
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ), 5 ਸਤੰਬਰ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਸਮੇਂ ਦੌਰਾਨ ਸਿੱਖਿਆ ਦੇ ਖੇਤਰ ਵਿੱਚ ਕੀਤੇ ਗਏ ਵਿਆਪਕ ਸੁਧਾਰਾਂ ਨੇ ਸਰਕਾਰੀ ਸਕੂਲਾਂ ਦੀ ਤਸਵੀਰ ਬਦਲਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਜਿੱਥੇ ਸਾਲ 2021 ਵਿੱਚ ਪੰਜਾਬ ਸਿੱਖਿਆ ਦੇ ਖੇਤਰ ਵਿੱਚ 27ਵੇਂ ਸਥਾਨ ’ਤੇ ਸੀ, ਉੱਥੇ ਹੁਣ ਸੂਬਾ ਪ੍ਰਾਇਮਰੀ ਸਿੱਖਿਆ ਵਿੱਚ ਦੇਸ਼ ਭਰ ਵਿੱਚ ਪਹਿਲੇ ਸਥਾਨ ’ਤੇ ਪਹੁੰਚ ਗਿਆ ਹੈ।
ਮੁਹਾਲੀ ਵਿਖੇ ਅਧਿਆਪਕ ਦਿਵਸ ਮੌਕੇ ਕਰਵਾਏ ਗਏ ਰਾਜ ਪੱਧਰੀ ਸਨਮਾਨ ਸਮਾਰੋਹ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਦੇਸ਼ ਹੀ ਨਹੀਂ, ਸਗੋਂ ਵਿਸ਼ਵ ਪੱਧਰ ’ਤੇ ਮੋਹਰੀ ਬਣਾਉਣਾ ਸਰਕਾਰ ਦਾ ਟੀਚਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਸੁਪਨਾ ਪੰਜਾਬ ਨੂੰ ਆਲਮੀ ਸਿੱਖਿਆ ਕੇਂਦਰ ਵਜੋਂ ਵਿਕਸਤ ਕਰਨਾ ਹੈ, ਜਿੱਥੇ ਦੁਨੀਆ ਭਰ ਤੋਂ ਅਧਿਆਪਕ ਅਤੇ ਸਿੱਖਿਆ ਖੇਤਰ ਨਾਲ ਜੁੜੇ ਲੋਕ ਸਿਖਲਾਈ ਲੈਣ ਲਈ ਆਉਣ।
ਅਧਿਆਪਕਾਂ ਦੀ ਅੰਤਰਰਾਸ਼ਟਰੀ ਸਿਖਲਾਈ ਨੇ ਬਦਲੀ ਤਸਵੀਰ
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਵਿਸ਼ਵ ਪੱਧਰੀ ਸਿਖਲਾਈ ਦੇਣ ’ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਇਸ ਤਹਿਤ 234 ਪ੍ਰਿੰਸੀਪਲਾਂ ਅਤੇ ਸਿੱਖਿਆ ਅਧਿਕਾਰੀਆਂ ਨੂੰ ਸਿੰਗਾਪੁਰ, 152 ਹੈੱਡਮਾਸਟਰਾਂ ਨੂੰ ਆਈਆਈਐਮ ਅਹਿਮਦਾਬਾਦ ਅਤੇ 144 ਪ੍ਰਾਇਮਰੀ ਅਧਿਆਪਕਾਂ ਨੂੰ ਫਿਨਲੈਂਡ ਦੀ ਤੁਰਕੂ ਯੂਨੀਵਰਸਿਟੀ ਤੋਂ ਸਿਖਲਾਈ ਦਿਵਾਈ ਗਈ ਹੈ।
ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਸਿਖਲਾਈ ਦੇਣ ਦਾ ਮਕਸਦ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਵੀ ਵਿਸ਼ਵ ਪੱਧਰੀ ਸਿੱਖਿਆ ਮੁਹੱਈਆ ਕਰਵਾਉਣਾ ਹੈ। ਸਰਕਾਰ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਇਸ ਤਰੀਕੇ ਨਾਲ ਤਿਆਰ ਕਰ ਰਹੀ ਹੈ ਕਿ ਉਹ ਦੇਸ਼ ਅਤੇ ਦੁਨੀਆ ਦੇ ਕਿਸੇ ਵੀ ਹਿੱਸੇ ਵਿੱਚ ਮੁਕਾਬਲਾ ਕਰਨ ਦੇ ਸਮਰੱਥ ਹੋਣ।
118 ਸਕੂਲਜ਼ ਆਫ਼ ਐਮੀਨੈਂਸ ਨੂੰ ਆਧੁਨਿਕ ਰੂਪ ਦਿੱਤਾ
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ 118 ‘ਸਕੂਲਜ਼ ਆਫ਼ ਐਮੀਨੈਂਸ’ ਨੂੰ ਆਧੁਨਿਕ ਬੁਨਿਆਦੀ ਢਾਂਚੇ ਨਾਲ ਵਿਕਸਤ ਕੀਤਾ ਗਿਆ ਹੈ। ਇਨ੍ਹਾਂ ’ਤੇ ਲਗਭਗ 88.67 ਕਰੋੜ ਰੁਪਏ ਖਰਚ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਇਨ੍ਹਾਂ ਸਕੂਲਾਂ ਵਿੱਚ ਆਧੁਨਿਕ ਸਹੂਲਤਾਂ ਮੁਹੱਈਆ ਕਰਵਾ ਕੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਮੁਕਾਬਲੇ ਦੀਆਂ ਪ੍ਰੀਖਿਆਵਾਂ ਅਤੇ ਭਵਿੱਖ ਦੀਆਂ ਚੁਣੌਤੀਆਂ ਲਈ ਤਿਆਰ ਕੀਤਾ ਜਾ ਰਿਹਾ ਹੈ।
16,348 ਸਕੂਲਾਂ ਵਿੱਚ ਵਾਈ-ਫਾਈ ਸਹੂਲਤ
ਡਿਜੀਟਲ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਸੂਬੇ ਦੇ 16,348 ਸਕੂਲਾਂ ਵਿੱਚ ਵਾਈ-ਫਾਈ ਕੁਨੈਕਸ਼ਨ ਮੁਹੱਈਆ ਕਰਵਾਏ ਗਏ ਹਨ। ਇਸ ਤੋਂ ਇਲਾਵਾ ਕਲਾਸਰੂਮਾਂ, ਲੈਬਾਰਟਰੀਆਂ, ਲਾਇਬ੍ਰੇਰੀਆਂ ਅਤੇ ਪਖਾਨਿਆਂ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ 488.67 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ।
ਮੁੱਖ ਮੰਤਰੀ ਨੇ ਦੱਸਿਆ ਕਿ ਸਕੂਲਾਂ ਦੀ ਸੁਰੱਖਿਆ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ 211.58 ਕਰੋੜ ਰੁਪਏ ਖਰਚ ਕੀਤੇ ਗਏ ਹਨ। ਸਕੂਲਾਂ ਵਿੱਚ ਸਾਫ਼-ਸੁਥਰਾ ਅਤੇ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਲਈ 1,917 ਕੈਂਪਸ ਮੈਨੇਜਰ, 1,316 ਸੁਰੱਖਿਆ ਗਾਰਡ, 7,113 ਸਫ਼ਾਈ ਕਰਮਚਾਰੀ ਅਤੇ 1,785 ਚੌਕੀਦਾਰ ਤਾਇਨਾਤ ਕੀਤੇ ਗਏ ਹਨ।
ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ, ਕਿਤਾਬਾਂ ਅਤੇ ਪੋਸ਼ਟਿਕ ਭੋਜਨ
ਮੁੱਖ ਮੰਤਰੀ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਮੁਫ਼ਤ ਵਰਦੀਆਂ ਵਾਸਤੇ 47 ਕਰੋੜ ਰੁਪਏ ਤੋਂ ਵੱਧ ਦਾ ਬਜਟ ਰੱਖਿਆ ਗਿਆ ਹੈ ਅਤੇ ਵਿਦਿਆਰਥੀਆਂ ਨੂੰ ਸਮੇਂ ਸਿਰ ਕਿਤਾਬਾਂ ਮੁਹੱਈਆ ਕਰਵਾਈਆਂ ਗਈਆਂ ਹਨ।
ਇਸ ਤੋਂ ਇਲਾਵਾ ਛੇਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਟਰਾਂਸਪੋਰਟ ਸਹੂਲਤ ਸ਼ੁਰੂ ਕੀਤੀ ਗਈ ਹੈ। ਪੋਸ਼ਣ ਯੋਜਨਾ ਤਹਿਤ ਸਰਕਾਰੀ ਸਕੂਲਾਂ ਦੇ ਕਰੀਬ 16 ਲੱਖ ਵਿਦਿਆਰਥੀਆਂ ਨੂੰ ਪੌਸ਼ਟਿਕ ਭੋਜਨ ਮੁਹੱਈਆ ਕਰਵਾਇਆ ਜਾ ਰਿਹਾ ਹੈ।
‘ਬਿਜ਼ਨਸ ਬਲਾਸਟਰ’ ਰਾਹੀਂ ਨੌਜਵਾਨਾਂ ਨੂੰ ਬਣਾਇਆ ਜਾ ਰਿਹਾ ਰੋਜ਼ਗਾਰਦਾਤਾ
ਮੁੱਖ ਮੰਤਰੀ ਨੇ ‘ਬਿਜ਼ਨਸ ਬਲਾਸਟਰ’ ਪ੍ਰੋਗਰਾਮ ਨੂੰ ਨੌਜਵਾਨਾਂ ਵਿੱਚ ਉਦਮੀ ਸੋਚ ਵਿਕਸਤ ਕਰਨ ਵੱਲ ਮਹੱਤਵਪੂਰਨ ਕਦਮ ਦੱਸਿਆ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਮਕਸਦ ਵਿਦਿਆਰਥੀਆਂ ਨੂੰ ਸਿਰਫ਼ ਨੌਕਰੀਆਂ ਦੀ ਭਾਲ ਕਰਨ ਵਾਲੇ ਨਹੀਂ, ਸਗੋਂ ਰੋਜ਼ਗਾਰ ਪੈਦਾ ਕਰਨ ਵਾਲੇ ਬਣਾਉਣਾ ਹੈ।
ਉਨ੍ਹਾਂ ਦੱਸਿਆ ਕਿ ‘ਬਿਜ਼ਨਸ ਬਲਾਸਟਰ’ ਤਹਿਤ 1.83 ਲੱਖ ਵਿਦਿਆਰਥੀਆਂ ਨੂੰ 10.32 ਕਰੋੜ ਰੁਪਏ ਦੀ ਸੀਡ ਮਨੀ ਦਿੱਤੀ ਗਈ ਹੈ, ਤਾਂ ਜੋ ਉਹ ਆਪਣੇ ਕਾਰੋਬਾਰੀ ਵਿਚਾਰਾਂ ਨੂੰ ਅਮਲੀ ਰੂਪ ਦੇ ਸਕਣ।
ਇਸੇ ਤਰ੍ਹਾਂ ਕਿੱਤਾਮੁਖੀ ਸਿੱਖਿਆ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ ਦੇ 1,490 ਸੀਨੀਅਰ ਸੈਕੰਡਰੀ ਸਕੂਲਾਂ ਵਿੱਚ 20 ਤੋਂ ਵੱਧ ਟਰੇਡ ਪੜ੍ਹਾਏ ਜਾ ਰਹੇ ਹਨ। ਇਸ ਨਾਲ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਵਿਹਾਰਕ ਹੁਨਰ ਹਾਸਲ ਕਰਨ ਦੇ ਮੌਕੇ ਮਿਲ ਰਹੇ ਹਨ।
ਪੀਟੀਐਮ ਰਾਹੀਂ ਮਾਪਿਆਂ ਦੀ ਵਧੀ ਸ਼ਮੂਲੀਅਤ
ਮੁੱਖ ਮੰਤਰੀ ਨੇ ਸਰਕਾਰੀ ਸਕੂਲਾਂ ਵਿੱਚ ਕਰਵਾਈਆਂ ਜਾ ਰਹੀਆਂ ਪੇਰੈਂਟ-ਟੀਚਰ ਮੀਟਿੰਗਾਂ (PTMs) ਨੂੰ ਵੀ ਸਿੱਖਿਆ ਸੁਧਾਰਾਂ ਦਾ ਮਹੱਤਵਪੂਰਨ ਹਿੱਸਾ ਦੱਸਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਮੀਟਿੰਗਾਂ ਰਾਹੀਂ ਮਾਪਿਆਂ ਅਤੇ ਅਧਿਆਪਕਾਂ ਵਿਚਕਾਰ ਸਿੱਧਾ ਸੰਪਰਕ ਵਧਿਆ ਹੈ ਅਤੇ ਮਾਪਿਆਂ ਨੂੰ ਆਪਣੇ ਬੱਚਿਆਂ ਦੀ ਪੜ੍ਹਾਈ ਅਤੇ ਪ੍ਰਗਤੀ ਬਾਰੇ ਜਾਣਕਾਰੀ ਮਿਲ ਰਹੀ ਹੈ।
ਉਨ੍ਹਾਂ ਦੱਸਿਆ ਕਿ ਪਿਛਲੀ ਪੀਟੀਐਮ ਵਿੱਚ 24 ਲੱਖ ਤੋਂ ਵੱਧ ਮਾਪਿਆਂ ਨੇ ਸ਼ਮੂਲੀਅਤ ਕੀਤੀ। ਉਨ੍ਹਾਂ ਕਿਹਾ ਕਿ ਇਹ ਇਸ ਗੱਲ ਦਾ ਸੰਕੇਤ ਹੈ ਕਿ ਸਰਕਾਰੀ ਸਕੂਲਾਂ ਪ੍ਰਤੀ ਮਾਪਿਆਂ ਦਾ ਭਰੋਸਾ ਵਧ ਰਿਹਾ ਹੈ ਅਤੇ ਉਹ ਆਪਣੇ ਬੱਚਿਆਂ ਦੀ ਸਿੱਖਿਆ ਨਾਲ ਸਰਗਰਮੀ ਨਾਲ ਜੁੜ ਰਹੇ ਹਨ।
JEE ਅਤੇ NEET ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਵੱਡੀ ਪ੍ਰਾਪਤੀ
ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਵਾਰ ਪੰਜਾਬ ਦੇ ਸਰਕਾਰੀ ਸਕੂਲਾਂ ਦੇ 881 ਵਿਦਿਆਰਥੀਆਂ ਨੇ JEE ਅਤੇ NEET ਪ੍ਰੀਖਿਆਵਾਂ ਪਾਸ ਕੀਤੀਆਂ ਹਨ। ਉਨ੍ਹਾਂ ਇਸ ਨੂੰ ਸਰਕਾਰੀ ਸਕੂਲ ਸਿੱਖਿਆ ਪ੍ਰਣਾਲੀ ਦੀ ਵੱਡੀ ਪ੍ਰਾਪਤੀ ਕਰਾਰ ਦਿੰਦਿਆਂ ਕਿਹਾ ਕਿ ਇਹ ਨਤੀਜੇ ਸਿੱਖਿਆ ਸੁਧਾਰਾਂ ਦੇ ਪ੍ਰਭਾਵ ਨੂੰ ਦਰਸਾਉਂਦੇ ਹਨ।
ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਅਜਿਹੇ ਮੌਕੇ ਦੇਣਾ ਹੈ, ਜਿਨ੍ਹਾਂ ਰਾਹੀਂ ਉਹ ਉੱਚ ਸਿੱਖਿਆ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਆਪਣੀ ਕਾਬਲੀਅਤ ਸਾਬਤ ਕਰ ਸਕਣ।
ਅਧਿਆਪਕਾਂ ਦੇ ਯੋਗਦਾਨ ਨੂੰ ਕੀਤਾ ਸਲਾਮ
ਅਧਿਆਪਕ ਦਿਵਸ ਮੌਕੇ ਮੁੱਖ ਮੰਤਰੀ ਨੇ ਮਹਾਨ ਦਾਰਸ਼ਨਿਕ, ਵਿਦਵਾਨ ਅਤੇ ਭਾਰਤ ਦੇ ਦੂਜੇ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਡਾ. ਰਾਧਾਕ੍ਰਿਸ਼ਨਨ ਨੇ ਗਿਆਨ, ਇਮਾਨਦਾਰੀ ਅਤੇ ਸੇਵਾ ਦੇ ਮੁੱਲਾਂ ਨੂੰ ਉਤਸ਼ਾਹਿਤ ਕੀਤਾ ਅਤੇ ਸਿੱਖਿਆ ਨੂੰ ਮਨੁੱਖਤਾ ਦੇ ਵਿਕਾਸ ਦਾ ਸਭ ਤੋਂ ਵੱਡਾ ਸਾਧਨ ਮੰਨਿਆ।
ਇਸ ਮੌਕੇ ਪੰਜਾਬ ਦੇ ਸਿੱਖਿਆ ਖੇਤਰ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਵਾਲੇ ਅਧਿਆਪਕਾਂ ਨੂੰ ਵੱਖ-ਵੱਖ ਸ਼੍ਰੇਣੀਆਂ ਤਹਿਤ ਸਨਮਾਨਿਤ ਕੀਤਾ ਗਿਆ। 50 ਅਧਿਆਪਕਾਂ ਨੂੰ ਸਟੇਟ ਐਵਾਰਡ, ਜਿਨ੍ਹਾਂ ਵਿੱਚ 21 ਪ੍ਰਾਇਮਰੀ ਅਤੇ 29 ਸੈਕੰਡਰੀ ਅਧਿਆਪਕ ਸ਼ਾਮਲ ਹਨ, ਪ੍ਰਦਾਨ ਕੀਤੇ ਗਏ। ਇਸ ਤੋਂ ਇਲਾਵਾ 10 ਅਧਿਆਪਕਾਂ ਨੂੰ ਯੰਗ ਟੀਚਰ ਐਵਾਰਡ, 4 ਨੂੰ ਵਿਸ਼ੇਸ਼ ਅਧਿਆਪਕ ਪੁਰਸਕਾਰ, 6 ਨੂੰ ਪ੍ਰਸ਼ਾਸਕੀ ਪੁਰਸਕਾਰ ਅਤੇ 5 ਅਧਿਆਪਕਾਂ ਨੂੰ ਸਿੱਖਿਆ ਮੰਤਰੀ ਵੱਲੋਂ ਨਾਮਜ਼ਦਗੀ ਅਧਾਰਿਤ ਪੁਰਸਕਾਰ ਦਿੱਤੇ ਗਏ।
ਸਾਰੇ ਐਵਾਰਡ ਜੇਤੂ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਧਿਆਪਕਾਂ ਦੀ ਮਿਹਨਤ, ਸਮਰਪਣ ਅਤੇ ਲਗਨ ਪੰਜਾਬ ਦੇ ਸੁਨਹਿਰੀ ਭਵਿੱਖ ਦੀ ਮਜ਼ਬੂਤ ਨੀਂਹ ਤਿਆਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸਿੱਖਿਆ ਨੂੰ ਮਹਿਜ਼ ਇੱਕ ਸਰਕਾਰੀ ਵਿਭਾਗ ਨਹੀਂ, ਸਗੋਂ ਪੰਜਾਬ ਦੇ ਸਮਾਜਿਕ ਅਤੇ ਆਰਥਿਕ ਬਦਲਾਅ ਦਾ ਮੁੱਖ ਆਧਾਰ ਮੰਨਦੀ ਹੈ।
‘ਸਿੱਖਿਆ ਪੰਜਾਬ ਦੇ ਬਦਲਾਅ ਦਾ ਮੁੱਖ ਧੁਰਾ’
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਖੁਦ ਇੱਕ ਅਧਿਆਪਕ ਦੇ ਪੁੱਤਰ ਹਨ ਅਤੇ ਅਧਿਆਪਕਾਂ ਦੀਆਂ ਸਮੱਸਿਆਵਾਂ ਅਤੇ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਨੂੰ ਚੰਗੀ ਤਰ੍ਹਾਂ ਸਮਝਦੇ ਹਨ। ਉਨ੍ਹਾਂ ਕਿਹਾ ਕਿ ਸਕੂਲ ਸਿਰਫ਼ ਪੜ੍ਹਾਈ ਦੀਆਂ ਥਾਵਾਂ ਨਹੀਂ, ਸਗੋਂ ਬੱਚਿਆਂ ਦੇ ਭਵਿੱਖ ਨੂੰ ਤਿਆਰ ਕਰਨ ਵਾਲੇ ਸਿੱਖਿਆ ਦੇ ਮੰਦਰ ਹਨ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਸੁਧਾਰ ਆਉਣ ਵਾਲੇ ਸਮੇਂ ਵਿੱਚ ਵੀ ਜਾਰੀ ਰਹਿਣਗੇ। ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ, ਅਧਿਆਪਕਾਂ ਨੂੰ ਵਿਸ਼ਵ ਪੱਧਰੀ ਸਿਖਲਾਈ ਦੇਣ ਅਤੇ ਵਿਦਿਆਰਥੀਆਂ ਲਈ ਰੋਜ਼ਗਾਰ ਤੇ ਉੱਚ ਸਿੱਖਿਆ ਦੇ ਵਧੀਆ ਮੌਕੇ ਪੈਦਾ ਕਰਨ ਲਈ ਲਗਾਤਾਰ ਕੰਮ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਨੂੰ ਇੱਕ ਪੜ੍ਹਿਆ-ਲਿਖਿਆ, ਹੁਨਰਮੰਦ, ਖੁਸ਼ਹਾਲ ਅਤੇ ‘ਰੰਗਲਾ ਪੰਜਾਬ’ ਬਣਾਉਣ ਲਈ ਸਰਕਾਰ ਅਤੇ ਅਧਿਆਪਕ ਮਿਲ ਕੇ ਕੰਮ ਕਰਨਗੇ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਦੁਨੀਆ ਭਰ ਵਿੱਚ ਸਿੱਖਿਆ ਅਤੇ ਅਧਿਆਪਕ ਸਿਖਲਾਈ ਦੇ ਇੱਕ ਮਹੱਤਵਪੂਰਨ ਕੇਂਦਰ ਵਜੋਂ ਆਪਣੀ ਪਛਾਣ ਬਣਾਏਗਾ।
ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਮਾਗਮ ਵਿੱਚ ਪਹੁੰਚੇ ਪਤਵੰਤੇ ਸੱਜਣਾਂ ਦਾ ਸਵਾਗਤ ਕੀਤਾ ਅਤੇ ਰਾਜ ਪੱਧਰੀ ਅਧਿਆਪਕ ਦਿਵਸ ਸਮਾਗਮ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਸਮਾਗਮ ਦੌਰਾਨ ਹਲਕਾ ਵਿਧਾਇਕ ਕੁਲਵੰਤ ਸਿੰਘ, ਸਿੱਖਿਆ ਸਕੱਤਰ ਸੋਨਾਲੀ ਗਿਰਿ ਅਤੇ ਹੋਰ ਅਧਿਕਾਰੀ ਤੇ ਪਤਵੰਤੇ ਵੀ ਮੌਜੂਦ ਰਹੇ।
