
ਚੰਡੀਗੜ੍ਹ, 19 ਸਤੰਬਰ 2026: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੰਜਾਬ ਭਵਨ ਵਿਖੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸੂਬੇ ਭਰ ਵਿੱਚ ਚੱਲ ਰਹੇ ਸੜਕ ਵਿਕਾਸ ਅਤੇ ਨਿਰਮਾਣ ਪ੍ਰੋਜੈਕਟਾਂ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਹਤਰ, ਸੁਰੱਖਿਅਤ ਅਤੇ ਸੁਚਾਰੂ ਆਵਾਜਾਈ ਸਹੂਲਤਾਂ ਮੁਹੱਈਆ ਕਰਵਾਉਣ ਲਈ ਸੜਕੀ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਲਗਾਤਾਰ ਕੰਮ ਕਰ ਰਹੀ ਹੈ।
ਮੀਟਿੰਗ ਦੌਰਾਨ ਹਰਭਜਨ ਸਿੰਘ ਈਟੀਓ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੜਕਾਂ ਅਤੇ ਪੁਲਾਂ ਨਾਲ ਸਬੰਧਤ ਨਵੇਂ ਪ੍ਰੋਜੈਕਟਾਂ ਲਈ ਟੈਂਡਰ ਜਾਰੀ ਕਰਦੇ ਸਮੇਂ ਕੰਮ ਪੂਰਾ ਕਰਨ ਲਈ ਵਾਜਬ ਅਤੇ ਵਿਗਿਆਨਕ ਸਮਾਂ-ਸੀਮਾ ਨਿਰਧਾਰਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪ੍ਰੋਜੈਕਟਾਂ ਦੀ ਸਮਾਂ-ਸੀਮਾ ਤੈਅ ਕਰਦੇ ਸਮੇਂ ਮਾਨਸੂਨ ਅਤੇ ਸਰਦੀਆਂ ਦੇ ਮੌਸਮ ਵਰਗੇ ਕੁਦਰਤੀ ਕਾਰਕਾਂ ਨੂੰ ਵੀ ਧਿਆਨ ਵਿੱਚ ਰੱਖਿਆ ਜਾਵੇ, ਤਾਂ ਜੋ ਨਿਰਮਾਣ ਕਾਰਜਾਂ ਵਿੱਚ ਬੇਲੋੜੀ ਦੇਰੀ ਨਾ ਹੋਵੇ ਅਤੇ ਪ੍ਰੋਜੈਕਟ ਨਿਰਧਾਰਤ ਸਮੇਂ ਅੰਦਰ ਮੁਕੰਮਲ ਕੀਤੇ ਜਾ ਸਕਣ।
ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ (PMGSY) ਅਤੇ ਨਾਬਾਰਡ (NABARD) ਨਾਲ ਸਬੰਧਤ ਪ੍ਰੋਜੈਕਟਾਂ ਨੂੰ ਸਮੇਂ ਸਿਰ ਪੂਰਾ ਕਰਨ ਨੂੰ ਵਿਸ਼ੇਸ਼ ਤਰਜੀਹ ਦੇਣ ਲਈ ਕਿਹਾ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਵਿਭਾਗ ਦੇ ਵਿੱਤੀ ਟੀਚਿਆਂ ਦੀ ਪ੍ਰਾਪਤੀ ਲਈ ਠੇਕੇਦਾਰਾਂ ਦੇ ਬਕਾਇਆ ਭੁਗਤਾਨ ਸਮੇਂ ਸਿਰ ਕੀਤੇ ਜਾਣ, ਤਾਂ ਜੋ ਵਿਕਾਸ ਕਾਰਜਾਂ ਦੀ ਰਫ਼ਤਾਰ ਪ੍ਰਭਾਵਿਤ ਨਾ ਹੋਵੇ।
ਸੜਕ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਲਈ ਮੰਤਰੀ ਨੇ ਸੜਕਾਂ ’ਤੇ ਲੇਨ ਮਾਰਕਿੰਗ, ਲੋੜੀਂਦੇ ਸੜਕ ਸੁਰੱਖਿਆ ਉਪਕਰਨ ਅਤੇ ਹੋਰ ਜ਼ਰੂਰੀ ਸਹੂਲਤਾਂ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਸੜਕਾਂ ਦੇ ਨਿਰਮਾਣ ਜਾਂ ਨਵੀਨੀਕਰਨ ਦੇ ਨਾਲ-ਨਾਲ ਸੜਕ ਸੁਰੱਖਿਆ ਨੂੰ ਵੀ ਬਰਾਬਰ ਮਹੱਤਵ ਦਿੱਤਾ ਜਾਣਾ ਚਾਹੀਦਾ ਹੈ।
ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਗਭਗ 45,000 ਕਿਲੋਮੀਟਰ ਸੜਕਾਂ ਦੇ ਨਿਰਮਾਣ ਅਤੇ ਨਵੀਨੀਕਰਨ ਦਾ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਦਾ ਮਕਸਦ ਸੂਬੇ ਦੇ ਵੱਖ-ਵੱਖ ਖੇਤਰਾਂ ਵਿੱਚ ਆਵਾਜਾਈ ਸੰਪਰਕ ਨੂੰ ਬਿਹਤਰ ਬਣਾਉਣ ਦੇ ਨਾਲ-ਨਾਲ ਲੋਕਾਂ ਲਈ ਵਧੇਰੇ ਸੁਵਿਧਾਜਨਕ ਅਤੇ ਸੁਰੱਖਿਅਤ ਸੜਕੀ ਨੈੱਟਵਰਕ ਮੁਹੱਈਆ ਕਰਵਾਉਣਾ ਹੈ।
ਮੀਟਿੰਗ ਵਿੱਚ ਲੋਕ ਨਿਰਮਾਣ ਵਿਭਾਗ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਹਾਈਵੇਅ, ਲਿੰਕ ਸੜਕਾਂ ਅਤੇ ਹੋਰ ਚੱਲ ਰਹੇ ਵਿਕਾਸ ਕਾਰਜਾਂ ਦੀ ਹਲਕਾ-ਵਾਰ ਅਤੇ ਡਿਵੀਜ਼ਨ-ਵਾਰ ਪ੍ਰਗਤੀ ਦੀ ਵੀ ਸਮੀਖਿਆ ਕੀਤੀ ਗਈ। ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਮੌਜੂਦਾ ਮੌਸਮ ਸੜਕਾਂ ਦੀ ਮੁਰੰਮਤ ਅਤੇ ਨਿਰਮਾਣ ਕਾਰਜਾਂ ਲਈ ਅਨੁਕੂਲ ਹੈ, ਇਸ ਲਈ ਮੌਜੂਦਾ ਸਮੇਂ ਦਾ ਪੂਰਾ ਲਾਭ ਲੈਂਦਿਆਂ ਕੰਮਾਂ ਦੀ ਰਫ਼ਤਾਰ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ।
ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ਲਈ ਫੰਡਾਂ ਨਾਲ ਜੁੜੀਆਂ ਬਕਾਇਆ ਮੰਗਾਂ ਨੂੰ ਤੁਰੰਤ ਦਰਜ ਕਰਵਾਇਆ ਜਾਵੇ ਅਤੇ ਲੋੜੀਂਦੇ ਭੁਗਤਾਨ ਸਮੇਂ ਸਿਰ ਕੀਤੇ ਜਾਣ। ਉਨ੍ਹਾਂ ਕਿਹਾ ਕਿ ਫੰਡਾਂ ਦੀ ਘਾਟ ਜਾਂ ਪ੍ਰਸ਼ਾਸਨਿਕ ਦੇਰੀ ਕਾਰਨ ਕਿਸੇ ਵੀ ਪ੍ਰੋਜੈਕਟ ਦੀ ਰਫ਼ਤਾਰ ਪ੍ਰਭਾਵਿਤ ਨਹੀਂ ਹੋਣੀ ਚਾਹੀਦੀ।
ਲੋਕ ਨਿਰਮਾਣ ਮੰਤਰੀ ਨੇ ਅਧਿਕਾਰੀਆਂ ਨੂੰ ਸਾਰੇ ਪ੍ਰੋਜੈਕਟਾਂ ਦੀ ਨਿਯਮਤ ਨਿਗਰਾਨੀ ਕਰਨ ਅਤੇ ਨਿਰਧਾਰਤ ਟੀਚਿਆਂ ਅਨੁਸਾਰ ਕੰਮ ਨੂੰ ਅੱਗੇ ਵਧਾਉਣ ਲਈ ਕਿਹਾ। ਉਨ੍ਹਾਂ ਸਪੱਸ਼ਟ ਕੀਤਾ ਕਿ ਸੜਕ ਨਿਰਮਾਣ ਅਤੇ ਨਵੀਨੀਕਰਨ ਕਾਰਜਾਂ ਵਿੱਚ ਗੁਣਵੱਤਾ ਦੇ ਮਾਪਦੰਡਾਂ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਣਾ ਚਾਹੀਦਾ। ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਉਹ ਆਉਣ ਵਾਲੇ ਸਮੇਂ ਵਿੱਚ ਇਨ੍ਹਾਂ ਕੰਮਾਂ ਦੀ ਪ੍ਰਗਤੀ ਦੀ ਮੁੜ ਸਮੀਖਿਆ ਕਰਨਗੇ ਅਤੇ ਪ੍ਰੋਜੈਕਟਾਂ ਦੀ ਜ਼ਮੀਨੀ ਸਥਿਤੀ ਦਾ ਜਾਇਜ਼ਾ ਲਿਆ ਜਾਵੇਗਾ।
