Saturday, September 12Punjabi People

ਆਦਰਸ਼ ਸਕੂਲਾਂ ਦੇ ਅਧਿਆਪਕਾਂ ਲਈ ਵੱਡੀ ਰਾਹਤ, ਪੰਜਾਬ ਸਰਕਾਰ ਵੱਲੋਂ ਤਨਖਾਹਾਂ ’ਚ 120 ਫੀਸਦੀ ਤੋਂ ਵੱਧ ਵਾਧੇ ਨੂੰ ਮਨਜ਼ੂਰੀ

ਚੰਡੀਗੜ੍ਹ, 25 ਅਗਸਤ 2026: ਪੰਜਾਬ ਸਰਕਾਰ ਨੇ ਸੂਬੇ ਦੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ ਅਧਿਆਪਕਾਂ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੀਆਂ ਤਨਖਾਹਾਂ ਵਿੱਚ 120 ਫੀਸਦੀ ਤੋਂ ਵੱਧ ਵਾਧਾ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸਰਕਾਰ ਦੇ ਇਸ ਫੈਸਲੇ ਨਾਲ ਇਨ੍ਹਾਂ ਸਕੂਲਾਂ ਵਿੱਚ ਕੰਮ ਕਰ ਰਹੇ ਲਗਭਗ 1,100 ਅਧਿਆਪਕਾਂ ਨੂੰ ਸਿੱਧਾ ਲਾਭ ਮਿਲੇਗਾ।

ਸਰਕਾਰ ਮੁਤਾਬਕ ਤਨਖਾਹਾਂ ਵਿੱਚ ਵਾਧੇ ਤੋਂ ਬਾਅਦ ਇਨ੍ਹਾਂ ਅਧਿਆਪਕਾਂ ਦੀ ਮਹੀਨਾਵਾਰ ਤਨਖਾਹ ਜੋ ਇਸ ਸਮੇਂ ਲਗਭਗ 10,000 ਰੁਪਏ ਹੈ, ਵਧ ਕੇ 22,000 ਰੁਪਏ ਤੋਂ ਵੱਧ ਹੋ ਜਾਵੇਗੀ। ਸਰਕਾਰ ਨੇ ਇਸ ਫੈਸਲੇ ਨੂੰ ਅਧਿਆਪਕਾਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਪੂਰਾ ਕਰਨ ਵੱਲ ਇੱਕ ਅਹਿਮ ਕਦਮ ਦੱਸਿਆ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਧਿਆਪਕਾਂ ਦੇ ਵਫ਼ਦ ਨਾਲ ਮੁਲਾਕਾਤ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ ਦੇ ਨਾਲ-ਨਾਲ ਅਧਿਆਪਕਾਂ ਦੇ ਹਿੱਤਾਂ ਦੀ ਰਾਖੀ ਲਈ ਵੀ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸਿੱਖਿਆ ਪ੍ਰਣਾਲੀ ਦੀ ਮਜ਼ਬੂਤੀ ਉਸ ਦੇ ਅਧਿਆਪਕਾਂ ਤੋਂ ਸ਼ੁਰੂ ਹੁੰਦੀ ਹੈ ਅਤੇ ਜੇਕਰ ਅਧਿਆਪਕਾਂ ਨੂੰ ਸਨਮਾਨਜਨਕ ਮਾਹੌਲ ਅਤੇ ਉਚਿਤ ਵਿੱਤੀ ਸੁਰੱਖਿਆ ਮਿਲੇਗੀ ਤਾਂ ਉਹ ਵਿਦਿਆਰਥੀਆਂ ਨੂੰ ਹੋਰ ਬਿਹਤਰ ਢੰਗ ਨਾਲ ਸਿੱਖਿਆ ਦੇ ਸਕਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ ਅਧਿਆਪਕਾਂ ਦੀਆਂ ਸਮੱਸਿਆਵਾਂ ਵੱਲ ਲੋੜੀਂਦਾ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਹ ਅਧਿਆਪਕ ਪਿਛਲੇ ਕਰੀਬ ਦੋ ਦਹਾਕਿਆਂ ਤੋਂ ਘੱਟ ਤਨਖਾਹਾਂ ਦੇ ਬਾਵਜੂਦ ਪੂਰੀ ਇਮਾਨਦਾਰੀ, ਮਿਹਨਤ ਅਤੇ ਸਮਰਪਣ ਨਾਲ ਆਪਣੀਆਂ ਸੇਵਾਵਾਂ ਨਿਭਾਉਂਦੇ ਆ ਰਹੇ ਹਨ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, “ਅਧਿਆਪਕ ਸਾਡੀ ਸਿੱਖਿਆ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਹਨ। ਇਨ੍ਹਾਂ ਅਧਿਆਪਕਾਂ ਨੇ ਲੰਬੇ ਸਮੇਂ ਤੱਕ ਸੀਮਤ ਤਨਖਾਹਾਂ ਵਿੱਚ ਵੀ ਆਪਣੀ ਡਿਊਟੀ ਪੂਰੀ ਜ਼ਿੰਮੇਵਾਰੀ ਨਾਲ ਨਿਭਾਈ ਹੈ। ਸਾਡੀ ਸਰਕਾਰ ਨੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸਮਝਦਿਆਂ ਤਨਖਾਹਾਂ ਵਿੱਚ 120 ਫੀਸਦੀ ਤੋਂ ਵੱਧ ਦਾ ਵਾਧਾ ਕਰਕੇ ਉਨ੍ਹਾਂ ਨੂੰ ਵੱਡੀ ਰਾਹਤ ਦਿੱਤੀ ਹੈ।”

ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸੀ.ਬੀ.ਐੱਸ.ਈ. ਤੋਂ ਮਾਨਤਾ ਪ੍ਰਾਪਤ ਆਦਰਸ਼ ਸਕੂਲਾਂ ਵਿੱਚ ਇਸ ਸਮੇਂ 15,000 ਤੋਂ ਵੱਧ ਵਿਦਿਆਰਥੀ ਸਿੱਖਿਆ ਹਾਸਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੇ ਭਵਿੱਖ ਦੇ ਨਾਲ-ਨਾਲ ਉੱਥੇ ਸੇਵਾਵਾਂ ਨਿਭਾ ਰਹੇ ਅਧਿਆਪਕਾਂ ਦੇ ਹਿੱਤਾਂ ਦੀ ਰਾਖੀ ਲਈ ਵੀ ਪੂਰੀ ਤਰ੍ਹਾਂ ਵਚਨਬੱਧ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਅਧਿਆਪਕ ਆਪਣੇ ਕੰਮ ਵਾਲੇ ਸਥਾਨ ’ਤੇ ਸੁਰੱਖਿਅਤ, ਸਤਿਕਾਰਤ ਅਤੇ ਸੰਤੁਸ਼ਟ ਮਹਿਸੂਸ ਕਰਦੇ ਹਨ ਤਾਂ ਇਸ ਦਾ ਸਿੱਧਾ ਪ੍ਰਭਾਵ ਸਿੱਖਿਆ ਦੀ ਗੁਣਵੱਤਾ ’ਤੇ ਪੈਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਅਧਿਆਪਕਾਂ ਨੂੰ ਅਜਿਹਾ ਮਾਹੌਲ ਮੁਹੱਈਆ ਕਰਵਾਉਣਾ ਹੈ, ਜਿਸ ਵਿੱਚ ਉਹ ਬਿਨਾਂ ਕਿਸੇ ਵਿੱਤੀ ਜਾਂ ਹੋਰ ਚਿੰਤਾ ਦੇ ਆਪਣੀ ਅਧਿਆਪਨ ਦੀ ਜ਼ਿੰਮੇਵਾਰੀ ਨਿਭਾ ਸਕਣ।

ਮੁਲਾਜ਼ਮਾਂ ਦੀ ਭਲਾਈ ਲਈ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੌਜੂਦਾ ਸਰਕਾਰ ਸਮਾਜ ਦੇ ਹਰ ਵਰਗ ਦੇ ਹਿੱਤਾਂ ਦੀ ਰਾਖੀ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਦਰਸ਼ ਸਕੂਲਾਂ ਦੇ ਅਧਿਆਪਕਾਂ ਵੱਲੋਂ ਰੱਖੀਆਂ ਗਈਆਂ ਜਾਇਜ਼ ਮੰਗਾਂ ਨੂੰ ਸਰਕਾਰ ਵੱਲੋਂ ਗੰਭੀਰਤਾ ਨਾਲ ਵਿਚਾਰਿਆ ਗਿਆ ਹੈ ਅਤੇ ਉਨ੍ਹਾਂ ਨੂੰ ਪੂਰਾ ਕਰਨ ਲਈ ਲੋੜੀਂਦੇ ਫੈਸਲੇ ਲਏ ਜਾ ਰਹੇ ਹਨ।

ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਭਵਿੱਖ ਵਿੱਚ ਵੀ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਅਤੇ ਸਮੱਸਿਆਵਾਂ ਦੇ ਹੱਲ ਲਈ ਸਕਾਰਾਤਮਕ ਰਵੱਈਏ ਨਾਲ ਕੰਮ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਅਧਿਆਪਕ ਪੂਰੇ ਮਨੋਬਲ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਅਤੇ ਆਦਰਸ਼ ਸਕੂਲਾਂ ਵਿੱਚ ਪੜ੍ਹ ਰਹੇ ਹਰ ਵਿਦਿਆਰਥੀ ਨੂੰ ਮਿਆਰੀ ਸਿੱਖਿਆ ਦੇ ਨਾਲ ਬਿਹਤਰ ਭਵਿੱਖ ਦੇ ਮੌਕੇ ਮਿਲ ਸਕਣ।

ਪੰਜਾਬ ਸਰਕਾਰ ਦੇ ਇਸ ਫੈਸਲੇ ਨੂੰ ਆਦਰਸ਼ ਸਕੂਲਾਂ ਦੇ ਅਧਿਆਪਕਾਂ ਲਈ ਵਿੱਤੀ ਰਾਹਤ ਦੇ ਨਾਲ-ਨਾਲ ਉਨ੍ਹਾਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਮਾਨਤਾ ਦੇਣ ਵਾਲੇ ਕਦਮ ਵਜੋਂ ਦੇਖਿਆ ਜਾ ਰਿਹਾ ਹੈ।

Leave a Reply

Your email address will not be published. Required fields are marked *