
ਚੰਡੀਗੜ੍ਹ, 25 ਅਗਸਤ 2026: ਅਨੁਸੂਚਿਤ ਜਾਤੀ (ਐਸ.ਸੀ.) ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਲਈ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਅਕਾਦਮਿਕ ਸੈਸ਼ਨ 2026-27 ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ 1 ਜੁਲਾਈ 2026 ਤੋਂ ਨੈਸ਼ਨਲ ਸਕਾਲਰਸ਼ਿਪ ਪੋਰਟਲ (NSP) ਰਾਹੀਂ ਚਾਲੂ ਹੈ। ਸਕੀਮ ਦਾ ਲਾਭ ਵੱਧ ਤੋਂ ਵੱਧ ਯੋਗ ਵਿਦਿਆਰਥੀਆਂ ਤੱਕ ਪਹੁੰਚਾਉਣ ਲਈ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਵਿਸ਼ੇਸ਼ ਜਾਗਰੂਕਤਾ ਅਤੇ ਸਹਾਇਤਾ ਮੁਹਿੰਮ ਚਲਾਉਣ ਦਾ ਫੈਸਲਾ ਕੀਤਾ ਗਿਆ ਹੈ।
ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਯੋਗ ਐਸ.ਸੀ. ਵਿਦਿਆਰਥੀ ਜਾਣਕਾਰੀ ਦੀ ਘਾਟ, ਆਨਲਾਈਨ ਅਰਜ਼ੀ ਪ੍ਰਕਿਰਿਆ ਵਿੱਚ ਮੁਸ਼ਕਲ ਜਾਂ ਤਕਨੀਕੀ ਸਮੱਸਿਆ ਕਾਰਨ ਸਕਾਲਰਸ਼ਿਪ ਦੇ ਲਾਭ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਅਰਜ਼ੀ ਭਰਨ ਤੋਂ ਲੈ ਕੇ ਇਸ ਦੀ ਪੜਤਾਲ ਤੱਕ ਹਰ ਪੜਾਅ ’ਤੇ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਈ ਜਾਵੇ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਉਚੇਰੀ ਸਿੱਖਿਆ ਨੂੰ ਹਰ ਵਰਗ ਲਈ ਪਹੁੰਚਯੋਗ, ਬਰਾਬਰੀ ਵਾਲੀ ਅਤੇ ਕਿਫਾਇਤੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਮੁੱਖ ਉਦੇਸ਼ ਆਰਥਿਕ ਤੰਗੀ ਨੂੰ ਵਿਦਿਆਰਥੀਆਂ ਦੀ ਉਚੇਰੀ ਸਿੱਖਿਆ ਦੇ ਰਾਹ ਵਿੱਚ ਰੁਕਾਵਟ ਨਹੀਂ ਬਣਨ ਦੇਣਾ ਹੈ।
ਉਨ੍ਹਾਂ ਸੂਬੇ ਦੇ ਸਮੂਹ ਯੋਗ ਐਸ.ਸੀ. ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਤ ਆਖਰੀ ਮਿਤੀ ਤੋਂ ਪਹਿਲਾਂ ਆਪਣੀਆਂ ਅਰਜ਼ੀਆਂ ਆਨਲਾਈਨ ਜਮ੍ਹਾਂ ਕਰਵਾਉਣ ਅਤੇ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ। ਮੰਤਰੀ ਨੇ ਵਿਦਿਆਰਥੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਅਰਜ਼ੀ ਭਰਨ ਸਮੇਂ ਆਪਣੇ ਵੇਰਵੇ ਅਤੇ ਦਸਤਾਵੇਜ਼ ਧਿਆਨ ਨਾਲ ਦਰਜ ਕਰਨ, ਤਾਂ ਜੋ ਬਾਅਦ ਵਿੱਚ ਅਰਜ਼ੀ ਵਿੱਚ ਕਿਸੇ ਤਰ੍ਹਾਂ ਦੀ ਕਮੀ ਕਾਰਨ ਮੁਸ਼ਕਲ ਪੈਦਾ ਨਾ ਹੋਵੇ।
ਵਿਦਿਆਰਥੀਆਂ ਦੀ ਸਹਾਇਤਾ ਲਈ ਵਿਸ਼ੇਸ਼ ਹੈਲਪਡੈਸਕ
ਨਵੀਂ ਆਨਲਾਈਨ ਅਰਜ਼ੀ ਪ੍ਰਕਿਰਿਆ ਦੌਰਾਨ ਵਿਦਿਆਰਥੀਆਂ ਨੂੰ ਦਰਪੇਸ਼ ਤਕਨੀਕੀ ਅਤੇ ਪ੍ਰਕਿਰਿਆ ਸਬੰਧੀ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਵਿਭਾਗ ਵੱਲੋਂ ਵਿਸ਼ੇਸ਼ ਹੈਲਪਡੈਸਕ ਈ-ਮੇਲ ਜਾਰੀ ਕੀਤੀ ਗਈ ਹੈ। ਵਿਦਿਆਰਥੀ pms.nspqueries2026@gmail.com ’ਤੇ ਆਪਣੀਆਂ ਸਮੱਸਿਆਵਾਂ ਜਾਂ NSP ਨਾਲ ਸਬੰਧਤ ਸਵਾਲ ਭੇਜ ਸਕਦੇ ਹਨ।
ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਈ-ਮੇਲ ਰਾਹੀਂ ਪ੍ਰਾਪਤ ਹੋਣ ਵਾਲੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਪਹਿਲ ਦਾ ਉਦੇਸ਼ ਸਕਾਲਰਸ਼ਿਪ ਲਈ ਅਰਜ਼ੀ ਦੇਣ ਦੀ ਪ੍ਰਕਿਰਿਆ ਨੂੰ ਵਿਦਿਆਰਥੀਆਂ ਲਈ ਹੋਰ ਪਾਰਦਰਸ਼ੀ, ਸਰਲ ਅਤੇ ਸੁਵਿਧਾਜਨਕ ਬਣਾਉਣਾ ਹੈ।
ਪੇਂਡੂ ਅਤੇ ਦੂਰ-ਦੁਰਾਡੇ ਖੇਤਰਾਂ ਵਿੱਚ ਜਾਗਰੂਕਤਾ ਕੈਂਪ
ਸਕੀਮ ਨੂੰ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਮੰਤਰੀ ਨੇ ਸਾਰੇ ਜ਼ਿਲ੍ਹਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਅਧਿਕਾਰੀਆਂ ਨੂੰ ਸ਼ਹਿਰੀ, ਪੇਂਡੂ ਅਤੇ ਦੂਰ-ਦੁਰਾਡੇ ਖੇਤਰਾਂ ਵਿੱਚ ਵਿਸ਼ੇਸ਼ ਜਾਗਰੂਕਤਾ-ਕਮ-ਸਹਾਇਤਾ ਕੈਂਪ ਲਗਾਉਣ ਦੇ ਨਿਰਦੇਸ਼ ਦਿੱਤੇ ਹਨ।
ਉਨ੍ਹਾਂ ਕਿਹਾ ਕਿ ਅਧਿਕਾਰੀ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚ ਯੋਗ ਵਿਦਿਆਰਥੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਸਕਾਲਰਸ਼ਿਪ ਸਕੀਮ, ਯੋਗਤਾ ਮਾਪਦੰਡ ਅਤੇ ਆਨਲਾਈਨ ਅਰਜ਼ੀ ਪ੍ਰਕਿਰਿਆ ਬਾਰੇ ਜਾਣਕਾਰੀ ਦੇਣ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਫਾਰਮ ਭਰਨ, ਦਸਤਾਵੇਜ਼ ਅਪਲੋਡ ਕਰਨ ਅਤੇ ਅਰਜ਼ੀ ਜਮ੍ਹਾਂ ਕਰਵਾਉਣ ਵਿੱਚ ਵੀ ਲੋੜੀਂਦੀ ਸਹਾਇਤਾ ਦਿੱਤੀ ਜਾਵੇ।
ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਵੀ ਸਹਿਯੋਗ ਦੇਣ ਦੇ ਹੁਕਮ
ਡਾ. ਬਲਜੀਤ ਕੌਰ ਨੇ ਉਚੇਰੀ ਸਿੱਖਿਆ, ਮੈਡੀਕਲ ਸਿੱਖਿਆ ਤੇ ਖੋਜ, ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ, ਸਕੂਲ ਸਿੱਖਿਆ ਅਤੇ ਪਸ਼ੂ ਪਾਲਣ ਵਿਭਾਗਾਂ ਦੇ ਡਾਇਰੈਕਟਰਾਂ ਸਮੇਤ ਸਾਰੀਆਂ ਯੂਨੀਵਰਸਿਟੀਆਂ, ਕਾਲਜਾਂ ਅਤੇ ਸਬੰਧਤ ਵਿੱਦਿਅਕ ਸੰਸਥਾਵਾਂ ਨੂੰ ਵੀ ਵਿਦਿਆਰਥੀਆਂ ਨੂੰ ਪੂਰਾ ਸਹਿਯੋਗ ਦੇਣ ਦੀ ਹਦਾਇਤ ਕੀਤੀ ਹੈ।
ਮੰਤਰੀ ਨੇ ਕਿਹਾ ਕਿ ਸੰਸਥਾਵਾਂ ਦੀ ਜ਼ਿੰਮੇਵਾਰੀ ਹੈ ਕਿ ਉਹ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਲਈ ਅਰਜ਼ੀ ਦੇਣ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦੇਣ ਅਤੇ ਫਾਰਮ ਭਰਨ ਤੇ ਜਮ੍ਹਾਂ ਕਰਵਾਉਣ ਵਿੱਚ ਉਨ੍ਹਾਂ ਦੀ ਮਦਦ ਕਰਨ। ਉਨ੍ਹਾਂ ਕਿਹਾ ਕਿ ਵਿਭਾਗਾਂ, ਜ਼ਿਲ੍ਹਾ ਪ੍ਰਸ਼ਾਸਨ ਅਤੇ ਵਿੱਦਿਅਕ ਸੰਸਥਾਵਾਂ ਦੇ ਸਾਂਝੇ ਯਤਨਾਂ ਨਾਲ ਹੀ ਸਕੀਮ ਦਾ ਲਾਭ ਵੱਡੀ ਗਿਣਤੀ ਵਿੱਚ ਯੋਗ ਵਿਦਿਆਰਥੀਆਂ ਤੱਕ ਪਹੁੰਚਾਇਆ ਜਾ ਸਕਦਾ ਹੈ।
ਪੋਸਟ-ਮੈਟ੍ਰਿਕ ਸਕਾਲਰਸ਼ਿਪ ਦਾ ਸਮਾਂਬੱਧ ਸ਼ਡਿਊਲ
ਵਿਭਾਗ ਵੱਲੋਂ ਸਕੀਮ ਦੀ ਪਾਰਦਰਸ਼ਤਾ ਅਤੇ ਸਮੇਂ ਸਿਰ ਪੜਤਾਲ ਯਕੀਨੀ ਬਣਾਉਣ ਲਈ ਅਕਾਦਮਿਕ ਸੈਸ਼ਨ 2026-27 ਦਾ ਸਮਾਂਬੱਧ ਸ਼ਡਿਊਲ ਵੀ ਜਾਰੀ ਕੀਤਾ ਗਿਆ ਹੈ।
- ਸਕਾਲਰਸ਼ਿਪ ਪੋਰਟਲ ਚਾਲੂ ਹੋਣ ਦੀ ਮਿਤੀ: 1 ਜੁਲਾਈ 2026
- ਵਿਦਿਆਰਥੀਆਂ ਵੱਲੋਂ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ: 15 ਨਵੰਬਰ 2026
- ਨੁਕਸਦਾਰ ਅਰਜ਼ੀਆਂ ਵਿੱਚ ਸੋਧ ਦੀ ਆਖਰੀ ਮਿਤੀ: 30 ਨਵੰਬਰ 2026
- ਸੰਸਥਾ ਪੱਧਰ ’ਤੇ ਪੜਤਾਲ ਦੀ ਆਖਰੀ ਮਿਤੀ: 30 ਨਵੰਬਰ 2026
- DNO/SNO/MNO ਪੱਧਰ ’ਤੇ ਅੰਤਿਮ ਪੜਤਾਲ ਦੀ ਆਖਰੀ ਮਿਤੀ: 15 ਦਸੰਬਰ 2026
ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਨਿਰਧਾਰਤ ਸਮਾਂ-ਸੀਮਾਵਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ ਅਤੇ ਅਰਜ਼ੀਆਂ ਦੀ ਪੜਤਾਲ ਵਿੱਚ ਬੇਲੋੜੀ ਦੇਰੀ ਨਾ ਹੋਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਕਿਸੇ ਵੀ ਪੱਧਰ ’ਤੇ ਬੇਵਜ੍ਹਾ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪੈਣਾ ਚਾਹੀਦਾ।
ਡਾ. ਬਲਜੀਤ ਕੌਰ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹਰ ਯੋਗ ਐਸ.ਸੀ. ਵਿਦਿਆਰਥੀ ਨੂੰ ਸਮੇਂ ਸਿਰ ਵਿੱਤੀ ਸਹਾਇਤਾ ਮੁਹੱਈਆ ਕਰਵਾ ਕੇ ਉਚੇਰੀ ਸਿੱਖਿਆ ਦੇ ਮੌਕੇ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਆਰਥਿਕ ਪੱਖੋਂ ਕਮਜ਼ੋਰ ਵਿਦਿਆਰਥੀਆਂ ਲਈ ਅਜਿਹੀਆਂ ਸਕਾਲਰਸ਼ਿਪ ਯੋਜਨਾਵਾਂ ਉਨ੍ਹਾਂ ਦੀ ਸਿੱਖਿਆ ਜਾਰੀ ਰੱਖਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ।
ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਸਾਰੇ ਸਬੰਧਤ ਵਿਭਾਗਾਂ, ਵਿੱਦਿਅਕ ਸੰਸਥਾਵਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਾਂਝੇ ਯਤਨਾਂ ਨਾਲ ਸਕੀਮ ਦੀ ਪਹੁੰਚ ਹੋਰ ਵਧੇਗੀ ਅਤੇ ਕੋਈ ਵੀ ਯੋਗ ਵਿਦਿਆਰਥੀ ਜਾਣਕਾਰੀ, ਤਕਨੀਕੀ ਦਿੱਕਤ ਜਾਂ ਪ੍ਰਕਿਰਿਆ ਸਬੰਧੀ ਸਮੱਸਿਆ ਕਾਰਨ ਪੋਸਟ-ਮੈਟ੍ਰਿਕ ਸਕਾਲਰਸ਼ਿਪ ਦੇ ਲਾਭ ਤੋਂ ਵਾਂਝਾ ਨਹੀਂ ਰਹੇਗਾ।
