
ਚੰਡੀਗੜ੍ਹ/ਜਲੰਧਰ, 29 ਜਨਵਰੀ 2026: ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਲਾਲ ਚੰਦ ਕਟਾਰੂਚੱਕ ਨੇ ਅੱਜ ਜਲੰਧਰ ਸ਼ਹਿਰ ਦੇ ਰੇਲਵੇ ਸਟੇਸ਼ਨ ਤੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ਸ਼ਰਧਾਲੂਆਂ ਲਈ ਬਨਾਰਸ ਜਾਣ ਵਾਲੀ ਵਿਸ਼ੇਸ਼ ਟ੍ਰੇਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਵੱਲੋਂ ਦਰਸਾਏ ਸਰਬ-ਸਾਂਝੀਵਾਲਤਾ ਅਤੇ ਮਨੁੱਖਤਾ ਦੇ ਮਾਰਗ ’ਤੇ ਚੱਲ ਕੇ ਆਦਰਸ਼ਵਾਦੀ ਸਮਾਜ ਦੀ ਸਿਰਜਣਾ ਕਰਨ ਦਾ ਸੱਦਾ ਦਿੱਤਾ।
ਇਸ ਮੌਕੇ ਲੋਕ ਸਭਾ ਮੈਂਬਰ ਰਾਜ ਕੁਮਾਰ ਚੱਬੇਵਾਲ, ਹਲਕਾ ਵਿਧਾਇਕ ਡਾ. ਇਸ਼ਾਂਕ ਕੁਮਾਰ, ਸਾਬਕਾ ਮੰਤਰੀ ਬਲਕਾਰ ਸਿੰਘ, ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਅਤੇ ਪੰਜਾਬ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਪਵਨ ਕੁਮਾਰ ਟੀਨੂੰ ਵੀ ਹਾਜ਼ਰ ਸਨ।
ਸਮਾਗਮ ਨੂੰ ਸੰਬੋਧਨ ਕਰਦਿਆਂ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਡੇਰਾ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਤੋਂ ਅਸ਼ੀਰਵਾਦ ਪ੍ਰਾਪਤ ਕਰਨ ਉਪਰੰਤ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਵੱਡੇ ਪੱਧਰ ’ਤੇ ਮਨਾਏਗੀ। ਉਨ੍ਹਾਂ ਦੱਸਿਆ ਕਿ ਗੁਰੂ ਜੀ ਦੇ ਜੀਵਨ, ਉਪਦੇਸ਼ਾਂ ਅਤੇ ਯਾਤਰਾਵਾਂ ਨਾਲ ਸੰਬੰਧਤ ਪੰਜਾਬ ਭਰ ਵਿੱਚ ਵੱਖ-ਵੱਖ ਸਮਾਗਮ ਕਰਵਾਏ ਜਾਣਗੇ, ਜਿਸ ਸਬੰਧੀ ਕੈਬਨਿਟ ਸਬ-ਕਮੇਟੀ ਦੀ ਮੀਟਿੰਗ ਵਿੱਚ ਰੂਪ-ਰੇਖਾ ਤੈਅ ਕੀਤੀ ਗਈ ਹੈ।
ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਉੱਤੇ ਵਿਸਤ੍ਰਿਤ ਖੋਜ ਅਤੇ ਅਧਿਐਨ ਲਈ ਕੇਂਦਰ ਸਥਾਪਤ ਕਰਨ ਵਾਸਤੇ ਅੱਜ ਸੇਲ ਡੀਡ ’ਤੇ ਦਸਤਖ਼ਤ ਕੀਤੇ ਗਏ ਹਨ। ਸ਼੍ਰੀ ਚੀਮਾ ਨੇ ਕਿਹਾ ਕਿ ਗੁਰੂ ਜੀ ਦੀਆਂ ਸਿੱਖਿਆਵਾਂ ਸਮਾਜਕ ਬਰਾਬਰੀ ਅਤੇ ਸਮੁੱਚੀ ਮਨੁੱਖਤਾ ਦੀ ਭਲਾਈ ਦਾ ਸੰਦੇਸ਼ ਦਿੰਦੀਆਂ ਹਨ ਅਤੇ ਅੱਜ ਵੀ ਸਾਨੂੰ ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਪ੍ਰੇਰਨਾ ਦਿੰਦੀਆਂ ਹਨ।
ਇਸ ਮੌਕੇ ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੇ ਫ਼ਲਸਫ਼ੇ ਅਤੇ ਉਪਦੇਸ਼ਾਂ ’ਤੇ ਆਧਾਰਿਤ ਸਮਾਜ ਦੀ ਨਿਰਮਾਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ 650ਵੇਂ ਪ੍ਰਕਾਸ਼ ਪੁਰਬ ਨੂੰ ਬੇਮਿਸਾਲ ਢੰਗ ਨਾਲ ਮਨਾਉਣ ਲਈ ਸਰਕਾਰ ਵੱਲੋਂ ਵਿਸਥਾਰਕ ਯੋਜਨਾ ਤਿਆਰ ਕੀਤੀ ਗਈ ਹੈ ਅਤੇ ਕੋਈ ਕਸਰ ਨਹੀਂ ਛੱਡੀ ਜਾਵੇਗੀ।
ਇਸ ਤੋਂ ਪਹਿਲਾਂ ਉਨ੍ਹਾਂ ਨੇ ਸੰਗਤਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਜੀ ਨੇ ਐਸੇ ਆਦਰਸ਼ ਸਮਾਜ ਦਾ ਸੁਪਨਾ ਵੇਖਾਇਆ ਜਿੱਥੇ ਕਿਸੇ ਨਾਲ ਭੇਦਭਾਵ ਨਾ ਹੋਵੇ। ਉਨ੍ਹਾਂ ਜ਼ੋਰ ਦਿੱਤਾ ਕਿ ਪੰਜਾਬ ਸਰਕਾਰ ਗੁਰੂ ਜੀ ਦੀਆਂ ਸਿੱਖਿਆਵਾਂ ’ਤੇ ਚੱਲਦਿਆਂ ਸਮਾਜ ਦੇ ਕਮਜ਼ੋਰ ਵਰਗਾਂ ਦੀ ਭਲਾਈ ਯਕੀਨੀ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ।
