Wednesday, October 21Punjabi People

LPU ਹਿੰਸਾ: ਯੂਨੀਵਰਸਿਟੀ ’ਚ ਭੰਨਤੋੜ ਕਰਨ ਵਾਲੇ 3 ਮੁਲਜ਼ਮ ਗ੍ਰਿਫ਼ਤਾਰ, ਹੋਰਾਂ ਦੀ ਪਛਾਣ ਲਈ ਡਿਜੀਟਲ ਸਬੂਤ ਖੰਗਾਲ ਰਹੀ ਪੁਲਿਸ

ਫਗਵਾੜਾ, 1 ਅਕਤੂਬਰ 2026: ਕਪੂਰਥਲਾ ਜ਼ਿਲ੍ਹੇ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹੋਈ ਹਿੰਸਾ ਅਤੇ ਭੰਨਤੋੜ ਦੇ ਮਾਮਲੇ ਵਿੱਚ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਯੂਨੀਵਰਸਿਟੀ ਵਿੱਚ ਹੋਈ ਭੰਨਤੋੜ ਵਿੱਚ ਕਥਿਤ ਤੌਰ ’ਤੇ ਸ਼ਮੂਲੀਅਤ ਸੀ।

ਮਾਮਲੇ ਦੀ ਜਾਂਚ ਲਈ ਪੁਲਿਸ ਵੱਲੋਂ ਦੋ ਵਿਸ਼ੇਸ਼ ਜਾਂਚ ਟੀਮਾਂ (SITs) ਦਾ ਗਠਨ ਕੀਤਾ ਗਿਆ ਹੈ। FIR ਨੰਬਰ 163, 105 ਅਤੇ 106 ਨਾਲ ਸਬੰਧਤ ਮਾਮਲਿਆਂ ਦੀ ਜਾਂਚ ਲਈ ਵੱਖ-ਵੱਖ SITs ਕੰਮ ਕਰ ਰਹੀਆਂ ਹਨ। ਇਨ੍ਹਾਂ ਵਿੱਚੋਂ ਇੱਕ SIT ਯੂਨੀਵਰਸਿਟੀ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਲੱਗੇ CCTV ਕੈਮਰਿਆਂ ਦੀਆਂ ਫੁਟੇਜਾਂ ਸਮੇਤ ਹੋਰ ਡਿਜੀਟਲ ਸਬੂਤ ਇਕੱਠੇ ਕਰ ਰਹੀ ਹੈ।

ਪੁਲਿਸ ਨੇ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਨੂੰ ਫਗਵਾੜਾ ਦੀ ਅਦਾਲਤ ਵਿੱਚ ਪੇਸ਼ ਕੀਤਾ ਅਤੇ ਪੁਲਿਸ ਵੱਲੋਂ ਉਨ੍ਹਾਂ ਦਾ ਤਿੰਨ ਦਿਨਾਂ ਦਾ ਰਿਮਾਂਡ ਮੰਗਿਆ ਗਿਆ।

ਡਿਜੀਟਲ ਸਬੂਤਾਂ ਰਾਹੀਂ ਹੋਰਾਂ ਦੀ ਪਛਾਣ

ਪੁਲਿਸ ਵੱਲੋਂ CCTV ਫੁਟੇਜ ਅਤੇ ਹੋਰ ਡਿਜੀਟਲ ਸਬੂਤਾਂ ਦੀ ਜਾਂਚ ਕਰਕੇ ਹਿੰਸਾ ਅਤੇ ਭੰਨਤੋੜ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਸ ਦੌਰਾਨ ਗਗਨ ਨਾਮਕ ਵਿਅਕਤੀ ਦੇ ਪਰਿਵਾਰਕ ਮੈਂਬਰ ਨੇ ਦਾਅਵਾ ਕੀਤਾ ਕਿ ਪੁਲਿਸ ਵੱਲੋਂ ਉਸ ਨੂੰ ਜਿਸ ਮਾਮਲੇ ਵਿੱਚ ਲਿਆਂਦਾ ਗਿਆ ਹੈ, ਉਸ ਬਾਰੇ ਪਰਿਵਾਰ ਨੂੰ ਕੋਈ ਜਾਣਕਾਰੀ ਨਹੀਂ ਦਿੱਤੀ ਜਾ ਰਹੀ। ਪਰਿਵਾਰ ਮੁਤਾਬਕ ਗਗਨ ਕੱਲ੍ਹ ਤੋਂ ਲਾਪਤਾ ਸੀ ਅਤੇ ਅਦਾਲਤ ਵਿੱਚ ਪੇਸ਼ੀ ਤੋਂ ਪਹਿਲਾਂ ਉਸ ਨੇ ਫੋਨ ਕਰਕੇ ਪਰਿਵਾਰ ਨੂੰ ਜਾਣਕਾਰੀ ਦਿੱਤੀ।

ਪਰਿਵਾਰ ਨੇ ਪੁਲਿਸ ਤੋਂ ਗਗਨ ਦੀ ਗ੍ਰਿਫ਼ਤਾਰੀ ਸਬੰਧੀ ਜਾਣਕਾਰੀ ਮੰਗੀ, ਪਰ ਉਨ੍ਹਾਂ ਦਾ ਕਹਿਣਾ ਹੈ ਕਿ ਪੁਲਿਸ ਵੱਲੋਂ ਇਸ ਬਾਰੇ ਕੋਈ ਸਪੱਸ਼ਟ ਜਾਣਕਾਰੀ ਨਹੀਂ ਦਿੱਤੀ ਗਈ। ਪਰਿਵਾਰ ਮੁਤਾਬਕ ਗਗਨ ਖ਼ਿਲਾਫ਼ ਪਹਿਲਾਂ ਕੋਈ ਮਾਮਲਾ ਦਰਜ ਨਹੀਂ ਹੈ।

ਪਰਿਵਾਰ ਦੇ ਅਨੁਸਾਰ, ਗਗਨ ਡੋਮਿਨੋਜ਼ ਵਿੱਚ ਡਿਲੀਵਰੀ ਬੁਆਏ ਵਜੋਂ ਕੰਮ ਕਰਦਾ ਹੈ ਅਤੇ ਕਰੀਬ ਡੇਢ ਮਹੀਨਾ ਪਹਿਲਾਂ ਹੀ ਉਸ ਨੇ ਨੌਕਰੀ ਸ਼ੁਰੂ ਕੀਤੀ ਸੀ। ਇਸ ਕਾਰਨ ਪਰਿਵਾਰ ਉਸ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਚਿੰਤਤ ਹੈ।

ਇਸ ਦੌਰਾਨ ਸਤਨਾਮਪੁਰਾ ਥਾਣੇ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਟੀਮ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਹਾਲਾਂਕਿ, ਜਾਂਚ ਅਧਿਕਾਰੀ ਵੱਲੋਂ ਗ੍ਰਿਫ਼ਤਾਰੀਆਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ।

ਕੀ ਹੈ LPU ਹਿੰਸਾ ਦਾ ਮਾਮਲਾ?

26 ਸਤੰਬਰ 2026 ਦੀ ਰਾਤ ਨੂੰ ਸੋਸ਼ਲ ਮੀਡੀਆ ’ਤੇ ਇੱਕ ਦਾਅਵਾ ਸਾਹਮਣੇ ਆਇਆ ਸੀ ਕਿ LPU ਦੇ ਹੋਸਟਲ ਵਿੱਚ ਰਹਿਣ ਵਾਲੀ ਇੱਕ ਵਿਦਿਆਰਥਣ ਨਾਲ ਇੱਕ ਬਾਹਰੀ ਪਲੰਬਰ ਵੱਲੋਂ ਕਥਿਤ ਤੌਰ ’ਤੇ ਜਬਰ-ਜਨਾਹ ਕੀਤਾ ਗਿਆ ਹੈ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਇਸ ਮਾਮਲੇ ਵਿੱਚ ਕਾਰਵਾਈ ਨਹੀਂ ਕੀਤੀ ਜਾ ਰਹੀ। ਇਸ ਦਾਅਵੇ ਤੋਂ ਬਾਅਦ ਵੱਡੀ ਗਿਣਤੀ ਵਿੱਚ ਵਿਦਿਆਰਥੀ ਇਕੱਠੇ ਹੋ ਗਏ ਅਤੇ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਿਆ।

ਵਿਰੋਧ ਦੌਰਾਨ ਯੂਨੀਵਰਸਿਟੀ ਦੀ ਜਾਇਦਾਦ ਅਤੇ ਅੰਦਰੂਨੀ ਹਿੱਸਿਆਂ ਵਿੱਚ ਭੰਨਤੋੜ ਹੋਣ ਦੀ ਜਾਣਕਾਰੀ ਸਾਹਮਣੇ ਆਈ। ਇਸ ਤੋਂ ਇਲਾਵਾ ਕੈਂਪਸ ਸਥਿਤ ਯੂਨੀ ਮਾਲ ਦੀਆਂ ਕੁਝ ਦੁਕਾਨਾਂ ਵਿੱਚ ਵੀ ਭੰਨਤੋੜ ਅਤੇ ਲੁੱਟਮਾਰ ਦੇ ਦੋਸ਼ ਲੱਗੇ।

ਪ੍ਰਦਰਸ਼ਨਕਾਰੀਆਂ ਵੱਲੋਂ ਨੈਸ਼ਨਲ ਹਾਈਵੇਅ-44 ’ਤੇ ਜਲੰਧਰ-ਫਗਵਾੜਾ ਮਾਰਗ ਨੂੰ 18 ਘੰਟਿਆਂ ਤੋਂ ਵੱਧ ਸਮੇਂ ਤੱਕ ਬੰਦ ਰੱਖਿਆ ਗਿਆ, ਜਿਸ ਕਾਰਨ ਇਸ ਰੂਟ ’ਤੇ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ।

Leave a Reply

Your email address will not be published. Required fields are marked *