
ਚੰਡੀਗੜ੍ਹ, 1 ਸਤੰਬਰ 2026: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੋਮਵਾਰ ਨੂੰ ਵਿਧਾਨ ਸਭਾ ਵਿੱਚ ਸਦਨ ਦੀ ਮਰਿਆਦਾ ਅਤੇ ਗਰਿਮਾ ਕਾਇਮ ਰੱਖਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਵਿਧਾਨ ਸਭਾ ਸੂਬੇ ਦੇ ਵਿਕਾਸ, ਲੋਕ ਹਿੱਤ ਅਤੇ ਜਨਤਾ ਨਾਲ ਜੁੜੇ ਅਹਿਮ ਮੁੱਦਿਆਂ ’ਤੇ ਸਾਰਥਕ ਤੇ ਉਸਾਰੂ ਚਰਚਾ ਕਰਨ ਦਾ ਮੰਚ ਹੈ। ਉਨ੍ਹਾਂ ਕਿਹਾ ਕਿ ਸਦਨ ਦੀ ਗਰਿਮਾ ਨੂੰ ਬਣਾਈ ਰੱਖਣਾ ਸੱਤਾ ਧਿਰ ਅਤੇ ਵਿਰੋਧੀ ਧਿਰ ਸਮੇਤ ਹਰੇਕ ਮੈਂਬਰ ਦੀ ਸਾਂਝੀ ਜ਼ਿੰਮੇਵਾਰੀ ਹੈ।
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਭੂਪੇਂਦਰ ਸਿੰਘ ਹੁੱਡਾ ਵੱਲੋਂ ਉਠਾਏ ਗਏ ਮੁੱਦੇ ਦਾ ਜਵਾਬ ਦਿੰਦਿਆਂ ਕਿਹਾ ਕਿ ਹੁੱਡਾ ਵਿਧਾਨ ਸਭਾ ਦੇ ਬਹੁਤ ਸੀਨੀਅਰ ਅਤੇ ਸਨਮਾਨਯੋਗ ਮੈਂਬਰ ਹਨ। ਉਨ੍ਹਾਂ ਕਿਹਾ ਕਿ ਉਹ ਹੁੱਡਾ ਦੇ ਤਜਰਬੇ ਅਤੇ ਸੀਨੀਅਰਤਾ ਦਾ ਪੂਰਾ ਸਤਿਕਾਰ ਕਰਦੇ ਹਨ ਅਤੇ ਉਨ੍ਹਾਂ ਤੋਂ ਸਿੱਖਣ ਲਈ ਵੀ ਬਹੁਤ ਕੁਝ ਹੈ, ਪਰ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਲਈ ਅਪਣਾਇਆ ਗਿਆ ਰਸਤਾ ਵੱਖਰਾ ਹੈ।
ਸੈਣੀ ਨੇ ਕਿਹਾ ਕਿ ਉਨ੍ਹਾਂ ਦਾ ਭੂਪੇਂਦਰ ਸਿੰਘ ਹੁੱਡਾ ਜਾਂ ਕਿਸੇ ਹੋਰ ਮੈਂਬਰ ਦਾ ਅਪਮਾਨ ਕਰਨ ਦਾ ਕੋਈ ਇਰਾਦਾ ਨਹੀਂ ਸੀ। ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਵੱਲੋਂ ਸਦਨ ਵਿੱਚ ਕਹੀ ਗਈ ਗੱਲ ਨੂੰ ਪੂਰੇ ਸੰਦਰਭ ਅਤੇ ਵਿਧਾਨ ਸਭਾ ਦੀ ਕਾਰਵਾਈ ਦੇ ਆਧਾਰ ’ਤੇ ਦੇਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬਿਆਨ ਦੇ ਪੂਰੇ ਸੰਦਰਭ ਨੂੰ ਵੇਖਣ ਨਾਲ ਸਥਿਤੀ ਸਪੱਸ਼ਟ ਹੋ ਜਾਂਦੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸਦਨ ਦੀ ਕਾਰਵਾਈ ਦੌਰਾਨ ਵਿਰੋਧੀ ਧਿਰ ਦੇ ਕੁਝ ਮੈਂਬਰ ਵਾਰ-ਵਾਰ ਆਪਣੀਆਂ ਸੀਟਾਂ ਤੋਂ ਖੜ੍ਹੇ ਹੋ ਰਹੇ ਸਨ ਅਤੇ ਨਾਅਰੇਬਾਜ਼ੀ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਵਿੱਚ ਸੂਬੇ ਦੇ ਵਿਕਾਸ, ਲੋਕਾਂ ਦੀਆਂ ਸਮੱਸਿਆਵਾਂ ਅਤੇ ਜਨਹਿੱਤ ਨਾਲ ਜੁੜੇ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਹੋਣਾ ਚਾਹੀਦਾ ਹੈ, ਨਾ ਕਿ ਲਗਾਤਾਰ ਨਾਅਰੇਬਾਜ਼ੀ ਰਾਹੀਂ ਸਦਨ ਦੀ ਕਾਰਵਾਈ ਵਿੱਚ ਵਿਘਨ ਪਾਇਆ ਜਾਣਾ ਚਾਹੀਦਾ ਹੈ।
ਸੈਣੀ ਨੇ ਦੱਸਿਆ ਕਿ ਵਿਧਾਨ ਸਭਾ ਦੇ ਸਪੀਕਰ ਵੱਲੋਂ ਵੀ ਮੈਂਬਰਾਂ ਨੂੰ ਚੈਂਬਰ ਵਿੱਚ ਆ ਕੇ ਵੀਡੀਓ ਦੇਖਣ ਲਈ ਕਿਹਾ ਗਿਆ ਸੀ, ਤਾਂ ਜੋ ਪੂਰੇ ਮਾਮਲੇ ਅਤੇ ਬਿਆਨ ਦੇ ਸੰਦਰਭ ਨੂੰ ਸਮਝਿਆ ਜਾ ਸਕੇ। ਇਸ ਦੇ ਬਾਵਜੂਦ ਸਦਨ ਦੇ ਅੰਦਰ ਮੁੜ ਨਾਅਰੇਬਾਜ਼ੀ ਕੀਤੀ ਗਈ। ਉਨ੍ਹਾਂ ਕਿਹਾ ਕਿ ਅਜਿਹੇ ਮਾਹੌਲ ਵਿੱਚ ਸਦਨ ਦੀ ਗੰਭੀਰ ਕਾਰਵਾਈ ਪ੍ਰਭਾਵਿਤ ਹੁੰਦੀ ਹੈ ਅਤੇ ਲੋਕਾਂ ਨਾਲ ਜੁੜੇ ਮਹੱਤਵਪੂਰਨ ਮੁੱਦਿਆਂ ’ਤੇ ਚਰਚਾ ਕਰਨ ਦਾ ਮਕਸਦ ਪਿੱਛੇ ਰਹਿ ਜਾਂਦਾ ਹੈ।
ਮੁੱਖ ਮੰਤਰੀ ਨੇ ਆਪਣੇ ਬਿਆਨ ਦੀ ਵਿਆਖਿਆ ਕਰਦਿਆਂ ਕਿਹਾ ਕਿ ਕਾਂਗਰਸ ਦੇ ਮੈਂਬਰਾਂ ਵੱਲੋਂ ਲਗਾਤਾਰ ਇਹ ਨਾਅਰੇ ਲਗਾਏ ਜਾ ਰਹੇ ਸਨ ਕਿ “ਇਨ੍ਹਾਂ ਵੱਲੋਂ ਗੁੰਡਾਗਰਦੀ ਕੀਤੀ ਜਾ ਰਹੀ ਹੈ।” ਇਸ ਦੇ ਜਵਾਬ ਵਿੱਚ ਉਨ੍ਹਾਂ ਨੇ ਸਿਰਫ਼ ਇੰਨਾ ਕਿਹਾ ਸੀ ਕਿ “ਗੁੰਡਾਗਰਦੀ ਸਾਡੀ ਪਾਸਿਓਂ ਨਹੀਂ ਚੱਲ ਰਹੀ, ਤੁਹਾਡੀ ਪਾਸਿਓਂ ਚੱਲ ਰਹੀ ਹੈ।”
ਸੈਣੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਕਹੇ ਗਏ ਸ਼ਬਦ ਵਿਰੋਧੀ ਧਿਰ ਵੱਲੋਂ ਲਗਾਏ ਜਾ ਰਹੇ ਨਾਅਰਿਆਂ ਦੇ ਸੰਦਰਭ ਵਿੱਚ ਸਨ ਅਤੇ ਇਨ੍ਹਾਂ ਵਿੱਚ ਕੋਈ ਗ਼ੈਰ-ਸੰਸਦੀ ਸ਼ਬਦਾਵਲੀ ਨਹੀਂ ਵਰਤੀ ਗਈ। ਉਨ੍ਹਾਂ ਮੁੜ ਜ਼ੋਰ ਦਿੱਤਾ ਕਿ ਉਨ੍ਹਾਂ ਦਾ ਕਿਸੇ ਵੀ ਸੀਨੀਅਰ ਮੈਂਬਰ ਜਾਂ ਵਿਰੋਧੀ ਧਿਰ ਦੇ ਕਿਸੇ ਆਗੂ ਦਾ ਅਪਮਾਨ ਕਰਨ ਦਾ ਕੋਈ ਇਰਾਦਾ ਨਹੀਂ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਲੋਕਤੰਤਰ ਵਿੱਚ ਸੱਤਾ ਧਿਰ ਅਤੇ ਵਿਰੋਧੀ ਧਿਰ ਦੋਵਾਂ ਦੀ ਮਹੱਤਵਪੂਰਨ ਭੂਮਿਕਾ ਹੁੰਦੀ ਹੈ। ਇਸ ਲਈ ਸਾਰੇ ਮੈਂਬਰਾਂ ਨੂੰ ਆਪਸੀ ਸਨਮਾਨ ਕਾਇਮ ਰੱਖਦਿਆਂ ਸੂਬੇ ਦੇ ਵਿਕਾਸ ਅਤੇ ਲੋਕਾਂ ਦੇ ਹਿੱਤਾਂ ਨਾਲ ਜੁੜੇ ਮੁੱਦਿਆਂ ’ਤੇ ਗੰਭੀਰ ਅਤੇ ਉਸਾਰੂ ਚਰਚਾ ਨੂੰ ਤਰਜੀਹ ਦੇਣੀ ਚਾਹੀਦੀ ਹੈ।
