
ਚੰਡੀਗੜ੍ਹ, 23 ਸਤੰਬਰ 2026: ਪੰਜਾਬ ਵਿੱਚ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਪੁਲਿਸ ਦੀ ਕਾਰਵਾਈ ਲਗਾਤਾਰ ਜਾਰੀ ਹੈ। ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 246ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਸਬੰਧਤ ਪਛਾਣੇ ਅਤੇ ਮੈਪ ਕੀਤੇ ਗਏ 596 ਟਿਕਾਣਿਆਂ ’ਤੇ ਇੱਕੋ ਸਮੇਂ ਛਾਪੇਮਾਰੀ ਕੀਤੀ। ਪੁਲਿਸ ਮੁਤਾਬਕ ਇਸ ਕਾਰਵਾਈ ਦੌਰਾਨ 8 ਹਥਿਆਰਾਂ ਸਮੇਤ 249 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਪੰਜਾਬ ਪੁਲਿਸ ਵੱਲੋਂ ਦੱਸਿਆ ਗਿਆ ਹੈ ਕਿ 20 ਜਨਵਰੀ 2026 ਨੂੰ ਡੀਜੀਪੀ ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ‘ਗੈਂਗਸਟਰਾਂ ’ਤੇ ਵਾਰ—ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ’ ਮੁਹਿੰਮ ਤਹਿਤ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਅਤੇ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਲਗਾਤਾਰ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।
246ਵੇਂ ਦਿਨ 249 ਗ੍ਰਿਫ਼ਤਾਰੀਆਂ, 8 ਹਥਿਆਰ ਬਰਾਮਦ
ਪੁਲਿਸ ਅਨੁਸਾਰ 23 ਸਤੰਬਰ ਨੂੰ ਕੀਤੀ ਗਈ ਕਾਰਵਾਈ ਦੌਰਾਨ 249 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਨ੍ਹਾਂ ਕੋਲੋਂ 8 ਹਥਿਆਰ ਬਰਾਮਦ ਕੀਤੇ ਗਏ ਹਨ। ਇਸ ਦੇ ਨਾਲ ਹੀ 174 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਵੀ ਕੀਤੀ ਗਈ, ਜਦਕਿ ਪੁਲਿਸ ਨੇ 8 ਭਗੌੜੇ ਅਪਰਾਧੀਆਂ ਨੂੰ ਵੀ ਕਾਬੂ ਕਰਨ ਦਾ ਦਾਅਵਾ ਕੀਤਾ ਹੈ।
ਪੁਲਿਸ ਦੇ ਅੰਕੜਿਆਂ ਮੁਤਾਬਕ ਮੁਹਿੰਮ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਕੁੱਲ ਗਿਣਤੀ 73,130 ਤੱਕ ਪਹੁੰਚ ਗਈ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁਹਿੰਮ ਦਾ ਮੁੱਖ ਉਦੇਸ਼ ਗੈਂਗਸਟਰਾਂ ਨਾਲ ਜੁੜੇ ਨੈੱਟਵਰਕ, ਉਨ੍ਹਾਂ ਦੇ ਸਾਥੀਆਂ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਨਿਸ਼ਾਨਾ ਬਣਾਉਣਾ ਹੈ।
ਗੈਂਗਸਟਰਾਂ ਬਾਰੇ ਜਾਣਕਾਰੀ ਦੇਣ ਲਈ ਹੈਲਪਲਾਈਨ
ਪੰਜਾਬ ਪੁਲਿਸ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਲੋੜੀਂਦੇ ਅਪਰਾਧੀਆਂ, ਗੈਂਗਸਟਰਾਂ ਜਾਂ ਅਪਰਾਧਿਕ ਗਤੀਵਿਧੀਆਂ ਬਾਰੇ ਜਾਣਕਾਰੀ ਪੁਲਿਸ ਤੱਕ ਪਹੁੰਚਾਉਣ। ਇਸ ਲਈ ਐਂਟੀ-ਗੈਂਗਸਟਰ ਹੈਲਪਲਾਈਨ 93946-93946 ’ਤੇ ਗੁਪਤ ਤੌਰ ’ਤੇ ਜਾਣਕਾਰੀ ਦਿੱਤੀ ਜਾ ਸਕਦੀ ਹੈ।
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵੀ ਵੱਡੀ ਕਾਰਵਾਈ
ਇਸੇ ਦੌਰਾਨ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵੀ 571ਵੇਂ ਦਿਨ ਜਾਰੀ ਰਹੀ। ਪੁਲਿਸ ਮੁਤਾਬਕ ਅੱਜ ਦੀ ਕਾਰਵਾਈ ਦੌਰਾਨ 117 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਪੁਲਿਸ ਵੱਲੋਂ ਜਾਰੀ ਵੇਰਵਿਆਂ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ 20.3 ਕਿਲੋ ਹੈਰੋਇਨ, 2 ਕਿਲੋ ਅਫੀਮ, 15 ਕਿਲੋ ਭੁੱਕੀ, 737 ਨਸ਼ੀਲੀਆਂ ਗੋਲੀਆਂ ਅਤੇ 500 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
ਪੁਲਿਸ ਦੇ ਅੰਕੜਿਆਂ ਮੁਤਾਬਕ ਨਸ਼ਿਆਂ ਖ਼ਿਲਾਫ਼ ਮੁਹਿੰਮ ਦੇ ਪਿਛਲੇ 571 ਦਿਨਾਂ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 79,463 ਹੋ ਗਈ ਹੈ।
ਨਸ਼ਾ ਛੁਡਾਊ ਅਤੇ ਮੁੜ-ਵਸੇਬੇ ’ਤੇ ਵੀ ਜ਼ੋਰ
ਨਸ਼ਿਆਂ ਵਿਰੁੱਧ ਕਾਰਵਾਈ ਦੇ ਨਾਲ-ਨਾਲ ਪੰਜਾਬ ਪੁਲਿਸ ਵੱਲੋਂ ਨਸ਼ਾ ਛੱਡਣ ਅਤੇ ਮੁੜ-ਵਸੇਬੇ ਲਈ ਵੀ ਲੋਕਾਂ ਨੂੰ ਪ੍ਰੇਰਿਤ ਕਰਨ ਦੀ ਗੱਲ ਕਹੀ ਗਈ ਹੈ। ਪੁਲਿਸ ਅਨੁਸਾਰ ਅੱਜ 21 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ।
ਪੁਲਿਸ ਦਾ ਕਹਿਣਾ ਹੈ ਕਿ ਨਸ਼ਿਆਂ ਖ਼ਿਲਾਫ਼ ਮੁਹਿੰਮ ਵਿੱਚ ਸਿਰਫ਼ ਨਸ਼ਾ ਤਸਕਰੀ ’ਤੇ ਕਾਰਵਾਈ ਹੀ ਨਹੀਂ, ਸਗੋਂ ਨਸ਼ੇ ਦੀ ਲਤ ਨਾਲ ਜੂਝ ਰਹੇ ਵਿਅਕਤੀਆਂ ਨੂੰ ਇਲਾਜ ਅਤੇ ਮੁੜ-ਵਸੇਬੇ ਵੱਲ ਲਿਆਉਣ ’ਤੇ ਵੀ ਧਿਆਨ ਦਿੱਤਾ ਜਾ ਰਿਹਾ ਹੈ।
