
ਚੰਡੀਗੜ੍ਹ, 4 ਅਕਤੂਬਰ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਹਰ ਮਾਂ ਅਤੇ ਭੈਣ ਨੂੰ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਬ੍ਰਾਂਡ ਅੰਬੈਸਡਰ ਕਰਾਰ ਦਿੰਦਿਆਂ ਕਿਹਾ ਕਿ ਇਹ ਯੋਜਨਾ ਸੂਬੇ ਵਿੱਚ ਔਰਤਾਂ ਦੇ ਸਨਮਾਨ, ਆਤਮ-ਵਿਸ਼ਵਾਸ ਅਤੇ ਵਿੱਤੀ ਖ਼ੁਦਮੁਖਤਿਆਰੀ ਨੂੰ ਮਜ਼ਬੂਤ ਕਰਨ ਵੱਲ ਇੱਕ ਅਹਿਮ ਕਦਮ ਹੈ। ਉਨ੍ਹਾਂ ਇਸ ਪਹਿਲਕਦਮੀ ਨੂੰ ਆਪਣੀ ਕਿਸਮ ਦਾ ਪਹਿਲਾ ਸਮਾਜਿਕ ਇਨਕਲਾਬ ਦੱਸਿਆ।
ਮੁੱਖ ਮੰਤਰੀ ਨੇ ਕਿਹਾ ਕਿ ਯੋਜਨਾ ਤਹਿਤ ਹੁਣ ਤੱਕ 75 ਲੱਖ ਤੋਂ ਵੱਧ ਔਰਤਾਂ ਰਜਿਸਟਰਡ ਹੋ ਚੁੱਕੀਆਂ ਹਨ ਅਤੇ ₹3,824.87 ਕਰੋੜ ਦੀ ਸਤਿਕਾਰ ਰਾਸ਼ੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਪੰਜਾਬ ਦੀਆਂ ਔਰਤਾਂ ਲਈ ਵਿੱਤੀ ਸਹਾਇਤਾ ਦੇ ਨਾਲ-ਨਾਲ ਉਨ੍ਹਾਂ ਨੂੰ ਆਤਮ-ਸਨਮਾਨ ਅਤੇ ਖ਼ੁਦਮੁਖਤਿਆਰੀ ਦਾ ਅਹਿਸਾਸ ਵੀ ਕਰਵਾ ਰਹੀ ਹੈ।
ਬੀਬੀ ਗੁਰਮੇਲ ਕੌਰ ਨਾਲ ਮੁਲਾਕਾਤ ਹੋਈ ਭਾਵੁਕ
ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਉਸ ਸਮੇਂ ਭਾਵੁਕ ਮਾਹੌਲ ਬਣ ਗਿਆ ਜਦੋਂ ਇਸ ਯੋਜਨਾ ਦੀ ਲਾਭਪਾਤਰੀ ਪਿੰਡ ਆਦਮਪੁਰਾ ਦੀ ਬੀਬੀ ਗੁਰਮੇਲ ਕੌਰ ਉਰਫ਼ ਮੇਲੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਨੂੰ ਦੇਖਦਿਆਂ ਹੀ ਬੀਬੀ ਗੁਰਮੇਲ ਕੌਰ ਨੇ ਉਨ੍ਹਾਂ ਨੂੰ ਕਲਾਵੇ ਵਿੱਚ ਲੈ ਲਿਆ ਅਤੇ ਆਸ਼ੀਰਵਾਦ ਦਿੱਤਾ।
ਮੁੱਖ ਮੰਤਰੀ ਨੇ ਵੀ ਪਿਆਰ ਅਤੇ ਸਤਿਕਾਰ ਦੇ ਪ੍ਰਤੀਕ ਵਜੋਂ ਉਨ੍ਹਾਂ ਨੂੰ ਤੋਹਫ਼ੇ ਭੇਟ ਕੀਤੇ। ਬੀਬੀ ਗੁਰਮੇਲ ਕੌਰ ਨਾਲ ਮੁਲਾਕਾਤ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਮਿਲ ਕੇ ਉਨ੍ਹਾਂ ਦੀ ਰੂਹ ਨੂੰ ਸਕੂਨ ਮਿਲਿਆ ਹੈ। ਉਨ੍ਹਾਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਬੀਬੀ ਗੁਰਮੇਲ ਕੌਰ ਦੇ ਚਿਹਰੇ ’ਤੇ ਹਮੇਸ਼ਾ ਮੁਸਕਰਾਹਟ ਬਣੀ ਰਹੇ।
ਮੁੱਖ ਮੰਤਰੀ ਨੇ ਇਸ ਮੁਲਾਕਾਤ ਦੀ ਦਿਲ ਨੂੰ ਛੂਹ ਲੈਣ ਵਾਲੀ ਵੀਡੀਓ ਸਾਂਝੀ ਕਰਦਿਆਂ ਕਿਹਾ ਕਿ ਪੰਜਾਬ ਦੀਆਂ ਮਾਵਾਂ ਅਤੇ ਭੈਣਾਂ ਵੱਲੋਂ ਮਿਲ ਰਿਹਾ ਪਿਆਰ ਅਤੇ ਆਸ਼ੀਰਵਾਦ ਉਨ੍ਹਾਂ ਨੂੰ ਸੂਬੇ ਦੀ ਸੇਵਾ ਲਈ ਹੋਰ ਹੌਸਲਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੀ ਸੇਵਾ ਲਈ ਹਮੇਸ਼ਾ ਡਟੇ ਰਹਿਣਗੇ।
ਇੱਕ ਕਰੋੜ ਔਰਤਾਂ ਤੱਕ ਲਾਭ ਪਹੁੰਚਾਉਣ ਦਾ ਟੀਚਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੀਆਂ ਲਗਪਗ 97 ਫ਼ੀਸਦੀ ਔਰਤਾਂ ਇਸ ਯੋਜਨਾ ਦਾ ਲਾਭ ਲੈਣ ਲਈ ਯੋਗ ਹਨ ਅਤੇ ਸਰਕਾਰ ਨੇ ਵੱਧ ਤੋਂ ਵੱਧ ਯੋਗ ਔਰਤਾਂ ਨੂੰ ਇਸ ਦੇ ਦਾਇਰੇ ਵਿੱਚ ਲਿਆਉਣ ਦਾ ਟੀਚਾ ਰੱਖਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਇੱਕ ਕਰੋੜ ਬੀਬੀਆਂ ਤੱਕ ਸਤਿਕਾਰ ਰਾਸ਼ੀ ਦਾ ਲਾਭ ਪਹੁੰਚਾਉਣਾ ਹੈ।
ਉਨ੍ਹਾਂ ਦੱਸਿਆ ਕਿ 18 ਸਾਲ ਤੋਂ ਵੱਧ ਉਮਰ ਦੀਆਂ ਯੋਗ ਔਰਤਾਂ ਨੂੰ ਹਰ ਮਹੀਨੇ ₹1,000, ਜਦਕਿ ਅਨੁਸੂਚਿਤ ਜਾਤੀ (SC) ਵਰਗ ਨਾਲ ਸਬੰਧਤ ਯੋਗ ਔਰਤਾਂ ਨੂੰ ₹1,500 ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਇਹ ਰਾਸ਼ੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕਰਵਾਈ ਜਾ ਰਹੀ ਹੈ।
ਮੁੱਖ ਮੰਤਰੀ ਨੇ ਬਾਕੀ ਰਹਿੰਦੀਆਂ ਯੋਗ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਜਲਦ ਤੋਂ ਜਲਦ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਅਤੇ ਸਰਕਾਰ ਦੀ ਇਸ ਯੋਜਨਾ ਦਾ ਲਾਭ ਲੈਣ।
ਬਜਟ ਵਿੱਚ ₹9,300 ਕਰੋੜ ਦੀ ਵਿਵਸਥਾ
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਔਰਤਾਂ ਦੀ ਵਿੱਤੀ ਖ਼ੁਦਮੁਖਤਿਆਰੀ ਨੂੰ ਮਜ਼ਬੂਤ ਕਰਨ ਲਈ ਇਸ ਯੋਜਨਾ ਵਾਸਤੇ ₹9,300 ਕਰੋੜ ਦਾ ਬਜਟ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਸਿਰਫ਼ ਵਿੱਤੀ ਸਹਾਇਤਾ ਦੇਣਾ ਨਹੀਂ, ਸਗੋਂ ਔਰਤਾਂ ਨੂੰ ਆਪਣੇ ਪਰਿਵਾਰਕ ਅਤੇ ਸਮਾਜਿਕ ਫ਼ੈਸਲਿਆਂ ਵਿੱਚ ਵਧੇਰੇ ਆਤਮ-ਵਿਸ਼ਵਾਸ ਨਾਲ ਭਾਗ ਲੈਣ ਦੇ ਯੋਗ ਬਣਾਉਣਾ ਹੈ।
ਉਨ੍ਹਾਂ ਕਿਹਾ ਕਿ ਇਹ ਰਕਮ ਸ਼ਾਇਦ ਔਰਤਾਂ ਨੂੰ ਅਮੀਰ ਨਾ ਬਣਾਵੇ, ਪਰ ਇਸ ਨਾਲ ਉਨ੍ਹਾਂ ਦੇ ਆਤਮ-ਸਨਮਾਨ ਨੂੰ ਜ਼ਰੂਰ ਮਜ਼ਬੂਤੀ ਮਿਲੇਗੀ। ਮੁੱਖ ਮੰਤਰੀ ਨੇ ਕਿਹਾ ਕਿ ਔਰਤਾਂ ਸਮਾਜ ਅਤੇ ਪਰਿਵਾਰ ਦੀ ਨੀਂਹ ਹਨ ਅਤੇ ਉਨ੍ਹਾਂ ਦਾ ਸਤਿਕਾਰ ਕਰਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ।
ਲਿੰਗ ਸਮਾਨਤਾ ਅਤੇ ਔਰਤਾਂ ਦੇ ਸਸ਼ਕਤੀਕਰਨ ’ਤੇ ਜ਼ੋਰ
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਅਤੇ ਸਮਾਜਿਕ ਤੇ ਆਰਥਿਕ ਫ਼ੈਸਲਿਆਂ ਵਿੱਚ ਔਰਤਾਂ ਦੀ ਭਾਗੀਦਾਰੀ ਵਧਾਉਣ ਲਈ ਉਨ੍ਹਾਂ ਦੀ ਵਿੱਤੀ ਖ਼ੁਦਮੁਖਤਿਆਰੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਔਰਤਾਂ ਦੀ ਭਲਾਈ, ਸਨਮਾਨ ਅਤੇ ਸਸ਼ਕਤੀਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਮੁੱਖ ਮੰਤਰੀ ਨੇ ਪੰਜਾਬ ਦੀਆਂ ਸਾਰੀਆਂ ਮਾਵਾਂ ਅਤੇ ਭੈਣਾਂ ਦਾ ਯੋਜਨਾ ਨੂੰ ਸਫ਼ਲ ਬਣਾਉਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸਹਿਯੋਗ ਨਾਲ ਇਹ ਪਹਿਲਕਦਮੀ ਸੂਬੇ ਵਿੱਚ ਔਰਤਾਂ ਦੇ ਵਿੱਤੀ ਅਤੇ ਸਮਾਜਿਕ ਸਸ਼ਕਤੀਕਰਨ ਦੀ ਇੱਕ ਨਵੀਂ ਮਿਸਾਲ ਬਣ ਰਹੀ ਹੈ।
ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰ ਦੀ ਕੋਸ਼ਿਸ਼ ਰਹੇਗੀ ਕਿ ਕੋਈ ਵੀ ਯੋਗ ਲਾਭਪਾਤਰੀ ਮਹਿਲਾ ਇਸ ਯੋਜਨਾ ਦੇ ਲਾਭ ਤੋਂ ਵਾਂਝੀ ਨਾ ਰਹੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਉਹ ਅਹੁਦੇ ਦੀ ਜ਼ਿੰਮੇਵਾਰੀ ਸੰਭਾਲ ਰਹੇ ਹਨ, ਯੋਗ ਔਰਤਾਂ ਨੂੰ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਲਾਭ ਦਿਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
