
ਚੰਡੀਗੜ੍ਹ, 28 ਜਨਵਰੀ 2026: ਪੰਜਾਬ ਸਰਕਾਰ ਟਰਾਂਸਪੋਰਟ ਵਿਭਾਗ ਵਿੱਚ ਕੰਮ ਕਰ ਰਹੇ ਕੰਟਰੈਕਟ ਅਧਾਰਿਤ ਮੁਲਾਜ਼ਮਾਂ ਦੀ ਨੌਕਰੀ ਪੱਕੀ ਕਰਨ ਸਮੇਤ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਦਾ ਛੇਤੀ ਤੋਂ ਛੇਤੀ ਨਿਪਟਾਰਾ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਹ ਗੱਲ ਪੰਜਾਬ ਦੇ ਟਰਾਂਸਪੋਰਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਇੱਥੇ ਕਹੀ।
ਉਨ੍ਹਾਂ ਦੱਸਿਆ ਕਿ ਕਰਮਚਾਰੀਆਂ ਦੀਆਂ ਮੰਗਾਂ ‘ਤੇ ਵਿਸਥਾਰ ਨਾਲ ਵਿਚਾਰ ਕਰਨ ਲਈ 3 ਫਰਵਰੀ 2026 ਨੂੰ ਟਰਾਂਸਪੋਰਟ ਸਕੱਤਰ ਅਤੇ ਯੂਨੀਅਨ ਦੇ ਨੁਮਾਇੰਦਿਆਂ ਦਰਮਿਆਨ ਇਕ ਮੀਟਿੰਗ ਨਿਧਾਰਤ ਕੀਤੀ ਗਈ ਹੈ, ਤਾਂ ਜੋ ਮਸਲਿਆਂ ਦਾ ਸਕਾਰਾਤਮਕ ਅਤੇ ਸਥਾਈ ਹੱਲ ਕੱਢਿਆ ਜਾ ਸਕੇ।
ਅੱਜ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਵਫਦ ਨਾਲ ਹੋਈ ਮੀਟਿੰਗ ਦੌਰਾਨ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕੱਚੇ ਅਤੇ ਕੰਟਰੈਕਟ ਅਧਾਰਿਤ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਮਸਲੇ ਪ੍ਰਤੀ ਸੰਵੇਦਨਸ਼ੀਲ ਹੈ ਅਤੇ ਇਸ ਦਿਸ਼ਾ ਵਿੱਚ ਗੰਭੀਰਤਾ ਨਾਲ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਵਿਭਾਗ ਦੇ ਕੰਟਰੈਕਚੂਅਲ ਕਰਮਚਾਰੀਆਂ ਦੀਆਂ ਸਾਰੀਆਂ ਜਾਇਜ਼ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਜਾਰੀ ਹੈ।
ਸ੍ਰੀ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਜਿੱਥੇ ਆਪਣੇ ਕਰਮਚਾਰੀਆਂ ਅਤੇ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ, ਉੱਥੇ ਹੀ ਸੂਬੇ ਦੇ ਆਮ ਲੋਕਾਂ ਅਤੇ ਯਾਤਰੀਆਂ ਦੇ ਹਿੱਤਾਂ ਦੀ ਰੱਖਿਆ ਕਰਨਾ ਵੀ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਕਰਮਚਾਰੀਆਂ ਵਿਚਕਾਰ ਆਪਸੀ ਸਹਿਯੋਗ ਨਾਲ ਹੀ ਲੋਕ ਹਿੱਤ ਵਿੱਚ ਬਿਹਤਰ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਦੀਆਂ ਹਨ।
ਟਰਾਂਸਪੋਰਟ ਮੰਤਰੀ ਨੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਕਰਮਚਾਰੀ ਲੋਕਾਂ ਦੀ ਸੇਵਾ ਭਾਵਨਾ ਨਾਲ ਆਪਣੀਆਂ ਡਿਊਟੀਆਂ ਨਿਭਾਉਂਦੇ ਰਹਿਣ ਅਤੇ ਸਰਕਾਰ ਵੀ ਆਪਣੇ ਮੁਲਾਜ਼ਮਾਂ ਦੇ ਹੱਕਾਂ ਅਤੇ ਭਲਾਈ ਦਾ ਪੂਰਾ ਧਿਆਨ ਰੱਖੇਗੀ।
ਇਸ ਮੌਕੇ ਟਰਾਂਸਪੋਰਟ ਸਕੱਤਰ ਵਰੁਣ ਰੂਜ਼ਮ, ਵਿਸ਼ੇਸ਼ ਪ੍ਰਮੁੱਖ ਸਕੱਤਰ ਮੁੱਖ ਮੰਤਰੀ ਕੁਮਾਰ ਅਮਿਤ, ਡਾਇਰੈਕਟਰ ਸਟੇਟ ਟਰਾਂਸਪੋਰਟ ਰਾਜੀਵ ਕੁਮਾਰ ਗੁਪਤਾ, ਏ.ਐਮ.ਡੀ. ਪੀ.ਆਰ.ਟੀ.ਸੀ. ਨਵਦੀਪ ਕੁਮਾਰ ਤੋਂ ਇਲਾਵਾ ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ, ਜਰਨਲ ਸਕੱਤਰ ਸਮਸ਼ੇਰ ਸਿੰਘ, ਸੀਨੀਅਰ ਮੀਤ ਪ੍ਰਧਾਨ ਹਰਕੇਸ਼ ਕੁਮਾਰ ਵਿੱਕੀ, ਕੈਸ਼ੀਅਰ ਬਲਜੀਤ ਸਿੰਘ ਅਤੇ ਜਗਤਾਰ ਸਿੰਘ ਸਮੇਤ ਹੋਰ ਆਗੂ ਮੌਜੂਦ ਸਨ।
