
ਕੋਟਕਪੂਰਾ, 28 ਸਤੰਬਰ 2026: ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ 92 ਵਿਸ਼ੇਸ਼ ਡਰੋਨ ਸ਼ੋਅ ਕਰਵਾਏ ਜਾ ਰਹੇ ਹਨ। ਇਨ੍ਹਾਂ ਸਮਾਗਮਾਂ ਦਾ ਉਦੇਸ਼ ਆਧੁਨਿਕ ਡਿਜੀਟਲ ਤਕਨਾਲੋਜੀ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਮਹਾਨ ਜੀਵਨ, ਫਲਸਫ਼ੇ ਅਤੇ ਮਨੁੱਖਤਾ ਨੂੰ ਸਮਰਪਿਤ ਸਿੱਖਿਆਵਾਂ ਨੂੰ ਨਵੀਂ ਪੀੜ੍ਹੀ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣਾ ਹੈ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਟਕਪੂਰਾ ਵਿਧਾਨ ਸਭਾ ਹਲਕੇ ਵਿੱਚ ਇਹ ਵਿਸ਼ੇਸ਼ ਡਰੋਨ ਸ਼ੋਅ 30 ਸਤੰਬਰ ਨੂੰ ਡਾ. ਹਰੀ ਸਿੰਘ ਸੇਵਕ ਸਕੂਲ ਆਫ ਐਮੀਨੈਂਸ ਵਿਖੇ ਕਰਵਾਇਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਡਰੋਨ ਸ਼ੋਅ ਦੌਰਾਨ ਇੱਕੋ ਸਮੇਂ 500 ਡਰੋਨ ਅਸਮਾਨ ਵਿੱਚ ਉੱਡ ਕੇ ਵੱਖ-ਵੱਖ ਡਿਜੀਟਲ ਆਕ੍ਰਿਤੀਆਂ ਅਤੇ ਦ੍ਰਿਸ਼ ਪੇਸ਼ ਕਰਨਗੇ, ਜਿਨ੍ਹਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਦਰਸ਼ਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਦਰਸਾਇਆ ਜਾਵੇਗਾ। ਇਸ ਤਕਨੀਕੀ ਪੇਸ਼ਕਾਰੀ ਰਾਹੀਂ ਗੁਰੂ ਸਾਹਿਬ ਦੇ ਸਰਬ-ਸਾਂਝੇ ਅਤੇ ਮਨੁੱਖਤਾਵਾਦੀ ਸੰਦੇਸ਼ ਨੂੰ ਲੋਕਾਂ ਤੱਕ ਨਵੇਂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ਦਾ ਯਤਨ ਕੀਤਾ ਜਾਵੇਗਾ।
ਸਪੀਕਰ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 650ਵਾਂ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁਰੂ ਜੀ ਦੇ ਮਹਾਨ ਵਿਚਾਰਾਂ ਅਤੇ ਮਨੁੱਖਤਾ ਦੀ ਭਲਾਈ ਦੇ ਸੰਦੇਸ਼ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਲਈ ਰਵਾਇਤੀ ਧਾਰਮਿਕ ਅਤੇ ਸੱਭਿਆਚਾਰਕ ਢੰਗਾਂ ਦੇ ਨਾਲ-ਨਾਲ ਆਧੁਨਿਕ ਤਕਨਾਲੋਜੀ ਅਤੇ ਨਵੇਂ ਸੰਚਾਰ ਮਾਧਿਅਮਾਂ ਦੀ ਵਰਤੋਂ ਕੀਤੀ ਜਾ ਰਹੀ ਹੈ।
ਸਮਾਗਮ ਦੌਰਾਨ ਢਾਡੀ ਜਥੇ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਉਨ੍ਹਾਂ ਦੇ ਜੀਵਨ ਨਾਲ ਸਬੰਧਤ ਪ੍ਰਸੰਗ ਵੀ ਸੰਗਤਾਂ ਨਾਲ ਸਾਂਝੇ ਕੀਤੇ ਜਾਣਗੇ। ਇਸ ਨਾਲ ਡਿਜੀਟਲ ਡਰੋਨ ਸ਼ੋਅ ਦੇ ਨਾਲ-ਨਾਲ ਗੁਰੂ ਸਾਹਿਬ ਦੀ ਬਾਣੀ ਅਤੇ ਵਿਚਾਰਧਾਰਾ ਨਾਲ ਸੰਗਤ ਨੂੰ ਜੋੜਨ ਦਾ ਮੌਕਾ ਮਿਲੇਗਾ।
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਵਿਸ਼ੇਸ਼ ਸਮਾਗਮ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਅਤੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਣ।
