
ਚੰਡੀਗੜ੍ਹ, 1 ਸਤੰਬਰ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਸਭ ਤੋਂ ਵੱਡੇ ਖੇਡ ਮੇਲੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਚੌਥੇ ਸੀਜ਼ਨ ਦੀਆਂ ਤਿਆਰੀਆਂ ਨੂੰ ਲੈ ਕੇ ਸੀਨੀਅਰ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਖੇਡ ਮੁਕਾਬਲਿਆਂ ਨੂੰ ਸੁਚਾਰੂ, ਪਾਰਦਰਸ਼ੀ ਅਤੇ ਬਿਹਤਰ ਢੰਗ ਨਾਲ ਕਰਵਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।
‘ਖੇਡਾਂ ਵਤਨ ਪੰਜਾਬ ਦੀਆਂ-2026’ ਦਾ ਚੌਥਾ ਸੀਜ਼ਨ 5 ਸਤੰਬਰ ਨੂੰ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਤੋਂ ਸ਼ੁਰੂ ਹੋਵੇਗਾ। ਇਸ ਵਾਰ ਇਨ੍ਹਾਂ ਖੇਡਾਂ ਵਿੱਚ ਕਰੀਬ 10 ਲੱਖ ਖਿਡਾਰੀਆਂ ਦੇ ਹਿੱਸਾ ਲੈਣ ਦੀ ਉਮੀਦ ਹੈ। ਖੇਡ ਮਹਾਕੁੰਭ ਦੌਰਾਨ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ 38 ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ, ਜਦਕਿ ਪੈਰਾ ਖਿਡਾਰੀਆਂ ਲਈ ਵੀ ਚਾਰ ਵਿਸ਼ੇਸ਼ ਖੇਡਾਂ ਸ਼ਾਮਲ ਕੀਤੀਆਂ ਗਈਆਂ ਹਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਮੁੱਖ ਮਕਸਦ ਪੰਜਾਬ ਦੇ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚ ਮੌਜੂਦ ਲੁਕੇ ਹੋਏ ਖੇਡ ਹੁਨਰ ਨੂੰ ਸਾਹਮਣੇ ਲਿਆਉਣਾ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਪੰਜਾਬ ਨੂੰ ਮੁੜ ਦੇਸ਼ ਦਾ ਮੋਹਰੀ ਖੇਡ ਸੂਬਾ ਬਣਾਉਣਾ ਅਤੇ ਇੱਥੋਂ ਦੇ ਖਿਡਾਰੀਆਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਲਈ ਤਿਆਰ ਕਰਨਾ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ ਇਸ ਵਾਰ ਇਨ੍ਹਾਂ ਖੇਡਾਂ ਵਿੱਚ 14 ਸਾਲ ਤੋਂ ਲੈ ਕੇ 70 ਸਾਲ ਤੋਂ ਵੱਧ ਉਮਰ ਤੱਕ ਦੇ ਖਿਡਾਰੀਆਂ ਲਈ 9 ਉਮਰ ਵਰਗ ਬਣਾਏ ਗਏ ਹਨ। ਇਸ ਨਾਲ ਵੱਖ-ਵੱਖ ਉਮਰ ਵਰਗਾਂ ਦੇ ਲੋਕਾਂ ਨੂੰ ਖੇਡਾਂ ਵਿੱਚ ਆਪਣੀ ਪ੍ਰਤਿਭਾ ਦਿਖਾਉਣ ਅਤੇ ਸਰਗਰਮ ਭਾਗੀਦਾਰੀ ਕਰਨ ਦਾ ਮੌਕਾ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਖੇਡਾਂ ਸਿਰਫ਼ ਮੁਕਾਬਲੇ ਨਹੀਂ, ਸਗੋਂ ਪੰਜਾਬ ਦੇ ਲੋਕਾਂ ਨੂੰ ਖੇਡਾਂ ਰਾਹੀਂ ਇਕਜੁੱਟ ਕਰਨ ਦਾ ਵੀ ਇੱਕ ਵੱਡਾ ਮੰਚ ਹਨ।
ਉਨ੍ਹਾਂ ਕਿਹਾ ਕਿ ਪਿਛਲੇ ਸੀਜ਼ਨਾਂ ਦੌਰਾਨ ਇਨ੍ਹਾਂ ਖੇਡਾਂ ਵਿੱਚ ਇੱਕੋ ਪਰਿਵਾਰ ਦੀਆਂ ਤਿੰਨ ਪੀੜ੍ਹੀਆਂ—ਦਾਦਾ, ਪੁੱਤਰ ਅਤੇ ਪੋਤੇ—ਵੱਲੋਂ ਇਕੱਠੇ ਹਿੱਸਾ ਲੈਣ ਦੀਆਂ ਉਦਾਹਰਣਾਂ ਵੀ ਸਾਹਮਣੇ ਆਈਆਂ ਹਨ। ਇਸ ਤਰ੍ਹਾਂ ‘ਖੇਡਾਂ ਵਤਨ ਪੰਜਾਬ ਦੀਆਂ’ ਨੇ ਉਮਰ ਦੀਆਂ ਹੱਦਾਂ ਤੋਂ ਉੱਪਰ ਉੱਠ ਕੇ ਹਰ ਵਰਗ ਨੂੰ ਖੇਡਾਂ ਨਾਲ ਜੋੜਨ ਦਾ ਕੰਮ ਕੀਤਾ ਹੈ।
ਪੈਰਾ ਖਿਡਾਰੀਆਂ ਲਈ ਵੀ ਵਿਸ਼ੇਸ਼ ਮੌਕੇ
ਇਸ ਸੀਜ਼ਨ ਵਿੱਚ ਪੈਰਾ ਖਿਡਾਰੀਆਂ ਦੀ ਭਾਗੀਦਾਰੀ ਨੂੰ ਵੀ ਵਿਸ਼ੇਸ਼ ਤਰਜੀਹ ਦਿੱਤੀ ਗਈ ਹੈ। ਪੈਰਾ-ਖੇਡਾਂ ਵਿੱਚ ਐਥਲੈਟਿਕਸ, ਪਾਵਰਲਿਫਟਿੰਗ, ਬੈਡਮਿੰਟਨ ਅਤੇ ਵ੍ਹੀਲਚੇਅਰ ਬਾਸਕਟਬਾਲ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਨਾਲ ਦਿਵਿਆਂਗ ਖਿਡਾਰੀਆਂ ਨੂੰ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਵੱਡਾ ਮੰਚ ਮਿਲੇਗਾ।
ਇਸ ਤੋਂ ਇਲਾਵਾ, ਪਹਿਲੀ ਵਾਰ ਲੜਕਿਆਂ ਅਤੇ ਲੜਕੀਆਂ ਦੋਵਾਂ ਲਈ ਟੈਨਿਸ ਬਾਲ ਕ੍ਰਿਕਟ ਨੂੰ ਪ੍ਰਦਰਸ਼ਨੀ ਖੇਡ ਵਜੋਂ ਸ਼ਾਮਲ ਕੀਤਾ ਗਿਆ ਹੈ। ਇਸ ਪਹਿਲ ਦਾ ਉਦੇਸ਼ ਉੱਭਰ ਰਹੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਅਤੇ ਖੇਡ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕਰਨਾ ਹੈ।
ਰਜਿਸਟ੍ਰੇਸ਼ਨ ਪ੍ਰਕਿਰਿਆ ਹੋਈ ਹੋਰ ਆਸਾਨ
ਮੁੱਖ ਮੰਤਰੀ ਨੇ ਦੱਸਿਆ ਕਿ ਵੱਧ ਤੋਂ ਵੱਧ ਖਿਡਾਰੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਇਸ ਵਾਰ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਮੁਫ਼ਤ ਅਤੇ ਸਰਲ ਬਣਾਇਆ ਗਿਆ ਹੈ। ਖੇਡ ਵਿਭਾਗ ਵੱਲੋਂ ਪਹਿਲੀ ਵਾਰ ਕਿਊ.ਆਰ. ਕੋਡ ਅਧਾਰਿਤ ਰਜਿਸਟ੍ਰੇਸ਼ਨ ਦੀ ਸਹੂਲਤ ਸ਼ੁਰੂ ਕੀਤੀ ਗਈ ਹੈ, ਜਿਸ ਰਾਹੀਂ ਖਿਡਾਰੀ ਕਿਸੇ ਵੀ ਸਮੇਂ ਅਤੇ ਕਿਸੇ ਵੀ ਥਾਂ ਤੋਂ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।
ਖਿਡਾਰੀ ‘ਖੇਡਾਂ ਵਤਨ ਪੰਜਾਬ ਦੀਆਂ’ ਲਈ ਪੰਜਾਬ ਸਪੋਰਟਸ ਪੋਰਟਲ ਰਾਹੀਂ ਵੀ ਰਜਿਸਟਰ ਕਰ ਸਕਦੇ ਹਨ। ਸਰਕਾਰ ਮੁਤਾਬਕ ਰਜਿਸਟ੍ਰੇਸ਼ਨ ਦੀ ਇਹ ਪ੍ਰਕਿਰਿਆ ਬਹੁਤ ਤੇਜ਼ ਅਤੇ ਆਸਾਨ ਹੈ, ਜਿਸ ਨਾਲ ਖਿਡਾਰੀਆਂ ਨੂੰ ਕਿਸੇ ਦਫ਼ਤਰ ਜਾਂ ਹੋਰ ਥਾਂ ’ਤੇ ਜਾਣ ਦੀ ਲੋੜ ਨਹੀਂ ਪਵੇਗੀ।
ਮੁੱਖ ਮੰਤਰੀ ਨੇ ਪੰਜਾਬ ਦੇ ਨੌਜਵਾਨਾਂ ਅਤੇ ਖੇਡ ਪ੍ਰੇਮੀਆਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਇਨ੍ਹਾਂ ਖੇਡਾਂ ਵਿੱਚ ਹਿੱਸਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਤੰਦਰੁਸਤ ਰੱਖਣ ਦੇ ਨਾਲ-ਨਾਲ ਉਨ੍ਹਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ।
ਬਲਾਕ ਤੋਂ ਸੂਬਾ ਪੱਧਰ ਤੱਕ ਹੋਣਗੇ ਮੁਕਾਬਲੇ
ਇਨ੍ਹਾਂ ਖੇਡਾਂ ਦੇ ਮੁਕਾਬਲੇ ਬਲਾਕ, ਜ਼ਿਲ੍ਹਾ ਅਤੇ ਸੂਬਾ ਪੱਧਰ ’ਤੇ ਕਰਵਾਏ ਜਾਣਗੇ। ਮੁੱਖ ਮੰਤਰੀ ਅਨੁਸਾਰ ਪੰਜਾਬ ਦੇ ਸਾਰੇ 153 ਬਲਾਕਾਂ ਵਿੱਚ ਮੁਕਾਬਲੇ ਹੋਣਗੇ, ਜਦਕਿ ਜ਼ਿਲ੍ਹਾ ਪੱਧਰੀ ਮੁਕਾਬਲੇ ਸੂਬੇ ਦੇ 23 ਜ਼ਿਲ੍ਹਿਆਂ ਵਿੱਚ ਕਰਵਾਏ ਜਾਣਗੇ। ਇਸ ਤੋਂ ਬਾਅਦ ਸੂਬਾ ਪੱਧਰੀ ਮੁਕਾਬਲੇ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਆਯੋਜਿਤ ਕੀਤੇ ਜਾਣਗੇ।
‘ਖੇਡਾਂ ਵਤਨ ਪੰਜਾਬ ਦੀਆਂ-2026’ ਦਾ ਸਮਾਪਤੀ ਸਮਾਰੋਹ 29 ਨਵੰਬਰ ਨੂੰ ਪਟਿਆਲਾ ਵਿਖੇ ਹੋਵੇਗਾ।
ਜੇਤੂਆਂ ਲਈ ਨਕਦ ਇਨਾਮ
ਮੁੱਖ ਮੰਤਰੀ ਨੇ ਦੱਸਿਆ ਕਿ ਸੂਬਾ ਪੱਧਰੀ ਮੁਕਾਬਲਿਆਂ ਦੇ ਤਗਮਾ ਜੇਤੂ ਖਿਡਾਰੀਆਂ ਲਈ ਆਕਰਸ਼ਕ ਨਕਦ ਇਨਾਮਾਂ ਦੀ ਵੀ ਵਿਵਸਥਾ ਕੀਤੀ ਗਈ ਹੈ। ਸੋਨ ਤਗਮਾ ਜੇਤੂ ਨੂੰ 10,000 ਰੁਪਏ, ਚਾਂਦੀ ਤਗਮਾ ਜੇਤੂ ਨੂੰ 7,000 ਰੁਪਏ ਅਤੇ ਕਾਂਸੀ ਤਗਮਾ ਜੇਤੂ ਨੂੰ 5,000 ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ।
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖੇਡਾਂ ਦੌਰਾਨ ਖਿਡਾਰੀਆਂ ਲਈ ਖੇਡ ਮੈਦਾਨਾਂ, ਸੁਰੱਖਿਆ, ਬੁਨਿਆਦੀ ਸਹੂਲਤਾਂ ਅਤੇ ਹੋਰ ਜ਼ਰੂਰੀ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇ, ਤਾਂ ਜੋ ਖਿਡਾਰੀ ਬਿਨਾਂ ਕਿਸੇ ਦਿੱਕਤ ਦੇ ਆਪਣੀ ਖੇਡ ’ਤੇ ਧਿਆਨ ਕੇਂਦਰਿਤ ਕਰ ਸਕਣ।
ਮੀਟਿੰਗ ਵਿੱਚ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ, ਖੇਡ ਸਕੱਤਰ ਵਰੁਣ ਰੂਜਮ, ਵਿਸ਼ੇਸ਼ ਸਕੱਤਰ ਸੂਚਨਾ ਤੇ ਲੋਕ ਸੰਪਰਕ ਪੁਨੀਤ ਗੋਇਲ ਸਮੇਤ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।
