
ਚੰਡੀਗੜ੍ਹ, 26 ਸਤੰਬਰ 2026: ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 249ਵੇਂ ਦਿਨ ਸੂਬੇ ਭਰ ਵਿੱਚ ਵੱਡੇ ਪੱਧਰ ’ਤੇ ਸਰਚ ਆਪ੍ਰੇਸ਼ਨ ਚਲਾਇਆ ਗਿਆ। ਇਸ ਦੌਰਾਨ ਪੁਲਿਸ ਟੀਮਾਂ ਨੇ ਗੈਂਗਸਟਰਾਂ ਦੇ ਸਾਥੀਆਂ ਨਾਲ ਸਬੰਧਤ ਪਛਾਣੇ ਅਤੇ ਮੈਪ ਕੀਤੇ 581 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਪੰਜਾਬ ਪੁਲਿਸ ਮੁਤਾਬਕ, ਇਸ ਕਾਰਵਾਈ ਦੌਰਾਨ 255 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ 5 ਹਥਿਆਰ ਬਰਾਮਦ ਕੀਤੇ ਗਏ। ਇਸ ਦੇ ਨਾਲ ਹੀ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਕੁੱਲ ਗਿਣਤੀ 73,916 ਹੋ ਗਈ ਹੈ। ਪੁਲਿਸ ਵੱਲੋਂ 224 ਵਿਅਕਤੀਆਂ ਖ਼ਿਲਾਫ਼ ਇਹਤਿਆਤੀ ਕਾਰਵਾਈ ਵੀ ਕੀਤੀ ਗਈ, ਜਦਕਿ ਕਾਰਵਾਈ ਦੌਰਾਨ 8 ਭਗੌੜੇ ਅਪਰਾਧੀਆਂ ਨੂੰ ਵੀ ਕਾਬੂ ਕੀਤਾ ਗਿਆ।
ਪੰਜਾਬ ਨੂੰ ਗੈਂਗਸਟਰਾਂ ਤੋਂ ਮੁਕਤ ਕਰਨ ਦੇ ਉਦੇਸ਼ ਨਾਲ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ 2026 ਨੂੰ ਕੀਤੀ ਗਈ ਸੀ। ਇਸ ਮੁਹਿੰਮ ਤਹਿਤ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੀ ਪੁਲਿਸ ਵੱਲੋਂ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਪੰਜਾਬ ਨਾਲ ਤਾਲਮੇਲ ਕਰਕੇ ਗੈਂਗਸਟਰਾਂ ਅਤੇ ਉਨ੍ਹਾਂ ਦੇ ਨੈੱਟਵਰਕ ਨਾਲ ਜੁੜੇ ਵਿਅਕਤੀਆਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ।
ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਲੋੜੀਂਦੇ ਅਪਰਾਧੀਆਂ, ਗੈਂਗਸਟਰਾਂ ਜਾਂ ਉਨ੍ਹਾਂ ਨਾਲ ਜੁੜੀਆਂ ਅਪਰਾਧਿਕ ਗਤੀਵਿਧੀਆਂ ਸਬੰਧੀ ਜਾਣਕਾਰੀ ‘ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946’ ’ਤੇ ਸਾਂਝੀ ਕਰ ਸਕਦੇ ਹਨ। ਪੁਲਿਸ ਮੁਤਾਬਕ ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ।
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵੀ ਕਾਰਵਾਈ
ਇਸ ਦੇ ਨਾਲ ਹੀ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵੀ ਕਾਰਵਾਈ ਜਾਰੀ ਰਹੀ। ਮੁਹਿੰਮ ਦੇ 574ਵੇਂ ਦਿਨ ਪੁਲਿਸ ਨੇ 133 ਕਥਿਤ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ।
ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਕੋਲੋਂ 2.3 ਕਿਲੋਗ੍ਰਾਮ ਹੈਰੋਇਨ, 120 ਕਿਲੋਗ੍ਰਾਮ ਗਾਂਜਾ, 632 ਨਸ਼ੀਲੀਆਂ ਗੋਲੀਆਂ ਅਤੇ 1,100 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਕਥਿਤ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 80,244 ਹੋ ਗਈ ਹੈ।
ਪੁਲਿਸ ਨੇ ਦੱਸਿਆ ਕਿ ਨਸ਼ਾ ਵਿਰੋਧੀ ਮੁਹਿੰਮ ਸਿਰਫ਼ ਨਸ਼ਾ ਤਸਕਰਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਤੱਕ ਸੀਮਤ ਨਹੀਂ ਹੈ, ਸਗੋਂ ਨਸ਼ੇ ਦੀ ਲਤ ਨਾਲ ਜੂਝ ਰਹੇ ਲੋਕਾਂ ਨੂੰ ਇਲਾਜ ਅਤੇ ਮੁੜ-ਵਸੇਬੇ ਵੱਲ ਲਿਜਾਣ ਲਈ ਵੀ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਅੱਜ 16 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਗਿਆ।
