
ਲਹਿਰਾਗਾਗਾ, 27 ਸਤੰਬਰ 2026: ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਸੌਰਭ ਕੰਪਲੈਕਸ, ਲਹਿਰਾਗਾਗਾ ਵਿਖੇ ਆਮ ਆਦਮੀ ਪਾਰਟੀ ਦੇ ਆਗੂਆਂ, ਅਹੁਦੇਦਾਰਾਂ, ਵਰਕਰਾਂ ਅਤੇ ਵਲੰਟੀਅਰਾਂ ਨਾਲ ਅਹਿਮ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਪਾਰਟੀ ਦੀ ਡੋਰ-ਟੂ-ਡੋਰ ਅਤੇ ਮੈਂਬਰਸ਼ਿਪ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਵਰਕਰਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਪਿਛਲੇ ਸਾਢੇ ਚਾਰ ਸਾਲਾਂ ਦੇ ਕੰਮਾਂ ਦਾ ਰਿਪੋਰਟ ਕਾਰਡ ਘਰ-ਘਰ ਤੱਕ ਪਹੁੰਚਾਉਣ ਲਈ ਦਿਸ਼ਾ-ਨਿਰਦੇਸ਼ ਦਿੱਤੇ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਇਸ ਦੇ ਮਿਹਨਤੀ ਵਰਕਰ ਅਤੇ ਵਲੰਟੀਅਰ ਹਨ, ਜੋ ਲਗਾਤਾਰ ਲੋਕਾਂ ਵਿਚਕਾਰ ਰਹਿ ਕੇ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਦੀਆਂ ਪਹਿਲਕਦਮੀਆਂ ਬਾਰੇ ਜਾਣਕਾਰੀ ਪਹੁੰਚਾ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਨਾਲ ਜੁੜ ਰਹੇ ਨਵੇਂ ਮੈਂਬਰਾਂ ਨਾਲ ਜ਼ਮੀਨੀ ਪੱਧਰ ’ਤੇ ਲੋਕਾਂ ਨਾਲ ਸੰਪਰਕ ਹੋਰ ਮਜ਼ਬੂਤ ਹੋਵੇਗਾ।
ਕੈਬਨਿਟ ਮੰਤਰੀ ਨੇ ਵਰਕਰਾਂ ਨੂੰ ਕਿਹਾ ਕਿ ਉਹ ਹਰ ਪਿੰਡ, ਹਰ ਵਾਰਡ, ਹਰ ਮੁਹੱਲੇ ਅਤੇ ਹਰ ਘਰ ਤੱਕ ਪਹੁੰਚ ਕਰਨ। ਇਸ ਦੌਰਾਨ ਲੋਕਾਂ ਨੂੰ ਸਰਕਾਰ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਅਤੇ ਵੱਖ-ਵੱਖ ਲੋਕ-ਭਲਾਈ ਸਕੀਮਾਂ ਬਾਰੇ ਜਾਣਕਾਰੀ ਦੇਣ ਦੇ ਨਾਲ ਉਨ੍ਹਾਂ ਦੀਆਂ ਸਮੱਸਿਆਵਾਂ, ਰਾਏ ਅਤੇ ਸੁਝਾਅ ਵੀ ਸੁਣੇ ਜਾਣ।
ਉਨ੍ਹਾਂ ਕਿਹਾ ਕਿ ‘ਆਪ’ ਦੀ ਰਾਜਨੀਤੀ ਦਾ ਮੁੱਖ ਆਧਾਰ ਲੋਕਾਂ ਨਾਲ ਸਿੱਧਾ ਸੰਵਾਦ ਅਤੇ ਕੀਤੇ ਗਏ ਕੰਮਾਂ ਪ੍ਰਤੀ ਜਵਾਬਦੇਹੀ ਹੈ। ਇਸੇ ਤਹਿਤ ਪਾਰਟੀ ਵਰਕਰ ਅਤੇ ਵਲੰਟੀਅਰ ਸੂਬੇ ਭਰ ਵਿੱਚ ਘਰ-ਘਰ ਜਾ ਕੇ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦਾ ਰਿਪੋਰਟ ਕਾਰਡ ਲੋਕਾਂ ਸਾਹਮਣੇ ਰੱਖ ਰਹੇ ਹਨ।
ਪੈਂਫਲੇਟ ਰਾਹੀਂ ਸਰਕਾਰ ਦੇ ਕੰਮਾਂ ਦੀ ਜਾਣਕਾਰੀ
ਬਰਿੰਦਰ ਗੋਇਲ ਨੇ ਦੱਸਿਆ ਕਿ ਇਸ ਸੂਬਾ ਪੱਧਰੀ ਮੁਹਿੰਮ ਤਹਿਤ ਇੱਕ ਵਿਸ਼ੇਸ਼ ਪੈਂਫਲੇਟ-ਕਮ-ਰਿਪੋਰਟ ਕਾਰਡ ਵੀ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਮੁਤਾਬਕ ਇਸ ਵਿੱਚ ਬਿਜਲੀ, ਸਿਹਤ, ਸਿੱਖਿਆ, ਮਹਿਲਾ ਭਲਾਈ ਅਤੇ ਹੋਰ ਖੇਤਰਾਂ ਵਿੱਚ ਸਰਕਾਰ ਵੱਲੋਂ ਕੀਤੀਆਂ ਪਹਿਲਕਦਮੀਆਂ ਦਾ ਵੇਰਵਾ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮਕਸਦ ਸਿਰਫ਼ ਸਰਕਾਰ ਵੱਲੋਂ ਕੀਤੇ ਕੰਮਾਂ ਦੀ ਜਾਣਕਾਰੀ ਲੋਕਾਂ ਤੱਕ ਪਹੁੰਚਾਉਣਾ ਹੀ ਨਹੀਂ, ਸਗੋਂ ਲੋਕਾਂ ਤੋਂ ਫੀਡਬੈਕ ਲੈਣਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਸੁਝਾਵਾਂ ਨੂੰ ਸਮਝਣਾ ਵੀ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਆਮ ਪਰਿਵਾਰਾਂ ਦੇ ਰੋਜ਼ਾਨਾ ਖ਼ਰਚਿਆਂ ਨੂੰ ਘਟਾਉਣ ਲਈ ਕਈ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਨੇ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ, ਸਰਕਾਰੀ ਸਿਹਤ ਸਹੂਲਤਾਂ ਅਤੇ ਸਿੱਖਿਆ ਦੇ ਖੇਤਰ ਵਿੱਚ ਕੀਤੇ ਉਪਰਾਲਿਆਂ ਦਾ ਜ਼ਿਕਰ ਕੀਤਾ।
ਮਹਿਲਾਵਾਂ ਲਈ ਵਿੱਤੀ ਸਹਾਇਤਾ ਦਾ ਕੀਤਾ ਜ਼ਿਕਰ
ਬਰਿੰਦਰ ਕੁਮਾਰ ਗੋਇਲ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਵੀ ਜ਼ਿਕਰ ਕੀਤਾ। ਇਸ ਯੋਜਨਾ ਤਹਿਤ ਯੋਗ ਮਹਿਲਾਵਾਂ ਲਈ ₹1,000 ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ ਵਰਗ ਦੀਆਂ ਯੋਗ ਮਹਿਲਾਵਾਂ ਲਈ ₹1,500 ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦਾ ਪ੍ਰਬੰਧ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਕੀਤੇ ਮੁਲਾਂਕਣ ਅਨੁਸਾਰ ਮੁਫ਼ਤ ਬਿਜਲੀ, ਸਿਹਤ, ਸਿੱਖਿਆ, ਮਹਿਲਾ ਭਲਾਈ ਅਤੇ ਹੋਰ ਲੋਕ-ਭਲਾਈ ਪਹਿਲਕਦਮੀਆਂ ਨੂੰ ਮਿਲਾ ਕੇ ਇੱਕ ਔਸਤ ਪਰਿਵਾਰ ਨੂੰ ਸਾਲਾਨਾ ਲਗਭਗ ₹1.82 ਲੱਖ ਤੱਕ ਦਾ ਲਾਭ ਹੋ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰੇਲੂ ਬਜਟ ਦੇ ਹਿਸਾਬ ਨਾਲ ਇਨ੍ਹਾਂ ਸਹੂਲਤਾਂ ਕਾਰਨ ਹੋਈ ਬੱਚਤ ਦਾ ਖ਼ੁਦ ਮੁਲਾਂਕਣ ਕਰਨ।
ਪਾਣੀ ਦੀ ਸੰਭਾਲ ਅਤੇ ਲਹਿਰਾਗਾਗਾ-ਖਨੌਰੀ ਦੇ ਵਿਕਾਸ ’ਤੇ ਜ਼ੋਰ
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਕੁਦਰਤੀ ਸਰੋਤਾਂ, ਖ਼ਾਸ ਕਰਕੇ ਪਾਣੀ ਦੀ ਸੰਭਾਲ ਲਈ ਵੀ ਸਰਕਾਰ ਵੱਲੋਂ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਮੁਤਾਬਕ ਕਿਸਾਨਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ, ਧਰਤੀ ਹੇਠਲੇ ਪਾਣੀ ’ਤੇ ਨਿਰਭਰਤਾ ਘਟਾਉਣ ਅਤੇ ਉਪਲਬਧ ਜਲ ਸਰੋਤਾਂ ਦੀ ਸੁਚੱਜੀ ਵਰਤੋਂ ਲਈ ਵੱਖ-ਵੱਖ ਪੱਧਰਾਂ ’ਤੇ ਕੰਮ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਲਹਿਰਾਗਾਗਾ ਅਤੇ ਖਨੌਰੀ ਇਲਾਕੇ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਕੰਮ ਜਾਰੀ ਹੈ। ਪੀਣ ਵਾਲੇ ਸਾਫ਼ ਪਾਣੀ, ਸੜਕਾਂ, ਸਿਹਤ, ਸਿੱਖਿਆ, ਖੇਡਾਂ ਅਤੇ ਹੋਰ ਬੁਨਿਆਦੀ ਢਾਂਚੇ ਨਾਲ ਸਬੰਧਤ ਪ੍ਰਾਜੈਕਟਾਂ ਨੂੰ ਅੱਗੇ ਵਧਾਇਆ ਜਾ ਰਿਹਾ ਹੈ ਅਤੇ ਹਲਕੇ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਾ ਛੱਡਣ ਦਾ ਉਨ੍ਹਾਂ ਭਰੋਸਾ ਦਿੱਤਾ।
ਲੋਕਾਂ ਨੂੰ ਆਪਣੇ ਤਜਰਬੇ ਦੇ ਆਧਾਰ ’ਤੇ ਮੁਲਾਂਕਣ ਦੀ ਅਪੀਲ
ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦਾ ਜ਼ਿਕਰ ਕਰਦਿਆਂ ਗੋਇਲ ਨੇ ਕਿਹਾ ਕਿ ਲੋਕਤੰਤਰ ਵਿੱਚ ਜਨਤਾ ਨੂੰ ਸਰਕਾਰਾਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਨ ਦਾ ਪੂਰਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਲੋਕ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਅਤੇ ਮੌਜੂਦਾ ਸਰਕਾਰ ਦੇ ਸਾਢੇ ਚਾਰ ਸਾਲਾਂ ਦੌਰਾਨ ਹੋਏ ਕੰਮਾਂ, ਮਿਲੀਆਂ ਸਹੂਲਤਾਂ ਅਤੇ ਘਰੇਲੂ ਖ਼ਰਚਿਆਂ ਵਿੱਚ ਆਈ ਤਬਦੀਲੀ ਨੂੰ ਆਪਣੇ ਤਜਰਬੇ ਦੇ ਆਧਾਰ ’ਤੇ ਦੇਖਣ।
ਵਿਰੋਧੀ ਪਾਰਟੀਆਂ ਵੱਲੋਂ ਸਰਕਾਰ ਖ਼ਿਲਾਫ਼ ਕੀਤੀ ਜਾ ਰਹੀ ਬਿਆਨਬਾਜ਼ੀ ’ਤੇ ਪ੍ਰਤੀਕਿਰਿਆ ਦਿੰਦਿਆਂ ਉਨ੍ਹਾਂ ਦੋਸ਼ ਲਾਇਆ ਕਿ ਵਿਰੋਧੀ ਧਿਰਾਂ ਸਰਕਾਰ ਦੇ ਕੰਮਾਂ ਤੋਂ ਲੋਕਾਂ ਦਾ ਧਿਆਨ ਭਟਕਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਲੋਕ ਕਿਸੇ ਵੀ ਪ੍ਰਚਾਰ ਤੋਂ ਪ੍ਰਭਾਵਿਤ ਹੋਣ ਦੀ ਬਜਾਏ ਆਪਣੇ ਤਜਰਬੇ ਅਤੇ ਤੱਥਾਂ ਦੇ ਆਧਾਰ ’ਤੇ ਸਰਕਾਰ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਨ।
ਬਰਿੰਦਰ ਗੋਇਲ ਨੇ ਵਰਕਰਾਂ ਨੂੰ ਆਪਸੀ ਤਾਲਮੇਲ ਅਤੇ ਅਨੁਸ਼ਾਸਨ ਨਾਲ ਮੁਹਿੰਮ ਨੂੰ ਅੱਗੇ ਵਧਾਉਣ ਲਈ ਕਿਹਾ। ਉਨ੍ਹਾਂ ਜ਼ੋਰ ਦਿੱਤਾ ਕਿ ਸਰਕਾਰ ਦਾ ਰਿਪੋਰਟ ਕਾਰਡ ਹਰ ਘਰ ਤੱਕ ਪਹੁੰਚਾਉਣ ਦੇ ਨਾਲ-ਨਾਲ ਲੋਕਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਵੀ ਦਰਜ ਕੀਤੇ ਜਾਣ ਅਤੇ ਉਨ੍ਹਾਂ ਨੂੰ ਸਬੰਧਤ ਪੱਧਰ ’ਤੇ ਹੱਲ ਲਈ ਪਹੁੰਚਾਇਆ ਜਾਵੇ।
ਉਨ੍ਹਾਂ ਕਿਹਾ, “ਅਸੀਂ ਲੋਕਾਂ ਕੋਲ ਆਪਣੇ ਕੰਮਾਂ ਦਾ ਹਿਸਾਬ ਲੈ ਕੇ ਜਾ ਰਹੇ ਹਾਂ। ਲੋਕ ਪਿਛਲੀਆਂ ਸਰਕਾਰਾਂ ਅਤੇ ਮੌਜੂਦਾ ਸਰਕਾਰ ਦੇ ਕੰਮਾਂ ਦੀ ਤੁਲਨਾ ਕਰਨ, ਆਪਣੇ ਪਰਿਵਾਰ ਨੂੰ ਮਿਲੀਆਂ ਸਹੂਲਤਾਂ ਅਤੇ ਹੋਈ ਬੱਚਤ ਦਾ ਹਿਸਾਬ ਲਗਾਉਣ ਅਤੇ ਤੱਥਾਂ ਦੇ ਆਧਾਰ ’ਤੇ ਆਪਣੀ ਰਾਏ ਬਣਾਉਣ।”
ਮੀਟਿੰਗ ਦੌਰਾਨ ਆਮ ਆਦਮੀ ਪਾਰਟੀ ਦੇ ਆਗੂਆਂ, ਅਹੁਦੇਦਾਰਾਂ, ਵਰਕਰਾਂ ਅਤੇ ਵਲੰਟੀਅਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।
