Saturday, September 12Punjabi People

ਪੰਜਾਬ ਦੇ 1,746 ਹੋਰ ਨੌਜਵਾਨ ਬਣੇ ਪੁਲਿਸ ਮੁਲਾਜ਼ਮ, CM ਭਗਵੰਤ ਮਾਨ ਨੇ ਸੌਂਪੇ ਨਿਯੁਕਤੀ ਪੱਤਰ

ਜਲੰਧਰ, 27 ਅਗਸਤ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਪੰਜਾਬ ਪੁਲਿਸ ਵਿੱਚ ਨਵੀਂ ਭਰਤੀ ਹੋਏ 1,746 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਹ ਸਮਾਗਮ ਜਲੰਧਰ ਦੇ ਪੀ.ਏ.ਪੀ. ਗਰਾਊਂਡ ਵਿਖੇ ਹੋਈ ਪਾਸਿੰਗ ਆਊਟ ਪਰੇਡ ਦੌਰਾਨ ਕਰਵਾਇਆ ਗਿਆ। ਮੁੱਖ ਮੰਤਰੀ ਨੇ ਇਸ ਮੌਕੇ ਨਵੇਂ ਭਰਤੀ ਹੋਏ ਜਵਾਨਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਇਮਾਨਦਾਰੀ, ਸਮਰਪਣ ਅਤੇ ਪੇਸ਼ੇਵਰ ਭਾਵਨਾ ਨਾਲ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਭਰਤੀ ਸੂਬਾ ਸਰਕਾਰ ਦੀ ‘ਬਿਨਾਂ ਰਿਸ਼ਵਤ, ਬਿਨਾਂ ਸਿਫ਼ਾਰਸ਼’ ਅਤੇ ਨਿਰੋਲ ਮੈਰਿਟ ਦੇ ਆਧਾਰ ’ਤੇ ਸਰਕਾਰੀ ਨੌਕਰੀਆਂ ਦੇਣ ਦੀ ਨੀਤੀ ਦਾ ਹਿੱਸਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਹੁਣ ਤੱਕ 70,840 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਭਰਤੀ ਪ੍ਰਕਿਰਿਆ ਨੂੰ ਪਾਰਦਰਸ਼ੀ ਰੱਖਣ ’ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ ਤਾਂ ਜੋ ਯੋਗਤਾ ਦੇ ਆਧਾਰ ’ਤੇ ਨੌਜਵਾਨਾਂ ਨੂੰ ਸਰਕਾਰੀ ਸੇਵਾ ਵਿੱਚ ਆਉਣ ਦਾ ਮੌਕਾ ਮਿਲ ਸਕੇ।

ਪੰਜਾਬ ਪੁਲਿਸ ਵਿੱਚ ਹੁਣ ਤੱਕ 13,092 ਭਰਤੀਆਂ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਪੰਜਾਬ ਪੁਲਿਸ ਦੇ ਵੱਖ-ਵੱਖ ਰੈਂਕਾਂ ਵਿੱਚ 13,092 ਨੌਜਵਾਨਾਂ ਦੀ ਭਰਤੀ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ 3,298 ਕਾਂਸਟੇਬਲਾਂ ਦੀ ਭਰਤੀ ਪ੍ਰਕਿਰਿਆ ਵੀ ਜਾਰੀ ਹੈ।

ਉਨ੍ਹਾਂ ਕਿਹਾ ਕਿ ਪੁਲਿਸ ਫੋਰਸ ਨੂੰ ਮਜ਼ਬੂਤ ਕਰਨ ਲਈ ਸਰਕਾਰ ਵੱਲੋਂ ਲਗਾਤਾਰ ਨਵੇਂ ਕਦਮ ਚੁੱਕੇ ਜਾ ਰਹੇ ਹਨ। ਸਾਲ 2022 ਤੋਂ ਹੁਣ ਤੱਕ ਪੁਲਿਸ ਫੋਰਸ ਨੂੰ ਮਜ਼ਬੂਤ ਕਰਨ ਅਤੇ ਆਧੁਨਿਕ ਬਣਾਉਣ ਲਈ 15,000 ਤੋਂ ਵੱਧ ਨਿਯੁਕਤੀ ਪੱਤਰ ਜਾਰੀ ਕੀਤੇ ਗਏ ਹਨ। ਨਵੇਂ ਭਰਤੀ ਹੋਏ ਜਵਾਨਾਂ ਨੂੰ ਡਿਊਟੀ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਉਣ ਲਈ ਆਧੁਨਿਕ ਵਾਹਨ ਅਤੇ ਲੋੜੀਂਦੇ ਸਾਧਨ ਵੀ ਮੁਹੱਈਆ ਕਰਵਾਏ ਜਾ ਰਹੇ ਹਨ।

1,600 ਨਵੀਆਂ ਪੁਲਿਸ ਅਸਾਮੀਆਂ ਨੂੰ ਮਨਜ਼ੂਰੀ

ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਪੁਲਿਸ ਦੇ ਜ਼ਿਲ੍ਹਾ ਕਾਡਰ ਵਿੱਚ 1,600 ਨਵੀਆਂ ਅਸਾਮੀਆਂ ਨੂੰ ਮਨਜ਼ੂਰੀ ਦਿੱਤੀ ਹੈ। ਇਨ੍ਹਾਂ ਵਿੱਚ 150 ਇੰਸਪੈਕਟਰ, 450 ਸਬ-ਇੰਸਪੈਕਟਰ ਅਤੇ 1,000 ਸਹਾਇਕ ਸਬ-ਇੰਸਪੈਕਟਰ (ASI) ਦੀਆਂ ਅਸਾਮੀਆਂ ਸ਼ਾਮਲ ਹਨ।

ਉਨ੍ਹਾਂ ਕਿਹਾ ਕਿ ਇਹ ਅਸਾਮੀਆਂ ਵਿਭਾਗੀ ਤਰੱਕੀਆਂ ਰਾਹੀਂ ਭਰੀਆਂ ਜਾਣਗੀਆਂ, ਜਿਸ ਨਾਲ ਮੌਜੂਦਾ ਪੁਲਿਸ ਮੁਲਾਜ਼ਮਾਂ ਨੂੰ ਆਪਣੇ ਕਰੀਅਰ ਵਿੱਚ ਅੱਗੇ ਵਧਣ ਦੇ ਮੌਕੇ ਮਿਲਣਗੇ। ਉਨ੍ਹਾਂ ਕਿਹਾ ਕਿ ਪੁਲਿਸ ਅਧਿਕਾਰੀਆਂ ਨੂੰ ਉਨ੍ਹਾਂ ਦੀ ਮੈਰਿਟ ਅਤੇ ਨਿਰਧਾਰਤ ਵਾਰੀ ਅਨੁਸਾਰ ਤਰੱਕੀਆਂ ਦੇਣ ਦੀ ਪ੍ਰਕਿਰਿਆ ਨੂੰ ਤਰਜੀਹ ਦਿੱਤੀ ਜਾ ਰਹੀ ਹੈ।

ਪੰਜਾਬ ਪੁਲਿਸ ਦੀ ਜ਼ਿੰਮੇਵਾਰੀ ਹੋਰ ਵੀ ਵੱਡੀ: CM

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਇੱਕ ਸਰਹੱਦੀ ਸੂਬਾ ਹੋਣ ਕਰਕੇ ਪੰਜਾਬ ਪੁਲਿਸ ਦੀ ਜ਼ਿੰਮੇਵਾਰੀ ਹੋਰ ਵੀ ਵਧ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੀ ਲਗਭਗ 532 ਕਿਲੋਮੀਟਰ ਲੰਬੀ ਅੰਤਰਰਾਸ਼ਟਰੀ ਸਰਹੱਦ ਹੈ ਅਤੇ ਪੁਲਿਸ ਨੂੰ ਸੂਬੇ ਵਿੱਚ ਅਮਨ-ਸ਼ਾਂਤੀ ਕਾਇਮ ਰੱਖਣ ਦੇ ਨਾਲ-ਨਾਲ ਰਾਸ਼ਟਰੀ ਸੁਰੱਖਿਆ ਨਾਲ ਜੁੜੀਆਂ ਚੁਣੌਤੀਆਂ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਹਮੇਸ਼ਾ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਅਤੇ ਸੂਬੇ ਵਿੱਚ ਸ਼ਾਂਤੀ ਬਣਾਈ ਰੱਖਣ ਲਈ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਨਵੇਂ ਜਵਾਨਾਂ ਨੂੰ ਵੀ ਪੁਲਿਸ ਦੀ ਇਸ ਵਿਰਾਸਤ ਨੂੰ ਅੱਗੇ ਵਧਾਉਣ ਅਤੇ ਹਰ ਸਥਿਤੀ ਵਿੱਚ ਲੋਕਾਂ ਦੀ ਸੁਰੱਖਿਆ ਨੂੰ ਪਹਿਲ ਦੇਣ ਲਈ ਕਿਹਾ ਗਿਆ।

ਨਸ਼ਿਆਂ ਖ਼ਿਲਾਫ਼ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਦਾ ਸੱਦਾ

ਮੁੱਖ ਮੰਤਰੀ ਨੇ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਾ ਤਸਕਰੀ ਖ਼ਿਲਾਫ਼ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸ਼ੁਰੂ ਕੀਤੀ ਹੋਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਿਛਲੇ ਕਰੀਬ 500 ਦਿਨਾਂ ਦੌਰਾਨ 70,000 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਨਾਲ ਜੁੜੇ ਲੋਕਾਂ ਦੀਆਂ ਜਾਇਦਾਦਾਂ ਖ਼ਿਲਾਫ਼ ਵੀ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ। ਨਵੇਂ ਭਰਤੀ ਹੋਏ ਪੁਲਿਸ ਜਵਾਨਾਂ ਨੂੰ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰਨ ਦੀ ਲੜਾਈ ਵਿੱਚ ਸਰਗਰਮ ਭੂਮਿਕਾ ਨਿਭਾਉਣ ਅਤੇ ਪੁਲਿਸ ਦੀ ਸ਼ਾਨਦਾਰ ਰਵਾਇਤ ਨੂੰ ਕਾਇਮ ਰੱਖਣ।

ਸੜਕ ਸੁਰੱਖਿਆ ਫੋਰਸ ਨਾਲ ਹਾਦਸਿਆਂ ਵਿੱਚ ਕਮੀ ਦਾ ਦਾਅਵਾ

ਮੁੱਖ ਮੰਤਰੀ ਨੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਸੜਕ ਸੁਰੱਖਿਆ ਫੋਰਸ (SSF) ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਨੇ ਰਾਜ ਅਤੇ ਕੌਮੀ ਮਾਰਗਾਂ ’ਤੇ ਸੜਕ ਹਾਦਸਿਆਂ ਨੂੰ ਘਟਾਉਣ ਅਤੇ ਕੀਮਤੀ ਜਾਨਾਂ ਬਚਾਉਣ ਲਈ ਦੇਸ਼ ਦੀ ਪਹਿਲੀ ਸਮਰਪਿਤ ਸੜਕ ਸੁਰੱਖਿਆ ਫੋਰਸ ਸ਼ੁਰੂ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਇਸ ਫੋਰਸ ਵਿੱਚ ਲੜਕੀਆਂ ਸਮੇਤ ਵਿਸ਼ੇਸ਼ ਤੌਰ ’ਤੇ ਸਿਖਲਾਈ ਪ੍ਰਾਪਤ ਜਵਾਨਾਂ ਨੂੰ ਸ਼ਾਮਲ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਆਧੁਨਿਕ ਵਾਹਨਾਂ ਨਾਲ ਲੈਸ ਕੀਤਾ ਗਿਆ ਹੈ। ਇਹ ਫੋਰਸ ਕਰੀਬ 4,200 ਕਿਲੋਮੀਟਰ ਦੇ ਹਾਦਸਾ-ਸੰਭਾਵਿਤ ਰਾਜਮਾਰਗਾਂ ’ਤੇ ਤਾਇਨਾਤ ਹੈ। ਮੁੱਖ ਮੰਤਰੀ ਨੇ ਸਰਕਾਰੀ ਅੰਕੜਿਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ SSF ਦੇ ਗਠਨ ਤੋਂ ਬਾਅਦ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਵਿੱਚ 52.87 ਫੀਸਦੀ ਦੀ ਕਮੀ ਦਰਜ ਕੀਤੀ ਗਈ ਹੈ।

ਪੁਲਿਸ ਨੂੰ ਆਧੁਨਿਕ ਤਕਨਾਲੋਜੀ ਨਾਲ ਲੈਸ ਕਰਨ ’ਤੇ ਜ਼ੋਰ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਪਰਾਧ ਦੇ ਬਦਲਦੇ ਰੂਪ ਨਾਲ ਨਜਿੱਠਣ ਲਈ ਪੁਲਿਸ ਫੋਰਸ ਨੂੰ ਜਾਂਚ, ਵਿਗਿਆਨ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਲਗਾਤਾਰ ਅਪਗ੍ਰੇਡ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਆਧੁਨਿਕ ਸਾਧਨਾਂ ਅਤੇ ਤਕਨੀਕ ਦੀ ਵਰਤੋਂ ਨਾਲ ਪੁਲਿਸ ਦੀ ਜਾਂਚ ਸਮਰੱਥਾ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਸਕਦਾ ਹੈ।

ਉਨ੍ਹਾਂ ਨਵੇਂ ਭਰਤੀ ਹੋਏ ਜਵਾਨਾਂ ਨੂੰ ਕਿਹਾ ਕਿ ਪੁਲਿਸ ਦੀ ਵਰਦੀ ਨਾਲ ਉਨ੍ਹਾਂ ’ਤੇ ਵੱਡੀ ਜ਼ਿੰਮੇਵਾਰੀ ਆਉਂਦੀ ਹੈ। ਉਨ੍ਹਾਂ ਦਾ ਸਭ ਤੋਂ ਪਹਿਲਾ ਫਰਜ਼ ਆਮ ਲੋਕਾਂ ਦੀ ਸੁਰੱਖਿਆ, ਭਲਾਈ ਅਤੇ ਉਨ੍ਹਾਂ ਨੂੰ ਨਿਆਂ ਦਿਵਾਉਣਾ ਹੋਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਦੇ ਲੋੜਵੰਦ ਅਤੇ ਪਛੜੇ ਵਰਗਾਂ ਦੀ ਮਦਦ ਲਈ ਆਪਣੀ ਡਿਊਟੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣ।

ਮੁੱਖ ਮੰਤਰੀ ਨੇ ਕਿਹਾ ਕਿ ਸਧਾਰਨ ਪਰਿਵਾਰਾਂ ਨਾਲ ਸਬੰਧਤ ਨੌਜਵਾਨਾਂ ਨੇ ਆਪਣੀ ਮਿਹਨਤ, ਲਗਨ ਅਤੇ ਯੋਗਤਾ ਨਾਲ ਇਹ ਮੁਕਾਮ ਹਾਸਲ ਕੀਤਾ ਹੈ। ਉਨ੍ਹਾਂ ਉਮੀਦ ਜਤਾਈ ਕਿ ਨਵੇਂ ਜਵਾਨ ਆਉਣ ਵਾਲੇ ਸਮੇਂ ਵਿੱਚ ਆਪਣੀ ਡਿਊਟੀ ਨੂੰ ਪੂਰੀ ਵਚਨਬੱਧਤਾ ਨਾਲ ਨਿਭਾਉਂਦੇ ਹੋਏ ਪੰਜਾਬ ਪੁਲਿਸ ਦਾ ਨਾਮ ਰੌਸ਼ਨ ਕਰਨਗੇ।

ਇਸ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਡੀਜੀਪੀ ਗੌਰਵ ਯਾਦਵ ਸਮੇਤ ਕਈ ਹੋਰ ਅਧਿਕਾਰੀ ਅਤੇ ਸ਼ਖ਼ਸੀਅਤਾਂ ਮੌਜੂਦ ਸਨ।

Leave a Reply

Your email address will not be published. Required fields are marked *