
ਗੋਇੰਦਵਾਲ ਸਾਹਿਬ, 26 ਅਗਸਤ: ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਸਤਿਕਾਰ ਸਖੀਆਂ’ ਲਈ ਵੱਡਾ ਐਲਾਨ ਕਰਦਿਆਂ 1.37 ਲੱਖ ਸਤਿਕਾਰ ਸਖੀਆਂ ਦੇ ਖਾਤਿਆਂ ਵਿੱਚ 52.20 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਤਬਦੀਲ ਕੀਤੀ। ਮੁੱਖ ਮੰਤਰੀ ਨੇ ਇਸ ਪਹਿਲਕਦਮੀ ਨੂੰ ਰੱਖੜੀ ਮੌਕੇ ਭੈਣਾਂ ਲਈ ਵਿਸ਼ੇਸ਼ ਤੋਹਫ਼ਾ ਦੱਸਦਿਆਂ ਕਿਹਾ ਕਿ ਉਨ੍ਹਾਂ ਨੇ ‘ਭਰਾ’ ਵਜੋਂ ਆਪਣਾ ਫ਼ਰਜ਼ ਨਿਭਾਇਆ ਹੈ।
ਗੋਇੰਦਵਾਲ ਸਾਹਿਬ ਵਿਖੇ ਕਰਵਾਏ ਗਏ ‘ਸਤਿਕਾਰ ਸਖੀ ਸਨਮਾਨ ਸਮਾਰੋਹ’ ਨੂੰ ਵਰਚੁਅਲ ਤੌਰ ’ਤੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਪੰਜਾਬ ਦੇ ਹਰ ਘਰ ਤੱਕ ਪਹੁੰਚਾਉਣ ਵਿੱਚ ਸਤਿਕਾਰ ਸਖੀਆਂ ਨੇ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਦੀ ਮਿਹਨਤ ਸਦਕਾ ਹੀ ਯੋਜਨਾ ਤਹਿਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਸੰਭਵ ਹੋ ਸਕੀ ਹੈ ਅਤੇ ਯੋਗ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਸਨਮਾਨ ਰਾਸ਼ੀ ਪਹੁੰਚਾਉਣ ਦਾ ਕੰਮ ਤੇਜ਼ੀ ਨਾਲ ਅੱਗੇ ਵਧਿਆ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ ਹੁਣ ਤੱਕ ਇਸ ਯੋਜਨਾ ਤਹਿਤ 76.11 ਲੱਖ ਔਰਤਾਂ ਰਜਿਸਟਰਡ ਹੋ ਚੁੱਕੀਆਂ ਹਨ, ਜਿਨ੍ਹਾਂ ਵਿੱਚੋਂ 68.06 ਲੱਖ ਔਰਤਾਂ ਦੇ ਬੈਂਕ ਖਾਤਿਆਂ ਵਿੱਚ 2,381 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਤਬਦੀਲ ਕੀਤੀ ਜਾ ਚੁੱਕੀ ਹੈ। ਸਰਕਾਰ ਨੇ ਇਸ ਯੋਜਨਾ ਨਾਲ ਕੁੱਲ ਇੱਕ ਕਰੋੜ ਔਰਤਾਂ ਨੂੰ ਜੋੜਨ ਦਾ ਟੀਚਾ ਨਿਰਧਾਰਤ ਕੀਤਾ ਹੈ।
ਉਨ੍ਹਾਂ ਕਿਹਾ ਕਿ 18 ਸਾਲ ਤੋਂ ਵੱਧ ਉਮਰ ਦੀਆਂ ਯੋਗ ਔਰਤਾਂ ਨੂੰ ਹਰ ਮਹੀਨੇ 1,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ, ਜਦਕਿ ਅਨੁਸੂਚਿਤ ਜਾਤੀ ਨਾਲ ਸਬੰਧਤ ਯੋਗ ਮਹਿਲਾਵਾਂ ਨੂੰ 1,500 ਰੁਪਏ ਮਿਲ ਰਹੇ ਹਨ। ਇਹ ਰਾਸ਼ੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾ ਰਹੀ ਹੈ। ਸਰਕਾਰ ਵੱਲੋਂ ਇਸ ਯੋਜਨਾ ਲਈ ਬਜਟ ਵਿੱਚ 9,300 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ।
ਸਤਿਕਾਰ ਸਖੀਆਂ ਦੀ ਭੂਮਿਕਾ ਦੀ ਕੀਤੀ ਸ਼ਲਾਘਾ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਤਿਕਾਰ ਸਖੀਆਂ ਨੇ ਘਰ-ਘਰ ਜਾ ਕੇ ਔਰਤਾਂ ਨੂੰ ਯੋਜਨਾ ਬਾਰੇ ਜਾਣਕਾਰੀ ਦੇਣ, ਫਾਰਮ ਭਰਨ ਅਤੇ ਰਜਿਸਟ੍ਰੇਸ਼ਨ ਕਰਵਾਉਣ ਵਿੱਚ ਮਦਦ ਕੀਤੀ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਸਰਕਾਰੀ ਯੋਜਨਾ ਲਈ ਰਜਿਸਟ੍ਰੇਸ਼ਨ ਦਾ ਕੰਮ ਨਹੀਂ, ਸਗੋਂ ਔਰਤਾਂ ਨੂੰ ਉਨ੍ਹਾਂ ਦੇ ਹੱਕਾਂ ਅਤੇ ਸਰਕਾਰੀ ਸਹੂਲਤਾਂ ਨਾਲ ਜੋੜਨ ਦੀ ਇੱਕ ਮਹੱਤਵਪੂਰਨ ਸਮਾਜਿਕ ਜ਼ਿੰਮੇਵਾਰੀ ਵੀ ਹੈ।
ਉਨ੍ਹਾਂ ਦੱਸਿਆ ਕਿ ਸਤਿਕਾਰ ਸਖੀਆਂ ਨੂੰ ਹਰ ਰਜਿਸਟ੍ਰੇਸ਼ਨ ਲਈ ਕੁੱਲ 300 ਰੁਪਏ ਦਿੱਤੇ ਜਾਣਗੇ। ਇਸ ਤਹਿਤ 100 ਰੁਪਏ ਪ੍ਰਤੀ ਰਜਿਸਟ੍ਰੇਸ਼ਨ ਦੇ ਹਿਸਾਬ ਨਾਲ 52.20 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕੀਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਇੱਕ ਕਰੋੜ ਔਰਤਾਂ ਨੂੰ ਯੋਜਨਾ ਨਾਲ ਜੋੜਨ ਦਾ ਟੀਚਾ ਪੂਰਾ ਹੁੰਦਾ ਹੈ ਤਾਂ ਸਤਿਕਾਰ ਸਖੀਆਂ ਇਸ ਮੁਹਿੰਮ ਰਾਹੀਂ 200 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕਰ ਸਕਣਗੀਆਂ।
ਭਗਵੰਤ ਮਾਨ ਨੇ ਸਤਿਕਾਰ ਸਖੀਆਂ ਨੂੰ ਅਪੀਲ ਕੀਤੀ ਕਿ ਉਹ ਸਿਰਫ਼ ਰਜਿਸਟ੍ਰੇਸ਼ਨ ਕਰਵਾਉਣ ਤੱਕ ਆਪਣੀ ਭੂਮਿਕਾ ਸੀਮਤ ਨਾ ਰੱਖਣ, ਸਗੋਂ ਜਿਨ੍ਹਾਂ ਪਰਿਵਾਰਾਂ ਨੂੰ ਉਨ੍ਹਾਂ ਨੇ ਯੋਜਨਾ ਨਾਲ ਜੋੜਿਆ ਹੈ, ਉਨ੍ਹਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਅਤੇ ਲੋੜ ਪੈਣ ’ਤੇ ਉਨ੍ਹਾਂ ਦੀ ਮਦਦ ਕਰਨ।
‘ਮਹਿਲਾਵਾਂ ਨੂੰ ਮਾਣ-ਸਤਿਕਾਰ ਅਤੇ ਆਤਮ-ਨਿਰਭਰਤਾ ਦੇਣਾ ਸਰਕਾਰ ਦੀ ਤਰਜੀਹ’
ਮੁੱਖ ਮੰਤਰੀ ਨੇ ਕਿਹਾ ਕਿ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਉਦੇਸ਼ ਸਿਰਫ਼ ਵਿੱਤੀ ਸਹਾਇਤਾ ਦੇਣਾ ਨਹੀਂ, ਸਗੋਂ ਔਰਤਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਕੇ ਉਨ੍ਹਾਂ ਦੇ ਸਵੈ-ਮਾਣ ਨੂੰ ਹੋਰ ਮਜ਼ਬੂਤ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਰਾਸ਼ੀ ਸ਼ਾਇਦ ਕਿਸੇ ਔਰਤ ਨੂੰ ਅਮੀਰ ਨਾ ਬਣਾਵੇ, ਪਰ ਇਸ ਨਾਲ ਉਸਨੂੰ ਆਪਣੀਆਂ ਛੋਟੀਆਂ-ਵੱਡੀਆਂ ਲੋੜਾਂ ਪੂਰੀਆਂ ਕਰਨ ਵਿੱਚ ਸਹਾਇਤਾ ਮਿਲੇਗੀ ਅਤੇ ਉਸ ਦੇ ਮਾਣ-ਸਨਮਾਨ ਵਿੱਚ ਵਾਧਾ ਹੋਵੇਗਾ।
ਉਨ੍ਹਾਂ ਕਿਹਾ ਕਿ ਔਰਤਾਂ ਦੀ ਆਰਥਿਕ ਆਜ਼ਾਦੀ ਪਰਿਵਾਰ ਦੀ ਭਲਾਈ, ਲਿੰਗ ਸਮਾਨਤਾ ਅਤੇ ਸਮਾਜਿਕ ਤੇ ਆਰਥਿਕ ਫ਼ੈਸਲਿਆਂ ਵਿੱਚ ਉਨ੍ਹਾਂ ਦੀ ਭੂਮਿਕਾ ਵਧਾਉਣ ਲਈ ਬਹੁਤ ਜ਼ਰੂਰੀ ਹੈ। ਪੰਜਾਬ ਸਰਕਾਰ ਔਰਤਾਂ ਦੀ ਭਲਾਈ ਅਤੇ ਸਸ਼ਕਤੀਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਇਸ ਦਿਸ਼ਾ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਜਦੋਂ ਤੱਕ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਵਰਗੀ ਲੋਕ-ਭਲਾਈ ਦੀ ਪਹਿਲਕਦਮੀ ਬੰਦ ਨਹੀਂ ਕੀਤੀ ਜਾਵੇਗੀ। ਉਨ੍ਹਾਂ ਆਸ ਪ੍ਰਗਟਾਈ ਕਿ ਲਾਭਪਾਤਰੀ ਔਰਤਾਂ ਮਿਲਣ ਵਾਲੀ ਵਿੱਤੀ ਸਹਾਇਤਾ ਦੀ ਵਰਤੋਂ ਆਪਣੀਆਂ ਜ਼ਰੂਰੀ ਲੋੜਾਂ, ਦਵਾਈਆਂ, ਕੱਪੜਿਆਂ ਜਾਂ ਕਰਜ਼ੇ ਦੀ ਅਦਾਇਗੀ ਆਦਿ ਲਈ ਸਮਝਦਾਰੀ ਨਾਲ ਕਰਨਗੀਆਂ।
ਡਾ. ਅਮਨਦੀਪ ਕੌਰ ਨੇ ਸਤਿਕਾਰ ਸਖੀਆਂ ਦੇ ਯੋਗਦਾਨ ਨੂੰ ਸਰਾਹਿਆ
ਇਸ ਮੌਕੇ ਆਪ ਪੰਜਾਬ ਮਹਿਲਾ ਵਿੰਗ ਦੀ ਪ੍ਰਧਾਨ ਅਤੇ ਵਿਧਾਇਕਾ ਡਾ. ਅਮਨਦੀਪ ਕੌਰ ਨੇ ਕਿਹਾ ਕਿ ਸਤਿਕਾਰ ਸਖੀਆਂ ਅਤੇ ਮਹਿਲਾ ਵਿੰਗ ਦੀਆਂ ਵਰਕਰਾਂ ਨੇ ਪੰਜਾਬ ਭਰ ਦੀਆਂ ਔਰਤਾਂ ਤੱਕ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਪਹੁੰਚਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ।
ਉਨ੍ਹਾਂ ਕਿਹਾ ਕਿ ਸਤਿਕਾਰ ਸਖੀਆਂ ਸਿਰਫ਼ ਫਾਰਮ ਭਰਨ ਅਤੇ ਰਜਿਸਟ੍ਰੇਸ਼ਨ ਕਰਵਾਉਣ ਵਿੱਚ ਮਦਦ ਨਹੀਂ ਕਰ ਰਹੀਆਂ, ਸਗੋਂ ਔਰਤਾਂ ਨੂੰ ਸਰਕਾਰੀ ਯੋਜਨਾਵਾਂ ਨਾਲ ਜੋੜ ਕੇ ਉਨ੍ਹਾਂ ਦੀ ਜ਼ਿੰਦਗੀ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਦਾ ਕੰਮ ਕਰ ਰਹੀਆਂ ਹਨ।
ਡਾ. ਅਮਨਦੀਪ ਕੌਰ ਨੇ ਕਿਹਾ ਕਿ ਮੌਜੂਦਾ ਸਰਕਾਰ ਨੇ ਔਰਤਾਂ ਨੂੰ ਵੱਖ-ਵੱਖ ਖੇਤਰਾਂ ਵਿੱਚ ਅੱਗੇ ਵਧਣ ਦੇ ਮੌਕੇ ਦਿੱਤੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਔਰਤਾਂ ਨੂੰ ਚੋਣ ਪ੍ਰਕਿਰਿਆ, ਰੋਜ਼ਗਾਰ ਅਤੇ ਪ੍ਰਸ਼ਾਸਨਿਕ ਜ਼ਿੰਮੇਵਾਰੀਆਂ ਵਿੱਚ ਵਧੇਰੇ ਮੌਕੇ ਮਿਲੇ ਹਨ ਅਤੇ ਪੰਜਾਬ ਵਿੱਚ ਮਹਿਲਾ ਵਿਧਾਇਕਾਂ ਤੋਂ ਲੈ ਕੇ ਚੇਅਰਪਰਸਨ, ਡੀ.ਸੀ. ਅਤੇ ਐਸ.ਐਸ.ਪੀ. ਵਰਗੇ ਅਹੁਦਿਆਂ ਤੱਕ ਔਰਤਾਂ ਆਪਣੀਆਂ ਜ਼ਿੰਮੇਵਾਰੀਆਂ ਨਿਭਾ ਰਹੀਆਂ ਹਨ।
ਉਨ੍ਹਾਂ ਮਹਿਲਾ ਵਿੰਗ ਦੀ ਟੀਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜ਼ਮੀਨੀ ਪੱਧਰ ’ਤੇ ਪਾਰਟੀ ਦੀਆਂ ਗਤੀਵਿਧੀਆਂ ਅਤੇ ਸਰਕਾਰੀ ਯੋਜਨਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਵਿੱਚ ਮਹਿਲਾ ਵਿੰਗ ਦੀ ਭੂਮਿਕਾ ਅਹਿਮ ਰਹੀ ਹੈ।
ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ’ਤੇ ਚਾਨਣਾ
ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਹਰਭਜਨ ਸਿੰਘ ਈ.ਟੀ.ਓ. ਨੇ ਵੀ ਸਮਾਗਮ ਦੌਰਾਨ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਵਿਕਾਸ ਲਈ ਕੀਤੇ ਜਾ ਰਹੇ ਕੰਮਾਂ ਦਾ ਜ਼ਿਕਰ ਕੀਤਾ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਸਮਾਜ ਦੇ ਵੱਖ-ਵੱਖ ਵਰਗਾਂ ਲਈ ਚਲਾਈਆਂ ਜਾ ਰਹੀਆਂ ਭਲਾਈ ਯੋਜਨਾਵਾਂ ਦੀ ਸ਼ਲਾਘਾ ਕੀਤੀ।
ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਪੰਜਾਬ ਦੇ ਹਰ ਵਰਗ ਤੱਕ ਸਰਕਾਰੀ ਸਹੂਲਤਾਂ ਅਤੇ ਲੋਕ-ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣਾ ਹੈ। ਸਮਾਗਮ ਵਿੱਚ ਵਿਧਾਇਕਾ ਡਾ. ਅਮਨਦੀਪ ਕੌਰ, ਡਾ. ਜੀਵਨਜੋਤ ਕੌਰ, ਇੰਦਰਜੀਤ ਕੌਰ ਤੋਂ ਇਲਾਵਾ ਕੈਬਨਿਟ ਮੰਤਰੀ ਅਮਨ ਅਰੋੜਾ, ਹਰਭਜਨ ਸਿੰਘ ਈ.ਟੀ.ਓ., ਹੋਰ ਵਿਧਾਇਕ ਅਤੇ ਵੱਡੀ ਗਿਣਤੀ ਵਿੱਚ ਪਤਵੰਤੇ ਹਾਜ਼ਰ ਸਨ।
