Tuesday, September 15Punjabi People

ਕੈਨੇਡਾ ਦੀ ਵੱਡੀ ਕਾਰਵਾਈ, 111 ਵਿਦੇਸ਼ੀ ਨਾਗਰਿਕ ਡਿਪੋਰਟ; ਚਾਰ ਪੰਜਾਬੀ ਨੌਜਵਾਨ ਵੀ ਸ਼ਾਮਲ

ਕੈਨੇਡਾ, 15 ਸਤੰਬਰ 2026: ਕੈਨੇਡਾ ਵਿੱਚ ਸੰਗਠਿਤ ਅਪਰਾਧ ਅਤੇ ਜਬਰੀ ਵਸੂਲੀ ਨਾਲ ਜੁੜੇ ਵਿਦੇਸ਼ੀ ਨਾਗਰਿਕਾਂ ਖ਼ਿਲਾਫ਼ ਕਾਰਵਾਈ ਤੇਜ਼ ਕਰਦਿਆਂ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (CBSA) ਵੱਲੋਂ ਵੱਡੀ ਗਿਣਤੀ ਵਿੱਚ ਪ੍ਰਵਾਸੀਆਂ ਨੂੰ ਦੇਸ਼ ਨਿਕਾਲਾ ਦਿੱਤਾ ਗਿਆ ਹੈ। ਸਾਹਮਣੇ ਆਈ ਜਾਣਕਾਰੀ ਮੁਤਾਬਕ ਇਸ ਕਾਰਵਾਈ ਤਹਿਤ ਕੁੱਲ 111 ਪ੍ਰਵਾਸੀਆਂ ਨੂੰ ਕੈਨੇਡਾ ਤੋਂ ਡਿਪੋਰਟ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਪੰਜਾਬ ਨਾਲ ਸਬੰਧਤ ਚਾਰ ਨੌਜਵਾਨ ਵੀ ਸ਼ਾਮਲ ਹਨ।

ਇਹ ਕਾਰਵਾਈ ਇਮੀਗ੍ਰੇਸ਼ਨ ਐਂਡ ਰਿਫਿਊਜੀ ਪ੍ਰੋਟੈਕਸ਼ਨ ਐਕਟ (IRPA) ਤਹਿਤ ਕੀਤੀ ਗਈ। ਜਾਣਕਾਰੀ ਅਨੁਸਾਰ 3 ਸਤੰਬਰ 2026 ਤੱਕ ਕੁੱਲ 188 ਵਿਦੇਸ਼ੀ ਨਾਗਰਿਕਾਂ ਖ਼ਿਲਾਫ਼ ਦੇਸ਼ ਨਿਕਾਲੇ ਦੇ ਹੁਕਮ ਜਾਰੀ ਕੀਤੇ ਜਾ ਚੁੱਕੇ ਸਨ, ਜਿਨ੍ਹਾਂ ਵਿੱਚੋਂ 111 ਨੂੰ ਹੁਣ ਕੈਨੇਡਾ ਤੋਂ ਵਾਪਸ ਭੇਜਿਆ ਜਾ ਚੁੱਕਾ ਹੈ।

ਚਾਰ ਪੰਜਾਬੀ ਨੌਜਵਾਨ ਵੀ ਡਿਪੋਰਟ

ਦੇਸ਼ ਨਿਕਾਲੇ ਗਏ ਵਿਦੇਸ਼ੀ ਨਾਗਰਿਕਾਂ ਵਿੱਚ ਪੰਜਾਬ ਦੇ ਪਲਵਿੰਦਰ ਸਿੰਘ, ਜਸਮੇਰ ਸਿੰਘ, ਅਮਿਤੋਜ ਬਾਜਵਾ ਅਤੇ ਸਾਹਿਬਜੋਤ ਸਿੰਘ ਦੇ ਨਾਮ ਸ਼ਾਮਲ ਹਨ।

ਜਾਣਕਾਰੀ ਮੁਤਾਬਕ ਪਲਵਿੰਦਰ ਸਿੰਘ ਨੂੰ 2025 ਵਿੱਚ ਹੋਈ ਇੱਕ ਫਿਰੌਤੀ ਨਾਲ ਜੁੜੀ ਗੋਲੀਬਾਰੀ ਦੀ ਘਟਨਾ ਵਿੱਚ ਸ਼ਮੂਲੀਅਤ ਅਤੇ ਇੱਕ ਅਪਰਾਧਿਕ ਸੰਗਠਨ ਨਾਲ ਸਬੰਧ ਹੋਣ ਦੇ ਮਾਮਲੇ ਵਿੱਚ ਦੇਸ਼ ਨਿਕਾਲਾ ਦਿੱਤਾ ਗਿਆ।

ਇਸੇ ਤਰ੍ਹਾਂ ਜਸਮੇਰ ਸਿੰਘ ਨੂੰ ਗੈਰ-ਕਾਨੂੰਨੀ ਕੈਦ ਦੇ ਮਾਮਲੇ ਵਿੱਚ ਦੋਸ਼ੀ ਪਾਏ ਜਾਣ ਤੋਂ ਬਾਅਦ ਕੈਨੇਡਾ ਤੋਂ ਡਿਪੋਰਟ ਕੀਤਾ ਗਿਆ।

ਅਮਿਤੋਜ ਬਾਜਵਾ ਖ਼ਿਲਾਫ਼ ਹਥਿਆਰ ਦੀ ਵਰਤੋਂ, ਫਿਰੌਤੀ ਨਾਲ ਸਬੰਧਤ ਗੋਲੀਬਾਰੀ ਅਤੇ ਇੱਕ ਅਪਰਾਧਿਕ ਗਿਰੋਹ ਨਾਲ ਸਬੰਧ ਹੋਣ ਦੇ ਦੋਸ਼ ਸਨ। ਇਨ੍ਹਾਂ ਮਾਮਲਿਆਂ ਦੇ ਆਧਾਰ ’ਤੇ ਉਸ ਨੂੰ ਵੀ ਦੇਸ਼ ਨਿਕਾਲੇ ਦੀ ਕਾਰਵਾਈ ਦਾ ਸਾਹਮਣਾ ਕਰਨਾ ਪਿਆ।

ਉੱਥੇ ਹੀ ਸਾਹਿਬਜੋਤ ਸਿੰਘ ਨੂੰ ਇੱਕ ਅਪਰਾਧਿਕ ਗਿਰੋਹ ਦੇ ਨੈੱਟਵਰਕ ਵਿੱਚ ਆਪਣੀ ਸ਼ਮੂਲੀਅਤ ਸਵੀਕਾਰ ਕਰਨ ਤੋਂ ਬਾਅਦ ਕੈਨੇਡਾ ਤੋਂ ਡਿਪੋਰਟ ਕੀਤਾ ਗਿਆ।

ਵੱਖ-ਵੱਖ ਖੇਤਰਾਂ ਵਿੱਚ ਵੀ ਜਾਰੀ ਹੋਏ ਡਿਪੋਰਟੇਸ਼ਨ ਆਰਡਰ

CBSA ਦੀ ਕਾਰਵਾਈ ਸਿਰਫ਼ ਇੱਕ ਖੇਤਰ ਤੱਕ ਸੀਮਿਤ ਨਹੀਂ ਰਹੀ। ਉਪਲਬਧ ਜਾਣਕਾਰੀ ਮੁਤਾਬਕ ਪ੍ਰਸ਼ਾਂਤ ਖੇਤਰ ਵਿੱਚ 91 ਵਿਦੇਸ਼ੀ ਨਾਗਰਿਕਾਂ ਖ਼ਿਲਾਫ਼ ਦੇਸ਼ ਨਿਕਾਲੇ ਦੇ ਹੁਕਮ ਜਾਰੀ ਕੀਤੇ ਗਏ, ਜਿਨ੍ਹਾਂ ਵਿੱਚੋਂ 58 ਨੂੰ ਡਿਪੋਰਟ ਕੀਤਾ ਜਾ ਚੁੱਕਾ ਹੈ।

ਇਸੇ ਤਰ੍ਹਾਂ ਪ੍ਰੇਰੀ ਖੇਤਰ ਵਿੱਚ 47 ਵਿਦੇਸ਼ੀ ਨਾਗਰਿਕਾਂ ਨੂੰ ਦੇਸ਼ ਨਿਕਾਲੇ ਦੇ ਹੁਕਮ ਜਾਰੀ ਹੋਏ, ਜਿਨ੍ਹਾਂ ਵਿੱਚੋਂ 30 ਨੂੰ ਕੈਨੇਡਾ ਤੋਂ ਵਾਪਸ ਭੇਜਿਆ ਜਾ ਚੁੱਕਾ ਹੈ।

ਉੱਥੇ ਹੀ ਗ੍ਰੇਟਰ ਟੋਰਾਂਟੋ ਖੇਤਰ ਵਿੱਚ 50 ਵਿਦੇਸ਼ੀ ਨਾਗਰਿਕਾਂ ਖ਼ਿਲਾਫ਼ ਦੇਸ਼ ਨਿਕਾਲੇ ਦੇ ਹੁਕਮ ਜਾਰੀ ਕੀਤੇ ਗਏ, ਜਿਨ੍ਹਾਂ ਵਿੱਚੋਂ 23 ਨੂੰ ਡਿਪੋਰਟ ਕੀਤਾ ਗਿਆ ਹੈ।

ਕੈਨੇਡੀਅਨ ਅਧਿਕਾਰੀਆਂ ਵੱਲੋਂ ਸੰਗਠਿਤ ਅਪਰਾਧ, ਜਬਰੀ ਵਸੂਲੀ ਅਤੇ ਅਪਰਾਧਿਕ ਗਿਰੋਹਾਂ ਨਾਲ ਜੁੜੇ ਵਿਦੇਸ਼ੀ ਨਾਗਰਿਕਾਂ ਖ਼ਿਲਾਫ਼ ਕੀਤੀ ਜਾ ਰਹੀ ਇਹ ਕਾਰਵਾਈ ਇਮੀਗ੍ਰੇਸ਼ਨ ਕਾਨੂੰਨਾਂ ਦੀ ਉਲੰਘਣਾ ਕਰਨ ਵਾਲਿਆਂ ’ਤੇ ਸਖ਼ਤੀ ਦਾ ਸੰਕੇਤ ਮੰਨੀ ਜਾ ਰਹੀ ਹੈ।

Leave a Reply

Your email address will not be published. Required fields are marked *