Tuesday, October 20Punjabi People

ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਕਰੀਬ 255 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ

ਚੰਡੀਗੜ੍ਹ, 3 ਅਕਤੂਬਰ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵੱਖ-ਵੱਖ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਇਸੇ ਕੜੀ ਤਹਿਤ ਦਿਵਿਆਂਗ ਵਿਅਕਤੀਆਂ ਨੂੰ ਆਤਮ-ਨਿਰਭਰ ਬਣਾਉਣ, ਸਨਮਾਨਜਨਕ ਜੀਵਨ ਜਿਊਣ ਲਈ ਸਹਾਇਤਾ ਦੇਣ ਅਤੇ ਉਨ੍ਹਾਂ ਦੀ ਸਮਾਜਿਕ ਸੁਰੱਖਿਆ ਯਕੀਨੀ ਬਣਾਉਣ ਲਈ ਹੁਣ ਤੱਕ ਕਰੀਬ 255 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਜਾ ਚੁੱਕੀ ਹੈ।

ਇਹ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਦਿਵਿਆਂਗਤਾ ਕਿਸੇ ਵੀ ਵਿਅਕਤੀ ਦੇ ਸੁਪਨਿਆਂ, ਸਨਮਾਨ ਅਤੇ ਤਰੱਕੀ ਦੇ ਰਾਹ ਵਿੱਚ ਰੁਕਾਵਟ ਨਹੀਂ ਬਣਨੀ ਚਾਹੀਦੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਸਿਰਫ਼ ਵਿੱਤੀ ਸਹਾਇਤਾ ਮੁਹੱਈਆ ਕਰਵਾਉਣਾ ਹੀ ਨਹੀਂ, ਸਗੋਂ ਦਿਵਿਆਂਗ ਵਿਅਕਤੀਆਂ ਨੂੰ ਆਤਮ-ਵਿਸ਼ਵਾਸ ਨਾਲ ਜੀਵਨ ਬਤੀਤ ਕਰਨ ਅਤੇ ਸਮਾਜ ਵਿੱਚ ਬਰਾਬਰੀ ਦੇ ਮੌਕੇ ਪ੍ਰਾਪਤ ਕਰਨ ਲਈ ਸਹਿਯੋਗ ਦੇਣਾ ਵੀ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਦਿਵਿਆਂਗ ਵਿਅਕਤੀਆਂ ਲਈ ਵਿੱਤੀ ਸਹਾਇਤਾ ਸਕੀਮ ਤਹਿਤ ਇਸ ਸਮੇਂ ਲਗਭਗ 2.84 ਲੱਖ ਲਾਭਪਾਤਰੀਆਂ ਨੂੰ ਨਿਯਮਤ ਤੌਰ ’ਤੇ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਇਸ ਸਹਾਇਤਾ ਨਾਲ ਲਾਭਪਾਤਰੀ ਆਪਣੀਆਂ ਰੋਜ਼ਾਨਾ ਦੀਆਂ ਜ਼ਰੂਰੀ ਲੋੜਾਂ ਪੂਰੀਆਂ ਕਰਨ ਦੇ ਨਾਲ-ਨਾਲ ਵਧੇਰੇ ਸਨਮਾਨ ਅਤੇ ਆਤਮ-ਨਿਰਭਰਤਾ ਨਾਲ ਜੀਵਨ ਬਤੀਤ ਕਰ ਸਕਦੇ ਹਨ।

ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਕਾਰ ਵੱਲੋਂ ਇਸ ਯੋਜਨਾ ਨੂੰ ਹੋਰ ਮਜ਼ਬੂਤ ਕਰਨ ਲਈ ਚਾਲੂ ਵਿੱਤੀ ਸਾਲ ਦੌਰਾਨ 498.16 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਬੰਧ ਦਿਵਿਆਂਗ ਵਿਅਕਤੀਆਂ ਦੀ ਸਮਾਜਿਕ ਸੁਰੱਖਿਆ ਅਤੇ ਭਲਾਈ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਯਤਨਸ਼ੀਲ ਹੈ ਕਿ ਭਲਾਈ ਸਕੀਮਾਂ ਦਾ ਲਾਭ ਹਰ ਯੋਗ ਵਿਅਕਤੀ ਤੱਕ ਪਾਰਦਰਸ਼ੀ ਅਤੇ ਸਮੇਂ ਸਿਰ ਪਹੁੰਚੇ। ਸਰਕਾਰ ਦਾ ਉਦੇਸ਼ ਇਹ ਹੈ ਕਿ ਕੋਈ ਵੀ ਹੱਕਦਾਰ ਲਾਭਪਾਤਰੀ ਜਾਣਕਾਰੀ ਜਾਂ ਪ੍ਰਕਿਰਿਆ ਦੀ ਘਾਟ ਕਾਰਨ ਸਰਕਾਰੀ ਸਹਾਇਤਾ ਤੋਂ ਵਾਂਝਾ ਨਾ ਰਹੇ।

ਡਾ. ਬਲਜੀਤ ਕੌਰ ਨੇ ਕਿਹਾ ਕਿ ਕਿਸੇ ਵੀ ਸੰਵੇਦਨਸ਼ੀਲ ਅਤੇ ਤਰੱਕੀਸ਼ੀਲ ਸਮਾਜ ਦੀ ਪਛਾਣ ਇਸ ਗੱਲ ਤੋਂ ਹੁੰਦੀ ਹੈ ਕਿ ਉਹ ਆਪਣੇ ਲੋੜਵੰਦ ਅਤੇ ਕਮਜ਼ੋਰ ਵਰਗਾਂ ਲਈ ਕਿੰਨਾ ਮਜ਼ਬੂਤ ਸਹਾਰਾ ਬਣਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਿਵਿਆਂਗ ਵਿਅਕਤੀਆਂ ਨੂੰ ਸਨਮਾਨ, ਸਮਾਜਿਕ ਸੁਰੱਖਿਆ ਅਤੇ ਬਰਾਬਰ ਦੇ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਕੰਮ ਕਰਦੀ ਰਹੇਗੀ।

ਕੈਬਨਿਟ ਮੰਤਰੀ ਨੇ ਦਿਵਿਆਂਗ ਵਿਅਕਤੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਬਾਰੇ ਜਾਣਕਾਰੀ ਹਾਸਲ ਕਰਕੇ ਇਨ੍ਹਾਂ ਦਾ ਵੱਧ ਤੋਂ ਵੱਧ ਲਾਭ ਲੈਣ। ਇਸ ਦੇ ਨਾਲ ਹੀ ਉਨ੍ਹਾਂ ਲੋਕ ਪ੍ਰਤੀਨਿਧੀਆਂ ਅਤੇ ਸਥਾਨਕ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਇਲਾਕਿਆਂ ਵਿੱਚ ਯੋਗ ਲਾਭਪਾਤਰੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਸਰਕਾਰੀ ਯੋਜਨਾਵਾਂ ਨਾਲ ਜੋੜਨ ਵਿੱਚ ਸਹਿਯੋਗ ਦੇਣ।

ਉਨ੍ਹਾਂ ਕਿਹਾ ਕਿ ਸਾਂਝੇ ਯਤਨਾਂ ਰਾਹੀਂ ਇਹ ਯਕੀਨੀ ਬਣਾਇਆ ਜਾ ਸਕਦਾ ਹੈ ਕਿ ਕੋਈ ਵੀ ਯੋਗ ਦਿਵਿਆਂਗ ਵਿਅਕਤੀ ਸਰਕਾਰ ਵੱਲੋਂ ਦਿੱਤੀ ਜਾ ਰਹੀ ਵਿੱਤੀ ਅਤੇ ਸਮਾਜਿਕ ਸਹਾਇਤਾ ਤੋਂ ਵਾਂਝਾ ਨਾ ਰਹੇ।

Leave a Reply

Your email address will not be published. Required fields are marked *