
ਚੰਡੀਗੜ੍ਹ, 30 ਸਤੰਬਰ, 2026: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਫੂਡ ਸੇਫਟੀ ਵਿਭਾਗ ਵਿੱਚ ਨਵ-ਨਿਯੁਕਤ ਛੇ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਉਨ੍ਹਾਂ ਨਵ-ਨਿਯੁਕਤ ਅਧਿਕਾਰੀਆਂ ਨੂੰ ਉਨ੍ਹਾਂ ਦੀ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਸੂਬੇ ਵਿੱਚ ਲੋਕਾਂ ਨੂੰ ਸੁਰੱਖਿਅਤ ਅਤੇ ਮਿਆਰੀ ਭੋਜਨ ਮੁਹੱਈਆ ਕਰਵਾਉਣ ਲਈ ਪੂਰੀ ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਕੰਮ ਕਰਨ ਦੀ ਅਪੀਲ ਕੀਤੀ।
ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਵਿੱਚ ਅਨੀਸ਼ ਪਾਲ ਸਿੰਘ, ਸ਼ਿਵਾਲੀ ਬਾਵਾ, ਗੁਰਲੀਨ ਕੌਰ, ਈਸ਼ਾ ਰਾਣੀ, ਪ੍ਰਿਯੰਕਾ ਅਤੇ ਸ਼ੁਭਮ ਸ਼ਰਮਾ ਸ਼ਾਮਲ ਹਨ।
ਨਿਯੁਕਤੀ ਪੱਤਰ ਸੌਂਪਣ ਮੌਕੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਹਰ ਨਾਗਰਿਕ ਲਈ ਸੁਰੱਖਿਅਤ, ਸਾਫ਼-ਸੁਥਰਾ ਅਤੇ ਚੰਗੀ ਗੁਣਵੱਤਾ ਵਾਲਾ ਭੋਜਨ ਯਕੀਨੀ ਬਣਾਉਣਾ ਪੰਜਾਬ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਫੂਡ ਸੇਫਟੀ ਨਾਲ ਜੁੜੇ ਨਿਯਮਾਂ ਦੀ ਪ੍ਰਭਾਵਸ਼ਾਲੀ ਢੰਗ ਨਾਲ ਪਾਲਣਾ ਕਰਵਾਉਣ ਲਈ ਮੈਦਾਨੀ ਪੱਧਰ ’ਤੇ ਨਿਗਰਾਨੀ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨਾ ਜ਼ਰੂਰੀ ਹੈ।
ਸਿਹਤ ਮੰਤਰੀ ਨੇ ਕਿਹਾ ਕਿ ਇਨ੍ਹਾਂ ਛੇ ਅਧਿਕਾਰੀਆਂ ਦੀ ਨਿਯੁਕਤੀ ਨਾਲ ਫੂਡ ਸੇਫਟੀ ਵਿਭਾਗ ਦੀ ਕਾਰਗੁਜ਼ਾਰੀ ਅਤੇ ਸਮਰੱਥਾ ਵਿੱਚ ਵਾਧਾ ਹੋਵੇਗਾ। ਨਵੇਂ ਅਧਿਕਾਰੀ ਸੂਬੇ ਦੇ ਵੱਖ-ਵੱਖ ਖੇਤਰਾਂ ਵਿੱਚ ਭੋਜਨ ਸੁਰੱਖਿਆ ਨਾਲ ਸਬੰਧਤ ਨਿਯਮਾਂ ਨੂੰ ਲਾਗੂ ਕਰਵਾਉਣ ਅਤੇ ਉਲੰਘਣਾਵਾਂ ’ਤੇ ਨਜ਼ਰ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।
ਉਨ੍ਹਾਂ ਕਿਹਾ ਕਿ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਦੀਆਂ ਮੁੱਖ ਜ਼ਿੰਮੇਵਾਰੀਆਂ ਵਿੱਚ ਭੋਜਨ ਸੁਰੱਖਿਆ ਕਾਨੂੰਨਾਂ ਅਤੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਉਣਾ, ਖਾਣ-ਪੀਣ ਵਾਲੇ ਅਦਾਰਿਆਂ ਦੀ ਨਿਯਮਤ ਜਾਂਚ ਕਰਨਾ ਅਤੇ ਭੋਜਨ ਪਦਾਰਥਾਂ ਦੇ ਨਮੂਨੇ ਲੈ ਕੇ ਉਨ੍ਹਾਂ ਦੀ ਜਾਂਚ ਕਰਵਾਉਣਾ ਸ਼ਾਮਲ ਹੋਵੇਗਾ। ਇਸ ਤੋਂ ਇਲਾਵਾ ਜਾਂਚ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਤੁਰੰਤ ਅਤੇ ਕਾਨੂੰਨ ਅਨੁਸਾਰ ਕਾਰਵਾਈ ਯਕੀਨੀ ਬਣਾਉਣ ’ਤੇ ਵੀ ਧਿਆਨ ਦਿੱਤਾ ਜਾਵੇਗਾ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਸੂਬੇ ਵਿੱਚ ਭੋਜਨ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਅਧਿਕਾਰੀਆਂ ਦੀ ਤਾਇਨਾਤੀ ਵਿਭਾਗ ਦੀਆਂ ਲੋੜਾਂ ਅਤੇ ਫੂਡ ਸੇਫਟੀ ਨਾਲ ਸਬੰਧਤ ਕਾਨੂੰਨਾਂ ਤੇ ਨਿਯਮਾਂ ਅਨੁਸਾਰ ਰਣਨੀਤਕ ਢੰਗ ਨਾਲ ਕੀਤੀ ਜਾਵੇਗੀ। ਇਸ ਨਾਲ ਵੱਖ-ਵੱਖ ਇਲਾਕਿਆਂ ਵਿੱਚ ਫੂਡ ਸੇਫਟੀ ਦੀ ਨਿਗਰਾਨੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਵਿੱਚ ਮਦਦ ਮਿਲੇਗੀ।
ਸਿਹਤ ਮੰਤਰੀ ਨੇ ਨਵ-ਨਿਯੁਕਤ ਅਧਿਕਾਰੀਆਂ ਨੂੰ ਆਪਣੀ ਡਿਊਟੀ ਨਿਰਪੱਖਤਾ, ਪਾਰਦਰਸ਼ਤਾ ਅਤੇ ਪੇਸ਼ੇਵਰ ਜ਼ਿੰਮੇਵਾਰੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਭੋਜਨ ਦੀ ਗੁਣਵੱਤਾ ਅਤੇ ਸੁਰੱਖਿਆ ਨਾਲ ਸਿੱਧੇ ਤੌਰ ’ਤੇ ਲੋਕਾਂ ਦੀ ਸਿਹਤ ਜੁੜੀ ਹੋਈ ਹੈ, ਇਸ ਲਈ ਫੂਡ ਸੇਫਟੀ ਨਿਯਮਾਂ ਦੀ ਪ੍ਰਭਾਵਸ਼ਾਲੀ ਪਾਲਣਾ ਯਕੀਨੀ ਬਣਾਉਣਾ ਬੇਹੱਦ ਮਹੱਤਵਪੂਰਨ ਹੈ।
