Saturday, September 12Punjabi People

ਰੱਖੜ ਪੁੰਨਿਆ ਮੌਕੇ CM ਮਾਨ ਦਾ ਵੱਡਾ ਐਲਾਨ, 5.30 ਲੱਖ ਹੋਰ ਔਰਤਾਂ ਦੇ ਖਾਤਿਆਂ ’ਚ 181.50 ਕਰੋੜ ਰੁਪਏ ਟਰਾਂਸਫ਼ਰ

ਬਾਬਾ ਬਕਾਲਾ ਸਾਹਿਬ, 28 ਅਗਸਤ 2026: ਰੱਖੜ ਪੁੰਨਿਆ ਦੇ ਪਵਿੱਤਰ ਮੌਕੇ ਪੰਜਾਬ ਸਰਕਾਰ ਨੇ ਸੂਬੇ ਦੀਆਂ ਔਰਤਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 5.30 ਲੱਖ ਹੋਰ ਮਹਿਲਾ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਤਿੰਨ ਮਹੀਨਿਆਂ ਦੀ ‘ਸਤਿਕਾਰ ਰਾਸ਼ੀ’ ਵਜੋਂ 181.50 ਕਰੋੜ ਰੁਪਏ ਦੀ ਰਕਮ ਸਿੱਧੀ ਟਰਾਂਸਫ਼ਰ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਾਬਾ ਬਕਾਲਾ ਸਾਹਿਬ ਵਿਖੇ ਕਰਵਾਏ ਰੱਖੜ ਪੁੰਨਿਆ ਸਮਾਗਮ ਦੌਰਾਨ ਇਹ ਰਕਮ ਜਾਰੀ ਕੀਤੀ।

ਇਸ ਨਵੀਂ ਕਿਸ਼ਤ ਦੇ ਜਾਰੀ ਹੋਣ ਨਾਲ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੇ ਕੁੱਲ ਲਾਭਪਾਤਰੀਆਂ ਦੀ ਗਿਣਤੀ ਵਧ ਕੇ 70.92 ਲੱਖ ਹੋ ਗਈ ਹੈ। ਸਰਕਾਰ ਵੱਲੋਂ ਯੋਜਨਾ ਦਾ ਦਾਇਰਾ ਹੋਰ ਵਧਾਉਂਦਿਆਂ ਸੂਬੇ ਦੀਆਂ ਲਗਭਗ ਇੱਕ ਕਰੋੜ ਔਰਤਾਂ ਨੂੰ ਇਸ ਦੇ ਘੇਰੇ ਵਿੱਚ ਲਿਆਉਣ ਲਈ ਕੰਮ ਕੀਤਾ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਯੋਜਨਾ ਦੀ ਰਜਿਸਟ੍ਰੇਸ਼ਨ ਵਿੱਚ ਮਦਦ ਕਰਨ ਵਾਲੀਆਂ 1.38 ਲੱਖ ‘ਸਤਿਕਾਰ ਸਖੀਆਂ’ ਨੂੰ ਹੁਣ ਤੱਕ 51 ਕਰੋੜ ਰੁਪਏ ਮਾਣ-ਭੱਤੇ ਵਜੋਂ ਦਿੱਤੇ ਜਾ ਚੁੱਕੇ ਹਨ। ਇਸ ਤੋਂ ਇਲਾਵਾ ਆਂਗਣਵਾੜੀ ਵਰਕਰਾਂ ਨੂੰ ਵੀ 25 ਕਰੋੜ ਰੁਪਏ ਦੀ ਰਕਮ ਦਿੱਤੀ ਜਾਵੇਗੀ।

ਰੱਖੜ ਪੁੰਨਿਆ ’ਤੇ ਪੰਜਾਬੀਆਂ ਨੂੰ ਵਧਾਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਾਬਾ ਬਕਾਲਾ ਸਾਹਿਬ ਤੋਂ ਸਮੂਹ ਪੰਜਾਬੀਆਂ ਨੂੰ ਰੱਖੜ ਪੁੰਨਿਆ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਰੱਖੜੀ ਮੌਕੇ ਭੈਣਾਂ ਨਾਲ ਕੀਤਾ ਵਾਅਦਾ ਨਿਭਾਉਂਦਿਆਂ ਅੱਜ ਹਜ਼ਾਰਾਂ ਹੋਰ ਔਰਤਾਂ ਦੇ ਖਾਤਿਆਂ ਵਿੱਚ ਸਤਿਕਾਰ ਰਾਸ਼ੀ ਭੇਜੀ ਗਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਪਹਿਲਕਦਮੀਆਂ ਕਾਰਨ ਸੂਬਾ ਵਿਕਾਸ ਦੀ ਰਾਹ ’ਤੇ ਅੱਗੇ ਵੱਧ ਰਿਹਾ ਹੈ। ਉਨ੍ਹਾਂ ਮੁਤਾਬਕ 90 ਫ਼ੀਸਦੀ ਤੋਂ ਵੱਧ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ, ਕਿਸਾਨਾਂ ਨੂੰ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਜਾ ਰਿਹਾ ਹੈ ਅਤੇ ਹਜ਼ਾਰਾਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।

ਅਕਾਲੀ ਦਲ ’ਤੇ CM ਮਾਨ ਦਾ ਤਿੱਖਾ ਨਿਸ਼ਾਨਾ

ਸਮਾਗਮ ਦੌਰਾਨ ਮੁੱਖ ਮੰਤਰੀ ਨੇ ਅਕਾਲੀ ਦਲ ’ਤੇ ਤਿੱਖੇ ਸਿਆਸੀ ਹਮਲੇ ਕੀਤੇ। ਉਨ੍ਹਾਂ ਦੋਸ਼ ਲਾਇਆ ਕਿ ਕੁਝ ਸਿਆਸੀ ਆਗੂ ਧਰਮ ਦੀ ਆੜ ਵਿੱਚ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸੂਝਵਾਨ ਲੋਕ ਅਜਿਹੀਆਂ ਸਿਆਸੀ ਚਾਲਾਂ ਨੂੰ ਸਮਝਦੇ ਹਨ ਅਤੇ ਕਿਸੇ ਦੇ ਗੁੰਮਰਾਹਕੁੰਨ ਪ੍ਰਚਾਰ ਵਿੱਚ ਨਹੀਂ ਆਉਣਗੇ।

ਅਕਾਲੀ ਦਲ ਨੂੰ ਨਿਸ਼ਾਨੇ ’ਤੇ ਲੈਂਦਿਆਂ ਮੁੱਖ ਮੰਤਰੀ ਨੇ ਬੇਅਦਬੀ, ਨਸ਼ਿਆਂ ਅਤੇ ਮਾਫ਼ੀਆ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਪਿਛਲੀਆਂ ਸਰਕਾਰਾਂ ’ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਪਿਛਲੇ ਸਮੇਂ ਦੀ ਸਿਆਸਤ ਨੂੰ ਨਕਾਰਦਿਆਂ 2022 ਵਿੱਚ ਆਮ ਆਦਮੀ ਪਾਰਟੀ ਨੂੰ ਇਤਿਹਾਸਕ ਫ਼ਤਵਾ ਦਿੱਤਾ ਸੀ।

ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ ਦਲ ਹੁਣ ਸੱਤਾ ਹਾਸਲ ਕਰਨ ਲਈ ਭਾਜਪਾ ਨਾਲ ਗੱਠਜੋੜ ਕਰਨ ਲਈ ਉਤਾਵਲਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਦਾ ਮਕਸਦ ਲੋਕ ਭਲਾਈ ਨਹੀਂ, ਸਗੋਂ ਸੱਤਾ ਹਾਸਲ ਕਰਨਾ ਹੈ।

ਭਾਜਪਾ ਨੂੰ ਲੈ ਕੇ ਵੀ CM ਮਾਨ ਨੇ ਵਿੰਨ੍ਹਿਆ ਨਿਸ਼ਾਨਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਜਪਾ ’ਤੇ ਵੀ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਕਿਸਾਨ ਅੰਦੋਲਨ ਦੌਰਾਨ ਵਾਪਰੀਆਂ ਘਟਨਾਵਾਂ ਨੂੰ ਨਹੀਂ ਭੁੱਲੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਗੁਰੂ ਸਾਹਿਬਾਨ, ਸੰਤਾਂ-ਮਹਾਪੁਰਸ਼ਾਂ ਅਤੇ ਸ਼ਹੀਦਾਂ ਦੀ ਧਰਤੀ ਹੈ ਅਤੇ ਭਾਜਪਾ ਨੂੰ ਪੰਜਾਬ ਵਿੱਚ ਸੱਤਾ ਹਾਸਲ ਕਰਨ ਦੇ ਸੁਪਨੇ ਨਹੀਂ ਦੇਖਣੇ ਚਾਹੀਦੇ।

ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਹੱਕਾਂ ਅਤੇ ਸੂਬੇ ਦੇ ਵਿਕਾਸ ਨਾਲ ਸਬੰਧਤ ਕਈ ਮਾਮਲਿਆਂ ਵਿੱਚ ਅਨਿਆਂ ਕੀਤਾ ਗਿਆ ਹੈ। ਉਨ੍ਹਾਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ, ਭਾਖੜਾ ਡੈਮ ਅਤੇ ਦਰਿਆਈ ਪਾਣੀਆਂ ਸਮੇਤ ਪੰਜਾਬ ਦੇ ਹੱਕਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਆਪਣੇ ਹੱਕਾਂ ਨੂੰ ਲੈ ਕੇ ਪੂਰੀ ਤਰ੍ਹਾਂ ਜਾਗਰੂਕ ਹਨ।

ਕਾਂਗਰਸ ਦੀ ਅੰਦਰੂਨੀ ਖਿੱਚੋਤਾਣ ’ਤੇ ਵੀ ਨਿਸ਼ਾਨਾ

ਕਾਂਗਰਸ ’ਤੇ ਹਮਲਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਾਰਟੀ ਦੇ ਆਗੂ ਆਪਸੀ ਸਿਆਸੀ ਖਿੱਚੋਤਾਣ ਵਿੱਚ ਉਲਝੇ ਹੋਏ ਹਨ, ਜਦਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਲੜਾਈ ਕਿਸੇ ਅਹੁਦੇ ਜਾਂ ਸੱਤਾ ਲਈ ਨਹੀਂ, ਸਗੋਂ ਪੰਜਾਬ ਵਿੱਚ ਮਿਆਰੀ ਸਿੱਖਿਆ, ਬਿਹਤਰ ਸਿਹਤ ਸਹੂਲਤਾਂ, ਰੁਜ਼ਗਾਰ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਹੈ।

90 ਫ਼ੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਦਾ ਦਾਅਵਾ

ਮੁੱਖ ਮੰਤਰੀ ਨੇ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਕਿਹਾ ਕਿ ਪੰਜਾਬ ਦੇ 90 ਫ਼ੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਦੀ ਸਹੂਲਤ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮੁਹੱਈਆ ਕਰਵਾਉਣਾ ਵੀ ਸਰਕਾਰ ਦੀਆਂ ਅਹਿਮ ਪਹਿਲਕਦਮੀਆਂ ਵਿੱਚੋਂ ਇੱਕ ਹੈ।

ਉਨ੍ਹਾਂ ਕਿਹਾ ਕਿ ਸਰਕਾਰੀ ਖ਼ਜ਼ਾਨੇ ਦਾ ਪੈਸਾ ਲੋਕਾਂ ਦਾ ਹੈ ਅਤੇ ਸਰਕਾਰ ਵੱਲੋਂ ਇਸ ਨੂੰ ਲੋਕ ਭਲਾਈ, ਵਿਕਾਸ ਕਾਰਜਾਂ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ ’ਤੇ ਖ਼ਰਚਿਆ ਜਾ ਰਿਹਾ ਹੈ।

70 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ

ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਨੇ 70,000 ਤੋਂ ਵੱਧ ਨੌਜਵਾਨਾਂ ਨੂੰ ਬਿਨਾਂ ਰਿਸ਼ਵਤ ਅਤੇ ਸਿਫ਼ਾਰਸ਼ ਦੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਕਰਨਾ ਹੈ।

ਇਸੇ ਮਕਸਦ ਤਹਿਤ ਸੂਬੇ ਭਰ ਵਿੱਚ 3,100 ਖੇਡ ਸਟੇਡੀਅਮ ਬਣਾਉਣ ਦੀ ਪ੍ਰਕਿਰਿਆ ਦਾ ਵੀ ਮੁੱਖ ਮੰਤਰੀ ਨੇ ਜ਼ਿਕਰ ਕੀਤਾ।

ਸਿੱਖਿਆ ਖੇਤਰ ਨੂੰ ਸਰਕਾਰ ਦੀ ਤਰਜੀਹ

ਮੁੱਖ ਮੰਤਰੀ ਨੇ ਸਿੱਖਿਆ ਨੂੰ ਪੰਜਾਬ ਸਰਕਾਰ ਦੀਆਂ ਮੁੱਖ ਤਰਜੀਹਾਂ ਵਿੱਚੋਂ ਇੱਕ ਦੱਸਿਆ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਸਕੂਲ ਆਫ਼ ਐਮੀਨੈਂਸ, ਅਧਿਆਪਕ ਸਿਖਲਾਈ ਅਤੇ ਹੋਰ ਕਈ ਉਪਰਾਲੇ ਕੀਤੇ ਜਾ ਰਹੇ ਹਨ।

ਉਨ੍ਹਾਂ ਦਾਅਵਾ ਕੀਤਾ ਕਿ 2021 ਵਿੱਚ ਸਰਕਾਰੀ ਸਕੂਲਾਂ ਦੇ ਸਿਰਫ਼ 80 ਵਿਦਿਆਰਥੀਆਂ ਨੇ NEET ਪ੍ਰੀਖਿਆ ਪਾਸ ਕੀਤੀ ਸੀ, ਜਦਕਿ 2026 ਵਿੱਚ ਇਹ ਗਿਣਤੀ ਵਧ ਕੇ 882 ਹੋ ਗਈ ਹੈ। ਉਨ੍ਹਾਂ ਕਿਹਾ ਕਿ ਇਹ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਵਿੱਚ ਹੋ ਰਹੇ ਸੁਧਾਰ ਦਾ ਸੰਕੇਤ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਮੁਫ਼ਤ ਸਹੂਲਤਾਂ ਗਰੀਬੀ ਅਤੇ ਸਮਾਜਿਕ ਬੁਰਾਈਆਂ ਦਾ ਸਥਾਈ ਹੱਲ ਨਹੀਂ ਹਨ। ਉਨ੍ਹਾਂ ਮੁਤਾਬਕ ਸਿੱਖਿਆ ਹੀ ਉਹ ਸਾਧਨ ਹੈ ਜੋ ਲੋਕਾਂ ਨੂੰ ਆਤਮਨਿਰਭਰ ਬਣਾ ਕੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕ ਸਕਦੀ ਹੈ।

1,587 ਪਿੰਡਾਂ ਦੇ ਖੇਤਾਂ ਤੱਕ ਪਹੁੰਚਿਆ ਨਹਿਰੀ ਪਾਣੀ

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ 1,587 ਪਿੰਡਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ 7,200 ਕਰੋੜ ਰੁਪਏ ਖ਼ਰਚ ਕੀਤੇ ਹਨ।

ਉਨ੍ਹਾਂ ਮੁਤਾਬਕ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਨਹਿਰੀ ਸਿੰਚਾਈ ਅਧੀਨ ਰਕਬਾ 26 ਫ਼ੀਸਦੀ ਤੋਂ ਵਧ ਕੇ 80 ਫ਼ੀਸਦੀ ਹੋ ਗਿਆ ਹੈ। ਇਸ ਤੋਂ ਇਲਾਵਾ ਸੂਬੇ ਵਿੱਚ ਲਗਭਗ 45,000 ਕਿਲੋਮੀਟਰ ਸੜਕਾਂ ਦੀ ਮੁਰੰਮਤ ਅਤੇ ਨਵੀਨੀਕਰਨ ਦਾ ਕੰਮ ਵੀ ਕੀਤਾ ਜਾ ਰਿਹਾ ਹੈ।

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ

ਮੁੱਖ ਮੰਤਰੀ ਨੇ ਸੂਬੇ ਵਿੱਚ ਸਿਹਤ ਸਹੂਲਤਾਂ ਦੇ ਵਿਸਥਾਰ ਦਾ ਜ਼ਿਕਰ ਕਰਦਿਆਂ ਕਿਹਾ ਕਿ ‘ਮੁੱਖ ਮੰਤਰੀ ਸਿਹਤ ਯੋਜਨਾ’ ਰਾਹੀਂ ਪੰਜਾਬ ਦੇ ਹਰੇਕ ਵਸਨੀਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਉਪਲਬਧ ਕਰਵਾਉਣ ਦੇ ਨਾਲ-ਨਾਲ ਮਹਿੰਗੇ ਇਲਾਜ ਕਾਰਨ ਪੈਣ ਵਾਲੇ ਵਿੱਤੀ ਬੋਝ ਨੂੰ ਘਟਾਉਣਾ ਹੈ।

‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਦਾਇਰਾ ਵਧਾਉਣ ਦਾ ਟੀਚਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਸਰਕਾਰ ਵੱਲੋਂ ਪੰਜਾਬ ਦੀਆਂ ਔਰਤਾਂ ਨੂੰ ਸਿੱਧੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ 70.92 ਲੱਖ ਔਰਤਾਂ ਇਸ ਯੋਜਨਾ ਦਾ ਲਾਭ ਲੈ ਚੁੱਕੀਆਂ ਹਨ ਅਤੇ ਸਰਕਾਰ ਦਾ ਟੀਚਾ ਇਸ ਦਾ ਦਾਇਰਾ ਵਧਾ ਕੇ ਇੱਕ ਕਰੋੜ ਔਰਤਾਂ ਤੱਕ ਕਰਨਾ ਹੈ।

ਉਨ੍ਹਾਂ ਕਿਹਾ ਕਿ ਰੱਖੜ ਪੁੰਨਿਆ ਦੇ ਮੌਕੇ ਜਾਰੀ ਕੀਤੀ ਗਈ 181.50 ਕਰੋੜ ਰੁਪਏ ਦੀ ਰਕਮ ਔਰਤਾਂ ਦੇ ਸਸ਼ਕਤੀਕਰਨ ਵੱਲ ਇੱਕ ਹੋਰ ਕਦਮ ਹੈ।

ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ, ਡਾ. ਬਲਜੀਤ ਕੌਰ, ਹਰਭਜਨ ਸਿੰਘ ਈ.ਟੀ.ਓ., ਲਾਲ ਚੰਦ ਕਟਾਰੂਚੱਕ, ਗੁਰਮੀਤ ਸਿੰਘ ਖੁੱਡੀਆਂ, ਹਰਦੀਪ ਸਿੰਘ ਮੁੰਡੀਆਂ, ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਸਮੇਤ ਕਈ ਹੋਰ ਆਗੂ ਅਤੇ ਅਧਿਕਾਰੀ ਹਾਜ਼ਰ ਸਨ।

Leave a Reply

Your email address will not be published. Required fields are marked *