
ਅੰਮ੍ਰਿਤਸਰ, 8 ਅਕਤੂਬਰ 2026: ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਅਤੇ ਸੂਬਾ ਕਾਂਗਰਸ ਦੇ ਨਵੇਂ ਪ੍ਰਧਾਨ ਪ੍ਰਗਟ ਸਿੰਘ ਵੀਰਵਾਰ ਨੂੰ ਅੰਮ੍ਰਿਤਸਰ ਪਹੁੰਚੇ। ਦੋਵਾਂ ਆਗੂਆਂ ਨੇ ਵੱਖ-ਵੱਖ ਧਾਰਮਿਕ ਸਥਾਨਾਂ ’ਤੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਦੌਰਾਨ ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ।
ਦੋਵੇਂ ਆਗੂ ਸਵੇਰੇ ਕਰੀਬ 8:30 ਵਜੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਪਹੁੰਚੇ। ਏਅਰਪੋਰਟ ਦੇ ਬਾਹਰ ਕਾਂਗਰਸੀ ਵਰਕਰਾਂ ਨੇ ਢੋਲ ਵਜਾ ਕੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਤੋਂ ਬਾਅਦ ਸਚਿਨ ਪਾਇਲਟ ਅਤੇ ਪ੍ਰਗਟ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ, ਸੇਂਟ ਪਾਲ ਚਰਚ ਅਤੇ ਭਗਵਾਨ ਵਾਲਮੀਕਿ ਤੀਰਥ ਵਿਖੇ ਮੱਥਾ ਟੇਕਿਆ।
‘ਕਾਂਗਰਸ ਇਕਜੁੱਟ, ਆਉਣ ਵਾਲਾ ਸਮਾਂ ਸਾਡੇ ਹੱਕ ਵਿੱਚ’
ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਪ੍ਰਗਟ ਸਿੰਘ ਨੇ ਕਿਹਾ ਕਿ ਸਾਰਿਆਂ ਨੇ ਮਿਲ ਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਪੂਰੀ ਤਰ੍ਹਾਂ ਇਕਜੁੱਟ ਹੈ ਅਤੇ ਪਾਰਟੀ ਆਗੂ ਤੇ ਵਰਕਰ ਮਿਲ ਕੇ ਆਉਣ ਵਾਲੀਆਂ ਚੁਣੌਤੀਆਂ ਦਾ ਸਾਹਮਣਾ ਕਰਨਗੇ।
ਪ੍ਰਗਟ ਸਿੰਘ ਨੇ ਆਪਣੇ ਅੰਦਾਜ਼ ਵਿੱਚ ਕਿਹਾ ਕਿ ਉਨ੍ਹਾਂ ਕੋਲ ਅਜੇ ਕਾਫ਼ੀ ਸਮਾਂ ਹੈ ਅਤੇ ਉਨ੍ਹਾਂ ਨੂੰ ਖੇਡਣ ਦਾ ਮਜ਼ਾ ਆਉਂਦਾ ਹੈ, ਭਾਵੇਂ ਉਹ ਹਾਕੀ ਦਾ ਮੈਦਾਨ ਹੋਵੇ ਜਾਂ ਰਾਜਨੀਤੀ ਦਾ ਮੈਦਾਨ। ਉਨ੍ਹਾਂ ਆਮ ਆਦਮੀ ਪਾਰਟੀ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਿਸ ਤਰ੍ਹਾਂ ਕੰਧ ਵਿੱਚੋਂ ਦੋ ਇੱਟਾਂ ਕੱਢਣ ਨਾਲ ਪੂਰੀ ਕੰਧ ਖਿੱਲਰ ਸਕਦੀ ਹੈ, ਉਸੇ ਤਰ੍ਹਾਂ ਆਉਣ ਵਾਲੇ ਸਮੇਂ ਵਿੱਚ ‘ਆਪ’ ਦਾ ਵੀ ਇਹੀ ਹਾਲ ਹੋਵੇਗਾ।
ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਕਾਂਗਰਸ ਮਜ਼ਬੂਤ ਹੈ ਅਤੇ ਪਾਰਟੀ ਆਗੂਆਂ ਤੇ ਵਰਕਰਾਂ ਵਿੱਚ ਪੂਰਾ ਤਾਲਮੇਲ ਹੈ।
ਸਚਿਨ ਪਾਇਲਟ ਨੇ ਕੀ ਕਿਹਾ?
ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨੇ ਕਿਹਾ ਕਿ ਉਨ੍ਹਾਂ ਨੇ ਗੁਰੂ ਘਰ ਵਿੱਚ ਪੰਜਾਬ ਅਤੇ ਦੇਸ਼ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ ਹੈ। ਉਨ੍ਹਾਂ ਕਿਹਾ ਕਿ ਗੁਰੂ ਦੀ ਕਿਰਪਾ ਨਾਲ ਪਾਰਟੀ ਨੂੰ ਤਾਕਤ ਮਿਲੇ ਤਾਂ ਜੋ ਦੇਸ਼ ਅਤੇ ਪੰਜਾਬ ਦੇ ਸਾਹਮਣੇ ਮੌਜੂਦ ਚੁਣੌਤੀਆਂ ਦਾ ਡਟ ਕੇ ਮੁਕਾਬਲਾ ਕੀਤਾ ਜਾ ਸਕੇ।
ਸਚਿਨ ਪਾਇਲਟ ਨੇ ਕਿਹਾ ਕਿ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਵਰਗੀਆਂ ਸਮੱਸਿਆਵਾਂ ਦਾ ਨਿਵਾਰਨ ਕਰਨਾ ਜ਼ਰੂਰੀ ਹੈ। ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਪੰਜਾਬ ਦੇ ਲੋਕ ਕਾਂਗਰਸ ਨੂੰ ਮੌਕਾ ਦੇਣਗੇ ਅਤੇ ਪਾਰਟੀ ਵਰਕਰ ਇਕਜੁੱਟ ਹੋ ਕੇ ਹਰ ਚੁਣੌਤੀ ਦਾ ਸਾਹਮਣਾ ਕਰਨਗੇ।
ਉਨ੍ਹਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਿਹਾ ਕਿ ਕਾਂਗਰਸ ਪੰਜਾਬ ਵਿੱਚ ਭਾਰੀ ਬਹੁਮਤ ਨਾਲ ਸਰਕਾਰ ਬਣਾਏਗੀ।
ਕੈਪਟਨ ਤੇ ਸਿੱਧੂ ਬਾਰੇ ਸਵਾਲ ’ਤੇ ਪਾਇਲਟ ਨੇ ਨਹੀਂ ਦਿੱਤਾ ਜਵਾਬ
ਇਸ ਦੌਰਾਨ ਸਚਿਨ ਪਾਇਲਟ ਤੋਂ ਜਦੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਕਾਂਗਰਸ ਨਾਲ ਚੱਲਣ ਸਬੰਧੀ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਇਸ ’ਤੇ ਸਿੱਧਾ ਜਵਾਬ ਨਹੀਂ ਦਿੱਤਾ। ਉਨ੍ਹਾਂ ਨੇ ਗੱਲ ਨੂੰ ਹੋਰ ਪਾਸੇ ਮੋੜਦਿਆਂ ਆਉਣ ਵਾਲੀਆਂ ਚੋਣਾਂ ਵਿੱਚ ਕਾਂਗਰਸ ਦੀ ਜਿੱਤ ਦਾ ਭਰੋਸਾ ਜਤਾਇਆ।
ਅੰਮ੍ਰਿਤਸਰ ਪਹੁੰਚਣ ’ਤੇ ਸੰਸਦ ਮੈਂਬਰਾਂ ਦੀ ਗੈਰ-ਮੌਜੂਦਗੀ ਚਰਚਾ ’ਚ
ਸਚਿਨ ਪਾਇਲਟ ਅਤੇ ਪ੍ਰਗਟ ਸਿੰਘ ਦੇ ਅੰਮ੍ਰਿਤਸਰ ਦੌਰੇ ਦੌਰਾਨ ਕਿਸੇ ਵੀ ਸੰਸਦ ਮੈਂਬਰ ਦੀ ਮੌਜੂਦਗੀ ਨਜ਼ਰ ਨਾ ਆਉਣ ਨੂੰ ਲੈ ਕੇ ਵੀ ਚਰਚਾ ਰਹੀ। ਖ਼ਾਸ ਤੌਰ ’ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸਾਬਕਾ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਗੈਰ-ਮੌਜੂਦਗੀ ਚਰਚਾ ਦਾ ਵਿਸ਼ਾ ਬਣੀ।
ਇਸ ਬਾਰੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਕਾਂਗਰਸ ਦੀ ਕੇਂਦਰੀ ਲੀਡਰਸ਼ਿਪ ਦਿੱਲੀ ਵਿੱਚ ‘ਵੋਟ ਚੋਰੀ’ ਦੇ ਮੁੱਦੇ ਖ਼ਿਲਾਫ਼ ਵੱਡਾ ਸੰਘਰਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਾਰੇ ਸੰਸਦ ਮੈਂਬਰਾਂ ਨੂੰ ਦਿੱਲੀ ਵਿੱਚ ਰਹਿਣ ਲਈ ਕਿਹਾ ਗਿਆ ਹੈ, ਜਿਸ ਕਾਰਨ ਉਹ ਅੰਮ੍ਰਿਤਸਰ ਨਹੀਂ ਪਹੁੰਚ ਸਕੇ।
ਪ੍ਰਤਾਪ ਬਾਜਵਾ ਨੇ ‘ਵੋਟ ਚੋਰੀ’ ਦਾ ਮੁੱਦਾ ਚੁੱਕਿਆ
ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਰਾਹੁਲ ਗਾਂਧੀ, ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਪ੍ਰਿਯੰਕਾ ਗਾਂਧੀ ਦੀ ਅਗਵਾਈ ਹੇਠ ਪਾਰਟੀ ਵੱਲੋਂ ਪਿਛਲੇ ਕਈ ਦਿਨਾਂ ਤੋਂ ਇਹ ਮੁੱਦਾ ਉਠਾਇਆ ਜਾ ਰਿਹਾ ਹੈ।
ਉਨ੍ਹਾਂ ਦਾਅਵਾ ਕੀਤਾ ਕਿ ਦੇਸ਼ ਵਿੱਚ ਵੱਡੀ ਗਿਣਤੀ ਵਿੱਚ ਵੋਟਾਂ ਕੱਟੀਆਂ ਗਈਆਂ ਹਨ ਅਤੇ ਜੇਕਰ ਕਿਸੇ ਵੋਟਰ ਦਾ ਵੋਟ ਪਾਉਣ ਦਾ ਅਧਿਕਾਰ ਹੀ ਖੋਹ ਲਿਆ ਜਾਵੇ ਤਾਂ ਇਸ ਤੋਂ ਵੱਡੀ ਚੋਰੀ ਹੋਰ ਕੀ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਹੁਣ ਸਾਰਿਆਂ ਦੀ ਨਜ਼ਰ ਸੁਪਰੀਮ ਕੋਰਟ ਦੇ ਮੁੱਖ ਜੱਜ ਵੱਲ ਹੈ ਅਤੇ ਲੋਕ ਉਮੀਦ ਕਰ ਰਹੇ ਹਨ ਕਿ ਇਸ ਮਾਮਲੇ ਵਿੱਚ ਇਨਸਾਫ਼ ਮਿਲੇਗਾ।
ਬਾਜਵਾ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਉੱਤਰ ਪ੍ਰਦੇਸ਼, ਪੰਜਾਬ, ਉੱਤਰਾਖੰਡ, ਮੇਘਾਲਿਆ ਅਤੇ ਗੋਆ ਸਮੇਤ ਕਈ ਸੂਬਿਆਂ ਵਿੱਚ ਚੋਣਾਂ ਹੋਣੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਕਈ ਥਾਵਾਂ ’ਤੇ ਵੋਟਰ ਸੂਚੀਆਂ ਵਿੱਚ ਵੱਡੇ ਪੱਧਰ ’ਤੇ ਵੋਟਾਂ ਕੱਟੇ ਜਾਣ ਦੇ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਚੰਡੀਗੜ੍ਹ ਵਿੱਚ ਵੀ 30 ਫ਼ੀਸਦੀ ਵੋਟਾਂ ਕੱਟੇ ਜਾਣ ਦਾ ਦਾਅਵਾ ਕੀਤਾ।
ਕਾਂਗਰਸੀ ਆਗੂਆਂ ਨੇ ਦੱਸਿਆ ਪਾਰਟੀ ਨੂੰ ਇਕਜੁੱਟ
ਸਾਬਕਾ ਡਿਪਟੀ ਮੁੱਖ ਮੰਤਰੀ ਓਪੀ ਸੋਨੀ ਨੇ ਕਿਹਾ ਕਿ ਕਾਂਗਰਸ ਇੱਕ ਧਰਮ ਨਿਰਪੱਖ ਪਾਰਟੀ ਹੈ ਅਤੇ ਪੰਜਾਬ ਵਿੱਚ ਪਾਰਟੀ ਦੇ ਆਗੂ ਇਕਜੁੱਟ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਲਗਾਤਾਰ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ।
ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਅਨਿਲ ਜੋਸ਼ੀ, ਪ੍ਰਦੇਸ਼ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਸੁਖਬਿੰਦਰ ਸਿੰਘ ਡੈਨੀ, ਸਾਬਕਾ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ, ਪ੍ਰਦੇਸ਼ ਮਹਿਲਾ ਕਾਂਗਰਸ ਪ੍ਰਧਾਨ ਬਲਜੀਤ ਕੌਰ, ਵਿਧਾਇਕ ਸੁਖਬਿੰਦਰ ਸਿੰਘ ਸਰਕਾਰੀਆ, ਰਾਣਾ ਗੁਰਜੀਤ ਸਿੰਘ, ਸਾਬਕਾ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ, ਸੁਨੀਲ ਦੱਤੀ, ਹਰਮਿੰਦਰ ਸਿੰਘ ਗਿੱਲ ਅਤੇ ਜੁਗਲ ਕਿਸ਼ੋਰ ਸ਼ਰਮਾ ਸਮੇਤ ਕਈ ਕਾਂਗਰਸੀ ਆਗੂ ਅਤੇ ਵਰਕਰ ਮੌਜੂਦ ਸਨ।
