Wednesday, October 28Punjabi People

ਨੌਜਵਾਨਾਂ ਦਾ ਖੇਡਾਂ ਵੱਲ ਵਧਿਆ ਰੁਝਾਨ, ਖੇਡ ਮੈਦਾਨਾਂ ਵਿੱਚ ਵਧੀ ਸਰਗਰਮੀ

ਚੰਡੀਗੜ੍ਹ, 22 ਸਤੰਬਰ 2026 : ਬੀਤੇ ਕਈ ਦਹਾਕਿਆਂ ਦੌਰਾਨ ਨਸ਼ਿਆਂ ਨੇ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਇਸ ਕਾਰਨ ਕਈ ਪਰਿਵਾਰਾਂ ਨੂੰ ਅਸਹਿ ਦੁੱਖਾਂ ਦਾ ਸਾਹਮਣਾ ਕਰਨਾ ਪਿਆ।

ਨਸ਼ਿਆਂ ਵਰਗੀ ਗੰਭੀਰ ਸਮੱਸਿਆ ਨਾਲ ਨਜਿੱਠਣ ਲਈ ਸਿਰਫ਼ ਕਾਨੂੰਨੀ ਸਖ਼ਤੀ ਕਾਫ਼ੀ ਨਹੀਂ, ਸਗੋਂ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਅਤੇ ਸਕਾਰਾਤਮਕ ਦਿਸ਼ਾ ਵੱਲ ਲਿਜਾਣਾ ਵੀ ਜ਼ਰੂਰੀ ਹੈ। ਇਸੇ ਮਕਸਦ ਨਾਲ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਉਪਰਾਲੇ ਅਹਿਮ ਮੰਨੇ ਜਾ ਰਹੇ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡਾਂ ਤੋਂ ਲੈ ਕੇ ਸ਼ਹਿਰਾਂ ਤੱਕ ਖੇਡਾਂ ਲਈ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਵੱਲ ਧਿਆਨ ਦਿੱਤਾ ਜਾ ਰਿਹਾ ਹੈ। ਇਸ ਤਹਿਤ ਸੂਬੇ ਵਿੱਚ 3,100 ਖੇਡ ਮੈਦਾਨਾਂ ਅਤੇ ਸਟੇਡੀਅਮਾਂ ਦੀ ਉਸਾਰੀ ਦਾ ਟੀਚਾ ਰੱਖਿਆ ਗਿਆ ਹੈ। ਯੋਜਨਾ ਤਹਿਤ ਕਈ ਖੇਡ ਮੈਦਾਨ ਨੌਜਵਾਨਾਂ ਨੂੰ ਸਮਰਪਿਤ ਵੀ ਕੀਤੇ ਜਾ ਚੁੱਕੇ ਹਨ।

ਖੇਡ ਮੈਦਾਨਾਂ ਅਤੇ ਬੁਨਿਆਦੀ ਸਹੂਲਤਾਂ ਦੇ ਵਿਕਾਸ ਲਈ ਵੱਡੇ ਪੱਧਰ ’ਤੇ ਫੰਡ ਮੁਹੱਈਆ ਕਰਵਾਉਣਾ ਸਰਕਾਰ ਵੱਲੋਂ ਖੇਡਾਂ ਨੂੰ ਦਿੱਤੀ ਜਾ ਰਹੀ ਤਰਜੀਹ ਨੂੰ ਦਰਸਾਉਂਦਾ ਹੈ। ਪਿੰਡ ਪੱਧਰ ’ਤੇ ਹੀ ਆਧੁਨਿਕ ਜਿਮ, ਖੇਡ ਮੈਦਾਨ ਅਤੇ ਸਿਖਲਾਈ ਦੀਆਂ ਸਹੂਲਤਾਂ ਉਪਲਬਧ ਹੋਣ ਨਾਲ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਦੇ ਵਧੇਰੇ ਮੌਕੇ ਮਿਲ ਰਹੇ ਹਨ। ਖੇਡਾਂ ਨੌਜਵਾਨਾਂ ਨੂੰ ਸਰੀਰਕ ਤੌਰ ’ਤੇ ਤੰਦਰੁਸਤ ਰੱਖਣ ਦੇ ਨਾਲ-ਨਾਲ ਉਨ੍ਹਾਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਟੀਮ ਭਾਵਨਾ ਨੂੰ ਵੀ ਮਜ਼ਬੂਤ ਕਰਦੀਆਂ ਹਨ।

ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਵੱਲੋਂ ਨਕਦ ਇਨਾਮਾਂ ਦੇ ਨਾਲ ਸਰਕਾਰੀ ਨੌਕਰੀਆਂ ਦੇ ਮੌਕੇ ਵੀ ਮੁਹੱਈਆ ਕਰਵਾਏ ਜਾ ਰਹੇ ਹਨ। ਹਾਲ ਹੀ ਵਿੱਚ ਮਹਾਰਾਜਾ ਰਣਜੀਤ ਸਿੰਘ ਪੁਰਸਕਾਰ ਜੇਤੂ 87 ਖਿਡਾਰੀਆਂ ਸਮੇਤ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ 1,070 ਮੈਡਲ ਜਿੱਤਣ ਵਾਲੇ ਖਿਡਾਰੀਆਂ ਨੂੰ ਕਰੋੜਾਂ ਰੁਪਏ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਓਲੰਪਿਕ ਅਤੇ ਏਸ਼ਿਆਈ ਖੇਡਾਂ ਵਿੱਚ ਮੈਡਲ ਜਿੱਤਣ ਵਾਲੇ ਖਿਡਾਰੀਆਂ ਨੂੰ ਵੱਡੀ ਇਨਾਮੀ ਰਾਸ਼ੀ ਦੇਣ ਦੇ ਨਾਲ ਕਈ ਖਿਡਾਰੀਆਂ ਨੂੰ ਸਰਕਾਰੀ ਨੌਕਰੀਆਂ ਵੀ ਪ੍ਰਦਾਨ ਕੀਤੀਆਂ ਗਈਆਂ ਹਨ। ਉੱਚ ਪੱਧਰੀ ਖਿਡਾਰੀਆਂ ਨੂੰ ਕੌਮੀ ਅਤੇ ਕੌਮਾਂਤਰੀ ਮੁਕਾਬਲਿਆਂ ਦੀ ਤਿਆਰੀ ਲਈ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਵਿੱਤੀ ਸਹਾਇਤਾ ਵੀ ਦਿੱਤੀ ਜਾ ਰਹੀ ਹੈ।

ਇਨ੍ਹਾਂ ਉਪਰਾਲਿਆਂ ਰਾਹੀਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ, ਉਨ੍ਹਾਂ ਲਈ ਬਿਹਤਰ ਮੌਕੇ ਪੈਦਾ ਕਰਨ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ।

Leave a Reply

Your email address will not be published. Required fields are marked *