
ਬਟਾਲਾ, 8 ਅਕਤੂਬਰ 2026: ਬਟਾਲਾ ਦੇ ਗਾਂਧੀ ਕੈਂਪ ਇਲਾਕੇ ਵਿੱਚ ਵੀਰਵਾਰ ਸਵੇਰੇ ਇੱਕ ਪਾਦਰੀ ਦਾ ਦਿਨ-ਦਿਹਾੜੇ ਕਤਲ ਕੀਤੇ ਜਾਣ ਨਾਲ ਸਨਸਨੀ ਫੈਲ ਗਈ। ਜਾਣਕਾਰੀ ਮੁਤਾਬਕ ਦੋ ਹਮਲਾਵਰ ਘਰ ਵਿੱਚ ਦਾਖਲ ਹੋਏ ਅਤੇ ਉੱਥੇ ਮੌਜੂਦ ਪਾਦਰੀ ਬਲਵਿੰਦਰ ਪਾਲ ’ਤੇ ਲੋਹਾ ਕੱਟਣ ਵਾਲੇ ਕਟਰ ਨਾਲ ਹਮਲਾ ਕਰ ਦਿੱਤਾ। ਗੰਭੀਰ ਜ਼ਖ਼ਮੀ ਹਾਲਤ ਵਿੱਚ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵਾਰਦਾਤ ਵੀਰਵਾਰ ਸਵੇਰੇ ਕਰੀਬ 9:30 ਵਜੇ ਗਾਂਧੀ ਕੈਂਪ ਇਲਾਕੇ ਵਿੱਚ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਬਲਵਿੰਦਰ ਪਾਲ ਆਪਣੇ ਘਰ ਵਿੱਚ ਹੀ ਚਰਚ ਚਲਾਉਂਦੇ ਸਨ ਅਤੇ ਪਰਿਵਾਰਕ ਮੈਂਬਰਾਂ ਮੁਤਾਬਕ ਉਹ ਘਰ ਵਿੱਚ ਇਕੱਲੇ ਰਹਿੰਦੇ ਸਨ।
ਦੋ ਹਮਲਾਵਰ ਘਰ ਵਿੱਚ ਦਾਖਲ ਹੋਏ
ਪਰਿਵਾਰਕ ਮੈਂਬਰਾਂ ਅਨੁਸਾਰ ਸਵੇਰੇ ਦੋ ਵਿਅਕਤੀ ਬਲਵਿੰਦਰ ਪਾਲ ਦੇ ਘਰ ਵਿੱਚ ਦਾਖਲ ਹੋਏ ਅਤੇ ਉਨ੍ਹਾਂ ’ਤੇ ਹਮਲਾ ਕਰ ਦਿੱਤਾ। ਹਮਲੇ ਦੌਰਾਨ ਉਨ੍ਹਾਂ ਦੇ ਗਲੇ ’ਤੇ ਗੰਭੀਰ ਸੱਟਾਂ ਲੱਗੀਆਂ। ਪਰਿਵਾਰ ਵੱਲੋਂ ਉਨ੍ਹਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ ਪਰ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਘਟਨਾ ਤੋਂ ਬਾਅਦ ਦੋਵੇਂ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਵੱਲੋਂ ਇਲਾਕੇ ਵਿੱਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਕਾਬੂ ਕੀਤਾ ਜਾ ਸਕੇ।
CCTV ਵਿੱਚ ਕੈਦ ਹੋਏ ਸ਼ੱਕੀ ਮੁਲਜ਼ਮ
ਘਟਨਾ ਤੋਂ ਬਾਅਦ ਸਾਹਮਣੇ ਆਈ ਸੀ.ਸੀ.ਟੀ.ਵੀ. ਫੁਟੇਜ ਵਿੱਚ ਦੋ ਸ਼ੱਕੀ ਵਿਅਕਤੀ ਨਜ਼ਰ ਆ ਰਹੇ ਹਨ। ਫੁਟੇਜ ਵਿੱਚ ਇੱਕ ਨੌਜਵਾਨ ਚਿੱਟੀ ਕਮੀਜ਼ ਪਹਿਨ ਕੇ ਪੈਦਲ ਜਾਂਦਾ ਦਿਖਾਈ ਦਿੰਦਾ ਹੈ, ਜਦਕਿ ਉਸ ਦੇ ਪਿੱਛੇ ਸ਼ਾਰਟਸ ਪਹਿਨਿਆ ਇੱਕ ਹੋਰ ਨੌਜਵਾਨ ਭੱਜਦਾ ਹੋਇਆ ਨਜ਼ਰ ਆ ਰਿਹਾ ਹੈ।
ਫੁਟੇਜ ਵਿੱਚ ਸ਼ੱਕੀ ਨੌਜਵਾਨਾਂ ਵਿੱਚੋਂ ਇੱਕ ਬਾਅਦ ਵਿੱਚ ਮੋਟਰਸਾਈਕਲ ’ਤੇ ਸਵਾਰ ਹੋ ਕੇ ਫਰਾਰ ਹੁੰਦਾ ਵੀ ਦਿਖਾਈ ਦੇ ਰਿਹਾ ਹੈ। ਪੁਲਿਸ ਵੱਲੋਂ ਸੀ.ਸੀ.ਟੀ.ਵੀ. ਫੁਟੇਜ ਦੇ ਆਧਾਰ ’ਤੇ ਮੁਲਜ਼ਮਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਰਿਵਾਰ ਅਤੇ ਸਥਾਨਕ ਲੋਕਾਂ ਮੁਤਾਬਕ ਇੱਕ ਸ਼ੱਕੀ ਵਿਅਕਤੀ ਦੀ ਇੱਕ ਬਾਂਹ/ਹੱਥ ਨਹੀਂ ਹੈ, ਜਿਸ ਕਾਰਨ ਉਸ ਦੀ ਪਛਾਣ ਵਿੱਚ ਪੁਲਿਸ ਨੂੰ ਮਦਦ ਮਿਲ ਸਕਦੀ ਹੈ।
ਭਤੀਜੇ ਨੇ ਕਿਹਾ- ਬਲਵਿੰਦਰ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ
ਮ੍ਰਿਤਕ ਦੇ ਭਤੀਜੇ ਸੰਨੀ ਨੇ ਦੱਸਿਆ ਕਿ ਬਲਵਿੰਦਰ ਪਾਲ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ। ਪਰਿਵਾਰ ਵੱਲੋਂ ਕਤਲ ਦੇ ਕਾਰਨਾਂ ਸਬੰਧੀ ਅਜੇ ਕੋਈ ਸਪੱਸ਼ਟ ਜਾਣਕਾਰੀ ਨਹੀਂ ਦਿੱਤੀ ਗਈ ਹੈ। ਪੁਲਿਸ ਵੱਲੋਂ ਵੱਖ-ਵੱਖ ਪਹਿਲੂਆਂ ਤੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ
ਥਾਣਾ ਸਿਵਲ ਲਾਈਨ ਦੇ ਇੰਚਾਰਜ ਲਖਵਿੰਦਰ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ’ਤੇ ਪਹੁੰਚ ਗਈ ਸੀ। ਜਾਂਚ ਦੌਰਾਨ ਪਤਾ ਲੱਗਾ ਕਿ ਬਲਵਿੰਦਰ ਪਾਲ ਦੀ ਮੌਤ ਹੋ ਚੁੱਕੀ ਸੀ। ਪੁਲਿਸ ਵੱਲੋਂ ਘਟਨਾ ਵਾਲੀ ਥਾਂ ਦੀ ਜਾਂਚ ਕਰਨ ਦੇ ਨਾਲ-ਨਾਲ ਸੀ.ਸੀ.ਟੀ.ਵੀ. ਫੁਟੇਜ ਵੀ ਇਕੱਠੀ ਕੀਤੀ ਜਾ ਰਹੀ ਹੈ।
ਇੱਕ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ
ਪੁਲਿਸ ਨੇ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਗਾਂਧੀ ਕੈਂਪ ਵਾਸੀ ਨਰੇਸ਼ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਵੀ ਕਰਵਾਇਆ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਫਰਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।
