
ਚੰਡੀਗੜ੍ਹ, 1 ਅਕਤੂਬਰ 2026: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਤਸਕਰੀ ਅਤੇ ਇਸ ਨਾਲ ਜੁੜੀਆਂ ਗਤੀਵਿਧੀਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 19 ਮਹੀਨੇ ਪੂਰੇ ਹੋ ਗਏ ਹਨ। ਪੰਜਾਬ ਪੁਲਿਸ ਮੁਤਾਬਕ 1 ਮਾਰਚ 2023 ਤੋਂ ਹੁਣ ਤੱਕ ਸੂਬੇ ਵਿੱਚ ਨਸ਼ਾ ਤਸਕਰੀ ਨਾਲ ਸਬੰਧਤ ਮਾਮਲਿਆਂ ਵਿੱਚ 63,616 ਐਫਆਈਆਰ ਦਰਜ ਕਰਕੇ 81,107 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਪੁਲਿਸ ਵੱਲੋਂ ਇਸ ਮਿਆਦ ਦੌਰਾਨ ਨਸ਼ੀਲੇ ਪਦਾਰਥਾਂ ਦੀਆਂ ਵੱਡੀਆਂ ਖੇਪਾਂ ਵੀ ਬਰਾਮਦ ਕੀਤੀਆਂ ਗਈਆਂ ਹਨ। ਅਧਿਕਾਰੀਆਂ ਅਨੁਸਾਰ ਹੁਣ ਤੱਕ 4,161 ਕਿਲੋ ਹੈਰੋਇਨ ਬਰਾਮਦ ਕੀਤੀ ਜਾ ਚੁੱਕੀ ਹੈ। ਇਹ ਕਾਰਵਾਈ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਲਗਾਤਾਰ ਕੀਤੀ ਜਾ ਰਹੀ ਹੈ।
ਹੈਰੋਇਨ ਤੋਂ ਇਲਾਵਾ ਹੋਰ ਨਸ਼ੀਲੇ ਪਦਾਰਥ ਵੀ ਜ਼ਬਤ
ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ (ਕਾਨੂੰਨ ਤੇ ਵਿਵਸਥਾ) ਪ੍ਰਵੀਨ ਕੁਮਾਰ ਸਿਨਹਾ ਨੇ ਦੱਸਿਆ ਕਿ ਹੈਰੋਇਨ ਤੋਂ ਇਲਾਵਾ ਪੁਲਿਸ ਨੇ ਵੱਡੀ ਮਾਤਰਾ ਵਿੱਚ ਹੋਰ ਨਸ਼ੀਲੇ ਪਦਾਰਥ ਵੀ ਜ਼ਬਤ ਕੀਤੇ ਹਨ।
ਉਨ੍ਹਾਂ ਮੁਤਾਬਕ ਹੁਣ ਤੱਕ 10 ਕੁਇੰਟਲ ਅਫ਼ੀਮ, 476 ਕੁਇੰਟਲ ਭੁੱਕੀ, 130 ਕਿਲੋ ਚਰਸ, 1,747 ਕਿਲੋ ਗਾਂਜਾ ਅਤੇ 77 ਕਿਲੋ ਆਈਸ (ICE) ਬਰਾਮਦ ਕੀਤੀ ਗਈ ਹੈ। ਇਸ ਤੋਂ ਇਲਾਵਾ 65.75 ਲੱਖ ਨਸ਼ੀਲੀਆਂ ਗੋਲੀਆਂ ਅਤੇ ਕਰੀਬ 22.2 ਕਰੋੜ ਰੁਪਏ ਦੀ ਡਰੱਗ ਮਨੀ ਵੀ ਜ਼ਬਤ ਕੀਤੀ ਗਈ ਹੈ।
ਪੁਲਿਸ ਵੱਲੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਤੋੜਨ ਲਈ ਗ੍ਰਿਫ਼ਤਾਰੀਆਂ ਦੇ ਨਾਲ-ਨਾਲ ਨਸ਼ੀਲੇ ਪਦਾਰਥਾਂ ਦੀ ਸਪਲਾਈ ਅਤੇ ਇਸ ਤੋਂ ਹੋਣ ਵਾਲੀ ਗੈਰ-ਕਾਨੂੰਨੀ ਕਮਾਈ ’ਤੇ ਵੀ ਕਾਰਵਾਈ ਕੀਤੀ ਜਾ ਰਹੀ ਹੈ।
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਤਹਿਤ ਵੀ ਕਾਰਵਾਈ ਜਾਰੀ
ਇਸ ਦੇ ਨਾਲ ਹੀ ਪੰਜਾਬ ਪੁਲਿਸ ਵੱਲੋਂ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਤਹਿਤ ਵੀ ਕਾਰਵਾਈ ਜਾਰੀ ਰੱਖੀ ਗਈ। ਮੁਹਿੰਮ ਦੇ 254ਵੇਂ ਦਿਨ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 543 ਥਾਵਾਂ ’ਤੇ ਛਾਪੇਮਾਰੀ ਕੀਤੀ।
ਇਸ ਕਾਰਵਾਈ ਦੌਰਾਨ ਪੁਲਿਸ ਨੇ 13 ਹਥਿਆਰਾਂ ਸਮੇਤ 248 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਇਸ ਤੋਂ ਇਲਾਵਾ 163 ਵਿਅਕਤੀਆਂ ਖ਼ਿਲਾਫ਼ ਰੋਕਥਾਮੀ ਕਾਰਵਾਈ ਕੀਤੀ ਗਈ, ਜਦਕਿ 8 ਭਗੌੜੇ ਅਪਰਾਧੀਆਂ ਨੂੰ ਵੀ ਕਾਬੂ ਕੀਤਾ ਗਿਆ।
ਪੁਲਿਸ ਦਾ ਕਹਿਣਾ ਹੈ ਕਿ ਗੈਂਗਸਟਰਾਂ ਅਤੇ ਸੰਗਠਿਤ ਅਪਰਾਧ ਨਾਲ ਜੁੜੇ ਨੈੱਟਵਰਕਾਂ ਖ਼ਿਲਾਫ਼ ਕਾਰਵਾਈ ਨੂੰ ਲਗਾਤਾਰ ਜਾਰੀ ਰੱਖਿਆ ਜਾ ਰਿਹਾ ਹੈ।
ਲੋਕਾਂ ਨੂੰ ਗੁਪਤ ਸੂਚਨਾ ਦੇਣ ਦੀ ਅਪੀਲ
ਪੰਜਾਬ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਨ੍ਹਾਂ ਕੋਲ ਕਿਸੇ ਲੋੜੀਂਦੇ ਅਪਰਾਧੀ ਜਾਂ ਗੈਂਗਸਟਰ ਸਬੰਧੀ ਕੋਈ ਜਾਣਕਾਰੀ ਹੈ ਤਾਂ ਉਹ ‘ਐਂਟੀ ਗੈਂਗਸਟਰ ਹੈਲਪਲਾਈਨ’ 93946-93946 ’ਤੇ ਗੁਪਤ ਤੌਰ ’ਤੇ ਸੂਚਨਾ ਦੇ ਸਕਦੇ ਹਨ। ਪੁਲਿਸ ਮੁਤਾਬਕ ਲੋਕ ਅਪਰਾਧ ਜਾਂ ਕਿਸੇ ਵੀ ਤਰ੍ਹਾਂ ਦੀ ਅਪਰਾਧਿਕ ਗਤੀਵਿਧੀ ਸਬੰਧੀ ਜਾਣਕਾਰੀ ਵੀ ਸਾਂਝੀ ਕਰ ਸਕਦੇ ਹਨ।
ਪੰਜਾਬ ਪੁਲਿਸ ਦੀਆਂ ਆਨਲਾਈਨ ਨਾਗਰਿਕ ਸੇਵਾਵਾਂ ਵਿੱਚ FIR ਡਾਊਨਲੋਡ, ਸ਼ਿਕਾਇਤ ਦਰਜ ਕਰਨਾ, ਸ਼ਿਕਾਇਤ ਦੀ ਸਥਿਤੀ ਦੇਖਣਾ ਅਤੇ ਗ੍ਰਿਫ਼ਤਾਰ/ਲੋੜੀਂਦੇ ਵਿਅਕਤੀਆਂ ਸਬੰਧੀ ਜਾਣਕਾਰੀ ਵਰਗੀਆਂ ਸਹੂਲਤਾਂ ਵੀ ਉਪਲਬਧ ਹਨ।
ਪੰਜਾਬ ਪੁਲਿਸ ਅਨੁਸਾਰ ਨਸ਼ਾ ਤਸਕਰੀ ਅਤੇ ਗੈਂਗਸਟਰਵਾਦ ਨਾਲ ਨਜਿੱਠਣ ਲਈ ਜ਼ਿਲ੍ਹਾ ਪੱਧਰ ’ਤੇ ਕਾਰਵਾਈਆਂ ਦੇ ਨਾਲ-ਨਾਲ ਖੁਫੀਆ ਜਾਣਕਾਰੀ ਅਤੇ ਜਨਤਾ ਦੇ ਸਹਿਯੋਗ ਨੂੰ ਵੀ ਮਹੱਤਵ ਦਿੱਤਾ ਜਾ ਰਿਹਾ ਹੈ।
