
ਚੰਡੀਗੜ੍ਹ, 25 ਅਗਸਤ 2026: ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਪੁਲਿਸ ਦੀ ਵਿਸ਼ੇਸ਼ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਤਹਿਤ ਪੰਜਾਬ ਪੁਲਿਸ ਨੇ 217ਵੇਂ ਦਿਨ ਵੀ ਵੱਡੇ ਪੱਧਰ ’ਤੇ ਕਾਰਵਾਈ ਜਾਰੀ ਰੱਖੀ। ਪੁਲਿਸ ਟੀਮਾਂ ਨੇ ਗੈਂਗਸਟਰਾਂ ਦੇ ਸਾਥੀਆਂ ਅਤੇ ਉਨ੍ਹਾਂ ਨਾਲ ਕਥਿਤ ਤੌਰ ’ਤੇ ਜੁੜੇ ਵਿਅਕਤੀਆਂ ਦੇ ਪਛਾਣੇ ਤੇ ਮੈਪ ਕੀਤੇ 552 ਟਿਕਾਣਿਆਂ ’ਤੇ ਇਕੱਠੇ ਛਾਪੇਮਾਰੀ ਕੀਤੀ।
ਇਹ ਮੁਹਿੰਮ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਗੌਰਵ ਯਾਦਵ ਵੱਲੋਂ 20 ਜਨਵਰੀ 2026 ਨੂੰ ਸ਼ੁਰੂ ਕੀਤੀ ਗਈ ਸੀ। ਇਸ ਦਾ ਮੁੱਖ ਉਦੇਸ਼ ਸੂਬੇ ਵਿੱਚ ਗੈਂਗਸਟਰਾਂ ਦੇ ਨੈੱਟਵਰਕ ਨੂੰ ਤੋੜਨਾ, ਉਨ੍ਹਾਂ ਦੇ ਸਾਥੀਆਂ ’ਤੇ ਸ਼ਿਕੰਜਾ ਕੱਸਣਾ ਅਤੇ ਸੰਗਠਿਤ ਅਪਰਾਧ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣਾ ਹੈ। ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਲਗਾਤਾਰ ਵਿਸ਼ੇਸ਼ ਅਭਿਆਨ ਚਲਾਏ ਜਾ ਰਹੇ ਹਨ।
354 ਵਿਅਕਤੀ ਗ੍ਰਿਫ਼ਤਾਰ, ਹਥਿਆਰ ਵੀ ਬਰਾਮਦ
ਮੁਹਿੰਮ ਦੇ 217ਵੇਂ ਦਿਨ ਕੀਤੀ ਗਈ ਕਾਰਵਾਈ ਦੌਰਾਨ ਪੰਜਾਬ ਪੁਲਿਸ ਨੇ 354 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਪੁਲਿਸ ਨੇ ਇਨ੍ਹਾਂ ਕੋਲੋਂ 3 ਹਥਿਆਰ ਵੀ ਬਰਾਮਦ ਕੀਤੇ ਹਨ। ਇਨ੍ਹਾਂ ਗ੍ਰਿਫ਼ਤਾਰੀਆਂ ਨਾਲ 20 ਜਨਵਰੀ ਤੋਂ ਸ਼ੁਰੂ ਹੋਈ ਇਸ ਮੁਹਿੰਮ ਤਹਿਤ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਕੁੱਲ ਗਿਣਤੀ 64,572 ਹੋ ਗਈ ਹੈ।
ਇਸ ਤੋਂ ਇਲਾਵਾ ਪੁਲਿਸ ਨੇ 177 ਵਿਅਕਤੀਆਂ ਖ਼ਿਲਾਫ਼ ਇਹਤਿਆਤੀ ਕਾਰਵਾਈ ਵੀ ਕੀਤੀ। ਕਾਰਵਾਈ ਦੌਰਾਨ 6 ਭਗੌੜੇ ਅਪਰਾਧੀਆਂ (POs) ਨੂੰ ਵੀ ਕਾਬੂ ਕੀਤਾ ਗਿਆ।
ਪੰਜਾਬ ਪੁਲਿਸ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਗੈਂਗਸਟਰਾਂ ਜਾਂ ਲੋੜੀਂਦੇ ਅਪਰਾਧੀਆਂ ਬਾਰੇ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ। ਇਸ ਲਈ ਪੁਲਿਸ ਵੱਲੋਂ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਜਾਰੀ ਕੀਤਾ ਗਿਆ ਹੈ। ਲੋਕ ਇਸ ਨੰਬਰ ’ਤੇ ਗੁਪਤ ਤਰੀਕੇ ਨਾਲ ਅਪਰਾਧੀਆਂ ਬਾਰੇ ਸੂਚਨਾ ਦੇ ਸਕਦੇ ਹਨ ਅਤੇ ਅਪਰਾਧਿਕ ਗਤੀਵਿਧੀਆਂ ਨਾਲ ਸਬੰਧਤ ਜਾਣਕਾਰੀ ਵੀ ਸਾਂਝੀ ਕਰ ਸਕਦੇ ਹਨ।
ਨਸ਼ਿਆਂ ਖ਼ਿਲਾਫ਼ ਵੀ ਪੁਲਿਸ ਦੀ ਕਾਰਵਾਈ ਜਾਰੀ
ਇਸੇ ਦੌਰਾਨ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵੀ 542ਵੇਂ ਦਿਨ ਜਾਰੀ ਰਹੀ। ਅੱਜ ਦੀ ਕਾਰਵਾਈ ਦੌਰਾਨ ਪੁਲਿਸ ਨੇ 83 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ ਪੁਲਿਸ ਨੇ 11.3 ਕਿਲੋ ਹੈਰੋਇਨ, 5 ਕਿਲੋ ਭੁੱਕੀ, 326 ਨਸ਼ੀਲੀਆਂ ਗੋਲੀਆਂ ਅਤੇ 2,700 ਰੁਪਏ ਦੀ ਡਰੱਗ ਮਨੀ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਇਸ ਕਾਰਵਾਈ ਨਾਲ ਮੁਹਿੰਮ ਦੇ 542 ਦਿਨਾਂ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 76,484 ਤੱਕ ਪਹੁੰਚ ਗਈ ਹੈ।
ਨਸ਼ਾ ਛੱਡਣ ਲਈ ਲੋਕਾਂ ਨੂੰ ਕੀਤਾ ਜਾ ਰਿਹਾ ਪ੍ਰੇਰਿਤ
ਪੰਜਾਬ ਪੁਲਿਸ ਵੱਲੋਂ ਸਿਰਫ਼ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਹੀ ਨਹੀਂ ਕੀਤੀ ਜਾ ਰਹੀ, ਸਗੋਂ ਨਸ਼ੇ ਦੀ ਲਤ ਨਾਲ ਜੂਝ ਰਹੇ ਲੋਕਾਂ ਨੂੰ ਇਲਾਜ ਅਤੇ ਮੁੜ ਵਸੇਬੇ ਵੱਲ ਲਿਆਉਣ ਲਈ ਵੀ ਯਤਨ ਕੀਤੇ ਜਾ ਰਹੇ ਹਨ।
ਇਸੇ ਮੁਹਿੰਮ ਤਹਿਤ ਅੱਜ ਪੁਲਿਸ ਟੀਮਾਂ ਨੇ 12 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ। ਪੁਲਿਸ ਦਾ ਉਦੇਸ਼ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਤੋੜਨ ਦੇ ਨਾਲ-ਨਾਲ ਨਸ਼ੇ ਦੀ ਲਤ ਤੋਂ ਪੀੜਤ ਵਿਅਕਤੀਆਂ ਨੂੰ ਇਲਾਜ ਅਤੇ ਆਮ ਜੀਵਨ ਵੱਲ ਵਾਪਸ ਲਿਆਉਣਾ ਵੀ ਹੈ।
ਪੰਜਾਬ ਪੁਲਿਸ ਵੱਲੋਂ ਦੋਵਾਂ ਮੁਹਿੰਮਾਂ ਤਹਿਤ ਕੀਤੀ ਜਾ ਰਹੀ ਕਾਰਵਾਈ ਦਾ ਕੇਂਦਰ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਦੇ ਨੈੱਟਵਰਕ ਨੂੰ ਕਮਜ਼ੋਰ ਕਰਨਾ, ਅਪਰਾਧਿਕ ਗਤੀਵਿਧੀਆਂ ’ਤੇ ਰੋਕ ਲਗਾਉਣਾ ਅਤੇ ਸੂਬੇ ਵਿੱਚ ਸੁਰੱਖਿਅਤ ਮਾਹੌਲ ਯਕੀਨੀ ਬਣਾਉਣਾ ਹੈ।
