
ਫਿਰੋਜ਼ਪੁਰ, 26 ਸਤੰਬਰ 2026: ਫਿਰੋਜ਼ਪੁਰ ਜ਼ਿਲ੍ਹਾ ਪੁਲਿਸ ਵੱਲੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਡੀ ਕਾਰਵਾਈ ਕੀਤੀ ਗਈ ਹੈ। ਘੱਲ ਖੁਰਦ ਪੁਲਿਸ ਨੇ ਕਾਊਂਟਰ ਇੰਟੈਲੀਜੈਂਸ (ਫਰੀਦਕੋਟ ਯੂਨਿਟ) ਵਿੱਚ ਤਾਇਨਾਤ ਇੰਸਪੈਕਟਰ ਬਲਦੇਵ ਸਿੰਘ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ।
ਪੁਲਿਸ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਇੰਸਪੈਕਟਰ ਦੇ ਕਬਜ਼ੇ ਵਿੱਚੋਂ 3 ਕਿਲੋ 350 ਗ੍ਰਾਮ ਹੈਰੋਇਨ, 6 ਪਿਸਤੌਲ, 4 ਮੈਗਜ਼ੀਨ ਅਤੇ 17 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਇਸ ਤੋਂ ਇਲਾਵਾ ਪੁਲਿਸ ਨੇ ਉਸ ਕੋਲੋਂ ਇੱਕ ਔਡੀ-20 ਕਾਰ (ਨੰਬਰ PB-05-AC-6517) ਅਤੇ 6 ਮੋਬਾਈਲ ਫੋਨ ਵੀ ਕਬਜ਼ੇ ਵਿੱਚ ਲਏ ਹਨ।
ਪੁਲਿਸ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ, 26 ਸਤੰਬਰ ਨੂੰ ਘੱਲ ਖੁਰਦ ਥਾਣੇ ਦੇ ਐਸਐਚਓ ਨੂੰ ਇੱਕ ਮੁਖਬਰ ਰਾਹੀਂ ਸੂਚਨਾ ਮਿਲੀ ਸੀ ਕਿ ਕਾਊਂਟਰ ਇੰਟੈਲੀਜੈਂਸ ਦੀ ਫਰੀਦਕੋਟ ਯੂਨਿਟ ਵਿੱਚ ਤਾਇਨਾਤ ਇੰਸਪੈਕਟਰ ਬਲਦੇਵ ਸਿੰਘ ਆਪਣੀ ਔਡੀ ਕਾਰ ਵਿੱਚ ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਲੈ ਕੇ ਜਾ ਰਿਹਾ ਹੈ।
ਸੂਚਨਾ ਮਿਲਣ ਤੋਂ ਬਾਅਦ ਘੱਲ ਖੁਰਦ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਇਲਾਕੇ ਵਿੱਚ ਨਾਕਾਬੰਦੀ ਕੀਤੀ। ਇਸ ਦੌਰਾਨ ਸ਼ੱਕ ਦੇ ਆਧਾਰ ’ਤੇ ਔਡੀ ਕਾਰ ਨੂੰ ਰੋਕ ਕੇ ਤਲਾਸ਼ੀ ਲਈ ਗਈ। ਪੁਲਿਸ ਦੇ ਅਨੁਸਾਰ, ਤਲਾਸ਼ੀ ਦੌਰਾਨ ਵੱਡੀ ਮਾਤਰਾ ਵਿੱਚ ਹੈਰੋਇਨ, ਹਥਿਆਰ ਅਤੇ ਗੋਲਾ-ਬਾਰੂਦ ਬਰਾਮਦ ਹੋਇਆ, ਜਿਸ ਤੋਂ ਬਾਅਦ ਇੰਸਪੈਕਟਰ ਬਲਦੇਵ ਸਿੰਘ ਨੂੰ ਹਿਰਾਸਤ ਵਿੱਚ ਲੈ ਕੇ ਗ੍ਰਿਫ਼ਤਾਰ ਕਰ ਲਿਆ ਗਿਆ।
ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਵੱਲੋਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਬਰਾਮਦ ਕੀਤੇ ਗਏ ਨਸ਼ੀਲੇ ਪਦਾਰਥ ਅਤੇ ਹਥਿਆਰ ਕਿੱਥੋਂ ਲਿਆਂਦੇ ਗਏ ਸਨ ਅਤੇ ਇਨ੍ਹਾਂ ਦੀ ਸਪਲਾਈ ਜਾਂ ਤਸਕਰੀ ਦੇ ਮਾਮਲੇ ਵਿੱਚ ਹੋਰ ਕੌਣ-ਕੌਣ ਵਿਅਕਤੀ ਸ਼ਾਮਲ ਹੋ ਸਕਦੇ ਹਨ। ਮਾਮਲੇ ਸਬੰਧੀ ਅਗਲੀ ਜਾਂਚ ਦੇ ਆਧਾਰ ’ਤੇ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।
