
ਚੰਡੀਗੜ੍ਹ, 17 ਸਤੰਬਰ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸ਼ੋਰ ਨਿਆਂ ਐਕਟ ਤਹਿਤ ਰਜਿਸਟਰਡ ਘਰਾਂ ਵਿੱਚ ਰਹਿ ਰਹੇ ਬੱਚਿਆਂ ਨੂੰ ਸਿੱਖਿਆ, ਹੁਨਰ ਸਿਖਲਾਈ ਅਤੇ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾ ਕੇ ਉਨ੍ਹਾਂ ਨੂੰ ਬਿਹਤਰ ਅਤੇ ਸਵੈ-ਨਿਰਭਰ ਭਵਿੱਖ ਵੱਲ ਲਿਜਾਣ ਲਈ ਯਤਨ ਕੀਤੇ ਜਾ ਰਹੇ ਹਨ। ਇਸੇ ਦਿਸ਼ਾ ਵਿੱਚ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਵੱਖ-ਵੱਖ ਹੁਨਰ ਵਿਕਾਸ ਅਤੇ ਕਿੱਤਾਮੁਖੀ ਸਿਖਲਾਈ ਪ੍ਰੋਗਰਾਮ ਚਲਾਏ ਜਾ ਰਹੇ ਹਨ।
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਪਹਿਲਕਦਮੀ ਤਹਿਤ ਹੁਸ਼ਿਆਰਪੁਰ ਦੇ ਸਪੈਸ਼ਲ ਹੋਮ ਅਤੇ ਆਬਜ਼ਰਵੇਸ਼ਨ ਹੋਮ ਵਿੱਚ ਰਹਿ ਰਹੇ ਕੁੱਲ 48 ਬੱਚਿਆਂ ਨੇ ਰੁਜ਼ਗਾਰ-ਕੇਂਦਰਿਤ ਹੁਨਰ ਵਿਕਾਸ ਕੋਰਸ ਸਫਲਤਾਪੂਰਵਕ ਪੂਰੇ ਕਰ ਲਏ ਹਨ। ਇਨ੍ਹਾਂ ਵਿੱਚ ਸਪੈਸ਼ਲ ਹੋਮ ਦੇ 25 ਬੱਚਿਆਂ ਨੇ ਹੇਅਰ ਡ੍ਰੈਸਰ ਅਤੇ ਸਟਾਈਲਿਸਟ ਕੋਰਸ ਕੀਤਾ, ਜਦਕਿ ਆਬਜ਼ਰਵੇਸ਼ਨ ਹੋਮ ਦੇ 23 ਬੱਚਿਆਂ ਨੇ ਮਲਟੀ ਸਕਿੱਲ ਟੈਕਨੀਸ਼ੀਅਨ ਕੋਰਸ ਮੁਕੰਮਲ ਕੀਤਾ ਹੈ।
ਮੰਤਰੀ ਨੇ ਦੱਸਿਆ ਕਿ ਸਾਰੇ 48 ਬੱਚਿਆਂ ਨੇ ਸਿਖਲਾਈ ਵਿੱਚ 100 ਫ਼ੀਸਦੀ ਹਾਜ਼ਰੀ/ਭਾਗੀਦਾਰੀ ਦੇ ਨਾਲ ਆਪਣੀ ਮੁਲਾਂਕਣ ਅਤੇ ਪ੍ਰਮਾਣੀਕਰਣ ਪ੍ਰਕਿਰਿਆ ਵੀ ਪੂਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕੋਰਸਾਂ ਰਾਹੀਂ ਬੱਚਿਆਂ ਨੂੰ ਵਿਹਾਰਕ ਅਤੇ ਰੁਜ਼ਗਾਰ-ਯੋਗ ਹੁਨਰ ਹਾਸਲ ਕਰਨ ਦਾ ਮੌਕਾ ਮਿਲਿਆ ਹੈ, ਜਿਸ ਨਾਲ ਉਹ ਭਵਿੱਖ ਵਿੱਚ ਆਪਣੇ ਪੈਰਾਂ ’ਤੇ ਖੜ੍ਹੇ ਹੋਣ ਅਤੇ ਆਤਮਵਿਸ਼ਵਾਸ ਨਾਲ ਜੀਵਨ ਦੀ ਨਵੀਂ ਸ਼ੁਰੂਆਤ ਕਰਨ ਦੇ ਯੋਗ ਹੋ ਸਕਣਗੇ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਭਰ ਦੇ ਨਿਰੀਖਣ ਘਰਾਂ ਅਤੇ ਵਿਸ਼ੇਸ਼ ਘਰਾਂ ਵਿੱਚ ਕੁੱਲ 187 ਬੱਚਿਆਂ ਲਈ ਵੱਖ-ਵੱਖ ਹੁਨਰ ਵਿਕਾਸ ਅਤੇ ਕਿੱਤਾਮੁਖੀ ਸਿਖਲਾਈ ਕੋਰਸ ਸ਼ੁਰੂ ਕੀਤੇ ਗਏ ਹਨ। ਇਨ੍ਹਾਂ ਕੋਰਸਾਂ ਦੀ ਚੋਣ ਕਰਦੇ ਸਮੇਂ ਬੱਚਿਆਂ ਦੀ ਰੁਚੀ, ਯੋਗਤਾ ਅਤੇ ਭਵਿੱਖ ਵਿੱਚ ਰੁਜ਼ਗਾਰ ਦੀਆਂ ਸੰਭਾਵਨਾਵਾਂ ਨੂੰ ਧਿਆਨ ਵਿੱਚ ਰੱਖਿਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਪੰਜਾਬ ਹੁਨਰ ਵਿਕਾਸ ਮਿਸ਼ਨ (PSDM) ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਹ ਸਿਖਲਾਈ ਪ੍ਰੋਗਰਾਮ ਬੱਚਿਆਂ ਨੂੰ ਸਿਰਫ਼ ਇੱਕ ਕਿੱਤੇ ਨਾਲ ਜੋੜਨ ਤੱਕ ਸੀਮਤ ਨਹੀਂ ਹਨ, ਸਗੋਂ ਉਨ੍ਹਾਂ ਨੂੰ ਸਮਾਜ ਵਿੱਚ ਮੁੜ ਵਸੇਬੇ ਅਤੇ ਸਨਮਾਨਪੂਰਵਕ ਜੀਵਨ ਬਤੀਤ ਕਰਨ ਲਈ ਤਿਆਰ ਕਰਨ ਦਾ ਵੀ ਉਦੇਸ਼ ਰੱਖਦੇ ਹਨ।
ਵਿਭਾਗ ਵੱਲੋਂ ਕੋਰਸ ਪੂਰੇ ਕਰਨ ਵਾਲੇ ਬੱਚਿਆਂ ਲਈ ਉਨ੍ਹਾਂ ਦੀਆਂ ਯੋਗਤਾਵਾਂ ਅਤੇ ਸਿਖਲਾਈ ਦੇ ਅਨੁਕੂਲ ਰੁਜ਼ਗਾਰ ਅਤੇ ਪਲੇਸਮੈਂਟ ਦੇ ਮੌਕੇ ਮੁਹੱਈਆ ਕਰਵਾਉਣ ਲਈ ਵੀ ਯਤਨ ਕੀਤੇ ਜਾ ਰਹੇ ਹਨ। ਇਸ ਨਾਲ ਬੱਚਿਆਂ ਨੂੰ ਸਿਖਲਾਈ ਤੋਂ ਬਾਅਦ ਆਪਣੀ ਕਾਬਲੀਅਤ ਦੀ ਵਰਤੋਂ ਕਰਕੇ ਰੁਜ਼ਗਾਰ ਹਾਸਲ ਕਰਨ ਵਿੱਚ ਸਹਾਇਤਾ ਮਿਲ ਸਕੇਗੀ।
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਕਿਸ਼ੋਰ ਨਿਆਂ ਪ੍ਰਣਾਲੀ ਅਧੀਨ ਰਹਿ ਰਹੇ ਬੱਚਿਆਂ ਨੂੰ ਸਿਰਫ਼ ਸੁਰੱਖਿਆ ਅਤੇ ਦੇਖਭਾਲ ਦੀ ਲੋੜ ਨਹੀਂ ਹੁੰਦੀ, ਬਲਕਿ ਉਨ੍ਹਾਂ ਨੂੰ ਸਹੀ ਮਾਰਗਦਰਸ਼ਨ, ਸਿੱਖਿਆ, ਹੁਨਰ ਅਤੇ ਅੱਗੇ ਵਧਣ ਦੇ ਮੌਕੇ ਵੀ ਮਿਲਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਹੁਨਰ ਵਿਕਾਸ ਰਾਹੀਂ ਬੱਚਿਆਂ ਨੂੰ ਆਪਣੀ ਸਮਰੱਥਾ ਪਛਾਣਨ, ਆਤਮਵਿਸ਼ਵਾਸ ਵਧਾਉਣ ਅਤੇ ਆਪਣੇ ਜੀਵਨ ਨੂੰ ਨਵੀਂ ਦਿਸ਼ਾ ਦੇਣ ਦਾ ਮੌਕਾ ਮਿਲਦਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਦਾ ਉਦੇਸ਼ ਅਜਿਹੇ ਬੱਚਿਆਂ ਨੂੰ ਹੁਨਰਮੰਦ ਬਣਾਉਂਦੇ ਹੋਏ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨਾ ਅਤੇ ਭਵਿੱਖ ਵਿੱਚ ਸਵੈ-ਨਿਰਭਰ ਅਤੇ ਸਨਮਾਨਜਨਕ ਜੀਵਨ ਜਿਊਣ ਲਈ ਤਿਆਰ ਕਰਨਾ ਹੈ।
