Saturday, September 12Punjabi People

ਪੰਜਾਬ ਸਰਕਾਰ ਦੀ ਬਾਲ ਵਿਆਹ ਖ਼ਿਲਾਫ਼ ਸਖ਼ਤ ਕਾਰਵਾਈ, ਸੂਬੇ ਵਿੱਚ 5 ਬਾਲ ਵਿਆਹ ਰੋਕੇ; 172 ਜਾਗਰੂਕਤਾ ਮੁਹਿੰਮਾਂ ਰਾਹੀਂ ਲੋਕਾਂ ਨੂੰ ਕੀਤਾ ਜਾਗਰੂਕ

ਚੰਡੀਗੜ੍ਹ, 4 ਸਤੰਬਰ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿੱਚ ਬਾਲ ਵਿਆਹ ਵਰਗੀ ਸਮਾਜਿਕ ਬੁਰਾਈ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਆਪਣੀਆਂ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਹਨ। ਸਰਕਾਰ ਵੱਲੋਂ ਬਾਲ ਵਿਆਹ ਦੇ ਮਾਮਲਿਆਂ ਦੀ ਪਛਾਣ ਕਰਕੇ ਸਮੇਂ ਸਿਰ ਦਖ਼ਲਅੰਦਾਜ਼ੀ ਅਤੇ ਕਾਨੂੰਨੀ ਕਾਰਵਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਇਸੇ ਮੁਹਿੰਮ ਤਹਿਤ ਸੂਬੇ ਵਿੱਚ ਹੁਣ ਤੱਕ 5 ਬਾਲ ਵਿਆਹਾਂ ਨੂੰ ਸਫਲਤਾਪੂਰਵਕ ਰੋਕਿਆ ਗਿਆ ਹੈ।

ਇਹ ਜਾਣਕਾਰੀ ਪੰਜਾਬ ਦੀ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਬਾਲ ਵਿਆਹ ਰੋਕਣ ਲਈ ਕੀਤੀ ਗਈ ਤੁਰੰਤ ਕਾਰਵਾਈ ਸਰਕਾਰ ਦੀ ਬੱਚਿਆਂ ਦੇ ਅਧਿਕਾਰਾਂ ਅਤੇ ਉਨ੍ਹਾਂ ਦੇ ਸੁਰੱਖਿਅਤ ਭਵਿੱਖ ਪ੍ਰਤੀ ਗੰਭੀਰ ਵਚਨਬੱਧਤਾ ਨੂੰ ਦਰਸਾਉਂਦੀ ਹੈ।

ਬੱਚਿਆਂ ਦੇ ਅਧਿਕਾਰਾਂ ਨਾਲ ਸਮਝੌਤਾ ਨਹੀਂ: ਡਾ. ਬਲਜੀਤ ਕੌਰ

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਬੱਚਿਆਂ ਦੇ ਅਧਿਕਾਰਾਂ ਦੀ ਸੁਰੱਖਿਆ ਦੇ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਸਵੀਕਾਰ ਨਹੀਂ ਕਰੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਬਾਲ ਵਿਆਹ ਇੱਕ ਗੈਰ-ਕਾਨੂੰਨੀ ਪ੍ਰਥਾ ਹੈ ਅਤੇ ਇਸ ਨੂੰ ਕਿਸੇ ਵੀ ਕੀਮਤ ’ਤੇ ਉਤਸ਼ਾਹਿਤ ਜਾਂ ਜਾਰੀ ਰਹਿਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਬਾਲ ਵਿਆਹ ਨਾਲ ਬੱਚਿਆਂ, ਖ਼ਾਸ ਕਰਕੇ ਲੜਕੀਆਂ ਦੀ ਸਿੱਖਿਆ, ਸਿਹਤ ਅਤੇ ਸਮਾਜਿਕ ਵਿਕਾਸ ’ਤੇ ਗੰਭੀਰ ਪ੍ਰਭਾਵ ਪੈਂਦਾ ਹੈ। ਇਸ ਲਈ ਸਰਕਾਰ ਵੱਲੋਂ ਸਿਰਫ਼ ਕਾਨੂੰਨੀ ਕਾਰਵਾਈ ਹੀ ਨਹੀਂ, ਸਗੋਂ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ’ਤੇ ਵੀ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ।

172 ਜਾਗਰੂਕਤਾ ਮੁਹਿੰਮਾਂ ਰਾਹੀਂ ਲੋਕਾਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਾਲ ਵਿਆਹ ਦੀ ਰੋਕਥਾਮ ਲਈ ਪੰਜਾਬ ਭਰ ਵਿੱਚ ਲਗਾਤਾਰ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਹੁਣ ਤੱਕ 172 ਜਾਗਰੂਕਤਾ ਮੁਹਿੰਮਾਂ ਕਰਵਾਈਆਂ ਜਾ ਚੁੱਕੀਆਂ ਹਨ।

ਇਨ੍ਹਾਂ ਮੁਹਿੰਮਾਂ ਰਾਹੀਂ ਮਾਪਿਆਂ, ਪੰਚਾਇਤਾਂ, ਸਕੂਲਾਂ, ਸਮਾਜਿਕ ਸੰਸਥਾਵਾਂ ਅਤੇ ਆਮ ਲੋਕਾਂ ਨੂੰ ਬਾਲ ਵਿਆਹ ਦੇ ਮਾੜੇ ਸਮਾਜਿਕ ਅਤੇ ਸਿਹਤ ਸਬੰਧੀ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਬਾਲ ਵਿਆਹ ਨਾਲ ਸਬੰਧਤ ਕਾਨੂੰਨੀ ਪ੍ਰਬੰਧਾਂ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ, ਤਾਂ ਜੋ ਕਿਸੇ ਵੀ ਸੰਭਾਵਿਤ ਮਾਮਲੇ ਨੂੰ ਸਮੇਂ ਸਿਰ ਰੋਕਿਆ ਜਾ ਸਕੇ।

ਸ਼ਿਕਾਇਤ ਮਿਲਦੇ ਹੀ ਹੋਵੇਗੀ ਤੁਰੰਤ ਕਾਰਵਾਈ

ਮੰਤਰੀ ਨੇ ਕਿਹਾ ਕਿ ਬੱਚਿਆਂ ਨਾਲ ਸਬੰਧਤ ਮਾਮਲਿਆਂ ਵਿੱਚ ਪੰਜਾਬ ਸਰਕਾਰ ਵੱਲੋਂ ਜ਼ੀਰੋ-ਟੌਲਰੈਂਸ ਨੀਤੀ ਅਪਣਾਈ ਜਾ ਰਹੀ ਹੈ। ਕਿਸੇ ਵੀ ਬਾਲ ਵਿਆਹ ਸਬੰਧੀ ਸ਼ਿਕਾਇਤ ਮਿਲਣ ’ਤੇ ਤੁਰੰਤ ਅਤੇ ਪ੍ਰਭਾਵਸ਼ਾਲੀ ਕਾਰਵਾਈ ਕਰਨ ਲਈ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚਕਾਰ ਤਾਲਮੇਲ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ।

ਇਸ ਪ੍ਰਣਾਲੀ ਤਹਿਤ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ, ਬਾਲ ਭਲਾਈ ਕਮੇਟੀਆਂ, ਬਾਲ ਵਿਆਹ ਰੋਕਥਾਮ ਅਧਿਕਾਰੀ ਅਤੇ ਹੋਰ ਸਬੰਧਤ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰ ਰਹੇ ਹਨ। ਇਸ ਦਾ ਮਕਸਦ ਕਿਸੇ ਵੀ ਬਾਲ ਵਿਆਹ ਦੀ ਸੂਚਨਾ ਮਿਲਣ ਤੋਂ ਬਾਅਦ ਬਿਨਾਂ ਦੇਰੀ ਦਖ਼ਲ ਦੇ ਕੇ ਬੱਚੇ ਨੂੰ ਸੁਰੱਖਿਅਤ ਕਰਨਾ ਅਤੇ ਲੋੜੀਂਦੀ ਕਾਨੂੰਨੀ ਕਾਰਵਾਈ ਕਰਨਾ ਹੈ।

ਬਾਲ ਵਿਆਹ ਰੋਕਣਾ ਪੂਰੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ

ਡਾ. ਬਲਜੀਤ ਕੌਰ ਨੇ ਕਿਹਾ ਕਿ ਬਾਲ ਵਿਆਹ ਨੂੰ ਖ਼ਤਮ ਕਰਨਾ ਸਿਰਫ਼ ਸਰਕਾਰ ਦੀ ਜ਼ਿੰਮੇਵਾਰੀ ਨਹੀਂ ਹੈ, ਸਗੋਂ ਇਹ ਪੂਰੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਆਪਣੇ ਆਲੇ-ਦੁਆਲੇ ਕਿਸੇ ਬਾਲ ਵਿਆਹ ਦੀ ਜਾਣਕਾਰੀ ਮਿਲਦੀ ਹੈ ਤਾਂ ਉਹ ਚੁੱਪ ਨਾ ਰਹਿਣ ਅਤੇ ਤੁਰੰਤ ਸਬੰਧਤ ਅਧਿਕਾਰੀਆਂ ਨੂੰ ਸੂਚਿਤ ਕਰਨ।

ਉਨ੍ਹਾਂ ਕਿਹਾ ਕਿ ਲੋਕ ਚਾਈਲਡ ਹੈਲਪਲਾਈਨ 1098 ’ਤੇ ਸੰਪਰਕ ਕਰਕੇ ਬਾਲ ਵਿਆਹ ਦੀ ਸੂਚਨਾ ਦੇ ਸਕਦੇ ਹਨ ਜਾਂ ਆਪਣੇ ਨਜ਼ਦੀਕੀ ਬਾਲ ਵਿਆਹ ਰੋਕਥਾਮ ਅਧਿਕਾਰੀ ਨੂੰ ਇਸ ਬਾਰੇ ਜਾਣਕਾਰੀ ਦੇ ਸਕਦੇ ਹਨ। ਸਮੇਂ ਸਿਰ ਮਿਲੀ ਸੂਚਨਾ ਨਾਲ ਸੰਭਾਵਿਤ ਬਾਲ ਵਿਆਹ ਨੂੰ ਰੋਕ ਕੇ ਬੱਚੇ ਦੇ ਭਵਿੱਖ ਅਤੇ ਅਧਿਕਾਰਾਂ ਦੀ ਰੱਖਿਆ ਕੀਤੀ ਜਾ ਸਕਦੀ ਹੈ।

ਸੂਬੇ ਵਿੱਚ 2,076 ਬਾਲ ਵਿਆਹ ਰੋਕਥਾਮ ਅਧਿਕਾਰੀ ਤਾਇਨਾਤ

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ 2,076 ਅਧਿਕਾਰੀਆਂ ਨੂੰ ਬਾਲ ਵਿਆਹ ਰੋਕਥਾਮ ਅਧਿਕਾਰੀ ਵਜੋਂ ਨਿਯੁਕਤ ਕੀਤਾ ਗਿਆ ਹੈ। ਇਨ੍ਹਾਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਬਾਲ ਵਿਕਾਸ ਪ੍ਰੋਜੈਕਟ ਅਫ਼ਸਰਾਂ (CDPOs) ਨੂੰ ਵੀ ਬਾਲ ਵਿਆਹ ਰੋਕਥਾਮ ਅਧਿਕਾਰੀ ਵਜੋਂ ਜ਼ਿੰਮੇਵਾਰੀ ਸੌਂਪੀ ਗਈ ਹੈ।

ਸਰਕਾਰ ਦਾ ਉਦੇਸ਼ ਜ਼ਮੀਨੀ ਪੱਧਰ ’ਤੇ ਇੱਕ ਅਜਿਹੀ ਪ੍ਰਭਾਵਸ਼ਾਲੀ ਪ੍ਰਣਾਲੀ ਤਿਆਰ ਕਰਨਾ ਹੈ, ਜਿਸ ਰਾਹੀਂ ਬਾਲ ਵਿਆਹ ਦੀ ਸੰਭਾਵਨਾ ਵਾਲੇ ਮਾਮਲਿਆਂ ਦੀ ਪਹਿਲਾਂ ਹੀ ਪਛਾਣ ਹੋ ਸਕੇ ਅਤੇ ਲੋੜ ਪੈਣ ’ਤੇ ਤੁਰੰਤ ਦਖ਼ਲ ਦੇ ਕੇ ਇਸ ਨੂੰ ਰੋਕਿਆ ਜਾ ਸਕੇ। ਇਸ ਦੇ ਨਾਲ ਹੀ ਜਾਗਰੂਕਤਾ, ਕਾਨੂੰਨੀ ਕਾਰਵਾਈ ਅਤੇ ਵਿਭਾਗੀ ਤਾਲਮੇਲ ਰਾਹੀਂ ਪੰਜਾਬ ਨੂੰ ਬਾਲ ਵਿਆਹ ਤੋਂ ਮੁਕਤ ਬਣਾਉਣ ਵੱਲ ਕਦਮ ਵਧਾਏ ਜਾ ਰਹੇ ਹਨ।

Leave a Reply

Your email address will not be published. Required fields are marked *