
ਤਰਨ ਤਾਰਨ, 28 ਸਤੰਬਰ 2026: ਜ਼ਿਲ੍ਹੇ ਵਿੱਚ ਭੋਜਨ ਪਦਾਰਥਾਂ ਦੀ ਗੁਣਵੱਤਾ ਅਤੇ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਸ਼ਾਸਨ ਵੱਲੋਂ ਫੂਡ ਸੇਫਟੀ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਸਖ਼ਤੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਆਦਿੱਤਿਆ ਸ਼ਰਮਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਫੂਡ ਸੇਫਟੀ ਅਡਵਾਇਜ਼ਰੀ ਕਮੇਟੀ ਦੀ ਮੀਟਿੰਗ ਹੋਈ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਰੇਕ ਫੂਡ ਬਿਜ਼ਨਸ ਆਪਰੇਟਰ ਲਈ ਫੂਡ ਸੇਫਟੀ ਲਾਇਸੰਸ ਜਾਂ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਕੋਈ ਦੁਕਾਨਦਾਰ, ਰੈਸਟੋਰੈਂਟ ਜਾਂ ਢਾਬਾ ਮਾਲਕ ਲਾਜ਼ਮੀ ਲਾਇਸੰਸ ਜਾਂ ਰਜਿਸਟ੍ਰੇਸ਼ਨ ਤੋਂ ਬਿਨਾਂ ਭੋਜਨ ਕਾਰੋਬਾਰ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਫੂਡ ਸੇਫਟੀ ਐਕਟ ਤਹਿਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਪੁਰਾਣੇ ਫੂਡ ਸੈਂਪਲਿੰਗ ਨਾਲ ਸਬੰਧਤ ਜਿਹੜੇ ਮਾਮਲੇ ਅਦਾਲਤਾਂ ਵਿੱਚ ਲੰਬਿਤ ਹਨ, ਉਨ੍ਹਾਂ ਦਾ ਨਿਪਟਾਰਾ ਜਲਦ ਤੋਂ ਜਲਦ ਕਰਵਾਉਣ ਲਈ ਲੋੜੀਂਦੀ ਕਾਰਵਾਈ ਕੀਤੀ ਜਾਵੇ।
ਸਕੂਲਾਂ ਤੇ ਆਂਗਣਵਾੜੀਆਂ ਵਿੱਚ ਵੀ ਫੂਡ ਸੇਫਟੀ ਨਿਯਮਾਂ ਦੀ ਪਾਲਣਾ ’ਤੇ ਜ਼ੋਰ
ਮੀਟਿੰਗ ਦੌਰਾਨ ਜ਼ਿਲ੍ਹਾ ਸਿਹਤ ਅਫ਼ਸਰ ਅਤੇ ਕਮੇਟੀ ਦੀ ਕਨਵੀਨਰ ਡਾ. ਸੁਖਬੀਰ ਕੌਰ ਨੇ ਅਪ੍ਰੈਲ ਤੋਂ ਅਗਸਤ ਤੱਕ ਜ਼ਿਲ੍ਹੇ ਵਿੱਚ ਕੀਤੀਆਂ ਗਈਆਂ ਫੂਡ ਸੇਫਟੀ ਸਬੰਧੀ ਗਤੀਵਿਧੀਆਂ ਅਤੇ ਕਾਰਵਾਈਆਂ ਬਾਰੇ ਕਮੇਟੀ ਦੇ ਮੈਂਬਰਾਂ ਨੂੰ ਜਾਣਕਾਰੀ ਦਿੱਤੀ।
ਉਨ੍ਹਾਂ ਸਕੂਲਾਂ ਨਾਲ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਫੂਡ ਸੇਫਟੀ ਦੀ ਲੋੜੀਂਦੀ ਰਜਿਸਟ੍ਰੇਸ਼ਨ ਜਲਦ ਮੁਕੰਮਲ ਕਰਵਾਈ ਜਾਵੇ। ਇਸ ਦੇ ਨਾਲ ਹੀ ਬੱਚਿਆਂ ਨੂੰ ਪਰੋਸੇ ਜਾਣ ਵਾਲੇ ਭੋਜਨ ਦੀ ਤਿਆਰੀ ਅਤੇ ਗੁਣਵੱਤਾ ਵਿੱਚ ਫੂਡ ਸੇਫਟੀ ਮਾਪਦੰਡਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ।
ਡਾ. ਸੁਖਬੀਰ ਕੌਰ ਨੇ ਸਕੂਲਾਂ ਦੇ ਅੰਦਰ ਅਤੇ ਆਸ-ਪਾਸ ਐਨਰਜੀ ਡਰਿੰਕਸ ਦੀ ਵਿਕਰੀ ’ਤੇ ਲੱਗੀ ਪਾਬੰਦੀ ਬਾਰੇ ਵੀ ਮੌਜੂਦ ਅਧਿਕਾਰੀਆਂ ਨੂੰ ਜਾਣੂ ਕਰਵਾਇਆ।
ਤਿਉਹਾਰੀ ਸੀਜ਼ਨ ਦੌਰਾਨ ਖਾਣ-ਪੀਣ ਵਾਲੀਆਂ ਵਸਤਾਂ ਦੀ ਗੁਣਵੱਤਾ ਬਣਾਈ ਰੱਖਣ ਦੀ ਹਦਾਇਤ
ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਅਤੇ ਸਬੰਧਤ ਧਿਰਾਂ ਨੂੰ ਲੋਕਾਂ ਨੂੰ “ਸਹੀ ਭੋਜਨ, ਬਿਹਤਰ ਜੀਵਨ” ਸਬੰਧੀ ਜਾਗਰੂਕ ਕਰਨ ਲਈ ਆਪੋ-ਆਪਣੇ ਪੱਧਰ ’ਤੇ ਉਪਰਾਲੇ ਕਰਨ ਦੀ ਹਦਾਇਤ ਕੀਤੀ।
ਮੀਟਿੰਗ ਦੇ ਅੰਤ ਵਿੱਚ ਵਧੀਕ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਵੱਲੋਂ ਫੂਡ ਸੇਫਟੀ ਨਾਲ ਸਬੰਧਤ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਤਿਉਹਾਰੀ ਸੀਜ਼ਨ ਦੇ ਮੱਦੇਨਜ਼ਰ ਫੂਡ ਬਿਜ਼ਨਸ ਆਪਰੇਟਰਾਂ ਦੇ ਨੁਮਾਇੰਦਿਆਂ ਨੂੰ ਖਾਣ-ਪੀਣ ਵਾਲੀਆਂ ਵਸਤਾਂ ਦੀ ਵਧਦੀ ਮੰਗ ਦੇ ਨਾਲ-ਨਾਲ ਉਨ੍ਹਾਂ ਦੀ ਗੁਣਵੱਤਾ ਅਤੇ ਸਫ਼ਾਈ ਦੇ ਮਾਪਦੰਡਾਂ ਨੂੰ ਬਰਕਰਾਰ ਰੱਖਣ ਦੀ ਹਦਾਇਤ ਕੀਤੀ, ਤਾਂ ਜੋ ਲੋਕਾਂ ਨੂੰ ਸੁਰੱਖਿਅਤ ਅਤੇ ਮਿਆਰੀ ਭੋਜਨ ਮੁਹੱਈਆ ਹੋ ਸਕੇ।
