Saturday, May 23Punjabi People

‘ਗੈਂਗਸਟਰਾਂ  ’ਤੇ ਵਾਰ’ ਦਾ 13ਵਾਂ ਦਿਨ: ਪੰਜਾਬ ਪੁਲਿਸ ਵੱਲੋਂ 767 ਥਾਵਾਂ ’ਤੇ ਛਾਪੇਮਾਰੀ, 4 ਹਥਿਆਰਾਂ ਸਮੇਤ 148 ਵਿਅਕਤੀ ਕਾਬੂ

ਚੰਡੀਗੜ੍ਹ, 1 ਫਰਵਰੀ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਪਸ਼ਟ ਨਿਰਦੇਸ਼ਾਂ ਹੇਠ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 13ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਵੱਡੀ ਕਾਰਵਾਈ ਕੀਤੀ। ਇਸ ਦੌਰਾਨ ਗੈਂਗਸਟਰਾਂ ਨਾਲ ਜੁੜੇ ਸਾਥੀਆਂ ਦੇ ਪਹਿਲਾਂ ਤੋਂ ਪਛਾਣੇ ਅਤੇ ਮੈਪ ਕੀਤੇ ਗਏ 767 ਟਿਕਾਣਿਆਂ ’ਤੇ ਇਕੱਠੇ ਛਾਪੇਮਾਰੀ ਕੀਤੀ ਗਈ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੀ ਸ਼ੁਰੂਆਤ 20 ਜਨਵਰੀ 2026 ਨੂੰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਇਸ ਮੁਹਿੰਮ ਤਹਿਤ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਪੂਰਨ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਲਗਾਤਾਰ ਵਿਸ਼ੇਸ਼ ਕਾਰਵਾਈਆਂ ਅੰਜਾਮ ਦਿੱਤੀਆਂ ਜਾ ਰਹੀਆਂ ਹਨ।

ਮੁਹਿੰਮ ਦੇ 13ਵੇਂ ਦਿਨ ਦੌਰਾਨ ਪੁਲਿਸ ਟੀਮਾਂ ਨੇ 148 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਚਾਰ ਗੈਰਕਾਨੂੰਨੀ ਹਥਿਆਰ ਬਰਾਮਦ ਕੀਤੇ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 4,061 ਤੱਕ ਪਹੁੰਚ ਗਈ ਹੈ।

ਇਸ ਤੋਂ ਇਲਾਵਾ ਪੁਲਿਸ ਵੱਲੋਂ 178 ਵਿਅਕਤੀਆਂ ਖ਼ਿਲਾਫ਼ ਇਹਤਿਆਤੀ ਕਾਰਵਾਈ ਕੀਤੀ ਗਈ, ਜਦਕਿ 291 ਵਿਅਕਤੀਆਂ ਨੂੰ ਪੁੱਛਗਿੱਛ ਅਤੇ ਤਫ਼ਤੀਸ਼ ਤੋਂ ਬਾਅਦ ਛੱਡਿਆ ਗਿਆ। ਕਾਰਵਾਈ ਦੌਰਾਨ ਪੁਲਿਸ ਟੀਮਾਂ ਨੇ 14 ਭਗੌੜੇ ਅਪਰਾਧੀਆਂ (ਪੀ.ਓਜ਼) ਨੂੰ ਵੀ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਪੰਜਾਬ ਪੁਲਿਸ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਗੁਪਤ ਰੂਪ ਵਿੱਚ ਗੈਂਗਸਟਰਾਂ ਜਾਂ ਲੋੜੀਂਦੇ ਅਪਰਾਧੀਆਂ ਬਾਰੇ ਜਾਣਕਾਰੀ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ’ਤੇ ਦੇ ਸਕਦੇ ਹਨ। ਕਿਸੇ ਵੀ ਤਰ੍ਹਾਂ ਦੀ ਅਪਰਾਧਿਕ ਗਤੀਵਿਧੀ ਬਾਰੇ ਸੂਚਨਾ ਦੇਣ ਵਾਲਿਆਂ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।

ਇਸ ਦੇ ਨਾਲ ਹੀ, ਪੰਜਾਬ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਵੀ ਸਖ਼ਤ ਕਾਰਵਾਈ ਜਾਰੀ ਹੈ। ਮੁਹਿੰਮ ਦੇ 337ਵੇਂ ਦਿਨ ਦੌਰਾਨ ਪੁਲਿਸ ਨੇ 73 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.8 ਕਿਲੋਗ੍ਰਾਮ ਹੈਰੋਇਨ, 252 ਗ੍ਰਾਮ ਅਫੀਮ, 386 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 14,730 ਰੁਪਏ ਡਰੱਗ ਮਨੀ ਬਰਾਮਦ ਕੀਤੀ।

ਇਸ ਤਰ੍ਹਾਂ ਸਿਰਫ਼ 337 ਦਿਨਾਂ ਵਿੱਚ ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 47,355 ਤੱਕ ਪਹੁੰਚ ਚੁੱਕੀ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 30 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਲਈ ਰਾਜ਼ੀ ਕਰਕੇ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਵੱਲ ਕਦਮ ਚੁੱਕਿਆ ਹੈ।

Leave a Reply

Your email address will not be published. Required fields are marked *