌਰਾਨ ਵਿੱਤ ਮੰਤਰੀ ਨੇ ਆਈ.ਈ.ਏ.ਟੀ.ਸੀ. ਸਪੈਸ਼ਲ ਬੀ.ਐੱਡ. ਇੰਪਲਾਈਜ਼ ਯੂਨੀਅਨ, ਆਦਰਸ਼ ਸਕੂਲ ਟੀਚਿੰਗ ਅਤੇ ਨਾਨ-ਟੀਚਿੰਗ ਐਸੋਸੀਏਸ਼ਨ, ਐੱਨ.ਐੱਸ.ਕਿਊ.ਐੱਫ. ਵੋਕੇਸ਼ਨਲ ਟੀਚਰਜ਼ ਫਰੰਟ, ਈ.ਟੀ.ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ, 180 ਈ.ਟੀ.ਟੀ. ਟੈੱਟ ਪਾਸ ਅਧਿਆਪਕ ਐਸੋਸੀਏਸ਼ਨ (ਜੈ ਸਿੰਘ ਵਾਲਾ), ਬੀ.ਐੱਡ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ, 3704 ਅਧਿਆਪਕ ਯੂਨੀਅਨ ਅਤੇ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੇ ਵਫ਼ਦਾਂ ਨਾਲ ਮੁਲਾਕਾਤ ਕੀਤੀ।
ਮੀਟਿੰਗਾਂ ਵਿੱਚ ਵੱਖ-ਵੱਖ ਜਥੇਬੰਦੀਆਂ ਵੱਲੋਂ ਉਨ੍ਹਾਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ। ਆਈ.ਈ.ਏ.ਟੀ.ਸੀ. ਸਪੈਸ਼ਲ ਬੀ.ਐੱਡ. ਇੰਪਲਾਈਜ਼ ਯੂਨੀਅਨ ਵੱਲੋਂ ਪ੍ਰਿਆ ਸ਼ਰਮਾ, ਜਗਰੂਪ ਕੌਰ ਅਤੇ ਕੁਲਵੰਤ ਕੌਰ; ਆਦਰਸ਼ ਸਕੂਲ ਟੀਚਿੰਗ ਅਤੇ ਨਾਨ-ਟੀਚਿੰਗ ਐਸੋਸੀਏਸ਼ਨ ਵੱਲੋਂ ਜਸਵੀਰ ਸਿੰਘ ਘਲੋਟੀ, ਗੁਰਚਰਨ ਸਿੰਘ, ਚੰਦਰ ਸ਼ੇਖਰ, ਸਲੀਮ ਮੁਹੰਮਦ, ਅਮਰਜੋਤ ਜੋਸ਼ੀ ਅਤੇ ਅਮਨਦੀਪ ਕੁਮਾਰ ਨੇ ਹਿੱਸਾ ਲਿਆ।
ਇਸੇ ਤਰ੍ਹਾਂ ਐੱਨ.ਐੱਸ.ਕਿਊ.ਐੱਫ. ਵੋਕੇਸ਼ਨਲ ਟੀਚਰਜ਼ ਫਰੰਟ ਵੱਲੋਂ ਭੁਪਿੰਦਰ ਸਿੰਘ ਅਤੇ ਰਣਜੀਤ ਸਿੰਘ; ਈ.ਟੀ.ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਵੱਲੋਂ ਰਾਮ ਪ੍ਰਤਾਪ, ਸੰਦੀਪ ਸਿੰਘ ਅਤੇ ਅਮਨਦੀਪ ਕੌਰ; 180 ਈ.ਟੀ.ਟੀ. ਟੈੱਟ ਪਾਸ ਅਧਿਆਪਕ ਐਸੋਸੀਏਸ਼ਨ (ਜੈ ਸਿੰਘ ਵਾਲਾ) ਵੱਲੋਂ ਕਮਲ ਠਾਕੁਰ, ਸੋਹਣ ਸਿੰਘ, ਗੁਰਪ੍ਰੀਤ ਸਿੰਘ ਅਤੇ ਗੁਰਮੁਖ ਸਿੰਘ; ਬੀ.ਐੱਡ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਵੱਲੋਂ ਗੁਰਪ੍ਰੀਤ ਸਿੰਘ, ਸੂਬੇਦਾਰ ਨਿਰਮਲ ਸਿੰਘ ਅਤੇ ਦਰਸ਼ਨ ਸਿੰਘ; ਅਤੇ 3704 ਅਧਿਆਪਕ ਯੂਨੀਅਨ ਵੱਲੋਂ ਯਾਦਵਿੰਦਰ ਸਿੰਘ ਅਤੇ ਹਰਜਿੰਦਰ ਸਿੰਘ ਮੌਜੂਦ ਰਹੇ।
ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਦਰਸ਼ਨ ਸਿੰਘ ਧਨੋਆ, ਅਵਿਨਾਸ਼ ਚੰਦਰ ਸ਼ਰਮਾ, ਸੁਖਵਿੰਦਰ ਸਿੰਘ ਸੈਣੀ, ਗੁਰਦੀਪ ਸਿੰਘ ਵਾਲੀਆ, ਗੁਰਮੀਤ ਸਿੰਘ ਟਿਵਾਣਾ, ਨਾਹਰ ਸਿੰਘ, ਕਰਨੈਲ ਸਿੰਘ, ਬਲਵੀਰ ਸਿੰਘ ਸੈਣੀ, ਰਾਕੇਸ਼ ਸ਼ਰਮਾ ਅਤੇ ਦੇਵ ਰਾਜ ਨੇ ਮੀਟਿੰਗ ਵਿੱਚ ਸ਼ਿਰਕਤ ਕੀਤੀ।
