
ਚੰਡੀਗੜ੍ਹ/ਨਵੀਂ ਦਿੱਲੀ, 22 ਸਤੰਬਰ 2026: ਕੌਮੀ ਪੱਧਰ ’ਤੇ ਪੰਜਾਬ ਦਾ ਮਾਣ ਵਧਾਉਂਦਿਆਂ ਸੂਬੇ ਦੀਆਂ ਪੰਜ ਸਹਿਕਾਰੀ ਖੰਡ ਮਿੱਲਾਂ ਨੇ ਨਵੀਂ ਦਿੱਲੀ ਵਿੱਚ ਕਰਵਾਏ ਗਏ ਕੌਮੀ ਸਹਿਕਾਰਤਾ ਸ਼ੂਗਰ ਇੰਡਸਟਰੀ ਕਨਕਲੇਵ-2026 ਦੌਰਾਨ ਵੱਖ-ਵੱਖ ਸ਼੍ਰੇਣੀਆਂ ਵਿੱਚ ਕੌਮੀ ਐਵਾਰਡ ਹਾਸਲ ਕੀਤੇ ਹਨ। ਇਹ ਐਵਾਰਡ ਵਿੱਤੀ ਪ੍ਰਬੰਧਨ, ਉੱਤਮ ਗੰਨਾ ਵਿਕਾਸ ਅਤੇ ਤਕਨੀਕੀ ਕੁਸ਼ਲਤਾ ਦੇ ਖੇਤਰਾਂ ਵਿੱਚ ਪ੍ਰਦਰਸ਼ਨ ਲਈ ਦਿੱਤੇ ਗਏ। ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਤੋਂ ਇਹ ਐਵਾਰਡ ਪ੍ਰਾਪਤ ਕੀਤੇ।
ਕਨਕਲੇਵ ਦੌਰਾਨ ਵਿੱਤੀ ਪ੍ਰਬੰਧਨ (ਅਦਰ ਰਿਕਵਰੀ ਏਰੀਆ) ਸ਼੍ਰੇਣੀ ਵਿੱਚ ਬਟਾਲਾ ਕੋਆਪਰੇਟਿਵ ਸ਼ੂਗਰ ਮਿੱਲਜ਼ ਲਿਮਟਿਡ ਨੇ ਦੂਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਉੱਤਮ ਗੰਨਾ ਵਿਕਾਸ (ਅਦਰ ਰਿਕਵਰੀ ਏਰੀਆ) ਸ਼੍ਰੇਣੀ ਵਿੱਚ ਫਾਜ਼ਿਲਕਾ ਕੋਆਪਰੇਟਿਵ ਸ਼ੂਗਰ ਮਿੱਲਜ਼ ਲਿਮਟਿਡ ਅਤੇ ਬੁੱਢੇਵਾਲ ਕੋਆਪਰੇਟਿਵ ਸ਼ੂਗਰ ਮਿੱਲਜ਼ ਲਿਮਟਿਡ ਨੇ ਦੂਜਾ ਸਥਾਨ ਪ੍ਰਾਪਤ ਕੀਤਾ।
ਤਕਨੀਕੀ ਕੁਸ਼ਲਤਾ ਐਵਾਰਡ (ਅਦਰ ਰਿਕਵਰੀ ਏਰੀਆ) ਸ਼੍ਰੇਣੀ ਵਿੱਚ ਨਕੋਦਰ ਕੋਆਪਰੇਟਿਵ ਸ਼ੂਗਰ ਮਿੱਲਜ਼ ਲਿਮਟਿਡ ਨੇ ਦੂਜਾ, ਜਦਕਿ ਭੋਗਪੁਰ ਕੋਆਪਰੇਟਿਵ ਸ਼ੂਗਰ ਮਿੱਲਜ਼ ਲਿਮਟਿਡ ਨੇ ਤੀਜਾ ਸਥਾਨ ਹਾਸਲ ਕੀਤਾ।
ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੰਨੇ ਦੀ ਉਤਪਾਦਕਤਾ ਵਧਾਉਣ, ਖੰਡ ਦੀ ਰਿਕਵਰੀ ਦਰ ਵਿੱਚ ਸੁਧਾਰ ਲਿਆਉਣ ਅਤੇ ਕਾਸ਼ਤ ਦੀ ਲਾਗਤ ਘਟਾਉਣ ਲਈ ਆਧੁਨਿਕ ਖੇਤੀ ਤਕਨੀਕਾਂ ਨੂੰ ਅਪਣਾਉਣ ’ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਪੰਜ ਸਹਿਕਾਰੀ ਖੰਡ ਮਿੱਲਾਂ ਵੱਲੋਂ ਕੌਮੀ ਪੱਧਰ ’ਤੇ ਐਵਾਰਡ ਹਾਸਲ ਕਰਨਾ ਪੰਜਾਬ ਲਈ ਮਾਣ ਵਾਲੀ ਗੱਲ ਹੈ।
ਖੁੱਡੀਆਂ ਨੇ ਦੱਸਿਆ ਕਿ ਪੰਜਾਬ ਵਿੱਚ ਗੰਨਾ ਕਾਸ਼ਤਕਾਰਾਂ ਨੂੰ ਦੇਸ਼ ਵਿੱਚ ਸਭ ਤੋਂ ਵੱਧ 416 ਰੁਪਏ ਪ੍ਰਤੀ ਕੁਇੰਟਲ ਗੰਨੇ ਦਾ ਭਾਅ ਦਿੱਤਾ ਜਾ ਰਿਹਾ ਹੈ, ਜਿਸ ਵਿੱਚ ਸੂਬਾ ਸਰਕਾਰ ਵੱਲੋਂ 68.50 ਰੁਪਏ ਪ੍ਰਤੀ ਕੁਇੰਟਲ ਸਬਸਿਡੀ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਖੰਡ ਮਿੱਲਾਂ ਵੱਲੋਂ ਕੀਤੇ ਸਰਵੇਖਣ ਅਨੁਸਾਰ ਸਾਲ 2025-26 ਦੌਰਾਨ ਪੰਜਾਬ ਵਿੱਚ ਗੰਨੇ ਹੇਠ ਰਕਬਾ 1,11,818 ਹੈਕਟੇਅਰ ਸੀ, ਜੋ 2026-27 ਵਿੱਚ ਵਧ ਕੇ 1,16,131 ਹੈਕਟੇਅਰ ਹੋ ਗਿਆ ਹੈ। ਮੌਸਮ ਅਨੁਕੂਲ ਰਹਿਣ ’ਤੇ ਇਸ ਰਕਬੇ ਤੋਂ ਲਗਭਗ 700 ਲੱਖ ਕੁਇੰਟਲ ਗੰਨੇ ਦੀ ਪੈਦਾਵਾਰ ਹੋਣ ਦੀ ਉਮੀਦ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਗੰਨਾ ਮਾਹਿਰਾਂ, ਖੇਤੀਬਾੜੀ ਵਿਭਾਗ ਅਤੇ ਖੰਡ ਮਿੱਲਾਂ ਦੀਆਂ ਸਾਂਝੀਆਂ ਟੀਮਾਂ ਵੱਲੋਂ ਸਮੇਂ-ਸਮੇਂ ’ਤੇ ਕਿਸਾਨ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਰਾਹੀਂ ਕਿਸਾਨਾਂ ਨੂੰ ਚੌੜੀ ਵਿਧੀ ਨਾਲ ਬਿਜਾਈ, ਪ੍ਰਾਈਮਰੀ ਸੀਡ ਨਰਸਰੀ ਰਾਹੀਂ ਬਿਜਾਈ, ਸੁਧਰੇ ਅਤੇ ਰੋਗ-ਰਹਿਤ ਬੀਜ ਦੀ ਵਰਤੋਂ, ਖਾਦਾਂ ਦੀ ਸੰਤੁਲਿਤ ਵਰਤੋਂ, ਕੀਟ ਅਤੇ ਬਿਮਾਰੀ ਪ੍ਰਬੰਧਨ ਅਤੇ ਖੇਤੀ ਮਸ਼ੀਨੀਕਰਨ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।
ਸਾਲ 2026-27 ਦੌਰਾਨ ਗੰਨੇ ਦੀ ਆਧੁਨਿਕ ਕਾਸ਼ਤ ਅਤੇ ਖੇਤੀ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਪ੍ਰੋਤਸਾਹਨ ਸਕੀਮ ਵੀ ਲਾਗੂ ਕੀਤੀ ਗਈ ਹੈ। ਇਸ ਤਹਿਤ ਚੁਣੇ ਹੋਏ ਜ਼ਿਲ੍ਹਿਆਂ ਵਿੱਚ ਸਿਫਾਰਸ਼ਸ਼ੁਦਾ ਗੰਨਾ ਕਾਸ਼ਤ ਤਕਨੀਕਾਂ ’ਤੇ ਆਧਾਰਿਤ ਇੱਕ ਹੈਕਟੇਅਰ ਦੇ ਪ੍ਰਦਰਸ਼ਨੀ ਪਲਾਟ ਸਥਾਪਤ ਕਰਨ ਲਈ ਕਿਸਾਨਾਂ ਨੂੰ 3,200 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ।
ਇਸ ਸਕੀਮ ਅਧੀਨ ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਸ਼ਹੀਦ ਭਗਤ ਸਿੰਘ ਨਗਰ, ਫਤਿਹਗੜ੍ਹ ਸਾਹਿਬ, ਰੂਪਨਗਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਪਟਿਆਲਾ, ਫਾਜ਼ਿਲਕਾ, ਫਰੀਦਕੋਟ ਅਤੇ ਕਪੂਰਥਲਾ ਜ਼ਿਲ੍ਹਿਆਂ ਨੂੰ ਸ਼ਾਮਲ ਕੀਤਾ ਗਿਆ ਹੈ। ਕਿਸਾਨਾਂ ਨੂੰ ਗੰਨੇ ਨਾਲ ਸਬੰਧਤ ਖੇਤੀ ਗਤੀਵਿਧੀਆਂ ਅਤੇ ਨਵੀਨਤਮ ਤਕਨੀਕੀ ਜਾਣਕਾਰੀ ਸਮੇਂ ਸਿਰ ਮੁਹੱਈਆ ਕਰਵਾਉਣ ਲਈ ਫੇਸਬੁੱਕ ਅਤੇ ਯੂਟਿਊਬ ਵਰਗੇ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਵੀ ਵਰਤੋਂ ਕੀਤੀ ਜਾ ਰਹੀ ਹੈ।
ਪੀ.ਏ.ਯੂ. ਦੇ ਗੰਨਾ ਮਾਹਿਰਾਂ, ਖੇਤੀਬਾੜੀ ਵਿਭਾਗ ਅਤੇ ਖੰਡ ਮਿੱਲਾਂ ਦੇ ਫੀਲਡ ਸਟਾਫ ਵੱਲੋਂ 320 ਕਿਸਾਨ ਸਿਖਲਾਈ ਕੈਂਪਾਂ ਰਾਹੀਂ ਲਗਭਗ 15,000 ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦਿੱਤੀ ਜਾ ਚੁੱਕੀ ਹੈ।
ਇਸ ਤੋਂ ਇਲਾਵਾ, ਗੰਨੇ ਦੀ ਫਸਲ ਦੇ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ 40 ਫੀਸਦੀ ਸਬਸਿਡੀ ’ਤੇ ਗੰਨਾ ਕਟਾਈ ਮਸ਼ੀਨ, ਛੋਟਾ ਟਰੈਕਟਰ, ਗੰਨਾ ਬਿਜਾਈ ਮਸ਼ੀਨ ਅਤੇ ਰੈਟੂਨ ਮੈਨੇਜਰ ਵਰਗੀਆਂ ਮਸ਼ੀਨਾਂ ਗੰਨਾ ਕਾਸ਼ਤਕਾਰਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਦਾ ਉਦੇਸ਼ ਖੇਤੀਬਾੜੀ ਵਿੱਚ ਮਜ਼ਦੂਰਾਂ ਦੀ ਘਾਟ ਦੀ ਸਮੱਸਿਆ ਨੂੰ ਘਟਾਉਣਾ ਹੈ।
ਇਸ ਮੌਕੇ ਸਹਿਕਾਰਤਾ ਵਿਭਾਗ ਪੰਜਾਬ ਦੀ ਸਕੱਤਰ ਅਜੀਤ ਬਾਲਾ ਜੋਸ਼ੀ, ਸ਼ੂਗਰਫੈੱਡ ਦੇ ਮੈਨੇਜਿੰਗ ਡਾਇਰੈਕਟਰ ਡਾ. ਸੇਨੂੰ ਦੁੱਗਲ ਅਤੇ ਐਵਾਰਡ ਪ੍ਰਾਪਤ ਕਰਨ ਵਾਲੀਆਂ ਖੰਡ ਮਿੱਲਾਂ ਦੇ ਅਧਿਕਾਰੀ ਵੀ ਮੌਜੂਦ ਸਨ।ਇਹ ਕਨਕਲੇਵ 2024-25 ਅਤੇ 2025-26 ਲਈ ਨੈਸ਼ਨਲ ਫੈਡਰੇਸ਼ਨ ਆਫ ਕੋਆਪਰੇਟਿਵ ਸ਼ੂਗਰ ਫੈਕਟਰੀਜ਼ ਲਿਮਟਿਡ ਵੱਲੋਂ ਨਵੀਂ ਦਿੱਲੀ ਸਥਿਤ ਡਾ. ਅੰਬੇਡਕਰ ਇੰਟਰਨੈਸ਼ਨਲ ਸੈਂਟਰ ਵਿਖੇ ਕਰਵਾਇਆ ਗਿਆ।
