Tuesday, October 20Punjabi People

ਅੰਮ੍ਰਿਤਸਰ ’ਚ ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ, ਵਾਰਦਾਤ ਤੋਂ ਇੱਕ ਘੰਟਾ ਪਹਿਲਾਂ ਪੋਸਟ ਕੀਤੀ ਸੀ ਇੰਸਟਾਗ੍ਰਾਮ ਰੀਲ

ਅੰਮ੍ਰਿਤਸਰ, 4 ਅਕਤੂਬਰ 2026: ਅੰਮ੍ਰਿਤਸਰ ਦੇ ਲੋਹਾਰਕਾ ਰੋਡ ’ਤੇ ਸ਼ਨੀਵਾਰ ਸ਼ਾਮ ਨੂੰ ਅਣਪਛਾਤੇ ਹਮਲਾਵਰਾਂ ਵੱਲੋਂ ਸੋਸ਼ਲ ਮੀਡੀਆ ਇਨਫਲੂਐਂਸਰ ਅਤੇ ਮੇਕਅਪ ਆਰਟਿਸਟ ਮੈਡ ਸੰਧੂ (29) ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਵਾਰਦਾਤ ਨੇ ਇਲਾਕੇ ਵਿੱਚ ਸਨਸਨੀ ਫੈਲਾ ਦਿੱਤੀ ਹੈ। ਮੈਡ ਸੰਧੂ ਸੋਸ਼ਲ ਮੀਡੀਆ ’ਤੇ ਆਪਣੇ ਬੋਲਡ ਅੰਦਾਜ਼, ਵਿਲੱਖਣ ਰੀਲਾਂ ਅਤੇ ਫੈਸ਼ਨ ਸਟਾਈਲ ਕਾਰਨ ਕਾਫ਼ੀ ਮਸ਼ਹੂਰ ਸੀ। ਹੈਰਾਨੀ ਦੀ ਗੱਲ ਇਹ ਹੈ ਕਿ ਕਤਲ ਦੀ ਵਾਰਦਾਤ ਤੋਂ ਮਹਿਜ਼ ਇੱਕ ਘੰਟਾ ਪਹਿਲਾਂ ਹੀ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਇੱਕ ਰੀਲ ਸਾਂਝੀ ਕੀਤੀ ਸੀ।

ਜਾਣਕਾਰੀ ਅਨੁਸਾਰ, ਮੈਡ ਸੰਧੂ ਨੇ ਸ਼ਨੀਵਾਰ ਸ਼ਾਮ ਕਰੀਬ 5 ਵਜੇ ਇੰਸਟਾਗ੍ਰਾਮ ’ਤੇ ਇੱਕ ਰੀਲ ਪੋਸਟ ਕੀਤੀ ਸੀ, ਜਿਸ ਵਿੱਚ ਪੰਜਾਬੀ ਗਾਇਕ ਜੀ ਖਾਨ ਦਾ ਗੀਤ ‘ਵੇ ਮੈਨੂੰ ਮਾਹੀ ਮਿਲਾ ਦੇ… ਵੇ ਢੋਲਣਾ…’ ਸੁਣਾਈ ਦੇ ਰਿਹਾ ਸੀ। ਇਸ ਤੋਂ ਕਰੀਬ ਇੱਕ ਘੰਟੇ ਬਾਅਦ, ਸ਼ਾਮ 6 ਵਜੇ ਦੇ ਕਰੀਬ ਜਦੋਂ ਉਹ ਲੋਹਾਰਕਾ ਰੋਡ ’ਤੇ ਆਪਣੀ ਕਾਰ ਧੋਣ ਲਈ ਗਿਆ ਹੋਇਆ ਸੀ, ਤਾਂ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ ਦੋ ਨੌਜਵਾਨਾਂ ਵਿੱਚੋਂ ਇੱਕ ਨੇ ਉਸ ਦੇ ਨੇੜੇ ਪਹੁੰਚ ਕੇ ਉਸ ’ਤੇ ਗੋਲੀਆਂ ਚਲਾ ਦਿੱਤੀਆਂ। ਗੋਲੀ ਲੱਗਣ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਉਸ ਨੂੰ ਤੁਰੰਤ ਇਲਾਜ ਲਈ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ, ਪਰ ਉਸ ਨੇ ਰਸਤੇ ਵਿੱਚ ਹੀ ਦਮ ਤੋੜ ਦਿੱਤਾ।

ਬੋਲਡ ਅੰਦਾਜ਼ ਅਤੇ ਵਿਲੱਖਣ ਰੀਲਾਂ ਕਾਰਨ ਸੋਸ਼ਲ ਮੀਡੀਆ ’ਤੇ ਬਣਾਈ ਸੀ ਪਛਾਣ

ਮੈਡ ਸੰਧੂ ਨੇ ਆਪਣੇ ਵੱਖਰੇ ਅੰਦਾਜ਼ ਅਤੇ ਬੋਲਡ ਸਟਾਈਲ ਰਾਹੀਂ ਸੋਸ਼ਲ ਮੀਡੀਆ ’ਤੇ ਆਪਣੀ ਖ਼ਾਸ ਪਛਾਣ ਬਣਾਈ ਸੀ। ਉਹ ਇੱਕ ਮੇਕਅਪ ਆਰਟਿਸਟ ਹੋਣ ਦੇ ਨਾਲ-ਨਾਲ ਇੱਕ ਪ੍ਰਭਾਵਸ਼ਾਲੀ ਸੋਸ਼ਲ ਮੀਡੀਆ ਇਨਫਲੂਐਂਸਰ ਵੀ ਸੀ। ਉਸ ਦੇ ਇੰਸਟਾਗ੍ਰਾਮ ਅਕਾਊਂਟ ’ਤੇ ਸਾਂਝੀਆਂ ਕੀਤੀਆਂ ਜਾਣ ਵਾਲੀਆਂ ਰੀਲਾਂ ਵਿੱਚ ਮੇਕਅਪ ਟਿਪਸ, ਬਿਊਟੀ ਟਿਪਸ, ਫੈਸ਼ਨ, ਲਗਜ਼ਰੀ ਲੁੱਕ, ਕਾਮੇਡੀ ਅਤੇ ਜੀਵਨ ਸ਼ੈਲੀ ਨਾਲ ਸਬੰਧਤ ਸਮੱਗਰੀ ਸ਼ਾਮਲ ਹੁੰਦੀ ਸੀ। ਇਸ ਤੋਂ ਇਲਾਵਾ, ਉਹ ਸਮਾਜਿਕ ਮੁੱਦਿਆਂ ’ਤੇ ਵੀ ਆਪਣੀ ਗੱਲ ਰੱਖਦਾ ਸੀ।

ਆਪਣੀ ਵਿਲੱਖਣ ਸ਼ਖ਼ਸੀਅਤ ਅਤੇ ਕੰਟੈਂਟ ਕਾਰਨ ਉਸ ਨੇ ਸੋਸ਼ਲ ਮੀਡੀਆ ’ਤੇ ਵੱਡੀ ਗਿਣਤੀ ਵਿੱਚ ਫਾਲੋਅਰਜ਼ ਬਣਾਏ ਸਨ। ਹਾਲਾਂਕਿ, ਉਸ ਦੇ ਬੋਲਡ ਅੰਦਾਜ਼ ਨੂੰ ਲੈ ਕੇ ਕਈ ਵਾਰ ਵਿਵਾਦ ਵੀ ਪੈਦਾ ਹੋਏ। ਉਸ ਨੂੰ ਸੋਸ਼ਲ ਮੀਡੀਆ ’ਤੇ ਲਗਾਤਾਰ ਟ੍ਰੋਲਿੰਗ ਦਾ ਸਾਹਮਣਾ ਕਰਨਾ ਪਿਆ ਅਤੇ ਉਸ ਦੀਆਂ ਰੀਲਾਂ ਤੇ ਸਮੱਗਰੀ ਨੂੰ ਲੈ ਕੇ ਕਈ ਲੋਕਾਂ ਵੱਲੋਂ ਇਤਰਾਜ਼ ਵੀ ਜਤਾਏ ਗਏ ਸਨ।

ਬੋਲਡ ਕੰਟੈਂਟ ਨੂੰ ਲੈ ਕੇ ਮਿਲੀਆਂ ਸਨ ਚਿਤਾਵਨੀਆਂ

ਮੈਡ ਸੰਧੂ ਦੇ ਬੋਲਡ ਸਟਾਈਲ ਅਤੇ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਜਾਣ ਵਾਲੀ ਸਮੱਗਰੀ ਨੂੰ ਲੈ ਕੇ ਕਈ ਵਾਰ ਵਿਵਾਦ ਸਾਹਮਣੇ ਆਏ ਸਨ। ਉਸ ਨੂੰ ਨਿਹੰਗਾਂ ਵੱਲੋਂ ਵੀ ਕਈ ਵਾਰ ਚਿਤਾਵਨੀਆਂ ਦਿੱਤੀਆਂ ਗਈਆਂ ਸਨ। ਇਤਰਾਜ਼ ਜਤਾਉਣ ਵਾਲਿਆਂ ਦਾ ਕਹਿਣਾ ਸੀ ਕਿ ਉਸ ਦੀ ਸਮੱਗਰੀ ਪੰਜਾਬ ਦੇ ਸੱਭਿਆਚਾਰ, ਰਵਾਇਤਾਂ ਅਤੇ ਮਰਿਆਦਾਵਾਂ ਦੇ ਅਨੁਕੂਲ ਨਹੀਂ ਹੈ। ਇਨ੍ਹਾਂ ਆਲੋਚਨਾਵਾਂ ਅਤੇ ਵਿਵਾਦਾਂ ਦੇ ਬਾਵਜੂਦ ਮੈਡ ਸੰਧੂ ਸੋਸ਼ਲ ਮੀਡੀਆ ’ਤੇ ਸਰਗਰਮ ਰਿਹਾ ਅਤੇ ਲਗਾਤਾਰ ਆਪਣੀਆਂ ਰੀਲਾਂ ਸਾਂਝੀਆਂ ਕਰਦਾ ਰਿਹਾ।

ਵਿਵਾਦਾਂ ਕਾਰਨ ਵੀ ਉਹ ਕਈ ਵਾਰ ਸੁਰਖੀਆਂ ਵਿੱਚ ਰਿਹਾ, ਪਰ ਇਸ ਦੇ ਨਾਲ ਹੀ ਉਸ ਦੀ ਸੋਸ਼ਲ ਮੀਡੀਆ ’ਤੇ ਲੋਕਪ੍ਰਿਅਤਾ ਵੀ ਲਗਾਤਾਰ ਵਧਦੀ ਰਹੀ। ਪੰਜਾਬੀ ਫਿਲਮਾਂ ਵਿੱਚ ਕੰਮ ਕਰਨ ਤੋਂ ਪਹਿਲਾਂ ਹੀ ਉਸ ਨੇ ਸੋਸ਼ਲ ਮੀਡੀਆ ਰਾਹੀਂ ਆਪਣੀ ਵੱਖਰੀ ਪਛਾਣ ਸਥਾਪਤ ਕਰ ਲਈ ਸੀ। ਉਸ ਦੀ ਇਸੇ ਪ੍ਰਸਿੱਧੀ ਨੇ ਉਸ ਲਈ ਪੰਜਾਬੀ ਫਿਲਮ ਇੰਡਸਟਰੀ ਦੇ ਦਰਵਾਜ਼ੇ ਵੀ ਖੋਲ੍ਹੇ ਅਤੇ ਉਸ ਨੂੰ ਪੰਜਾਬੀ ਫਿਲਮ ‘ਓਏ ਭੋਲੇ ਓਏ’ ਵਿੱਚ ਕੰਮ ਕਰਨ ਦਾ ਮੌਕਾ ਮਿਲਿਆ।

ਪਿਤਾ ਪੰਜਾਬ ਪੁਲਿਸ ਦੇ ਸੇਵਾਮੁਕਤ ਸਬ-ਇੰਸਪੈਕਟਰ

ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਮੈਡ ਸੰਧੂ ਪੰਜਾਬ ਪੁਲਿਸ ਦੇ ਇੱਕ ਸੇਵਾਮੁਕਤ ਸਬ-ਇੰਸਪੈਕਟਰ ਦਾ ਪੁੱਤਰ ਸੀ। ਉਸ ਦਾ ਪਰਿਵਾਰ ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਅਧਿਕਾਰ ਖੇਤਰ ਵਿੱਚ ਪੈਂਦੀ ਇੱਕ ਰਿਹਾਇਸ਼ੀ ਕਲੋਨੀ ਵਿੱਚ ਰਹਿੰਦਾ ਹੈ।

ਪੁਲਿਸ ਕਮਿਸ਼ਨਰ ਅਨੁਸਾਰ, ਇਸ ਕਤਲ ਮਾਮਲੇ ਦੀ ਜਾਂਚ ਲਈ ਪੁਲਿਸ ਵੱਲੋਂ ਵਿਸ਼ੇਸ਼ ਟੀਮ ਦਾ ਗਠਨ ਕੀਤਾ ਗਿਆ ਹੈ। ਪੁਲਿਸ ਨੂੰ ਮਾਮਲੇ ਸਬੰਧੀ ਕੁਝ ਅਹਿਮ ਸੁਰਾਗ ਮਿਲੇ ਹਨ ਅਤੇ ਇਨ੍ਹਾਂ ਦੇ ਆਧਾਰ ’ਤੇ ਹਮਲਾਵਰਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਉਨ੍ਹਾਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਫਿਲਹਾਲ ਪੁਲਿਸ ਵੱਲੋਂ ਕਤਲ ਦੇ ਕਾਰਨਾਂ ਦਾ ਪਤਾ ਲਗਾਉਣ ਦੇ ਨਾਲ-ਨਾਲ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ। ਇਸ ਸਨਸਨੀਖੇਜ਼ ਕਤਲ ਮਾਮਲੇ ਨੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ ਅਤੇ ਪੁਲਿਸ ਜਾਂਚ ਤੋਂ ਬਾਅਦ ਹੀ ਵਾਰਦਾਤ ਦੇ ਅਸਲ ਕਾਰਨਾਂ ਦਾ ਖੁਲਾਸਾ ਹੋ ਸਕੇਗਾ।

Leave a Reply

Your email address will not be published. Required fields are marked *