Saturday, May 23Punjabi People

ਕੇਂਦਰ ਵੱਲੋਂ ਪੰਜਾਬ ਨੂੰ ਵੱਡੀ ਸੌਗਾਤ, ਦੋ ਪ੍ਰਾਜੈਕਟਾਂ ਨੂੰ ਹਰੀ ਝੰਡੀ।

ਚੰਡੀਗੜ੍ਹ /ਲੁਧਿਆਣਾ 28 ਜਨਵਰੀ 2026: ਧੂਰੀ ਵਿੱਚ ਦੋ ਮਹੱਤਵਪੂਰਨ ਰੇਲਵੇ ਓਵਰਬ੍ਰਿਜਾਂ ਦੇ ਨਿਰਮਾਣ ਨੂੰ ਮਨਜ਼ੂਰੀ ਮਿਲ ਗਈ ਹੈ। ਇਸ ਸਬੰਧੀ ਐਲਾਨ ਕਰਦੇ ਹੋਏ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਇਹ ਪ੍ਰਾਜੈਕਟ ਆਵਾਜਾਈ ਪ੍ਰਣਾਲੀ ਨੂੰ ਸੁਚੱਜਾ ਬਣਾਉਣ ਦੇ ਨਾਲ-ਨਾਲ ਪੰਜਾਬ ਦੀ ਆਰਥਿਕ ਵਿਕਾਸ ਪ੍ਰਕਿਰਿਆ ਨੂੰ ਵੀ ਤੇਜ਼ੀ ਨਾਲ ਅੱਗੇ ਵਧਾਉਣਗੇ।

ਉਨ੍ਹਾਂ ਦੱਸਿਆ ਕਿ ਦਿੱਲੀ–ਅੰਮ੍ਰਿਤਸਰ ਸਾਹਿਬ ਮੁੱਖ ਰੇਲਵੇ ਲਾਈਨ ’ਤੇ ਸਥਿਤ ਦੋਰਾਹਾ ਵਿਖੇ ਬਣਨ ਵਾਲੇ ਰੇਲਵੇ ਓਵਰਬ੍ਰਿਜ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਲਗਭਗ 70 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਇਸ ਪ੍ਰਾਜੈਕਟ ਲਈ ਠੇਕੇਦਾਰ ਵੱਲੋਂ ਮਸ਼ੀਨਰੀ ਤਾਇਨਾਤ ਕਰਕੇ ਕੰਮ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ। ਪੁਲ ਦੇ ਤਿਆਰ ਹੋਣ ਨਾਲ ਮਾਲਵਾ ਖੇਤਰ ਦੇ ਲੋਕਾਂ ਅਤੇ ਚੰਡੀਗੜ੍ਹ, ਰੋਪੜ ਅਤੇ ਸ੍ਰੀ ਅਨੰਦਪੁਰ ਸਾਹਿਬ ਜਾਣ ਵਾਲੇ ਯਾਤਰੀਆਂ ਨੂੰ ਵੱਡੀ ਸੁਵਿਧਾ ਮਿਲੇਗੀ।

ਇਸ ਤੋਂ ਇਲਾਵਾ ਧੂਰੀ ਸ਼ਹਿਰ ਵਿੱਚ 54 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਰੇਲਵੇ ਓਵਰਬ੍ਰਿਜ ਦੀ ਜੀ.ਏ.ਡੀ. (GAD) ਮਨਜ਼ੂਰੀ ਵੀ ਮਿਲ ਚੁੱਕੀ ਹੈ ਅਤੇ ਆਉਣ ਵਾਲੇ ਕੁਝ ਦਿਨਾਂ ਵਿੱਚ ਇਸ ਦਾ ਕੰਮ ਸ਼ੁਰੂ ਹੋਣ ਦੀ ਉਮੀਦ ਹੈ।

ਮੰਤਰੀ ਬਿੱਟੂ ਨੇ ਧੂਰੀ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰਾਜੈਕਟ ਇਲਾਕੇ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰੇਗਾ।

ਇਸ ਮੌਕੇ ਉਨ੍ਹਾਂ ਨੇ ਧੂਰੀ ਵਿੱਚ ਪਿਛਲੇ ਚਾਰ ਦਿਨਾਂ ਤੋਂ ਭੁੱਖ ਹੜਤਾਲ ’ਤੇ ਬੈਠੇ ਜਸਵਿੰਦਰ ਸਿੰਘ ਅਤੇ ਭਾਜਪਾ ਦੀ ਟੀਮ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਸੀਨੀਅਰ ਨੇਤਾਵਾਂ ਨੂੰ ਮੌਕੇ ’ਤੇ ਜਾ ਕੇ ਜੂਸ ਜਾਂ ਨਾਰੀਅਲ ਪਾਣੀ ਪਿਲਾ ਕੇ ਭੁੱਖ ਹੜਤਾਲ ਖ਼ਤਮ ਕਰਵਾਉਣ ਦੀ ਹਦਾਇਤ ਦਿੱਤੀ। ਮੰਤਰੀ ਬਿੱਟੂ ਨੇ ਇਹ ਵੀ ਸੰਕੇਤ ਦਿੱਤਾ ਕਿ ਕੁਝ ਡੂੰਘੇ ਸਿਆਸੀ ਕਾਰਨਾਂ ਕਰਕੇ ਪ੍ਰਾਜੈਕਟਾਂ ਵਿੱਚ ਦੇਰੀ ਹੋ ਰਹੀ ਸੀ, ਪਰ ਹੁਣ ਸਮੇਂ ਸਿਰ ਹੱਲ ਨਿਕਲ ਆਇਆ ਹੈ।

ਉਨ੍ਹਾਂ ਇਸ ਉਪਲਬਧੀ ਲਈ ਭਾਜਪਾ ਦੀ ਪੂਰੀ ਟੀਮ ਅਤੇ ਸਥਾਨਕ ਸੰਸਥਾਵਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਵੱਲੋਂ ਲਗਾਤਾਰ ਤਾਲਮੇਲ ਅਤੇ ਯਤਨ ਜਾਰੀ ਰੱਖੇ ਗਏ।

ਭੁੱਖ ਹੜਤਾਲ ਸਮਾਪਤਧੂਰੀ ਵਿੱਚ ਰੇਲਵੇ ਓਵਰਬ੍ਰਿਜ ਦੀ ਮੰਗ ਨੂੰ ਲੈ ਕੇ ਜਸਵਿੰਦਰ ਸਿੰਘ ਵੱਲੋਂ ਪਿਛਲੇ ਚਾਰ ਦਿਨਾਂ ਤੋਂ ਭੁੱਖ ਹੜਤਾਲ ਕੀਤੀ ਜਾ ਰਹੀ ਸੀ, ਜਿਸਨੂੰ ਸਥਾਨਕ ਸੰਸਥਾਵਾਂ ਅਤੇ ਭਾਜਪਾ ਆਗੂਆਂ ਦਾ ਪੂਰਾ ਸਮਰਥਨ ਮਿਲ ਰਿਹਾ ਸੀ। ਪ੍ਰਾਜੈਕਟ ਦੀ ਮਨਜ਼ੂਰੀ ਮਿਲਣ ਉਪਰੰਤ ਭਾਜਪਾ ਦੇ ਸੀਨੀਅਰ ਨੇਤਾਵਾਂ ਵੱਲੋਂ ਮੌਕੇ ’ਤੇ ਪਹੁੰਚ ਕੇ ਭੁੱਖ ਹੜਤਾਲ ਖ਼ਤਮ ਕਰਵਾਈ ਗਈ।

Leave a Reply

Your email address will not be published. Required fields are marked *