Tuesday, October 20Punjabi People

ਪੰਜਾਬ ਕੈਬਨਿਟ ਦੇ ਅਹਿਮ ਫ਼ੈਸਲੇ, ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ-2026 ਨੂੰ ਮਨਜ਼ੂਰੀ

ਚੰਡੀਗੜ੍ਹ, 5 ਅਕਤੂਬਰ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਸੂਬੇ ਦੇ ਵਿਕਾਸ ਨਾਲ ਜੁੜੇ ਕਈ ਅਹਿਮ ਫ਼ੈਸਲਿਆਂ ਨੂੰ ਮਨਜ਼ੂਰੀ ਦਿੱਤੀ ਹੈ। ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ‘ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026’ ਨੂੰ ਪ੍ਰਵਾਨਗੀ ਦਿੱਤੀ ਗਈ। ਇਸ ਦੇ ਨਾਲ ਹੀ ਮੁੱਖ ਚੋਣ ਅਫ਼ਸਰ ਪੰਜਾਬ ਦੇ ਦਫ਼ਤਰ ਵਿੱਚ ਨਵੀਆਂ ਅਸਾਮੀਆਂ ਸਿਰਜਣ, ਨਰਸਿੰਗ ਸਿੱਖਿਆ ਸੇਵਾ ਨਿਯਮਾਂ ਵਿੱਚ ਸੋਧ ਅਤੇ ਪਿਕਟਸ ਦੇ ਨਾਨ-ਟੀਚਿੰਗ ਸਟਾਫ਼ ਦੀਆਂ ਸੇਵਾਵਾਂ ਰੈਗੂਲਰ ਕਰਨ ਸਬੰਧੀ ਵੀ ਫ਼ੈਸਲੇ ਲਏ ਗਏ।

ਰਣਜੀਤ ਸਾਗਰ ਅਤੇ ਸ਼ਾਹਪੁਰ ਕੰਡੀ ਖੇਤਰਾਂ ਦੇ ਵਿਕਾਸ ਲਈ ਬਣੇਗੀ ਅਥਾਰਟੀ

ਕੈਬਨਿਟ ਵੱਲੋਂ ਮਨਜ਼ੂਰ ਕੀਤੇ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ-2026 ਤਹਿਤ ਰਣਜੀਤ ਸਾਗਰ ਡੈਮ ਅਤੇ ਸ਼ਾਹਪੁਰ ਕੰਡੀ ਡੈਮ ਦੇ ਆਲੇ-ਦੁਆਲੇ ਦੇ ਖੇਤਰਾਂ ਦੇ ਯੋਜਨਾਬੱਧ, ਏਕੀਕ੍ਰਿਤ ਅਤੇ ਟਿਕਾਊ ਵਿਕਾਸ ਲਈ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ (RDA) ਸਥਾਪਤ ਕਰਨ ਦਾ ਰਾਹ ਪੱਧਰਾ ਹੋਵੇਗਾ।

ਇਹ ਅਥਾਰਟੀ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਪ੍ਰਸ਼ਾਸਕੀ ਕੰਟਰੋਲ ਹੇਠ ਇੱਕ ਵਿਧਾਨਕ ਸੰਸਥਾ ਵਜੋਂ ਕੰਮ ਕਰੇਗੀ। ਇਸ ਨੂੰ ਖੇਤਰ ਦੇ ਏਕੀਕ੍ਰਿਤ ਵਿਕਾਸ, ਜ਼ਮੀਨ ਪ੍ਰਬੰਧਨ, ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਨੂੰ ਲਾਗੂ ਕਰਨ ਅਤੇ ਸੈਰ-ਸਪਾਟਾ ਸਥਾਨਾਂ ਦੇ ਸੁਚੱਜੇ ਪ੍ਰਬੰਧਨ ਲਈ ਲੋੜੀਂਦੀਆਂ ਪ੍ਰਸ਼ਾਸਕੀ, ਵਿੱਤੀ ਅਤੇ ਰੈਗੂਲੇਟਰੀ ਸ਼ਕਤੀਆਂ ਦਿੱਤੀਆਂ ਜਾਣਗੀਆਂ।

ਅਥਾਰਟੀ ਦੇ ਚੇਅਰਮੈਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਣਗੇ, ਜਦਕਿ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਇਸ ਦੇ ਵਾਈਸ-ਚੇਅਰਮੈਨ ਹੋਣਗੇ। ਮੁੱਖ ਸਕੱਤਰ ਦੀ ਅਗਵਾਈ ਹੇਠ ਇੱਕ ਕਾਰਜਕਾਰੀ ਕਮੇਟੀ ਅਥਾਰਟੀ ਦੇ ਰੋਜ਼ਾਨਾ ਕੰਮਕਾਜ ਅਤੇ ਵੱਖ-ਵੱਖ ਵਿਭਾਗਾਂ ਵਿਚਾਲੇ ਤਾਲਮੇਲ ਦੀ ਨਿਗਰਾਨੀ ਕਰੇਗੀ।

ਮੁੱਖ ਚੋਣ ਅਫ਼ਸਰ ਦੇ ਦਫ਼ਤਰ ਵਿੱਚ ਡਰਾਈਵਰਾਂ ਦੀਆਂ ਨਵੀਆਂ ਅਸਾਮੀਆਂ

ਕੈਬਨਿਟ ਨੇ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਫ਼ਤਰ ਵਿੱਚ ਡਰਾਈਵਰਾਂ ਦੀਆਂ ਨਵੀਆਂ ਅਸਾਮੀਆਂ ਸਿਰਜਣ ਨੂੰ ਵੀ ਹਰੀ ਝੰਡੀ ਦੇ ਦਿੱਤੀ ਹੈ। ਇਹ ਨਵੀਆਂ ਅਸਾਮੀਆਂ 19 ਪੱਕੀਆਂ ਅਸਾਮੀਆਂ ਵਿੱਚੋਂ ਸੇਵਾਦਾਰਾਂ ਦੀਆਂ ਅਸਾਮੀਆਂ ਅਤੇ ਮੁਹੱਰਰ ਦੀ ਇੱਕ ਪੱਕੀ ਅਸਾਮੀ ਨੂੰ ਸਰੰਡਰ ਕਰਕੇ ਸਿਰਜੀਆਂ ਜਾਣਗੀਆਂ।

ਸਰਕਾਰ ਮੁਤਾਬਕ ਇਸ ਫ਼ੈਸਲੇ ਦਾ ਉਦੇਸ਼ ਮੁੱਖ ਚੋਣ ਅਫ਼ਸਰ ਦੇ ਦਫ਼ਤਰ ਦੇ ਪ੍ਰਸ਼ਾਸਕੀ ਕੰਮਕਾਜ ਨੂੰ ਹੋਰ ਸੁਚਾਰੂ ਅਤੇ ਪ੍ਰਭਾਵਸ਼ਾਲੀ ਬਣਾਉਣਾ ਹੈ।

ਨਰਸਿੰਗ ਸਿੱਖਿਆ ਸੇਵਾ ਨਿਯਮਾਂ ਵਿੱਚ ਸੋਧ ਨੂੰ ਮਨਜ਼ੂਰੀ

ਮੰਤਰੀ ਮੰਡਲ ਨੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਅਧੀਨ ਸਰਕਾਰੀ ਨਰਸਿੰਗ ਕਾਲਜ, ਪਟਿਆਲਾ ਅਤੇ ਅੰਮ੍ਰਿਤਸਰ ਵਿੱਚ ਟਿਊਟਰ ਦੀਆਂ ਅਸਾਮੀਆਂ ਤਰੱਕੀ ਰਾਹੀਂ ਭਰਨ ਲਈ ‘ਪੰਜਾਬ ਨਰਸਿੰਗ ਐਜੂਕੇਸ਼ਨ ਸਰਵਿਸ ਰੂਲਜ਼ (ਗਰੁੱਪ-ਬੀ), 2016’ ਦੇ ਅਪੈਂਡਿਕਸ-ਬੀ ਵਿੱਚ ਸੋਧ ਨੂੰ ਮਨਜ਼ੂਰੀ ਦਿੱਤੀ ਹੈ।

ਇਨ੍ਹਾਂ ਅਸਾਮੀਆਂ ’ਤੇ ਉਹ ਸਟਾਫ਼ ਨਰਸਾਂ ਅਤੇ ਨਰਸਿੰਗ ਸਿਸਟਰਾਂ ਤਰੱਕੀ ਲਈ ਯੋਗ ਹੋਣਗੀਆਂ, ਜੋ ਡਾਇਰੈਕਟਰ, ਖੋਜ ਅਤੇ ਮੈਡੀਕਲ ਸਿੱਖਿਆ, ਪੰਜਾਬ ਦੇ ਕੰਟਰੋਲ ਹੇਠ ਰੈਗੂਲਰ ਆਧਾਰ ’ਤੇ ਸੇਵਾਵਾਂ ਨਿਭਾ ਰਹੀਆਂ ਹਨ ਅਤੇ ਸਬੰਧਤ ਵਿਸ਼ੇ ਵਿੱਚ ਐਮ.ਐਸ.ਸੀ. ਨਰਸਿੰਗ ਦੀ ਯੋਗਤਾ ਰੱਖਦੀਆਂ ਹਨ। ਨਰਸਿੰਗ ਸਿੱਖਿਆ ਦੇ ਖੇਤਰ ਵਿੱਚ ਘੱਟੋ-ਘੱਟ ਇੱਕ ਸਾਲ ਦਾ ਅਧਿਆਪਨ ਤਜਰਬਾ ਰੱਖਣ ਵਾਲੇ ਉਮੀਦਵਾਰਾਂ ਨੂੰ ਤਰਜੀਹ ਦਿੱਤੀ ਜਾਵੇਗੀ।

ਪਿਕਟਸ ਦੇ ਨਾਨ-ਟੀਚਿੰਗ ਸਟਾਫ਼ ਦੀਆਂ ਸੇਵਾਵਾਂ ਹੋਣਗੀਆਂ ਰੈਗੂਲਰ

ਕੈਬਨਿਟ ਨੇ ਪੰਜਾਬ ਇਨਫਰਮੇਸ਼ਨ ਐਂਡ ਕਮਿਊਨੀਕੇਸ਼ਨ ਟੈਕਨਾਲੋਜੀ ਐਜੂਕੇਸ਼ਨ ਸੁਸਾਇਟੀ (ਪਿਕਟਸ) ਅਧੀਨ ਕੰਟਰੈਕਟ ’ਤੇ ਕੰਮ ਕਰ ਰਹੇ ਨਾਨ-ਟੀਚਿੰਗ ਸਟਾਫ਼ ਦੀਆਂ ਸੇਵਾਵਾਂ ਰੈਗੂਲਰ ਕਰਨ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ।

ਇਸ ਫ਼ੈਸਲੇ ਤਹਿਤ ਯੋਗ ਕਰਮਚਾਰੀਆਂ ਨੂੰ ਪਿਕਟਸ ਅਧੀਨ ਲਾਗੂ ਨਿਰਧਾਰਤ ਤਨਖ਼ਾਹ ਸਕੇਲਾਂ ਅਨੁਸਾਰ ਸੇਵਾਵਾਂ ਰੈਗੂਲਰ ਕਰਨ ਦਾ ਲਾਭ ਮਿਲੇਗਾ। ਸਰਕਾਰ ਦੇ ਇਸ ਫ਼ੈਸਲੇ ਨਾਲ ਲੰਬੇ ਸਮੇਂ ਤੋਂ ਕੰਟਰੈਕਟ ਆਧਾਰ ’ਤੇ ਕੰਮ ਕਰ ਰਹੇ ਸਬੰਧਤ ਨਾਨ-ਟੀਚਿੰਗ ਸਟਾਫ਼ ਨੂੰ ਰਾਹਤ ਮਿਲਣ ਦੀ ਉਮੀਦ ਹੈ।

ਇਸ ਤਰ੍ਹਾਂ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਸੈਰ-ਸਪਾਟਾ ਅਤੇ ਖੇਤਰੀ ਵਿਕਾਸ ਤੋਂ ਲੈ ਕੇ ਚੋਣ ਪ੍ਰਬੰਧਨ, ਨਰਸਿੰਗ ਸਿੱਖਿਆ ਅਤੇ ਮੁਲਾਜ਼ਮਾਂ ਦੀਆਂ ਸੇਵਾਵਾਂ ਨਾਲ ਜੁੜੇ ਕਈ ਅਹਿਮ ਪ੍ਰਸ਼ਾਸਕੀ ਫ਼ੈਸਲਿਆਂ ਨੂੰ ਮਨਜ਼ੂਰੀ ਦਿੱਤੀ ਗਈ।

Leave a Reply

Your email address will not be published. Required fields are marked *