
ਨਵੀਂ ਦਿੱਲੀ, 3 ਅਕਤੂਬਰ 2026: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਪ੍ਰਧਾਨ ਨਿਯੁਕਤ ਕੀਤੇ ਗਏ ਪ੍ਰਗਟ ਸਿੰਘ ਨੇ ਅੱਜ ਨਵੀਂ ਜ਼ਿੰਮੇਵਾਰੀ ਸੰਭਾਲਣ ਤੋਂ ਬਾਅਦ ਦਿੱਲੀ ਸਥਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਨੇ ਗੁਰੂ ਸਾਹਿਬ ਦਾ ਧੰਨਵਾਦ ਕਰਦਿਆਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।
ਇਸ ਮੌਕੇ ਪ੍ਰਗਟ ਸਿੰਘ ਨੇ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਇਮਾਨਦਾਰੀ ਅਤੇ ਨਿਮਰਤਾ ਨਾਲ ਨਿਭਾਉਣ ਲਈ ਗੁਰੂ ਸਾਹਿਬ ਤੋਂ ਆਸ਼ੀਰਵਾਦ ਮੰਗਿਆ। ਉਨ੍ਹਾਂ ਅਰਦਾਸ ਕੀਤੀ ਕਿ ਉਨ੍ਹਾਂ ਨੂੰ ਅਜਿਹੀ ਤਾਕਤ ਅਤੇ ਹਿੰਮਤ ਮਿਲੇ, ਜਿਸ ਨਾਲ ਉਹ ਪੰਜਾਬ ਅਤੇ ਪੰਜਾਬ ਦੇ ਲੋਕਾਂ ਦੀ ਸੇਵਾ ਦੀ ਭਾਵਨਾ ਨਾਲ ਆਪਣੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਇਮਾਨਦਾਰੀ ਨਾਲ ਨਿਭਾ ਸਕਣ।
ਪ੍ਰਗਟ ਸਿੰਘ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਾਰਟੀ ਦੇ ਕਈ ਆਗੂਆਂ ਵੱਲੋਂ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਕਾਂਗਰਸ ਵੱਲੋਂ ਉਨ੍ਹਾਂ ਨੂੰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਥਾਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਇਸ ਦੌਰਾਨ ਸ਼ੁੱਕਰਵਾਰ ਰਾਤ ਨੂੰ ਜਲੰਧਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਸਿੰਘ ਦੀ ਪਤਨੀ ਬਰਿੰਦਰ ਪ੍ਰੀਤ ਕੌਰ ਨੇ ਵੀ ਉਨ੍ਹਾਂ ਦੀ ਨਵੀਂ ਜ਼ਿੰਮੇਵਾਰੀ ਬਾਰੇ ਗੱਲ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਪ੍ਰਗਟ ਸਿੰਘ ਨੂੰ ਇੱਕ ਅਹਿਮ ਅਤੇ ਵੱਡੀ ਜ਼ਿੰਮੇਵਾਰੀ ਸੌਂਪੀ ਹੈ।
ਉਨ੍ਹਾਂ ਕਿਹਾ ਕਿ ਪ੍ਰਗਟ ਸਿੰਘ ਦਾ ਪਿਛੋਕੜ ਖੇਡਾਂ ਨਾਲ ਜੁੜਿਆ ਰਿਹਾ ਹੈ ਅਤੇ ਉਨ੍ਹਾਂ ਨੇ ਆਪਣੀ ਜ਼ਿੰਦਗੀ ਵਿੱਚ ਹਰ ਕੰਮ ਦ੍ਰਿੜਤਾ ਅਤੇ ਮਿਹਨਤ ਨਾਲ ਕਰਨ ਦੀ ਕੋਸ਼ਿਸ਼ ਕੀਤੀ ਹੈ। ਬਰਿੰਦਰ ਪ੍ਰੀਤ ਕੌਰ ਨੇ ਕਿਹਾ ਕਿ ਪੰਜਾਬ ਦੇ ਲੋਕ ਬਦਲਾਅ ਦੀ ਉਡੀਕ ਕਰ ਰਹੇ ਹਨ ਅਤੇ ਉਮੀਦ ਜਤਾਈ ਕਿ ਨਵੀਂ ਜ਼ਿੰਮੇਵਾਰੀ ਵਿੱਚ ਪ੍ਰਗਟ ਸਿੰਘ ਆਪਣੀ ਭੂਮਿਕਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਉਣਗੇ।
