Thursday, October 22Punjabi People

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 252ਵਾਂ ਦਿਨ, ਪੰਜਾਬ ਭਰ ’ਚ 594 ਟਿਕਾਣਿਆਂ ’ਤੇ ਛਾਪੇਮਾਰੀ; 249 ਕਾਬੂ

ਚੰਡੀਗੜ੍ਹ, 29 ਸਤੰਬਰ 2026: ਪੰਜਾਬ ਵਿੱਚ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 252ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਵੱਡੀ ਕਾਰਵਾਈ ਕੀਤੀ। ਪੁਲਿਸ ਟੀਮਾਂ ਨੇ ਗੈਂਗਸਟਰਾਂ ਨਾਲ ਕਥਿਤ ਤੌਰ ’ਤੇ ਜੁੜੇ ਸਾਥੀਆਂ ਦੇ ਪਹਿਲਾਂ ਤੋਂ ਪਛਾਣੇ ਅਤੇ ਮੈਪ ਕੀਤੇ ਗਏ 594 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਇਹ ਮੁਹਿੰਮ ਪੰਜਾਬ ਨੂੰ ਗੈਂਗਸਟਰਾਂ ਤੋਂ ਮੁਕਤ ਕਰਨ ਦੇ ਉਦੇਸ਼ ਨਾਲ 20 ਜਨਵਰੀ 2026 ਨੂੰ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਗੈਂਗਸਟਰਾਂ ਅਤੇ ਉਨ੍ਹਾਂ ਦੇ ਨੈੱਟਵਰਕ ਨਾਲ ਜੁੜੇ ਲੋਕਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ।

249 ਵਿਅਕਤੀ ਗ੍ਰਿਫ਼ਤਾਰ, 6 ਹਥਿਆਰ ਬਰਾਮਦ

ਪੰਜਾਬ ਪੁਲਿਸ ਮੁਤਾਬਕ ਮੁਹਿੰਮ ਦੇ 252ਵੇਂ ਦਿਨ ਕੀਤੀ ਗਈ ਕਾਰਵਾਈ ਦੌਰਾਨ 249 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਦਕਿ ਉਨ੍ਹਾਂ ਦੇ ਕਬਜ਼ੇ ਵਿੱਚੋਂ 6 ਹਥਿਆਰ ਬਰਾਮਦ ਕੀਤੇ ਗਏ। ਇਸ ਦੇ ਨਾਲ ਹੀ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਕੁੱਲ ਗਿਣਤੀ 74,734 ਤੱਕ ਪਹੁੰਚ ਗਈ ਹੈ।

ਪੁਲਿਸ ਟੀਮਾਂ ਵੱਲੋਂ ਕਾਰਵਾਈ ਦੌਰਾਨ 182 ਵਿਅਕਤੀਆਂ ਖ਼ਿਲਾਫ਼ ਇਹਤਿਆਤੀ ਕਾਰਵਾਈ ਵੀ ਕੀਤੀ ਗਈ। ਇਸ ਤੋਂ ਇਲਾਵਾ ਪੁਲਿਸ ਨੇ ਚਾਰ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕਾਂ ਨੂੰ ਗੁਪਤ ਸੂਚਨਾ ਦੇਣ ਦੀ ਅਪੀਲ

ਪੰਜਾਬ ਪੁਲਿਸ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਗੈਂਗਸਟਰਾਂ ਅਤੇ ਲੋੜੀਂਦੇ ਅਪਰਾਧੀਆਂ ਸਬੰਧੀ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ। ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ’ਤੇ ਗੁਪਤ ਤੌਰ ’ਤੇ ਸੂਚਨਾ ਦੇ ਸਕਦੇ ਹਨ।

ਪੁਲਿਸ ਮੁਤਾਬਕ ਇਸ ਹੈਲਪਲਾਈਨ ਰਾਹੀਂ ਗੈਂਗਸਟਰਾਂ, ਲੋੜੀਂਦੇ ਅਪਰਾਧੀਆਂ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਦਿੱਤੀ ਜਾ ਸਕਦੀ ਹੈ।

ਨਸ਼ਾ ਤਸਕਰਾਂ ਖ਼ਿਲਾਫ਼ ਵੀ ਕਾਰਵਾਈ ਜਾਰੀ

ਇਸ ਦੇ ਨਾਲ ਹੀ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵੀ ਜਾਰੀ ਰਹੀ। ਮੁਹਿੰਮ ਦੇ 577ਵੇਂ ਦਿਨ ਪੁਲਿਸ ਨੇ 110 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ।

ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਗ੍ਰਿਫ਼ਤਾਰ ਮੁਲਜ਼ਮਾਂ ਕੋਲੋਂ 10.2 ਕਿਲੋਗ੍ਰਾਮ ਹੈਰੋਇਨ, 500 ਗ੍ਰਾਮ ਅਫੀਮ, 4 ਕਿਲੋਗ੍ਰਾਮ ਗਾਂਜਾ, 19 ਕਿਲੋਗ੍ਰਾਮ ਭੁੱਕੀ, 543 ਨਸ਼ੀਲੀਆਂ ਗੋਲੀਆਂ ਅਤੇ 4 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ।

ਪੁਲਿਸ ਅਨੁਸਾਰ ਇਸ ਮੁਹਿੰਮ ਦੇ 577 ਦਿਨਾਂ ਦੌਰਾਨ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 80,763 ਹੋ ਗਈ ਹੈ।

ਨਸ਼ਾ ਛੁਡਾਊ ਮੁਹਿੰਮ ਤਹਿਤ 22 ਵਿਅਕਤੀਆਂ ਨੂੰ ਇਲਾਜ ਲਈ ਕੀਤਾ ਪ੍ਰੇਰਿਤ

ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਤਸਕਰੀ ਖ਼ਿਲਾਫ਼ ਕਾਰਵਾਈ ਦੇ ਨਾਲ-ਨਾਲ ਨਸ਼ਾ ਪੀੜਤਾਂ ਨੂੰ ਇਲਾਜ ਅਤੇ ਮੁੜ-ਵਸੇਬੇ ਵੱਲ ਲਿਆਉਣ ਲਈ ਵੀ ਉਪਰਾਲੇ ਕੀਤੇ ਜਾ ਰਹੇ ਹਨ।

ਇਸੇ ਤਹਿਤ ਅੱਜ ਪੁਲਿਸ ਟੀਮਾਂ ਨੇ 22 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ। ਪੁਲਿਸ ਦਾ ਕਹਿਣਾ ਹੈ ਕਿ ਨਸ਼ਿਆਂ ਖ਼ਿਲਾਫ਼ ਮੁਹਿੰਮ ਦਾ ਮਕਸਦ ਸਿਰਫ਼ ਤਸਕਰਾਂ ’ਤੇ ਕਾਰਵਾਈ ਕਰਨਾ ਹੀ ਨਹੀਂ, ਸਗੋਂ ਨਸ਼ੇ ਦੀ ਲਤ ਨਾਲ ਜੂਝ ਰਹੇ ਲੋਕਾਂ ਨੂੰ ਇਲਾਜ ਅਤੇ ਮੁੜ-ਵਸੇਬੇ ਰਾਹੀਂ ਆਮ ਜੀਵਨ ਵੱਲ ਲਿਆਉਣਾ ਵੀ ਹੈ।

Leave a Reply

Your email address will not be published. Required fields are marked *