
ਚੰਡੀਗੜ੍ਹ, 30 ਸਤੰਬਰ 2026: ਐਸਆਈਟੀ ਵੱਲੋਂ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਤਲਬ ਕੀਤੇ ਜਾਣ ਦੇ ਮਾਮਲੇ ’ਤੇ ਆਮ ਆਦਮੀ ਪਾਰਟੀ ਦੇ ਆਗੂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਨਸ਼ਿਆਂ ਨਾਲ ਜੁੜੇ ਮਾਮਲੇ ਦੀ ਸੱਚਾਈ ਸਾਹਮਣੇ ਲਿਆਉਣ ਲਈ ਬਿਕਰਮ ਸਿੰਘ ਮਜੀਠੀਆ ਅਤੇ ਜਗਦੀਸ਼ ਭੋਲਾ ਤੋਂ ਆਹਮੋ-ਸਾਹਮਣੇ ਪੁੱਛਗਿੱਛ ਕੀਤੀ ਜਾਣੀ ਚਾਹੀਦੀ ਹੈ।
ਧਾਲੀਵਾਲ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ 2007 ਤੋਂ 2017 ਤੱਕ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਨਸ਼ਿਆਂ ਦਾ ਇੱਕ ਵੱਡਾ ਨੈੱਟਵਰਕ ਫੈਲਿਆ ਹੋਇਆ ਸੀ। ਉਨ੍ਹਾਂ ਦਾ ਕਹਿਣਾ ਸੀ ਕਿ ਇਸ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਅਤੇ ਉਨ੍ਹਾਂ ਦੀ ਟੀਮ ਦੀ ਵੀ ਵੱਡੀ ਭੂਮਿਕਾ ਰਹੀ ਹੈ। ਉਨ੍ਹਾਂ ਕਿਹਾ ਕਿ ਐਸਆਈਟੀ ਦੀ ਜਾਂਚ ਰਾਹੀਂ ਇਨ੍ਹਾਂ ਮਾਮਲਿਆਂ ਨਾਲ ਜੁੜੇ ਤੱਥਾਂ ਨੂੰ ਸਾਹਮਣੇ ਲਿਆਉਣ ਦੀ ਲੋੜ ਹੈ।
‘ਵਿਰੋਧੀ ਧਿਰਾਂ ਸਰਕਾਰ ਨੂੰ ਬਦਨਾਮ ਕਰਨ ਲਈ ਕਰ ਰਹੀਆਂ ਸਿਆਸਤ’
ਨਸ਼ਿਆਂ ਦੇ ਮੁੱਦੇ ’ਤੇ ਵਿਰੋਧੀ ਪਾਰਟੀਆਂ ਵੱਲੋਂ ਕੀਤੀ ਜਾ ਰਹੀ ਸਿਆਸਤ ਅਤੇ ਕੇਂਦਰ ਸਰਕਾਰ ਦੀ ਭੂਮਿਕਾ ਬਾਰੇ ਧਾਲੀਵਾਲ ਨੇ ਕਿਹਾ ਕਿ ਵਿਰੋਧੀ ਧਿਰਾਂ ਦਾ ਮੁੱਖ ਮਕਸਦ ਭਗਵੰਤ ਮਾਨ ਸਰਕਾਰ ਨੂੰ ਬਦਨਾਮ ਕਰਨਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤੋਂ ਜਾਣੂ ਹਨ ਅਤੇ ਇਸ ਮੁੱਦੇ ’ਤੇ ਸਰਕਾਰ ਵੱਲੋਂ ਕੀਤੀ ਜਾ ਰਹੀ ਕਾਰਵਾਈ ਨੂੰ ਦੇਖ ਰਹੇ ਹਨ।
ਅਕਾਲੀ ਦਲ ਵੱਲੋਂ ਸਰਕਾਰ ’ਤੇ ਬਦਲਾਖੋਰੀ ਦੀ ਰਾਜਨੀਤੀ ਕਰਨ ਦੇ ਲਗਾਏ ਜਾ ਰਹੇ ਦੋਸ਼ਾਂ ਨੂੰ ਰੱਦ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਮਾਨ ਸਰਕਾਰ ਦਾ ਉਦੇਸ਼ ਕਿਸੇ ਵੀ ਸਿਆਸੀ ਆਗੂ ਨੂੰ ਨਿਸ਼ਾਨਾ ਬਣਾਉਣਾ ਨਹੀਂ, ਸਗੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਹੈ।
ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਦਾ ਮਕਸਦ ਝੂਠੇ ਕੇਸ ਦਰਜ ਕਰਨਾ ਹੁੰਦਾ ਤਾਂ ਅਜਿਹਾ ਪਹਿਲਾਂ ਵੀ ਕੀਤਾ ਜਾ ਸਕਦਾ ਸੀ, ਪਰ ਮੌਜੂਦਾ ਜਾਂਚ ਕਾਨੂੰਨੀ ਪ੍ਰਕਿਰਿਆ ਅਤੇ ਪਾਰਦਰਸ਼ਤਾ ਨਾਲ ਅੱਗੇ ਵਧ ਰਹੀ ਹੈ। ਧਾਲੀਵਾਲ ਨੇ ਕਿਹਾ ਕਿ ਚਾਹੇ ਕੋਈ ਸਿਆਸਤਦਾਨ ਹੋਵੇ ਜਾਂ ਬਰਖਾਸਤ ਏਆਈਜੀ ਰਾਜਜੀਤ ਸਿੰਘ ਵਰਗਾ ਕੋਈ ਸੀਨੀਅਰ ਅਧਿਕਾਰੀ, ਜਾਂਚ ਵਿੱਚ ਜੇਕਰ ਕਿਸੇ ਦੀ ਭੂਮਿਕਾ ਸਾਹਮਣੇ ਆਉਂਦੀ ਹੈ ਤਾਂ ਉਸ ਨੂੰ ਕਾਨੂੰਨ ਅਨੁਸਾਰ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ।
ਅਮਿਤ ਸ਼ਾਹ ਦੇ ਪੰਜਾਬ ਦੌਰੇ ’ਤੇ ਵੀ ਚੁੱਕੇ ਸਵਾਲ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਅਤੇ ਨਸ਼ਿਆਂ ਦੇ ਮੁੱਦੇ ’ਤੇ ਉਨ੍ਹਾਂ ਵੱਲੋਂ ਕੀਤੀਆਂ ਟਿੱਪਣੀਆਂ ’ਤੇ ਧਾਲੀਵਾਲ ਨੇ ਸਵਾਲ ਚੁੱਕੇ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਨੂੰ ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ’ਤੇ ਸਵਾਲ ਉਠਾਉਣ ਤੋਂ ਪਹਿਲਾਂ ਗੁਜਰਾਤ ਨਾਲ ਜੁੜੇ ਨਸ਼ਾ ਤਸਕਰੀ ਦੇ ਮਾਮਲਿਆਂ ਬਾਰੇ ਜਵਾਬ ਦੇਣਾ ਚਾਹੀਦਾ ਹੈ।
ਧਾਲੀਵਾਲ ਨੇ ਦਾਅਵਾ ਕੀਤਾ ਕਿ ਗੁਜਰਾਤ ਦੇ ਬੰਦਰਗਾਹਾਂ ਰਾਹੀਂ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਦੇਸ਼ ਵਿੱਚ ਪਹੁੰਚ ਰਹੇ ਹਨ ਅਤੇ ਉਥੋਂ ਇਹ ਨਸ਼ਾ ਰਾਜਸਥਾਨ ਦੇ ਰਸਤੇ ਪੰਜਾਬ ਤੱਕ ਲਿਆਂਦਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਨੂੰ ਪੰਜਾਬ ਵਿੱਚ ਸਿਆਸੀ ਬਿਆਨਬਾਜ਼ੀ ਕਰਨ ਤੋਂ ਪਹਿਲਾਂ ਇਨ੍ਹਾਂ ਦੋਸ਼ਾਂ ਅਤੇ ਸਰਹੱਦੀ ਰਾਹੀਂ ਹੋ ਰਹੀ ਨਸ਼ਾ ਤਸਕਰੀ ਬਾਰੇ ਸਪਸ਼ਟੀਕਰਨ ਦੇਣਾ ਚਾਹੀਦਾ ਹੈ।
ਡਰੋਨ ਅਤੇ ਹਥਿਆਰਾਂ ਦੀ ਤਸਕਰੀ ਰੋਕਣ ਲਈ ਕੇਂਦਰ ਤੋਂ ਪ੍ਰਭਾਵਸ਼ਾਲੀ ਕਦਮਾਂ ਦੀ ਮੰਗ
ਧਾਲੀਵਾਲ ਨੇ ਪੰਜਾਬ ਦੀ ਪਾਕਿਸਤਾਨ ਨਾਲ ਲੱਗਦੀ ਸਰਹੱਦ ਦਾ ਮੁੱਦਾ ਵੀ ਉਠਾਇਆ। ਉਨ੍ਹਾਂ ਕਿਹਾ ਕਿ ਪੰਜਾਬ ਦੀ ਪਾਕਿਸਤਾਨ ਨਾਲ ਲਗਭਗ 532 ਕਿਲੋਮੀਟਰ ਲੰਬੀ ਸਰਹੱਦ ਹੈ ਅਤੇ ਸਰਹੱਦੀ ਸੁਰੱਖਿਆ ਵਿੱਚ ਕੇਂਦਰ ਸਰਕਾਰ ਦੀ ਅਹਿਮ ਭੂਮਿਕਾ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਸਰਕਾਰ ਕੋਲ ਲਗਾਤਾਰ ਇਹ ਮੰਗ ਰੱਖੀ ਗਈ ਹੈ ਕਿ ਸਰਹੱਦ ਰਾਹੀਂ ਡਰੋਨਾਂ, ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ ਲਈ ਆਧੁਨਿਕ ਐਂਟੀ-ਡਰੋਨ ਸਿਸਟਮ ਲਗਾਏ ਜਾਣ ਅਤੇ ਸਰਹੱਦ ਨੂੰ ਹੋਰ ਮਜ਼ਬੂਤ ਕੀਤਾ ਜਾਵੇ।
ਧਾਲੀਵਾਲ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਪਿੱਛੇ ਹਟ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਮਿਲ ਕੇ ਕੰਮ ਕਰਨ ਦੀ ਲੋੜ ਹੈ ਅਤੇ ਸਰਹੱਦ ਪਾਰੋਂ ਆਉਣ ਵਾਲੇ ਨਸ਼ਿਆਂ ਤੇ ਹਥਿਆਰਾਂ ਦੀ ਸਪਲਾਈ ਲਾਈਨ ਨੂੰ ਰੋਕਣਾ ਇਸ ਮੁਹਿੰਮ ਦਾ ਅਹਿਮ ਹਿੱਸਾ ਹੋਣਾ ਚਾਹੀਦਾ ਹੈ।
