Saturday, October 24Punjabi People

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 250ਵਾਂ ਦਿਨ, ਪੰਜਾਬ ਭਰ ’ਚ 592 ਟਿਕਾਣਿਆਂ ’ਤੇ ਛਾਪੇਮਾਰੀ; 264 ਵਿਅਕਤੀ ਗ੍ਰਿਫ਼ਤਾਰ

ਚੰਡੀਗੜ੍ਹ, 27 ਸਤੰਬਰ 2026: ਪੰਜਾਬ ਨੂੰ ਗੈਂਗਸਟਰਾਂ ਤੋਂ ਮੁਕਤ ਕਰਨ ਦੇ ਉਦੇਸ਼ ਨਾਲ ਚਲਾਈ ਜਾ ਰਹੀ ਪੰਜਾਬ ਪੁਲਿਸ ਦੀ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 250ਵੇਂ ਦਿਨ ਪੁਲਿਸ ਨੇ ਸੂਬੇ ਭਰ ਵਿੱਚ ਵੱਡੀ ਕਾਰਵਾਈ ਕਰਦਿਆਂ ਗੈਂਗਸਟਰਾਂ ਦੇ ਸਾਥੀਆਂ ਅਤੇ ਹਮਦਰਦਾਂ ਵਜੋਂ ਪਛਾਣੇ ਤੇ ਮੈਪ ਕੀਤੇ ਗਏ 592 ਟਿਕਾਣਿਆਂ ’ਤੇ ਇੱਕੋ ਸਮੇਂ ਛਾਪੇਮਾਰੀ ਕੀਤੀ।

ਇਹ ਮੁਹਿੰਮ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਸ਼ੁਰੂ ਕੀਤੀ ਗਈ ਸੀ। ਮੁਹਿੰਮ ਤਹਿਤ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨਾਲ ਤਾਲਮੇਲ ਕਰਕੇ ਗੈਂਗਸਟਰਾਂ ਅਤੇ ਉਨ੍ਹਾਂ ਨਾਲ ਜੁੜੇ ਵਿਅਕਤੀਆਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ।

ਪੁਲਿਸ ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਮੁਹਿੰਮ ਦੇ 250ਵੇਂ ਦਿਨ ਕੀਤੀ ਗਈ ਕਾਰਵਾਈ ਦੌਰਾਨ 264 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਦਕਿ ਉਨ੍ਹਾਂ ਦੇ ਕਬਜ਼ੇ ਵਿੱਚੋਂ 6 ਹਥਿਆਰ ਵੀ ਬਰਾਮਦ ਕੀਤੇ ਗਏ। ਇਸ ਦੇ ਨਾਲ ਹੀ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਕੁੱਲ ਗਿਣਤੀ 74,180 ਤੱਕ ਪਹੁੰਚ ਗਈ ਹੈ।

ਇਸ ਤੋਂ ਇਲਾਵਾ ਪੁਲਿਸ ਵੱਲੋਂ 184 ਵਿਅਕਤੀਆਂ ਖ਼ਿਲਾਫ਼ ਇਹਤਿਆਤੀ ਕਾਰਵਾਈ ਵੀ ਕੀਤੀ ਗਈ। ਕਾਰਵਾਈ ਦੌਰਾਨ 6 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਗੈਂਗਸਟਰਾਂ ਦੇ ਨੈੱਟਵਰਕ ਅਤੇ ਉਨ੍ਹਾਂ ਨੂੰ ਸਹਿਯੋਗ ਦੇਣ ਵਾਲੇ ਤੱਤਾਂ ’ਤੇ ਨਜ਼ਰ ਰੱਖਦਿਆਂ ਅਜਿਹੀਆਂ ਕਾਰਵਾਈਆਂ ਅੱਗੇ ਵੀ ਜਾਰੀ ਰਹਿਣਗੀਆਂ।

ਪੰਜਾਬ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਲੋੜੀਂਦੇ ਅਪਰਾਧੀਆਂ, ਗੈਂਗਸਟਰਾਂ ਅਤੇ ਉਨ੍ਹਾਂ ਨਾਲ ਜੁੜੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ’ਤੇ ਗੁਪਤ ਤੌਰ ’ਤੇ ਸਾਂਝੀ ਕਰਨ। ਪੁਲਿਸ ਅਨੁਸਾਰ ਇਸ ਹੈਲਪਲਾਈਨ ਰਾਹੀਂ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਸਬੰਧੀ ਵੀ ਸੂਚਨਾ ਦਿੱਤੀ ਜਾ ਸਕਦੀ ਹੈ।

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਵੀ ਵੱਡੀ ਕਾਰਵਾਈ

ਇਸੇ ਦੌਰਾਨ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਵੀ 575ਵੇਂ ਦਿਨ ਜਾਰੀ ਰਹੀ। ਅੱਜ ਦੀ ਕਾਰਵਾਈ ਦੌਰਾਨ ਪੁਲਿਸ ਨੇ 111 ਕਥਿਤ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 25.7 ਕਿਲੋਗ੍ਰਾਮ ਹੈਰੋਇਨ, 624 ਨਸ਼ੀਲੀਆਂ ਗੋਲੀਆਂ ਅਤੇ 42,200 ਰੁਪਏ ਦੀ ਡਰੱਗ ਮਨੀ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਕਥਿਤ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 80,445 ਹੋ ਗਈ ਹੈ।

ਪੁਲਿਸ ਵੱਲੋਂ ਨਸ਼ਾ ਮੁਕਤੀ ਅਤੇ ਮੁੜ-ਵਸੇਬੇ ’ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ। ਇਸੇ ਤਹਿਤ ਅੱਜ 13 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਗਿਆ। ਪੁਲਿਸ ਦਾ ਕਹਿਣਾ ਹੈ ਕਿ ਨਸ਼ਿਆਂ ਖ਼ਿਲਾਫ਼ ਮੁਹਿੰਮ ਦਾ ਮਕਸਦ ਸਿਰਫ਼ ਤਸਕਰੀ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨਾ ਹੀ ਨਹੀਂ, ਸਗੋਂ ਨਸ਼ੇ ਦੀ ਲਤ ਨਾਲ ਜੂਝ ਰਹੇ ਵਿਅਕਤੀਆਂ ਨੂੰ ਇਲਾਜ ਅਤੇ ਮੁੜ-ਵਸੇਬੇ ਵੱਲ ਲਿਆਉਣਾ ਵੀ ਹੈ।

Leave a Reply

Your email address will not be published. Required fields are marked *