Saturday, September 12Punjabi People

‘ਯੁੱਧ ਨਸ਼ਿਆਂ ਵਿਰੁੱਧ’ ਦੇ 18 ਮਹੀਨੇ ਪੂਰੇ, ਪੰਜਾਬ ਪੁਲਿਸ ਨੇ 76,751 ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ

ਚੰਡੀਗੜ੍ਹ, 1 ਸਤੰਬਰ 2026: ਪੰਜਾਬ ਵਿੱਚ ਨਸ਼ਿਆਂ ਦੀ ਤਸਕਰੀ ਅਤੇ ਨਸ਼ੇ ਦੇ ਕਾਰੋਬਾਰ ਨੂੰ ਠੱਲ੍ਹ ਪਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੇ 18 ਮਹੀਨੇ ਪੂਰੇ ਕਰ ਲਏ ਹਨ। ਪੰਜਾਬ ਪੁਲਿਸ ਵੱਲੋਂ ਜਾਰੀ ਅੰਕੜਿਆਂ ਮੁਤਾਬਕ 1 ਮਾਰਚ 2025 ਤੋਂ ਹੁਣ ਤੱਕ ਨਸ਼ਾ ਤਸਕਰੀ ਨਾਲ ਸਬੰਧਤ ਮਾਮਲਿਆਂ ਵਿੱਚ 58,924 ਐਫਆਈਆਰ ਦਰਜ ਕਰਕੇ 76,751 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਪੁਲਿਸ ਵੱਲੋਂ ਇਸ ਕਾਰਵਾਈ ਦੌਰਾਨ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਵੀ ਬਰਾਮਦ ਕੀਤੇ ਗਏ ਹਨ। ਇਨ੍ਹਾਂ ਵਿੱਚ ਸਭ ਤੋਂ ਵੱਡੀ ਬਰਾਮਦਗੀ 3,776 ਕਿਲੋਗ੍ਰਾਮ ਹੈਰੋਇਨ ਦੀ ਹੋਈ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਨਸ਼ਾ ਤਸਕਰਾਂ ਦੇ ਨੈੱਟਵਰਕ ਨੂੰ ਤੋੜਨ ਲਈ ਜ਼ਮੀਨੀ ਪੱਧਰ ’ਤੇ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ।

ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਰੋਜ਼ਾਨਾ ਤਲਾਸ਼ੀ ਮੁਹਿੰਮ

ਮੁਹਿੰਮ ਦੀ ਸ਼ੁਰੂਆਤ ਤੋਂ ਹੀ ਪੰਜਾਬ ਪੁਲਿਸ ਵੱਲੋਂ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਰੋਜ਼ਾਨਾ ਇੱਕੋ ਸਮੇਂ ਤਲਾਸ਼ੀ ਅਭਿਆਨ ਚਲਾਏ ਜਾ ਰਹੇ ਹਨ।

ਇਨ੍ਹਾਂ ਅਭਿਆਨਾਂ ਤਹਿਤ ਪੁਲਿਸ ਵੱਲੋਂ ਸ਼ੱਕੀ ਵਿਅਕਤੀਆਂ, ਨਸ਼ਾ ਤਸਕਰਾਂ ਅਤੇ ਨਸ਼ੇ ਨਾਲ ਜੁੜੇ ਸੰਭਾਵਿਤ ਟਿਕਾਣਿਆਂ ਦੀ ਜਾਂਚ ਕੀਤੀ ਜਾਂਦੀ ਹੈ। ਪੁਲਿਸ ਦਾ ਮੁੱਖ ਉਦੇਸ਼ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨਾ ਅਤੇ ਤਸਕਰਾਂ ਦੇ ਨੈੱਟਵਰਕ ’ਤੇ ਲਗਾਤਾਰ ਦਬਾਅ ਬਣਾਈ ਰੱਖਣਾ ਹੈ।

ਹੈਰੋਇਨ ਤੋਂ ਇਲਾਵਾ ਵੱਡੀ ਮਾਤਰਾ ਵਿੱਚ ਹੋਰ ਨਸ਼ੇ ਵੀ ਜ਼ਬਤ

ਵਧੀਕ ਡੀਜੀਪੀ ਲਾਅ ਐਂਡ ਆਰਡਰ ਐਸ.ਪੀ.ਐਸ. ਪਰਮਾਰ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਹੈਰੋਇਨ ਤੋਂ ਇਲਾਵਾ ਵੀ ਵੱਖ-ਵੱਖ ਕਿਸਮ ਦੇ ਨਸ਼ੀਲੇ ਪਦਾਰਥ ਜ਼ਬਤ ਕੀਤੇ ਗਏ ਹਨ।

ਪੁਲਿਸ ਵੱਲੋਂ ਹੁਣ ਤੱਕ 944 ਕਿਲੋਗ੍ਰਾਮ ਅਫ਼ੀਮ, 448 ਕੁਇੰਟਲ ਭੁੱਕੀ, 129 ਕਿਲੋਗ੍ਰਾਮ ਚਰਸ, 1,298 ਕਿਲੋਗ੍ਰਾਮ ਗਾਂਜਾ ਅਤੇ 70 ਕਿਲੋਗ੍ਰਾਮ ਆਈਸ (ICE) ਬਰਾਮਦ ਕੀਤੀ ਗਈ ਹੈ।

ਇਸ ਤੋਂ ਇਲਾਵਾ 62.33 ਲੱਖ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਵੀ ਜ਼ਬਤ ਕੀਤੇ ਗਏ ਹਨ। ਨਸ਼ਾ ਤਸਕਰੀ ਤੋਂ ਪ੍ਰਾਪਤ ਹੋਣ ਵਾਲੀ ਗੈਰ-ਕਾਨੂੰਨੀ ਰਕਮ ’ਤੇ ਕਾਰਵਾਈ ਕਰਦਿਆਂ ਪੁਲਿਸ ਨੇ 21.99 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਵੀ ਜਾਰੀ

ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਕਾਰਵਾਈ ਦੇ ਨਾਲ-ਨਾਲ ਗੈਂਗਸਟਰਾਂ ਅਤੇ ਅਪਰਾਧਿਕ ਨੈੱਟਵਰਕਾਂ ਖ਼ਿਲਾਫ਼ ਵੀ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 224ਵੇਂ ਦਿਨ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 598 ਥਾਵਾਂ ’ਤੇ ਛਾਪੇਮਾਰੀ ਕੀਤੀ।

ਇਨ੍ਹਾਂ ਛਾਪੇਮਾਰੀਆਂ ਦੌਰਾਨ ਚਾਰ ਹਥਿਆਰਾਂ ਸਮੇਤ 370 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਤੋਂ ਇਲਾਵਾ 164 ਵਿਅਕਤੀਆਂ ਖ਼ਿਲਾਫ਼ ਇਹਤਿਆਤੀ ਕਾਰਵਾਈ ਕੀਤੀ ਗਈ, ਜਦਕਿ ਪੰਜ ਭਗੌੜੇ ਅਪਰਾਧੀਆਂ ਨੂੰ ਵੀ ਕਾਬੂ ਕੀਤਾ ਗਿਆ।

ਪੁਲਿਸ ਵੱਲੋਂ ਗੈਂਗਸਟਰਾਂ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਲੋਕਾਂ ਤੋਂ ਜਾਣਕਾਰੀ ਪ੍ਰਾਪਤ ਕਰਨ ਲਈ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਵੀ ਜਾਰੀ ਕੀਤਾ ਗਿਆ ਹੈ। ਲੋਕ ਇਸ ਨੰਬਰ ’ਤੇ ਲੋੜੀਂਦੇ ਅਪਰਾਧੀਆਂ, ਗੈਂਗਸਟਰਾਂ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਸਬੰਧੀ ਗੁਪਤ ਜਾਣਕਾਰੀ ਸਾਂਝੀ ਕਰ ਸਕਦੇ ਹਨ।

ਪੰਜਾਬ ਪੁਲਿਸ ਵੱਲੋਂ ਕਿਹਾ ਗਿਆ ਹੈ ਕਿ ਨਸ਼ਿਆਂ ਅਤੇ ਸੰਗਠਿਤ ਅਪਰਾਧ ਵਿਰੁੱਧ ਇਹ ਕਾਰਵਾਈ ਲਗਾਤਾਰ ਜਾਰੀ ਰਹੇਗੀ ਅਤੇ ਨਸ਼ਾ ਤਸਕਰੀ ਨਾਲ ਜੁੜੇ ਨੈੱਟਵਰਕਾਂ ਨੂੰ ਤੋੜਨ ਲਈ ਕਾਨੂੰਨ ਅਨੁਸਾਰ ਸਖ਼ਤ ਕਦਮ ਚੁੱਕੇ ਜਾਣਗੇ।

Leave a Reply

Your email address will not be published. Required fields are marked *