
ਚੰਡੀਗੜ੍ਹ, 30 ਸਤੰਬਰ 2026: ਨਾਨਕਸਰ ਸੰਪਰਦਾਇ ਦੇ ਮੁਖੀ ਬਾਬਾ ਲੱਖਾ ਸਿੰਘ ਨੇ ਮੰਗਲਵਾਰ ਨੂੰ ਚੰਡੀਗੜ੍ਹ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕੀਤੇ ਜਾਣ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਅਤੇ ਪਵਿੱਤਰਤਾ ਦੀ ਰਾਖੀ ਲਈ ਇੱਕ ਮਹੱਤਵਪੂਰਨ ਕਦਮ ਹੈ ਅਤੇ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਮਦਦਗਾਰ ਸਾਬਤ ਹੋ ਸਕਦਾ ਹੈ।
ਮੁਲਾਕਾਤ ਦੌਰਾਨ ਬਾਬਾ ਲੱਖਾ ਸਿੰਘ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਵਜੋਂ ਸਿਰੋਪਾਓ ਭੇਟ ਕੀਤਾ ਅਤੇ ਉਨ੍ਹਾਂ ਨੂੰ ਆਸ਼ੀਰਵਾਦ ਦਿੱਤਾ। ਮੁੱਖ ਮੰਤਰੀ ਨੇ ਬਾਬਾ ਲੱਖਾ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ‘ਸ਼ਬਦ ਗੁਰੂ’, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਰਿਆਦਾ, ਪਵਿੱਤਰਤਾ ਅਤੇ ਸਤਿਕਾਰ ਨੂੰ ਕਾਇਮ ਰੱਖਣਾ ਸੂਬਾ ਸਰਕਾਰ ਦਾ ਮੁੱਢਲਾ ਫਰਜ਼ ਹੈ।
ਬਾਬਾ ਲੱਖਾ ਸਿੰਘ ਨੇ ਕਿਹਾ ਕਿ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਦਾ ਪਾਸ ਹੋਣਾ ਇੱਕ ਅਹਿਮ ਕਦਮ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਕਾਰਨ ਸਿੱਖ ਭਾਈਚਾਰੇ ਵਿੱਚ ਪੈਦਾ ਹੋਈ ਪੀੜ ਨੂੰ ਧਿਆਨ ਵਿੱਚ ਰੱਖਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਅਤੇ ਪਵਿੱਤਰਤਾ ਦੀ ਰਾਖੀ ਲਈ ਕਾਨੂੰਨੀ ਪ੍ਰਬੰਧਾਂ ਨੂੰ ਮਜ਼ਬੂਤ ਕਰਨਾ ਜ਼ਰੂਰੀ ਸੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੇਅਦਬੀ ਦੀਆਂ ਘਟਨਾਵਾਂ ਨਾਲ ਨਜਿੱਠਣ ਲਈ ਕਾਨੂੰਨ ਨੂੰ ਮਜ਼ਬੂਤ ਕਰਨਾ ਇਸ ਦਿਸ਼ਾ ਵਿੱਚ ਚੁੱਕਿਆ ਗਿਆ ਕਦਮ ਹੈ। ਬਾਬਾ ਲੱਖਾ ਸਿੰਘ ਨੇ ਕਿਹਾ ਕਿ ਇਹ ਕਾਨੂੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ ਲਈ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਾਬਾ ਲੱਖਾ ਸਿੰਘ ਵੱਲੋਂ ਦਿੱਤੇ ਆਸ਼ੀਰਵਾਦ ਲਈ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਰਿਆਦਾ ਅਤੇ ਪਵਿੱਤਰਤਾ ਨੂੰ ਕਾਇਮ ਰੱਖਣਾ ਉਨ੍ਹਾਂ ਦੀ ਸਰਕਾਰ ਦੀ ਮੁੱਖ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਵਿੱਚ ਸ਼ਾਂਤੀ, ਭਾਈਚਾਰਕ ਸਾਂਝ ਅਤੇ ਸਦਭਾਵਨਾ ਬਣਾਈ ਰੱਖਣ ਲਈ ਲਗਾਤਾਰ ਕੰਮ ਕਰ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ, 2026’ ਵਿੱਚ ਬੇਅਦਬੀ ਦੀਆਂ ਘਟਨਾਵਾਂ ਲਈ ਸਖ਼ਤ ਸਜ਼ਾਵਾਂ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਕਾਨੂੰਨ ਦੇ ਸਖ਼ਤ ਪ੍ਰਬੰਧ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਵਿੱਚ ਮਦਦਗਾਰ ਹੋਣਗੇ।
ਭਗਵੰਤ ਮਾਨ ਨੇ ਕਿਹਾ ਕਿ ਉਹ ਇਸ ਕਾਨੂੰਨ ਨੂੰ ਆਪਣੀ ਨਿੱਜੀ ਉਪਲਬਧੀ ਵਜੋਂ ਨਹੀਂ ਦੇਖਦੇ। ਉਨ੍ਹਾਂ ਕਿਹਾ ਕਿ ਉਹ ਆਪਣੇ ਆਪ ਨੂੰ ਗੁਰੂ ਸਾਹਿਬ ਦਾ ਇੱਕ ਨਿਮਾਣਾ ਸੇਵਕ ਮੰਨਦੇ ਹਨ ਅਤੇ ਇਸ ਕਾਰਜ ਨੂੰ ਗੁਰੂ ਸਾਹਿਬ ਦੀ ਸੇਵਾ ਵਜੋਂ ਦੇਖਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਣਾ ਹਰ ਸਿੱਖ ਦੀ ਜ਼ਿੰਮੇਵਾਰੀ ਹੈ ਅਤੇ ਸੂਬਾ ਸਰਕਾਰ ਇਸ ਸਬੰਧੀ ਆਪਣੀ ਜ਼ਿੰਮੇਵਾਰੀ ਤੋਂ ਪਿੱਛੇ ਨਹੀਂ ਹਟੇਗੀ। ਉਨ੍ਹਾਂ ਕਿਹਾ ਕਿ ‘ਸ਼ਬਦ ਗੁਰੂ ਸਾਹਿਬ’ ਦੀ ਮਰਿਆਦਾ ਅਤੇ ਪਵਿੱਤਰਤਾ ਦੀ ਰਾਖੀ ਲਈ ਸਰਕਾਰ ਵੱਲੋਂ ਹਰ ਸੰਭਵ ਕਦਮ ਚੁੱਕਿਆ ਜਾਵੇਗਾ।
ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਪੰਜਾਬ ਦੀ ਸ਼ਾਂਤੀ, ਭਾਈਚਾਰਕ ਸਾਂਝ ਅਤੇ ਫਿਰਕੂ ਸਦਭਾਵਨਾ ਨੂੰ ਮਜ਼ਬੂਤ ਕਰਨਾ ਸਰਕਾਰ ਦੀ ਲਗਾਤਾਰ ਤਰਜੀਹ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਲੋਕਾਂ ਵਿਚਕਾਰ ਆਪਸੀ ਭਰੋਸੇ ਅਤੇ ਸਦਭਾਵਨਾ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰਨ ਲਈ ਸਰਕਾਰ ਵੱਲੋਂ ਯਤਨ ਜਾਰੀ ਰਹਿਣਗੇ।
