Tuesday, October 20Punjabi People

ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ 3,722 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਮਹਿਲਾਵਾਂ ਦੇ ਖਾਤਿਆਂ ’ਚ ਟਰਾਂਸਫਰ: ਡਾ. ਬਲਜੀਤ ਕੌਰ

ਚੰਡੀਗੜ੍ਹ, 8 ਅਕਤੂਬਰ 2026: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਸੂਬੇ ਦੀਆਂ ਮਹਿਲਾਵਾਂ ਦੇ ਆਰਥਿਕ ਸਸ਼ਕਤੀਕਰਨ ਅਤੇ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਵੱਲ ਅਹਿਮ ਕਦਮ ਸਾਬਤ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਯੋਜਨਾ ਤਹਿਤ ਹੁਣ ਤੱਕ ਕਰੀਬ 3,722 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਸਿੱਧੇ ਲਾਭਪਾਤਰੀ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾ ਚੁੱਕੀ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਯੋਜਨਾ ਦੇ ਪਹਿਲੇ ਪੜਾਅ ਤਹਿਤ ਜੁਲਾਈ, ਅਗਸਤ ਅਤੇ ਸਤੰਬਰ ਮਹੀਨਿਆਂ ਲਈ 75.16 ਲੱਖ ਤੋਂ ਵੱਧ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ 2,602.46 ਕਰੋੜ ਰੁਪਏ ਦੀ ਰਾਸ਼ੀ ਸਿੱਧੀ ਜਮ੍ਹਾਂ ਕਰਵਾਈ ਗਈ। ਇਸੇ ਤਰ੍ਹਾਂ ਦੂਜੇ ਪੜਾਅ ਦੀ ਪਹਿਲੀ ਕਿਸ਼ਤ ਤਹਿਤ 32 ਲੱਖ ਤੋਂ ਵੱਧ ਮਹਿਲਾਵਾਂ ਨੂੰ 1,118.93 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ।

ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਰਾਸ਼ੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਭੇਜਣ ਨਾਲ ਵਿੱਤੀ ਸਹਾਇਤਾ ਦੀ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸੁਚਾਰੂ ਬਣਾਇਆ ਗਿਆ ਹੈ। ਉਨ੍ਹਾਂ ਅਨੁਸਾਰ, ਇਸ ਨਾਲ ਮਹਿਲਾਵਾਂ ਨੂੰ ਆਪਣੇ ਨਿੱਜੀ ਅਤੇ ਘਰੇਲੂ ਖਰਚਿਆਂ ਲਈ ਵਿੱਤੀ ਸਹਾਰਾ ਮਿਲਣ ਦੇ ਨਾਲ ਉਨ੍ਹਾਂ ਦੀ ਆਰਥਿਕ ਫੈਸਲੇ ਲੈਣ ਦੀ ਸਮਰੱਥਾ ਵੀ ਮਜ਼ਬੂਤ ਹੋਵੇਗੀ।

79 ਲੱਖ ਤੋਂ ਵੱਧ ਮਹਿਲਾਵਾਂ ਰਜਿਸਟਰ

ਡਾ. ਬਲਜੀਤ ਕੌਰ ਨੇ ਦੱਸਿਆ ਕਿ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਹੁਣ ਤੱਕ 79 ਲੱਖ ਤੋਂ ਵੱਧ ਮਹਿਲਾਵਾਂ ਰਜਿਸਟਰ ਹੋ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਇੱਕ ਕਰੋੜ ਤੋਂ ਵੱਧ ਮਹਿਲਾਵਾਂ ਨੂੰ ਇਸ ਯੋਜਨਾ ਦਾ ਲਾਭ ਮਿਲਣ ਦੀ ਉਮੀਦ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਸਿਰਫ਼ ਮਹਿਲਾਵਾਂ ਨੂੰ ਮਹੀਨਾਵਾਰ ਵਿੱਤੀ ਸਹਾਇਤਾ ਦੇਣਾ ਨਹੀਂ, ਸਗੋਂ ਉਨ੍ਹਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣਾ ਵੀ ਹੈ। ਇਸ ਰਾਹੀਂ ਮਹਿਲਾਵਾਂ ਦੇ ਸਨਮਾਨ, ਸੁਰੱਖਿਆ ਅਤੇ ਸਮਾਜਿਕ ਭਾਗੀਦਾਰੀ ਨੂੰ ਹੋਰ ਮਜ਼ਬੂਤੀ ਮਿਲੇਗੀ।

ਹਰ ਸਾਲ ਕਰੀਬ 12 ਹਜ਼ਾਰ ਕਰੋੜ ਰੁਪਏ ਖਰਚ ਕਰਨ ਦਾ ਟੀਚਾ

ਸਮਾਜਿਕ ਸੁਰੱਖਿਆ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਯੋਜਨਾ ’ਤੇ ਹਰ ਸਾਲ ਕਰੀਬ 12,000 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਦਾਅਵਾ ਕੀਤਾ ਕਿ ਇਹ ਦੇਸ਼ ਦੀ ਪਹਿਲੀ ਅਤੇ ਵਿਲੱਖਣ ਯੋਜਨਾ ਹੈ, ਜਿਸ ਤਹਿਤ ਪੰਜਾਬ ਦੀਆਂ ਲਗਭਗ 97 ਫ਼ੀਸਦੀ ਮਹਿਲਾਵਾਂ ਨੂੰ ਕਵਰ ਕਰਨ ਦਾ ਟੀਚਾ ਰੱਖਿਆ ਗਿਆ ਹੈ।

ਯੋਜਨਾ ਤਹਿਤ 18 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਯੋਗ ਮਹਿਲਾਵਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਇਸ ਅਧੀਨ ਆਮ ਵਰਗ ਦੀਆਂ ਯੋਗ ਮਹਿਲਾਵਾਂ ਨੂੰ ਹਰ ਮਹੀਨੇ 1,000 ਰੁਪਏ, ਜਦਕਿ ਅਨੁਸੂਚਿਤ ਜਾਤੀ ਵਰਗ ਦੀਆਂ ਮਹਿਲਾਵਾਂ ਨੂੰ ਹਰ ਮਹੀਨੇ 1,500 ਰੁਪਏ ਦੀ ਸਹਾਇਤਾ ਦਿੱਤੀ ਜਾ ਰਹੀ ਹੈ।

ਮਹਿਲਾਵਾਂ ਦੀ ਆਰਥਿਕ ਸੁਰੱਖਿਆ ’ਤੇ ਸਰਕਾਰ ਦਾ ਜ਼ੋਰ

ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਟੀਚਾ ਸੂਬੇ ਦੀ ਹਰ ਯੋਗ ਮਹਿਲਾ ਨੂੰ ਆਰਥਿਕ ਸੁਰੱਖਿਆ, ਸਨਮਾਨ ਅਤੇ ਆਤਮ-ਨਿਰਭਰਤਾ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਮਿਲਣ ਵਾਲੀ ਇਹ ਸਿੱਧੀ ਵਿੱਤੀ ਸਹਾਇਤਾ ਉਨ੍ਹਾਂ ਦੀਆਂ ਰੋਜ਼ਾਨਾ ਲੋੜਾਂ ਪੂਰੀਆਂ ਕਰਨ ਵਿੱਚ ਸਹਾਇਕ ਹੋਣ ਦੇ ਨਾਲ ਉਨ੍ਹਾਂ ਨੂੰ ਆਪਣੇ ਪਰਿਵਾਰਕ ਅਤੇ ਸਮਾਜਿਕ ਫੈਸਲਿਆਂ ਵਿੱਚ ਹੋਰ ਮਜ਼ਬੂਤ ਭੂਮਿਕਾ ਨਿਭਾਉਣ ਦਾ ਮੌਕਾ ਵੀ ਦੇਵੇਗੀ।

ਉਨ੍ਹਾਂ ਕਿਹਾ ਕਿ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਸਿਰਫ਼ ਇੱਕ ਵਿੱਤੀ ਸਹਾਇਤਾ ਯੋਜਨਾ ਨਹੀਂ, ਸਗੋਂ ਮਹਿਲਾਵਾਂ ਦੇ ਸਨਮਾਨ, ਸਮਾਜਿਕ ਨਿਆਂ ਅਤੇ ਸਮਾਵੇਸ਼ੀ ਵਿਕਾਸ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਦਾ ਪ੍ਰਤੀਕ ਹੈ। ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸੂਬੇ ਦੀਆਂ ਯੋਗ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ ਕਿਸੇ ’ਤੇ ਨਿਰਭਰ ਨਾ ਰਹਿਣਾ ਪਵੇ ਅਤੇ ਉਹ ਆਪਣੇ ਹੱਕਾਂ ਤੇ ਸਰੋਤਾਂ ਦੀ ਵਰਤੋਂ ਕਰਦਿਆਂ ਵਧੇਰੇ ਆਤਮ-ਨਿਰਭਰ ਬਣ ਸਕਣ।

Leave a Reply

Your email address will not be published. Required fields are marked *