Tuesday, October 20Punjabi People

‘ਮੇਰਾ ਘਰ ਮੇਰਾ ਮਾਣ’ ਤਹਿਤ MLA ਕੁਲਵੰਤ ਸਿੰਘ ਨੇ ਲਾਲ ਡੋਰੇ ਵਾਲੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਅਕਤੂਬਰ 2026: ਪੰਜਾਬ ਸਰਕਾਰ ਵੱਲੋਂ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਮਾਲਕੀ ਦੇ ਦਸਤਾਵੇਜ਼ੀ ਹੱਕ ਮੁਹੱਈਆ ਕਰਵਾਉਣ ਲਈ ਚਲਾਈ ਜਾ ਰਹੀ ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਅੱਜ ਪਿੰਡ ਹੁਸੈਨਪੁਰ ਵਿਖੇ 42 ਜਾਇਦਾਦ ਮਾਲਕਾਂ ਨੂੰ ਮਾਲਕੀ ਕਾਰਡ ਵੰਡੇ ਗਏ। ਇਹ ਮਾਲਕੀ ਕਾਰਡ ਵਿਧਾਨ ਸਭਾ ਹਲਕਾ ਮੋਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ ਨੇ ਲਾਭਪਾਤਰੀਆਂ ਨੂੰ ਸੌਂਪੇ।

ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਨਾਲ ਜੁੜੇ ਮਾਲਕੀ ਹੱਕਾਂ ਨੂੰ ਦਸਤਾਵੇਜ਼ੀ ਰੂਪ ਦੇਣ ਲਈ ਮਹੱਤਵਪੂਰਨ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਪਹਿਲਕਦਮੀ ਤਹਿਤ ਅੱਜ ਪੰਜਾਬ ਦੇ 149 ਪਿੰਡਾਂ ਦੇ ਵਸਨੀਕਾਂ ਨੂੰ ਲਗਭਗ 16,000 ਮਾਲਕੀ ਕਾਰਡ ਸੌਂਪੇ ਗਏ ਹਨ।

ਕੁਲਵੰਤ ਸਿੰਘ ਨੇ ਕਿਹਾ ਕਿ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਕੋਲ ਪਹਿਲਾਂ ਕਈ ਮਾਮਲਿਆਂ ਵਿੱਚ ਮਾਲਕੀ ਹੱਕ ਸਾਬਤ ਕਰਨ ਲਈ ਲੋੜੀਂਦੇ ਦਸਤਾਵੇਜ਼ ਮੌਜੂਦ ਨਹੀਂ ਹੁੰਦੇ ਸਨ। ਇਸ ਕਾਰਨ ਜਾਇਦਾਦ ਦੀ ਖਰੀਦ-ਫਰੋਖ਼ਤ, ਵਿਰਾਸਤੀ ਹੱਕਾਂ ਜਾਂ ਹੋਰ ਪ੍ਰਸ਼ਾਸਨਿਕ ਕੰਮਾਂ ਦੌਰਾਨ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਹੁਣ ਮਾਲਕੀ ਕਾਰਡ ਮਿਲਣ ਨਾਲ ਜਾਇਦਾਦ ਸਬੰਧੀ ਦਸਤਾਵੇਜ਼ੀ ਰਿਕਾਰਡ ਨੂੰ ਵਧੇਰੇ ਸਪੱਸ਼ਟ ਅਤੇ ਵਿਵਸਥਿਤ ਬਣਾਉਣ ਵਿੱਚ ਮਦਦ ਮਿਲੇਗੀ।

ਉਨ੍ਹਾਂ ਦੱਸਿਆ ਕਿ ਮਾਲਕੀ ਪ੍ਰਮਾਣ ਪੱਤਰ ਵਿੱਚ ਜਾਇਦਾਦ ਦੀ ਪਛਾਣ ਅਤੇ ਸਥਿਤੀ ਨਾਲ ਸਬੰਧਤ ਕਈ ਅਹਿਮ ਵੇਰਵੇ ਦਰਜ ਕੀਤੇ ਗਏ ਹਨ। ਇਨ੍ਹਾਂ ਵਿੱਚ ਜਾਇਦਾਦ ਦੇ ਦੇਸ਼ਾਂਤਰ ਅਤੇ ਵਿਥਕਾਰ, ਛਤਿਆ ਹੋਇਆ ਖੇਤਰਫਲ, ਉਸਾਰੀ ਕੀਤਾ ਹੋਇਆ ਖੇਤਰਫਲ, ਖੁੱਲ੍ਹਾ ਖੇਤਰਫਲ ਅਤੇ ਸਰਵੇਖਣ ਇਕਾਈ ਦਾ ਨਕਸ਼ਾ ਆਦਿ ਸ਼ਾਮਲ ਹਨ। ਇਸ ਤਰ੍ਹਾਂ ਮਾਲਕੀ ਕਾਰਡ ਜਾਇਦਾਦ ਨਾਲ ਸਬੰਧਤ ਰਿਕਾਰਡ ਨੂੰ ਸਪੱਸ਼ਟ ਢੰਗ ਨਾਲ ਦਰਸਾਉਣ ਵਿੱਚ ਸਹਾਇਕ ਹੋਣਗੇ।

ਵਿਧਾਇਕ ਨੇ ਕਿਹਾ ਕਿ ਜਾਇਦਾਦ ਦੀ ਮਾਲਕੀ ਸਬੰਧੀ ਸਪੱਸ਼ਟ ਦਸਤਾਵੇਜ਼ੀ ਰਿਕਾਰਡ ਦੀ ਘਾਟ ਕਾਰਨ ਕਈ ਵਾਰ ਪਰਿਵਾਰਾਂ ਅਤੇ ਹੋਰ ਧਿਰਾਂ ਵਿਚਕਾਰ ਮਾਲਕੀ ਹੱਕਾਂ ਨੂੰ ਲੈ ਕੇ ਵਿਵਾਦ ਪੈਦਾ ਹੋ ਜਾਂਦੇ ਸਨ। ਮਾਲਕੀ ਕਾਰਡ ਰਾਹੀਂ ਜਾਇਦਾਦ ਦੀ ਪਛਾਣ ਅਤੇ ਮਾਲਕੀ ਹੱਕਾਂ ਦਾ ਦਸਤਾਵੇਜ਼ੀ ਰਿਕਾਰਡ ਉਪਲਬਧ ਹੋਣ ਨਾਲ ਅਜਿਹੀਆਂ ਸਮੱਸਿਆਵਾਂ ਨੂੰ ਘਟਾਉਣ ਵਿੱਚ ਮਦਦ ਮਿਲੇਗੀ।

ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਰਕਾਰੀ ਸੇਵਾਵਾਂ ਅਤੇ ਭਲਾਈ ਸਕੀਮਾਂ ਦਾ ਲਾਭ ਆਸਾਨੀ ਨਾਲ ਪਹੁੰਚਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਦਾ ਉਦੇਸ਼ ਆਮ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਮਾਜਿਕ ਸੁਰੱਖਿਆ ਅਤੇ ਆਰਥਿਕ ਸਹਾਇਤਾ ਮੁਹੱਈਆ ਕਰਵਾਉਣਾ ਹੈ।

ਉਨ੍ਹਾਂ ਮੁੱਖ ਮੰਤਰੀ ਸਿਹਤ ਯੋਜਨਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਯੋਜਨਾ ਤਹਿਤ ਯੋਗ ਪਰਿਵਾਰਾਂ ਨੂੰ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਪ੍ਰਤੀ ਪਰਿਵਾਰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਰਾਹੀਂ ਵੀ ਯੋਗ ਔਰਤਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ।

ਇਸ ਮੌਕੇ ਮਾਲਕੀ ਕਾਰਡ ਪ੍ਰਾਪਤ ਕਰਨ ਵਾਲੇ ਪਿੰਡ ਹੁਸੈਨਪੁਰ ਦੇ ਵਸਨੀਕਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮਾਲਕੀ ਕਾਰਡ ਮਿਲਣ ਨਾਲ ਉਨ੍ਹਾਂ ਨੂੰ ਆਪਣੀਆਂ ਜਾਇਦਾਦਾਂ ਸਬੰਧੀ ਦਸਤਾਵੇਜ਼ੀ ਸਬੂਤ ਪ੍ਰਾਪਤ ਹੋਇਆ ਹੈ, ਜਿਸ ਨਾਲ ਭਵਿੱਖ ਵਿੱਚ ਜਾਇਦਾਦ ਨਾਲ ਸਬੰਧਤ ਕੰਮਾਂ ਨੂੰ ਸੁਚਾਰੂ ਢੰਗ ਨਾਲ ਕਰਨ ਵਿੱਚ ਸਹੂਲਤ ਮਿਲੇਗੀ।

Leave a Reply

Your email address will not be published. Required fields are marked *