Tuesday, October 27Punjabi People

‘ਗੈਂਗਸਟਰਾਂ ’ਤੇ ਵਾਰ’ ਦਾ 247ਵਾਂ ਦਿਨ: ਪੰਜਾਬ ਪੁਲਿਸ ਦੀ 521 ਟਿਕਾਣਿਆਂ ’ਤੇ ਛਾਪੇਮਾਰੀ, 285 ਕਾਬੂ

ਚੰਡੀਗੜ੍ਹ, 24 ਸਤੰਬਰ 2026:  ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 247ਵੇਂ ਦਿਨ ਸੂਬੇ ਭਰ ਵਿੱਚ ਵੱਡੇ ਪੱਧਰ ’ਤੇ ਕਾਰਵਾਈ ਕੀਤੀ ਗਈ। ਪੁਲਿਸ ਟੀਮਾਂ ਨੇ ਗੈਂਗਸਟਰਾਂ ਦੇ ਸਾਥੀਆਂ ਵਜੋਂ ਪਛਾਣੇ ਅਤੇ ਮੈਪ ਕੀਤੇ ਗਏ 521 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਦੇ ਉਦੇਸ਼ ਨਾਲ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੀ ਸ਼ੁਰੂਆਤ ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ 2026 ਨੂੰ ਕੀਤੀ ਗਈ ਸੀ। ਇਸ ਮੁਹਿੰਮ ਤਹਿਤ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਪੰਜਾਬ ਦੇ ਤਾਲਮੇਲ ਨਾਲ ਗੈਂਗਸਟਰਾਂ, ਉਨ੍ਹਾਂ ਦੇ ਸਾਥੀਆਂ ਅਤੇ ਅਪਰਾਧਿਕ ਨੈੱਟਵਰਕਾਂ ਖ਼ਿਲਾਫ਼ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।

285 ਵਿਅਕਤੀ ਗ੍ਰਿਫ਼ਤਾਰ, 4 ਹਥਿਆਰ ਬਰਾਮਦ

ਪੁਲਿਸ ਮੁਤਾਬਕ ਮੁਹਿੰਮ ਦੇ 247ਵੇਂ ਦਿਨ ਕੀਤੀ ਗਈ ਕਾਰਵਾਈ ਦੌਰਾਨ 285 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਨ੍ਹਾਂ ਕੋਲੋਂ ਚਾਰ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਇਸ ਦੇ ਨਾਲ ਹੀ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਕੁੱਲ ਗਿਣਤੀ 73,415 ਹੋ ਗਈ ਹੈ।

ਇਸ ਤੋਂ ਇਲਾਵਾ ਪੁਲਿਸ ਵੱਲੋਂ 157 ਵਿਅਕਤੀਆਂ ਖ਼ਿਲਾਫ਼ ਇਹਤਿਆਤੀ ਕਾਰਵਾਈ ਕੀਤੀ ਗਈ, ਜਦਕਿ ਮੁਹਿੰਮ ਦੌਰਾਨ ਪੰਜ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ।

ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਲੋੜੀਂਦੇ ਅਪਰਾਧੀਆਂ, ਗੈਂਗਸਟਰਾਂ ਜਾਂ ਉਨ੍ਹਾਂ ਨਾਲ ਸਬੰਧਤ ਗਤੀਵਿਧੀਆਂ ਬਾਰੇ ਜਾਣਕਾਰੀ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ’ਤੇ ਗੁਪਤ ਤੌਰ ’ਤੇ ਸਾਂਝੀ ਕਰ ਸਕਦੇ ਹਨ। ਇਸ ਹੈਲਪਲਾਈਨ ਰਾਹੀਂ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਸਬੰਧੀ ਸੂਹ ਵੀ ਦਿੱਤੀ ਜਾ ਸਕਦੀ ਹੈ।

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ 129 ਨਸ਼ਾ ਤਸਕਰ ਕਾਬੂ

ਇਸ ਦੌਰਾਨ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਵੀ ਜਾਰੀ ਰਹੀ। ਮੁਹਿੰਮ ਦੇ 572ਵੇਂ ਦਿਨ ਪੁਲਿਸ ਨੇ 129 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ।

ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਕੋਲੋਂ 7.3 ਕਿਲੋ ਹੈਰੋਇਨ, 6.3 ਕਿਲੋ ਗਾਂਜਾ, 72 ਕਿਲੋ ਭੁੱਕੀ, 1,159 ਨਸ਼ੀਲੀਆਂ ਗੋਲੀਆਂ ਅਤੇ 42,420 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ।

ਇਸ ਕਾਰਵਾਈ ਨਾਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 572 ਦਿਨਾਂ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 79,873 ਤੱਕ ਪਹੁੰਚ ਗਈ ਹੈ।

22 ਵਿਅਕਤੀਆਂ ਨੂੰ ਨਸ਼ਾ ਛੱਡਣ ਲਈ ਕੀਤਾ ਪ੍ਰੇਰਿਤ

ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ ਦੇ ਨਾਲ-ਨਾਲ ਨਸ਼ਾ ਛੁਡਾਊ ਅਤੇ ਮੁੜ-ਵਸੇਬੇ ਨਾਲ ਸਬੰਧਤ ਯਤਨ ਵੀ ਜਾਰੀ ਰੱਖੇ ਜਾ ਰਹੇ ਹਨ। ਇਸੇ ਤਹਿਤ ਅੱਜ ਪੁਲਿਸ ਟੀਮਾਂ ਨੇ 22 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬੇ ਦਾ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ।

Leave a Reply

Your email address will not be published. Required fields are marked *